ਫਰੀਦਕੋਟ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੈਤੋ ਵਿੱਚ 28.68 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਕਮਿਊਨਿਟੀ ਹੈਲਥ ਸੈਂਟਰ ਨੂੰ 8 ਕਰੋੜ ਰੁਪਏ ਦੀ ਲਾਗਤ ਨਾਲ 30 ਬਿਸਤਰਿਆਂ ਵਾਲੇ ਹਸਪਤਾਲ ਵਿੱਚ ਅਪਗ੍ਰੇਡ ਕੀਤਾ ਜਾਵੇਗਾ। ਇਸ ਤੋਂ ਇਲਾਵਾ 1,200 ਘਰਾਂ ਲਈ ਸਾਫ਼ ਪਾਣੀ ਦੀ ਸਪਲਾਈ ਵਾਸਤੇ 3.01 ਕਰੋੜ ਰੁਪਏ ਨਾਲ ਪਾਈਪਲਾਈਨ ਵਿਛਾਈ ਜਾਵੇਗੀ ਅਤੇ 2 ਕਰੋੜ ਰੁਪਏ ਨਾਲ ਨਵਾਂ ਖੇਡ ਸਟੇਡੀਅਮ ਬਣਾਇਆ ਜਾਵੇਗਾ।
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 2022 ਵਿੱਚ ਲੋਕਾਂ ਨੇ ‘ਆਪ’ ਸਰਕਾਰ ਨੂੰ ਚੁਣ ਕੇ ਵਿਕਾਸ ਅਤੇ ਬਦਲਾਅ ਦਾ ਰਾਹ ਖੋਲ੍ਹਿਆ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਈ ਵਚਨਬੱਧ ਹੈ। ਉਨ੍ਹਾਂ ਮੁਤਾਬਕ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ, ਹਜ਼ਾਰਾਂ ਨੌਕਰੀਆਂ ਅਤੇ ਲੋਕ-ਭਲਾਈ ਸਕੀਮਾਂ ਰਾਹੀਂ ਆਮ ਲੋਕਾਂ ਨੂੰ ਲਾਭ ਮਿਲ ਰਿਹਾ ਹੈ।
ਮੁੱਖ ਮੰਤਰੀ ਨੇ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਆਪਣੇ ਸ਼ਾਸਨ ਦੌਰਾਨ ਲੋਕਾਂ ਦੀ ਭਲਾਈ ਦੀ ਥਾਂ ਪਰਿਵਾਰਵਾਦ ਅਤੇ ਭ੍ਰਿਸ਼ਟਾਚਾਰ ਨੂੰ ਤਰਜੀਹ ਦਿੱਤੀ। ਉਨ੍ਹਾਂ ਇਹ ਵੀ ਕਿਹਾ ਕਿ ਵਿਰੋਧੀ ਪਾਰਟੀਆਂ ਅਪਰਾਧਿਕ ਤੱਤਾਂ ਨੂੰ ਉਤਸ਼ਾਹਿਤ ਕਰਦੀਆਂ ਰਹੀਆਂ ਹਨ, ਜਦਕਿ ‘ਆਪ’ ਸਿਰਫ਼ ਆਮ ਲੋਕਾਂ ਨੂੰ ਅੱਗੇ ਲਿਆਉਂਦੀ ਹੈ।
13 ਅਪ੍ਰੈਲ ਨੂੰ ਵਿਸ਼ੇਸ਼ ਇਜਲਾਸ ਵਿੱਚ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ, ਜਿਸ ਵਿੱਚ ਜ਼ਮਾਨਤ ‘ਤੇ ਰੋਕ ਅਤੇ ਉਮਰ ਕੈਦ ਤੱਕ ਦੀ ਸਜ਼ਾ ਦਾ ਪ੍ਰਬੰਧ ਹੋਵੇਗਾ। ਮੁੱਖ ਮੰਤਰੀ ਨੇ 2027 ਚੋਣਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕਾਂ ਕੋਲ ਵਿਕਾਸ ਮਾਡਲ ਅਤੇ ਰਵਾਇਤੀ ਰਾਜਨੀਤੀ ਵਿੱਚੋਂ ਚੋਣ ਕਰਨ ਦਾ ਮੌਕਾ ਹੋਵੇਗਾ। ਸਰਕਾਰ ਦਾ ਮਕਸਦ “ਰੰਗਲਾ ਪੰਜਾਬ” ਬਣਾਉਣਾ ਹੈ ਅਤੇ ਲੋਕਾਂ ਦੇ ਟੈਕਸ ਦਾ ਪੈਸਾ ਸਿਰਫ਼ ਲੋਕ-ਭਲਾਈ ਲਈ ਵਰਤਿਆ ਜਾ ਰਿਹਾ ਹੈ।

