ਚੰਡੀਗੜ੍ਹ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚੰਡੀਗੜ੍ਹ ਅਤੇ ਪੰਜਾਬ ਦੌਰੇ ਤੋਂ ਠੀਕ ਪਹਿਲਾਂ ਸੁਰੱਖਿਆ ਏਜੰਸੀਆਂ ਨੂੰ ਉਸ ਵੇਲੇ ਅਲਰਟ ਹੋਣਾ ਪਿਆ, ਜਦੋਂ ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਹ ਧਮਕੀ ਪੁਲਿਸ ਕੰਟਰੋਲ ਰੂਮ ਨੂੰ ਇੱਕ ਫੋਨ ਕਾਲ ਰਾਹੀਂ ਦਿੱਤੀ ਗਈ, ਜਿਸ ਮਗਰੋਂ ਪੂਰੇ ਇਲਾਕੇ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ।
ਸਕੱਤਰੇਤ ਦੀ ਇਮਾਰਤ ਖਾਲੀ ਕਰਵਾ ਕੇ ਸ਼ੁਰੂ ਕੀਤੀ ਗਈ ਤਲਾਸ਼ੀ
ਧਮਕੀ ਮਿਲਦੇ ਹੀ ਚੰਡੀਗੜ੍ਹ ਪੁਲਿਸ, ਬੰਬ ਨਿਰੋਧਕ ਦਸਤਾ, ਡੌਗ ਸਕੁਐਡ ਅਤੇ ਹੋਰ ਸੁਰੱਖਿਆ ਏਜੰਸੀਆਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ। ਸਾਵਧਾਨੀ ਦੇ ਤੌਰ ‘ਤੇ ਸਕੱਤਰੇਤ ਦੀ ਇਮਾਰਤ ਨੂੰ ਖਾਲੀ ਕਰਵਾ ਦਿੱਤਾ ਗਿਆ ਅਤੇ ਪੂਰੇ ਕੰਪਲੈਕਸ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਹਰ ਕੋਨੇ ਦੀ ਜਾਂਚ ਕਰਕੇ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਕਿ ਕੋਈ ਵੀ ਸ਼ੱਕੀ ਵਸਤੂ ਮੌਜੂਦ ਨਾ ਹੋਵੇ।
ਪ੍ਰਧਾਨ ਮੰਤਰੀ ਦੀ ਫੇਰੀ ਕਾਰਨ ਪਹਿਲਾਂ ਹੀ ਸਨ ਸਖ਼ਤ ਸੁਰੱਖਿਆ ਪ੍ਰਬੰਧ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਨੂੰ ਧਿਆਨ ਵਿੱਚ ਰੱਖਦਿਆਂ ਪਹਿਲਾਂ ਹੀ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ। ਸਕੱਤਰੇਤ ਦੇ ਸਾਰੇ ਦਾਖ਼ਲਾ ਅਤੇ ਨਿਕਾਸ ਦਰਵਾਜ਼ਿਆਂ ‘ਤੇ ਵਾਧੂ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਅਤੇ ਆਲੇ-ਦੁਆਲੇ ਦੇ ਖੇਤਰ ਵਿੱਚ ਨਿਗਰਾਨੀ ਹੋਰ ਵਧਾ ਦਿੱਤੀ ਗਈ।
ਮੋਦੀ ਅੱਜ ਕਰਨਗੇ ਹਜ਼ਾਰਾਂ ਕਰੋੜ ਦੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਦੌਰੇ ਦੌਰਾਨ ਚੰਡੀਗੜ੍ਹ ਅਤੇ ਪੰਜਾਬ ਵਿੱਚ 12,070 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਅਤੇ ਨਵੇਂ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣਗੇ। ਇਸੇ ਦੌਰਾਨ ਮਿਲੀ ਬੰਬ ਦੀ ਧਮਕੀ ਨੇ ਸੁਰੱਖਿਆ ਏਜੰਸੀਆਂ ਦੀ ਚਿੰਤਾ ਹੋਰ ਵਧਾ ਦਿੱਤੀ ਹੈ।

