ਚੰਡੀਗੜ੍ਹ :- 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਰਾਜਨੀਤਿਕ ਹਲਚਲ ਤੇਜ਼ ਹੋ ਗਈ ਹੈ। ਇਸੇ ਕੜੀ ਹੇਠ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਚੰਡੀਗੜ੍ਹ ਦੇ ਸੈਕਟਰ 37 ਸਥਿਤ ਭਾਜਪਾ ਦੇ ਸੂਬਾਈ ਦਫ਼ਤਰ ਪਹੁੰਚੇ, ਜਿੱਥੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ। ਸਮਾਗਮ ਦੌਰਾਨ ਨੌਜਵਾਨ ਵਰਗ ਦੀ ਖਾਸ ਹਾਜ਼ਰੀ ਨਜ਼ਰ ਆਈ ਅਤੇ ਇਸਨੂੰ ਭਾਜਪਾ ਵੱਲੋਂ ਸੰਗਠਨ ਮਜ਼ਬੂਤੀ ਵੱਲ ਇੱਕ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਆਗੂ ਦੀ ਭਾਜਪਾ ‘ਚ ਐਂਟਰੀ
ਸਮਾਗਮ ਦੌਰਾਨ ਪੰਜਾਬ ਯੂਨੀਵਰਸਿਟੀ ਨਾਲ ਜੁੜੇ ਹਿੰਦੁਸਤਾਨ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਕੁਲਦੀਪ ਚੌਧਰੀ ਨੇ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਮੂਲੀਅਤ ਕੀਤੀ। ਨੌਜਵਾਨਾਂ ਦੀ ਇਸ ਸ਼ਮੂਲੀਅਤ ਨੂੰ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਪਾਰਟੀ ਲਈ ਮਨੋਬਲ ਵਧਾਉਣ ਵਾਲਾ ਕਦਮ ਮੰਨਿਆ ਜਾ ਰਿਹਾ ਹੈ। ਦਲੀਲ ਦਿੱਤੀ ਜਾ ਰਹੀ ਹੈ ਕਿ ਪਾਰਟੀ ਹਾਈਕਮਾਂਡ ਪੰਜਾਬ ਵਿੱਚ ਜਮੀਨੀ ਪੱਧਰ ‘ਤੇ ਆਪਣੀ ਪਹੁੰਚ ਵਧਾਉਣ ਲਈ ਯੋਜਨਾਬੱਧ ਤਰੀਕੇ ਨਾਲ ਅੱਗੇ ਵੱਧ ਰਹੀ ਹੈ।
ਕੇਂਦਰੀ ਨੇਤ੍ਰਿਤਵ ਦੀ ਪੰਜਾਬ ‘ਤੇ ਨਿਗਾਹ
ਰਾਜਨੀਤਿਕ ਸਰੋਤਾਂ ਅਨੁਸਾਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਪੰਜਾਬ ਦੀ ਸਿਆਸੀ ਸਥਿਤੀ ‘ਤੇ ਨਜ਼ਰ ਬਣਾਈ ਹੋਈ ਹੈ। ਪਾਰਟੀ ਵੱਲੋਂ ਲਗਾਤਾਰ ਬੈਠਕਾਂ ਅਤੇ ਰਣਨੀਤਿਕ ਵਿਚਾਰ-ਵਟਾਂਦਰੇ ਕਰਕੇ ਸੂਬੇ ਵਿੱਚ ਆਪਣਾ ਆਧਾਰ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਡੰਕੀ ਰੂਟ ‘ਤੇ ਰੋਕ ਲਈ ਹਰਿਆਣਾ ਸਰਕਾਰ ਦਾ ਦਾਅਵਾ
ਨਾਇਬ ਸਿੰਘ ਸੈਣੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਈ ਨੌਜਵਾਨ ਗੈਰਕਾਨੂੰਨੀ ਤਰੀਕਿਆਂ ਨਾਲ ਵਿਦੇਸ਼ ਜਾਣ ਦੀ ਕੋਸ਼ਿਸ਼ ਕਰਦੇ ਹਨ, ਜਿਸ ਨਾਲ ਉਹ ਅਤੇ ਉਨ੍ਹਾਂ ਦੇ ਪਰਿਵਾਰ ਮੁਸ਼ਕਲਾਂ ਦਾ ਸਾਹਮਣਾ ਕਰਦੇ ਹਨ। ਉਨ੍ਹਾਂ ਦੱਸਿਆ ਕਿ ਹਰਿਆਣਾ ਸਰਕਾਰ ਨੇ ਵਿਦੇਸ਼ੀ ਸਹਿਯੋਗ ਵਿਭਾਗ ਕਾਇਮ ਕਰਕੇ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਇਆ ਹੈ, ਤਾਂ ਜੋ ਨੌਜਵਾਨ ਕਾਨੂੰਨੀ ਤਰੀਕੇ ਨਾਲ ਰੋਜ਼ਗਾਰ ਲਈ ਬਾਹਰ ਜਾ ਸਕਣ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਬਾਹਰੀ ਦੇਸ਼ਾਂ ਤੋਂ ਹਜ਼ਾਰਾਂ ਨੌਕਰੀਆਂ ਦੇ ਮੌਕੇ ਪ੍ਰਾਪਤ ਹੋਏ ਹਨ ਅਤੇ ਸਰਕਾਰ ਇਨ੍ਹਾਂ ਲਈ ਵਿਵਸਥਿਤ ਪ੍ਰਣਾਲੀ ਰਾਹੀਂ ਅਰਜ਼ੀਆਂ ਮੰਗਵਾ ਰਹੀ ਹੈ।
ਪੰਜਾਬ ਦੇ ਵਿਕਾਸ ਲਈ ਭਾਜਪਾ ਹੀ ਵਿਕਲਪ: ਸੈਣੀ
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਲੋਕਾਂ ਤੱਕ ਸਿੱਧਾ ਪਹੁੰਚ ਰਿਹਾ ਹੈ ਅਤੇ ਪੰਜਾਬ ਨੂੰ ਤਰੱਕੀ ਦੇ ਰਾਹ ‘ਤੇ ਲਿਜਾਣ ਲਈ ਭਾਜਪਾ ਵਚਨਬੱਧ ਹੈ। ਉਨ੍ਹਾਂ ਵਿਰੋਧੀ ਪਾਰਟੀਆਂ ‘ਤੇ ਭ੍ਰਿਸ਼ਟਾਚਾਰ ਅਤੇ ਨਸ਼ੇ ਦੇ ਮਸਲੇ ‘ਤੇ ਨਿਸ਼ਾਨਾ ਸਾਧਦਿਆਂ ਦਾਅਵਾ ਕੀਤਾ ਕਿ ਨੌਜਵਾਨਾਂ ਦੇ ਭਵਿੱਖ ਦੀ ਚਿੰਤਾ ਸਿਰਫ਼ ਭਾਜਪਾ ਕਰ ਰਹੀ ਹੈ।

