ਚੰਡੀਗੜ੍ਹ: ਪੰਜਾਬ ਵਿੱਚ ਔਰਤਾਂ ਦਾ ਆਤਮਵਿਸ਼ਵਾਸ ਅਤੇ ਹਿੰਮਤ ਹੁਣ ਨਵੀਆਂ ਉਚਾਈਆਂ ‘ਤੇ ਪਹੁੰਚਣ ਲਈ ਤਿਆਰ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਸੂਬਾ ਸਰਕਾਰ ਦੀ ਵਚਨਬੱਧਤਾ ਦੇ ਨਤੀਜੇ ਵਜੋਂ, ਸਰਕਾਰੀ ਨੌਕਰੀਆਂ ਵਿੱਚ ਔਰਤਾਂ ਲਈ 33% ਰਾਖਵਾਂਕਰਨ ਦਾ ਇਤਿਹਾਸਕ ਫੈਸਲਾ ਲਿਆ ਗਿਆ ਹੈ। ਇਸ ਤਹਿਤ ਸਮੂਹ ਏ, ਬੀ, ਸੀ ਅਤੇ ਡੀ ਦੀਆਂ ਸਾਰੀਆਂ ਨੌਕਰੀਆਂ ਵਿੱਚੋਂ ਇੱਕ-ਤਿਹਾਈ ਭਾਗ ਔਰਤਾਂ ਲਈ ਰਾਖਵਾਂ ਕੀਤਾ ਜਾਵੇਗਾ, ਜੋ ਰੁਜ਼ਗਾਰ ਦੇ ਨਵੇਂ ਦਰਵਾਜ਼ੇ ਖੋਲ੍ਹਣ ਅਤੇ ਪ੍ਰਸ਼ਾਸਨਿਕ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ।
ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਕਦਮ ਔਰਤਾਂ ਦੀ ਪ੍ਰਸ਼ਾਸਕੀ ਅਤੇ ਫੈਸਲਾ ਲੈਣ ਵਾਲੀ ਭੂਮਿਕਾ ਨੂੰ ਵੀ ਮਜ਼ਬੂਤ ਕਰੇਗਾ। ਪਹਿਲਾਂ ਵੀ ਪੰਜਾਬ ਸਰਕਾਰ ਨੇ ਅਸ਼ੀਰਵਾਦ ਯੋਜਨਾ ਦੇ ਤਹਿਤ ਪਛੜੇ ਵਰਗ ਦੀਆਂ ਧੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਸੀ। ਹੁਣ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਰਾਹੀਂ ਔਰਤਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਜੋ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਸਸ਼ਕਤ ਬਣਾਉਣ ਵਿੱਚ ਮਦਦ ਕਰੇਗੀ।
ਅੰਕੜੇ ਦਿਖਾਉਂਦੇ ਹਨ ਕਿ 2020-21 ਵਿੱਚ ਪੰਜਾਬ ਵਿੱਚ ਔਰਤਾਂ ਦੀ ਕਾਰਜਬਲ ਭਾਗੀਦਾਰੀ ਸਿਰਫ਼ 21.1% ਸੀ, ਜੋ 2022-23 ਵਿੱਚ 25.2% ਤੱਕ ਵੱਧੀ ਹੈ, ਜਦੋਂ ਕਿ ਰਾਸ਼ਟਰੀ ਔਸਤ ਲਗਭਗ 36% ਹੈ। ਇਹ ਰਾਖਵਾਂਕਰਨ ਨੀਤੀ ਇਸ ਅਸਮਾਨਤਾ ਨੂੰ ਘਟਾਉਣ ਅਤੇ ਸਮਾਜਿਕ ਸਮਾਨਤਾ ਅਤੇ ਲਿੰਗ ਨਿਆਂ ਵੱਲ ਇਕ ਵੱਡਾ ਕਦਮ ਸਾਬਤ ਹੋਵੇਗੀ। ਮਾਨ ਸਰਕਾਰ ਦੀ ਇਹ ਪਹਿਲਕਦਮੀ ਪੰਜਾਬ ਦੇ ਭਵਿੱਖ ਦੇ ਸਮਾਜ ਅਤੇ ਪ੍ਰਸ਼ਾਸਨ ਵਿੱਚ ਇੱਕ ਇਤਿਹਾਸਕ ਪ੍ਰਭਾਵ ਛੱਡੇਗੀ।

