ਲੁਧਿਆਣਾ: ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ਡੀਐਮਸੀਐਚ, ਲੁਧਿਆਣਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਸਹਿਯੋਗ ਨਾਲ ਪਿੰਡ ਅਜਨੌਦ ਵਿੱਚ ਵਿਸ਼ਾਲ ਰੁੱਖ ਲਗਾਉਣ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਇਸ ਜ਼ਮੀਨ ‘ਤੇ 10,000 ਪੌਦੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ, ਜਦਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਅਭਿਆਨ ਜਾਰੀ ਰਹੇਗਾ। ਇਹ ਉਪਰਾਲਾ ਵਾਤਾਵਰਣ ਦੀ ਸੰਭਾਲ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਲਈ ਕੀਤਾ ਗਿਆ ਹੈ।

ਇਹ ਮੁਹਿੰਮ ਡੀਐਮਸੀਐਚ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਾਂਝੀ ਪਹਿਲ ਦਾ ਹਿੱਸਾ ਹੈ, ਜਿਸ ਅਧੀਨ ਪੂਰੇ ਜ਼ਿਲ੍ਹੇ ਵਿੱਚ 10 ਲੱਖ ਰੁੱਖ ਲਗਾਉਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। ਸਮਾਗਮ ਵਿੱਚ ਕਰੀਬ 80 ਵਿਅਕਤੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚ ਮੈਡੀਕਲ ਪ੍ਰਸ਼ਾਸਕ, ਫੈਕਲਟੀ ਮੈਂਬਰ, ਡਾਕਟਰ, ਸਟਾਫ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਸ਼ਾਮਲ ਸਨ। ਇਸ ਮੌਕੇ ਡਾ. ਨਰਿੰਦਰ ਏਡੀਸੀ (ਆਰ ਡੀ), ਜੀਵਨ ਦੀਪ, ਅੰਬਰ ਬੰਦੋਪਾਧਿਆਏ, ਪਵਨੀਤ ਸਿੰਘ ਅਤੇ ਸ਼ਵੇਤਾ ਸਮੇਤ ਕਈ ਅਧਿਕਾਰੀ ਵੀ ਹਾਜ਼ਰ ਰਹੇ।
ਡੀਐਮਸੀਐਚ ਮੈਨੇਜਿੰਗ ਸੋਸਾਇਟੀ ਦੇ ਸਕੱਤਰ ਸ੍ਰੀ ਬਿਪਿਨ ਗੁਪਤਾ ਨੇ ਕਿਹਾ ਕਿ ਰੁੱਖ ਲਗਾਉਣਾ ਭਵਿੱਖ ਨੂੰ ਸੁਰੱਖਿਅਤ ਅਤੇ ਟਿਕਾਊ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਰੁੱਖ ਹਵਾ ਦੀ ਗੁਣਵੱਤਾ ਸੁਧਾਰਨ, ਪਾਣੀ ਦੀ ਸੰਭਾਲ ਕਰਨ ਅਤੇ ਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਲੋਕਾਂ ਨੂੰ ਵਾਤਾਵਰਣ ਦੀ ਰੱਖਿਆ ਲਈ ਅੱਗੇ ਆਉਣ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਵੀ ਕੀਤੀ।

ਇਸ ਦੇ ਨਾਲ ਹੀ ਡੀਐਮਸੀਐਚ ਦੇ ਮਾਈਕ੍ਰੋਬਾਇਓਲੋਜੀ ਵਿਭਾਗ ਵੱਲੋਂ ਵਿਦਿਆਰਥੀਆਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ, ਰੰਗੋਲੀ, ਰੋਲ ਪਲੇਅ, ਡਿਬੇਟ ਅਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ। ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਡੀਐਮਸੀਐਚ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਆਉਣ ਵਾਲੇ ਮਹੀਨਿਆਂ ਵਿੱਚ ਨਹਿਰਾਂ ਅਤੇ ਹੋਰ ਜਲ ਸਰੋਤਾਂ ਦੇ ਨੇੜੇ ਹੋਰ ਪੌਦੇ ਲਗਾ ਕੇ ਇਸ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੰਕਲਪ ਵੀ ਦੁਹਰਾਇਆ।

