ਚੰਡੀਗੜ੍ਹ :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਨੇ ਅੱਜ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਦਾਮਨ ਫੜ ਲਿਆ। ਉਨ੍ਹਾਂ ਦੀ ਪਾਰਟੀ ਵਿੱਚ ਸ਼ਮੂਲੀਅਤ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਸਮੇਤ ਕਈ ਸੀਨੀਅਰ ਆਗੂ ਮੌਜੂਦ ਸਨ।
ਚਾਰ ਪੀੜ੍ਹੀਆਂ ਦੀ ਅਕਾਲੀ ਦਲ ਨਾਲ ਜੁੜੀ ਰਹੀ ਵਿਰਾਸਤ
ਭਾਜਪਾ ਆਗੂ ਵਿਨੀਤ ਜੋਸ਼ੀ ਨੇ ਦੱਸਿਆ ਕਿ ਚੀਮਾ ਪਰਿਵਾਰ ਦੀਆਂ ਚਾਰ ਪੀੜ੍ਹੀਆਂ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਤ ਰਹੀਆਂ ਹਨ। ਉਨ੍ਹਾਂ ਦੇ ਪਿਤਾ ਰਣਧੀਰ ਸਿੰਘ ਚੀਮਾ ਤਿੰਨ ਵਾਰ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ ਅਤੇ ਲੰਬੇ ਸਮੇਂ ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ. ਜੀ. ਪੀ. ਸੀ.) ਦੇ ਮੈਂਬਰ ਰਹੇ।
ਫਤਿਹਗੜ੍ਹ ਸਾਹਿਬ ਤੋਂ ਚੋਣ ਲੜ ਚੁੱਕੇ ਹਨ ਚੀਮਾ
ਜਗਦੀਪ ਸਿੰਘ ਚੀਮਾ ਨੇ 2012 ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਫਤਿਹਗੜ੍ਹ ਸਾਹਿਬ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਚੋਣ ਮੈਦਾਨ ਵਿਚ ਹਿੱਸਾ ਲਿਆ ਸੀ। ਹੁਣ ਉਨ੍ਹਾਂ ਦੀ ਭਾਜਪਾ ‘ਚ ਸ਼ਮੂਲੀਅਤ ਨੂੰ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਵੱਡੇ ਬਦਲਾਅ ਦੀ ਸ਼ੁਰੂਆਤ ਵਜੋਂ ਵੇਖਿਆ ਜਾ ਰਿਹਾ ਹੈ।