ਨਵੀਂ ਦਿੱਲੀ :- ਦਿੱਲੀ ਦੇ ਜੰਤਰ-ਮੰਤਰ ਵਿਖੇ ਕਈ ਦਿਨਾਂ ਤੋਂ ਜਾਰੀ ਵਿਦਿਆਰਥੀਆਂ ਦੇ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਰਾਜਧਾਨੀ ਵਿੱਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਇਸੇ ਤਹਿਤ ਦਿੱਲੀ ਪੁਲਿਸ ਨੇ ਆਪਣੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਅਗਲੇ ਹੁਕਮਾਂ ਤੱਕ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਫ਼ੈਸਲਾ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਿਆ ਗਿਆ ਹੈ।
ਐਮਰਜੈਂਸੀ ਹਾਲਾਤ ਤੋਂ ਇਲਾਵਾ ਨਹੀਂ ਮਿਲੇਗੀ ਛੁੱਟੀ
ਪੁਲਿਸ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਹਰ ਰੈਂਕ ਦੇ ਮੁਲਾਜ਼ਮਾਂ ‘ਤੇ ਇਹ ਹੁਕਮ ਲਾਗੂ ਰਹੇਗਾ। ਸਪੱਸ਼ਟ ਕੀਤਾ ਗਿਆ ਹੈ ਕਿ ਹੁਣ ਸਿਰਫ਼ ਐਮਰਜੈਂਸੀ ਜਾਂ ਵਿਸ਼ੇਸ਼ ਹਾਲਾਤਾਂ ਵਿੱਚ ਹੀ ਛੁੱਟੀ ਮਨਜ਼ੂਰ ਕੀਤੀ ਜਾਵੇਗੀ। ਬਾਕੀ ਸਾਰੇ ਕਰਮਚਾਰੀਆਂ ਨੂੰ ਡਿਊਟੀ ‘ਤੇ ਹਾਜ਼ਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।
17 ਮੈਟਰੋ ਸਟੇਸ਼ਨ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ ਬੰਦ
ਇਸ ਤੋਂ ਪਹਿਲਾਂ ਸੁਰੱਖਿਆ ਦੇ ਮੱਦੇਨਜ਼ਰ ਕੇਂਦਰੀ ਦਿੱਲੀ ਦੇ 17 ਮੈਟਰੋ ਸਟੇਸ਼ਨਾਂ ਨੂੰ ਅਸਥਾਈ ਤੌਰ ‘ਤੇ ਬੰਦ ਕੀਤਾ ਗਿਆ ਸੀ। ਪ੍ਰਭਾਵਿਤ ਸਟੇਸ਼ਨਾਂ ਵਿੱਚ ਰਾਜੀਵ ਚੌਕ, ਲੋਕ ਕਲਿਆਣ ਮਾਰਗ ਸਮੇਤ ਹੋਰ ਮਹੱਤਵਪੂਰਨ ਮੈਟਰੋ ਸਟੇਸ਼ਨ ਸ਼ਾਮਲ ਹਨ। ਇਸ ਕਦਮ ਦਾ ਉਦੇਸ਼ ਭੀੜ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਕਾਬੂ ਵਿੱਚ ਰੱਖਣਾ ਦੱਸਿਆ ਗਿਆ ਹੈ।
ਦੇਸ਼ ਭਰ ਵਿੱਚ ਪ੍ਰਦਰਸ਼ਨ ਦਾ ਦਿੱਤਾ ਗਿਆ ਸੱਦਾ
ਪ੍ਰਦਰਸ਼ਨ ਕਰ ਰਹੀ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਵੱਲੋਂ ਅੱਜ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦਾ ਸੱਦਾ ਵੀ ਦਿੱਤਾ ਗਿਆ ਹੈ। ਇਸ ਐਲਾਨ ਤੋਂ ਬਾਅਦ ਕਈ ਰਾਜਾਂ ਵਿੱਚ ਵੀ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧਾਂ ‘ਤੇ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ।
ਸਰਕਾਰ ਅਤੇ ਸੀਜੇਪੀ ਵਿਚਾਲੇ ਮੁੜ ਹੋਵੇਗੀ ਗੱਲਬਾਤ
ਇਸ ਦੌਰਾਨ ਸਰਕਾਰ ਅਤੇ ਕਾਕਰੋਚ ਜਨਤਾ ਪਾਰਟੀ ਦੇ ਨੁਮਾਇੰਦਿਆਂ ਵਿਚਾਲੇ ਗੱਲਬਾਤ ਦਾ ਦੂਜਾ ਦੌਰ ਵੀ ਜਲਦ ਦਿੱਲੀ ਦੇ ਕੰਸਟੀਟਿਊਸ਼ਨ ਕਲੱਬ ਵਿੱਚ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ 20 ਜੁਲਾਈ ਨੂੰ ਕੇਂਦਰੀ ਮੰਤਰੀ ਜੇ.ਪੀ. ਨੱਡਾ ਦੇ ਨਿਵਾਸ ‘ਤੇ ਹੋਈ ਬੈਠਕ ਵਿੱਚ ਕੋਈ ਸਹਿਮਤੀ ਨਹੀਂ ਬਣ ਸਕੀ ਸੀ, ਜਿਸ ਕਾਰਨ ਹੁਣ ਦੂਜੇ ਦੌਰ ਦੀ ਮੀਟਿੰਗ ਨੂੰ ਅਹਿਮ ਮੰਨਿਆ ਜਾ ਰਿਹਾ ਹੈ।

