ਚੰਡੀਗੜ੍ਹ :- ਪੰਜਾਬ, ਹਰਿਆਣਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੀਆਂ ਬਾਰ ਐਸੋਸੀਏਸ਼ਨਾਂ ਦੀ ਸਾਂਝੀ ਐਕਸ਼ਨ ਕਮੇਟੀ (JAC) ਦੇ ਫ਼ੈਸਲੇ ਤੋਂ ਬਾਅਦ ਚੰਡੀਗੜ੍ਹ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ 3 ਅਗਸਤ ਤੋਂ ਅਦਾਲਤੀ ਕੰਮਕਾਜ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।
ਸਾਂਝੀ ਐਕਸ਼ਨ ਕਮੇਟੀ ਦੇ ਫ਼ੈਸਲੇ ’ਤੇ ਲਿਆ ਫ਼ੈਸਲਾ
ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਐਸੋਸੀਏਸ਼ਨ ਦੇ ਮੈਂਬਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਬਾਰ ਸੰਸਥਾਵਾਂ ਦੀ ਸਾਂਝੀ ਐਕਸ਼ਨ ਕਮੇਟੀ ਵੱਲੋਂ ਲਏ ਗਏ ਫ਼ੈਸਲਿਆਂ ਦੀ ਪਾਲਣਾ ਕਰਨਗੇ। ਇਹ ਫ਼ੈਸਲਾ ਲੀਗਲ ਏਡ ਡਿਫੈਂਸ ਕਾਊਂਸਲ (LADC) ਨੀਤੀ ਦੇ ਵਿਰੋਧ ਵਿੱਚ ਚੱਲ ਰਹੇ ਅੰਦੋਲਨ ਦੇ ਸੰਦਰਭ ਵਿੱਚ ਲਿਆ ਗਿਆ ਹੈ।
27 ਜੁਲਾਈ ਦੀ ਮੀਟਿੰਗ ’ਚ ਲਿਆ ਸੀ ਫ਼ੈਸਲਾ
ਐਸੋਸੀਏਸ਼ਨ ਨੇ ਦੱਸਿਆ ਕਿ 27 ਜੁਲਾਈ ਨੂੰ ਹੋਈ ਜਨਰਲ ਹਾਊਸ ਮੀਟਿੰਗ ਦੌਰਾਨ ਮੈਂਬਰਾਂ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਫ਼ੈਸਲਾ ਕੀਤਾ ਸੀ ਕਿ ਉਹ ਸਾਂਝੀ ਐਕਸ਼ਨ ਕਮੇਟੀ ਵੱਲੋਂ ਅੰਦੋਲਨ ਸਬੰਧੀ ਲਏ ਜਾਣ ਵਾਲੇ ਹਰ ਫ਼ੈਸਲੇ ਦੀ ਪਾਲਣਾ ਕਰਨਗੇ।
ਇਸ ਤੋਂ ਬਾਅਦ 30 ਜੁਲਾਈ ਨੂੰ JAC ਵੱਲੋਂ ਪਾਸ ਕੀਤੇ ਮਤੇ ਦੇ ਅਨੁਸਾਰ ਚੰਡੀਗੜ੍ਹ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਆਪਣੇ ਸਾਰੇ ਮੈਂਬਰਾਂ ਨੂੰ 3 ਅਗਸਤ ਤੋਂ ਅਦਾਲਤੀ ਕੰਮਕਾਜ ਮੁੜ ਸ਼ੁਰੂ ਕਰਨ ਲਈ ਕਿਹਾ ਹੈ।
ਭਵਿੱਖ ਦੇ ਫ਼ੈਸਲੇ ਵੀ ਹੋਣਗੇ ਲਾਗੂ
ਬਾਰ ਐਸੋਸੀਏਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਸਾਂਝੀ ਐਕਸ਼ਨ ਕਮੇਟੀ ਵੱਲੋਂ ਭਵਿੱਖ ਵਿੱਚ ਲਏ ਜਾਣ ਵਾਲੇ ਕਿਸੇ ਵੀ ਫ਼ੈਸਲੇ ਦੀ ਵੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇਗੀ। ਇਸ ਤੋਂ ਇਲਾਵਾ JAC ਦੀ ਸਮਰੱਥ ਅਧਿਕਾਰੀਆਂ ਨਾਲ ਹੋਣ ਵਾਲੀ ਪ੍ਰਸਤਾਵਿਤ ਮੀਟਿੰਗ ਦੇ ਨਤੀਜਿਆਂ ਨੂੰ ਵੀ ਐਸੋਸੀਏਸ਼ਨ ਵੱਲੋਂ ਪੂਰੀ ਗੰਭੀਰਤਾ ਨਾਲ ਲਾਗੂ ਕੀਤਾ ਜਾਵੇਗਾ।

