ਨਵੀਂ ਦਿੱਲੀ :- ਦਿੱਲੀ ਦੇ ਸ਼ਾਹਦਰਾ ਜ਼ਿਲ੍ਹੇ ਦੇ ਵਿਵੇਕ ਵਿਹਾਰ ਸਥਿਤ ਜਵਾਲਾ ਨਗਰ ਇਲਾਕੇ ਵਿੱਚ ਮੰਗਲਵਾਰ ਸਵੇਰੇ ਇੱਕ ਮਕਾਨ ਦੀ ਛੱਤ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਅਚਾਨਕ ਹੋਈ ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਮਕਾਨ ਦੇ ਮਲਬੇ ਹੇਠ ਕਈ ਲੋਕ ਦੱਬ ਗਏ, ਜਿਨ੍ਹਾਂ ਨੂੰ ਬਾਹਰ ਕੱਢਣ ਲਈ ਪੁਲਿਸ, ਫਾਇਰ ਬ੍ਰਿਗੇਡ ਅਤੇ ਸਥਾਨਕ ਲੋਕਾਂ ਨੇ ਬਚਾਅ ਕਾਰਜ ਚਲਾਇਆ। ਹੁਣ ਤੱਕ ਛੇ ਲੋਕਾਂ ਨੂੰ ਮਲਬੇ ਵਿੱਚੋਂ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ ਹੈ। ਇਨ੍ਹਾਂ ਵਿੱਚੋਂ ਇੱਕ ਤਿੰਨ ਸਾਲਾ ਬੱਚੇ ਸਮੇਤ ਦੋ ਵਿਅਕਤੀਆਂ ਦੀ ਮੌਤ ਹੋ ਗਈ।
ਸਵੇਰੇ 10:13 ਵਜੇ ਮਿਲੀ ਮਕਾਨ ਡਿੱਗਣ ਦੀ ਸੂਚਨਾ
ਮੁੱਢਲੀ ਜਾਣਕਾਰੀ ਅਨੁਸਾਰ, ਮੰਗਲਵਾਰ ਸਵੇਰੇ ਕਰੀਬ 10:13 ਵਜੇ ਦੋ ਮੰਜ਼ਿਲਾ ਮਕਾਨ ਦੀ ਛੱਤ ਡਿੱਗਣ ਦੀ ਸੂਚਨਾ ਮਿਲੀ। ਇਸ ਤੋਂ ਬਾਅਦ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚੀਆਂ। ਮਲਬੇ ਵਿੱਚ ਲੋਕਾਂ ਦੇ ਫਸੇ ਹੋਣ ਕਾਰਨ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਸਥਾਨਕ ਵਸਨੀਕਾਂ ਨੇ ਵੀ ਰਾਹਤ ਟੀਮਾਂ ਨਾਲ ਮਿਲ ਕੇ ਲੋਕਾਂ ਨੂੰ ਬਾਹਰ ਕੱਢਣ ਵਿੱਚ ਮਦਦ ਕੀਤੀ।
ਮ੍ਰਿਤਕਾਂ ਦੀ ਪਛਾਣ ਬਾਬੂ ਅਤੇ ਪਿੰਟੂ ਵਜੋਂ ਹੋਈ
ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਦੀ ਪਛਾਣ ਬਾਬੂ (3) ਅਤੇ ਪਿੰਟੂ (35) ਵਜੋਂ ਹੋਈ ਹੈ। ਦੋਵਾਂ ਨੂੰ ਇਲਾਜ ਲਈ ਡਾ. ਹੇਡਗੇਵਾਰ ਹਸਪਤਾਲ ਲਿਜਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਅਮਨ (18), ਆਕਾਸ਼ (27), ਵਿਕਾਸ (35) ਅਤੇ ਖੁਸ਼ਬੂ (30) ਵੀ ਜ਼ਖ਼ਮੀ ਹੋਏ ਹਨ। ਇਨ੍ਹਾਂ ਸਾਰਿਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਮੌਕੇ ਤੇ ਇਕੱਠੀ ਹੋਈ ਲੋਕਾਂ ਦੀ ਭੀੜ
ਹਾਦਸੇ ਤੋਂ ਬਾਅਦ ਜਵਾਲਾ ਨਗਰ ਇਲਾਕੇ ਵਿੱਚ ਲੋਕਾਂ ਦੀ ਭੀੜ ਇਕੱਠੀ ਹੋ ਗਈ। ਪੁਲਿਸ ਅਤੇ ਬਚਾਅ ਟੀਮਾਂ ਵੱਲੋਂ ਮਲਬੇ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਅੰਦਰ ਕੋਈ ਹੋਰ ਵਿਅਕਤੀ ਫਸਿਆ ਨਾ ਹੋਵੇ। ਮਕਾਨ ਦੀ ਛੱਤ ਡਿੱਗਣ ਦੇ ਕਾਰਨਾਂ ਬਾਰੇ ਫਿਲਹਾਲ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।