ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਮਹਿਲਾਵਾਂ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਦੀ ਕੜੀ ਨਿੰਦਾ ਕੀਤੀ ਹੈ। ਸਦਨ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਪੇਸ਼ ਕੀਤਾ ਗਿਆ ਬਜਟ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ। ਮਹਿਲਾਵਾਂ ਨੂੰ ₹1500 ਮਹੀਨਾ ਦੇਣ ਦੀ ਘੋਸ਼ਣਾ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਆਰਥਿਕ ਨਿਰਭਰਤਾ ਨੂੰ ਮਜ਼ਬੂਤ ਕਰਨ ਲਈ ਇਕ ਇਤਿਹਾਸਕ ਫੈਸਲਾ ਹੈ।
ਕੈਬਨਿਟ ਮੰਤਰੀ ਨੇ ਖਹਿਰਾ ਦੀਆਂ ਟਿੱਪਣੀਆਂ ‘ਤੇ ਹੈਰਾਨੀ ਜਤਾਉਂਦਿਆਂ ਕਿਹਾ ਕਿ ਇਸ ਤਰ੍ਹਾਂ ਮਹਿਲਾਵਾਂ ਦੀ ਇਜ਼ਤ ਅਤੇ ਸਮਰੱਥਾ ‘ਤੇ ਸਵਾਲ ਖੜੇ ਕਰਨਾ ਬਹੁਤ ਦੁੱਖਦਾਈ ਹੈ। ਕੀ ਗਰੀਬ ਘਰਾਂ ਦੀਆਂ ਮਹਿਲਾਵਾਂ ਜਾਂ ਸਰਕਾਰ ਦੀ ਇਸ ਪਹਿਲ ‘ਤੇ ਖੁਸ਼ੀ ਮਨਾਉਣ ਵਾਲੀਆਂ ਮਹਿਲਾਵਾਂ ਸੂਰਮੇ ਜੰਮਣ ਦੇ ਯੋਗ ਨਹੀਂ ਹਨ? ਪੰਜਾਬ ਦੇ ਸੂਰਮੇ ਸਿਰਫ਼ ਅਮੀਰ ਘਰਾਂ ਵਿੱਚ ਹੀ ਨਹੀਂ ਜੰਮੇ। ਬਹੁਤ ਸਾਰੇ ਸੂਰਮੇ ਉਹ ਮਾਵਾਂ ਨੇ ਜੰਮੇ ਹਨ ਜਿਨ੍ਹਾਂ ਨੇ ਗਰੀਬੀ ਅਤੇ ਮੁਸ਼ਕਲਾਂ ਵਿੱਚ ਰਹਿ ਕੇ ਆਪਣੇ ਬੱਚਿਆਂ ਨੂੰ ਪਾਲਿਆ ਅਤੇ ਪੰਜਾਬ ਨੂੰ ਮਹਾਨ ਹੀਰੋ ਦਿੱਤੇ।” ਇਸ ਤਰ੍ਹਾਂ ਦੀਆਂ ਟਿੱਪਣੀਆਂ ਨਾ ਸਿਰਫ਼ ਮਹਿਲਾਵਾਂ ਦੀ ਤੌਹੀਨ ਹਨ, ਸਗੋਂ ਪੰਜਾਬ ਦੇ ਉਹਨਾਂ ਸੂਰਮਿਆਂ ਦੀ ਵਿਰਾਸਤ ‘ਤੇ ਵੀ ਸਵਾਲ ਖੜੇ ਕਰਦੀਆਂ ਹਨ ਜੋ ਸਧਾਰਣ ਪਰਿਵਾਰਾਂ ਵਿੱਚ ਜੰਮੇ।
ਪੰਜਾਬ ਸਰਕਾਰ ਨੇ ਹਮੇਸ਼ਾ ਮਹਿਲਾਵਾਂ ਦੇ ਹੱਕ ਵਿੱਚ ਬਣੀਆਂ ਯੋਜਨਾਵਾਂ ਦਾ ਸਤਿਕਾਰ ਕੀਤਾ ਹੈ। ਚਾਹੇ ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ ਦੀ ਯੋਜਨਾ ਹੋਵੇ ਜਾਂ ਹੋਰ ਭਲਾਈ ਸਕੀਮਾਂ, ਕਿਸੇ ਵੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮਹਿਲਾ-ਹਿਤੈਸ਼ੀ ਸਕੀਮ ਦਾ ਕਦੇ ਵੀ ਵਿਰੋਧ ਨਹੀਂ ਕੀਤਾ ਗਿਆ ਅਤੇ ਨਾ ਹੀ ਉਸਨੂੰ ਬੰਦ ਕਰਨ ਦੀ ਗੱਲ ਕੀਤੀ ਗਈ। ਵਿਰੋਧੀ ਧਿਰ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਬਰਦਾਸ਼ਤ ਨਹੀਂ ਕਰ ਸਕਦੀ ਅਤੇ ਹੁਣ ਸਰਕਾਰ ਨੂੰ ਘੇਰਨ ਦੀ ਬਜਾਏ ਮਹਿਲਾਵਾਂ ਨੂੰ ਹੀ ਨਿਸ਼ਾਨਾ ਬਣਾਉਣ ਲੱਗ ਪਈ ਹੈ।
ਡਾ. ਬਲਜੀਤ ਕੌਰ ਨੇ ਚੇਤਾਵਨੀ ਦਿੱਤੀ ਕਿ ਜਦ ਤੱਕ ਮਹਿਲਾਵਾਂ ਦੇ ਖ਼ਿਲਾਫ਼ ਅਜਿਹੇ ਬਿਆਨ ਦੇਣ ਵਾਲਿਆਂ ਨੂੰ ਜਵਾਬਦੇਹ ਨਹੀਂ ਬਣਾਇਆ ਜਾਂਦਾ, ਮਹਿਲਾਵਾਂ ਦੀ ਆਵਾਜ਼ ਲਗਾਤਾਰ ਉੱਠਦੀ ਰਹੇਗੀ। ਉਨ੍ਹਾਂ ਕਾਂਗਰਸ ਪਾਰਟੀ ਨੂੰ ਅਪੀਲ ਕੀਤੀ ਕਿ ਆਪਣੇ ਆਗੂ ਦੇ ਬਿਆਨ ‘ਤੇ ਆਪਣਾ ਸਟੈਂਡ ਸਪਸ਼ਟ ਕਰੇ ਅਤੇ ਪੰਜਾਬ ਦੀਆਂ ਮਹਿਲਾਵਾਂ ਤੋਂ ਮਾਫ਼ੀ ਮੰਗੇ।

