Homeਸਰਕਾਰੀ ਖ਼ਬਰਾਂਕੇਂਦਰ ਅਤੇ ਹੋਰ ਸੂਬਿਆਂ ਦੇ ਮੁਕਾਬਲੇ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਨੂੰ ਸਭ...

ਕੇਂਦਰ ਅਤੇ ਹੋਰ ਸੂਬਿਆਂ ਦੇ ਮੁਕਾਬਲੇ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਨੂੰ ਸਭ ਤੋਂ ਵੱਧ ਤਨਖਾਹਾਂ ਦਿੰਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

WhatsApp Group Join Now
WhatsApp Channel Join Now

ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਵਿੱਚ ਭਰਤੀ ਹੋਏ 1,746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜੋ ਕਿ ਸੂਬਾ ਸਰਕਾਰ ਦੀ ਮੈਰਿਟ ਦੇ ਆਧਾਰ ‘ਤੇ ਰੋਜ਼ਗਾਰ ਦੇਣ ਅਤੇ ਪੁਲਿਸ ਫੋਰਸ ਨੂੰ ਮਜ਼ਬੂਤ ਕਰਨ ਦੀ ਮੁਹਿੰਮ ਵਿੱਚ ਇੱਕ ਹੋਰ ਇਤਿਹਾਸਕ ਕਦਮ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੁਲਿਸ ਫੋਰਸ ਵਿੱਚ 13,092 ਜਵਾਨ ਸ਼ਾਮਲ ਕੀਤੇ ਗਏ ਹਨ, ਜਦੋਂ ਕਿ 3,298 ਹੋਰ ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਇਸ ਦੇ ਨਾਲ ਹੀ ‘ਬਿਨਾਂ ਰਿਸ਼ਵਤ, ਬਿਨਾਂ ਸਿਫ਼ਾਰਸ਼’ ਦੇ ਆਧਾਰ ਉੱਤੇ ਹੁਣ ਤੱਕ 70,840 ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਪੁਲਿਸ ਫੋਰਸ ਦੇ ਵਿਸਥਾਰ ਦੇ ਨਾਲ-ਨਾਲ ਪੰਜਾਬ ਸਰਕਾਰ ਨੇ ਇੰਸਪੈਕਟਰਾਂ, ਐਸ.ਆਈ. ਅਤੇ ਏ.ਐਸ.ਆਈ. ਦੀਆਂ 1,600 ਨਵੀਂਆਂ ਜ਼ਿਲ੍ਹਾ-ਕਾਡਰ ਦੀਆਂ ਪੋਸਟਾਂ ਨੂੰ ਵਿਭਾਗੀ ਤਰੱਕੀ ਰਾਹੀਂ ਭਰਨ ਦੀ ਮਨਜ਼ੂਰੀ ਵੀ ਦਿੱਤੀ ਹੈ। ਇਹ ਕਦਮ ਪੰਜਾਬ ਦੀ ਸਖ਼ਤ ਮਿਹਨਤ ਨਾਲ ਹਾਸਲ ਕੀਤੀ ਅਮਨ-ਸ਼ਾਂਤੀ ਦੀ ਰਾਖੀ ਕਰਨ ਅਤੇ ਅਸ਼ਾਂਤੀ, ਅੱਤਵਾਦ ਦੇ ਖਤਰੇ ਅਤੇ ਸੜਕ ਸੁਰੱਖਿਆ ਦੀਆਂ ਚੁਣੌਤੀਆਂ ਨਾਲ ਨਜਿੱਠਣ ਦੇ ਨਾਲ-ਨਾਲ ਫੋਰਸ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੇ ਇਰਾਦੇ ਸਪੱਸ਼ਟ ਕਰਦਾ ਹੈ।

ਇਸ ਮੌਕੇ ਦੀਆਂ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਲਿਖਿਆ: “ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਪੰਜਾਬ ਪੁਲਿਸ ‘ਚ ਸ਼ਾਮਲ ਹੋਣ ਵਾਲੇ 1,746 ਨੌਜਵਾਨ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨੌਜਵਾਨ ‘ਬਿਨਾਂ ਰਿਸ਼ਵਤ, ਬਿਨਾਂ ਸਿਫ਼ਾਰਸ਼’, ਨਿਰੋਲ ਮੈਰਿਟ ਦੇ ਆਧਾਰ ‘ਤੇ ਭਰਤੀ ਹੋਏ ਹਨ… ਪਿਛਲੇ ਲਗਭਗ ਢਾਈ ਸਾਲਾਂ ਵਿੱਚ ਸਾਡੀ ਸਰਕਾਰ 70,840 ਤੋਂ ਵੱਧ ਨੌਕਰੀਆਂ ਦੇ ਚੁੱਕੀ ਹੈ, ਜੋ ਕਿ ਇੱਕ ਇਤਿਹਾਸਕ ਪ੍ਰਾਪਤੀ ਹੈ। ਮੈਨੂੰ ਪੂਰਾ ਭਰੋਸਾ ਹੈ ਕਿ ਇਹ ਨਵੇਂ ਭਰਤੀ ਹੋਏ ਬਹਾਦਰ ਜਵਾਨ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਪੰਜਾਬ ਅਤੇ ਦੇਸ਼ ਦੀ ਰਾਖੀ ਕਰਨਗੇ… ਸਾਰੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਨਵੀਂ ਸ਼ੁਰੂਆਤ ਲਈ ਬਹੁਤ-ਬਹੁਤ ਮੁਬਾਰਕਾਂ। ਪੰਜਾਬ ਪੁਲਿਸ ਪਰਿਵਾਰ ਵਿੱਚ ਜੀ ਆਇਆਂ ਨੂੰ। ਇਨਕਲਾਬ ਜ਼ਿੰਦਾਬਾਦ।”

ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨ ਅਜਿਹੇ ਸਮੇਂ ਵਿੱਚ ਸਰਕਾਰ ਦੇ ਪਰਿਵਾਰ ਵਿੱਚ ਸ਼ਾਮਲ ਹੋ ਰਹੇ ਹਨ ਜਦੋਂ ਸੂਬਾ ਸਰਕਾਰ ਪੂਰੇ ਪੰਜਾਬ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹੁਣ ਤੱਕ 70,840 ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਹਨ, ਜਿਸ ਵਿੱਚ ਪੂਰੀ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ, ਭ੍ਰਿਸ਼ਟਾਚਾਰ ਅਤੇ ਸਿਫ਼ਾਰਸ਼ ਤੋਂ ਮੁਕਤ ਹੈ। ਉਨ੍ਹਾਂ ਕਿਹਾ, “ਕਈ ਨੌਜਵਾਨਾਂ ਨੇ ਆਪਣੀ ਕਾਬਲੀਅਤ ਸਦਕਾ ਵੱਖ-ਵੱਖ ਵਿਭਾਗਾਂ ਵਿੱਚ ਅਨੇਕਾਂ ਵਾਰ ਸਫ਼ਲਤਾਪੂਰਵਕ ਸਰਕਾਰੀ ਨੌਕਰੀਆਂ ਹਾਸਲ ਕੀਤੀਆਂ ਹਨ, ਜੋ ਸਾਡੀ ਭਰਤੀ ਪ੍ਰਕਿਰਿਆ ਦੀ ਭਰੋਸੇਯੋਗਤਾ ਨੂੰ ਦਰਸਾਉਂਦਾ ਹੈ। ਸਾਡੀ ਸਰਕਾਰ ਪੰਜਾਬ ਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਵਿੱਚ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਸਫ਼ਲ ਰਹੀ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤਾਜ਼ਾ ਭਰਤੀ ਨਾਲ ਪੰਜਾਬ ਪੁਲਿਸ ਹੋਰ ਮਜ਼ਬੂਤ ਹੋਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਫੋਰਸ ਦੇ ਵੱਖ-ਵੱਖ ਰੈਂਕਾਂ ਵਿੱਚ 13,092 ਨੌਜਵਾਨਾਂ ਦੀ ਭਰਤੀ ਕੀਤੀ ਜਾ ਚੁੱਕੀ ਹੈ, ਜਦੋਂ ਕਿ 3,298 ਹੋਰ ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਕਿਹਾ, “ਹੁਣ ਤੋਂ ਤੁਸੀਂ ਸਰਕਾਰੀ ਪਰਿਵਾਰ ਦਾ ਅਨਿੱਖੜਵਾਂ ਅੰਗ ਬਣ ਗਏ ਹੋ। ਅਸੀਂ ਮਿਲ ਕੇ ਰੰਗਲੇ ਅਤੇ ਖੁਸ਼ਹਾਲ ਪੰਜਾਬ ਦੀ ਸ਼ਾਨ ਨੂੰ ਬਹਾਲ ਕਰਨ ਦੇ ਆਪਣੇ ਸਾਂਝੇ ਮਿਸ਼ਨ ਵਿੱਚ ਕੋਈ ਕਸਰ ਨਹੀਂ ਛੱਡਾਂਗੇ। ਇਹ ਨਾ ਤਾਂ ਅਜਿਹੀ ਪਹਿਲੀ ਪ੍ਰਾਪਤੀ ਹੈ ਅਤੇ ਨਾ ਹੀ ਆਖਰੀ ਹੋਵੇਗੀ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਨਸ਼ਿਆਂ ਦੇ ਰੂਪ ਵਿੱਚ ਸੰਤਾਪ ਹੰਢਾਇਆ ਹੈ, ਪਰ ਸੂਬਾ ਸਰਕਾਰ ਨੇ ਇਸ ਅਲਾਮਤ ਨਾਲ ਫੈਸਲਾਕੁੰਨ ਢੰਗ ਨਾਲ ਨਜਿੱਠਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ, “ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਦੇ ਕਲੰਕ ਦੇ ਸੰਕਟ ਅਤੇ ਪੀੜਾ ਵਿੱਚੋਂ ਗੁਜ਼ਰਨਾ ਪਿਆ, ਪਰ ਹੁਣ ਅਸੀਂ ਨਸ਼ਾ ਅੱਤਵਾਦ (ਡਰੱਗ ਟੈਰੋਰਿਜ਼ਮ) ਵਿਰੁੱਧ ਲੜ ਰਹੇ ਹਾਂ। ਪਿਛਲੇ ਤਕਰੀਬਨ 500 ਦਿਨਾਂ ਵਿੱਚ 70,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਜੇਲ੍ਹ ਦੀਆਂ ਸੀਖਾਂ ਪਿੱਛੇ ਭੇਜਿਆ ਗਿਆ ਹੈ। ਮਾਨਵਤਾ ਵਿਰੁੱਧ ਇਸ ਜੁਰਮ ਵਿੱਚ ਸ਼ਾਮਲ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਰਹੀਆਂ ਹਨ ਅਤੇ ਢਾਹੀਆਂ ਜਾ ਰਹੀਆਂ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਇਕ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਸਖ਼ਤ ਘਾਲਣਾ ਘਾਲ ਕੇ ਹਾਸਲ ਕੀਤੀ ਸ਼ਾਂਤੀ ਨੂੰ ਭੰਗ ਕਰਨ ਦੇ ਦੁਸ਼ਮਣ ਤਾਕਤਾਂ ਦੇ ਮਨਸੂਬਿਆ ਦਾ ਲਗਾਤਾਰ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ, “ਸੂਬੇ ਦੇ ਕਈ ਦੁਸ਼ਮਣ ਅਨਸਰ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਲਈ ਨਾਪਾਕ ਮਨਸੂਬੇ ਘੜਦੇ ਰਹੇ ਹਨ, ਪਰ ਪੰਜਾਬ ਪੁਲਿਸ ਨੇ ਹਮੇਸ਼ਾ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ।” ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਆਧੁਨਿਕ ਲੋੜਾਂ ਅਨੁਸਾਰ ਲਗਾਤਾਰ ਆਪਣੇ ਆਪ ਨੂੰ ਅੱਪਗ੍ਰੇਡ ਕਰਨਾ ਚਾਹੀਦਾ ਹੈ।

ਨਵੇਂ ਭਰਤੀ ਹੋਏ ਪੁਲਿਸ ਮੁਲਾਜ਼ਮਾਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਵਿੱਚ ਸ਼ਾਮਲ ਹੋਣਾ ਇੱਕ ਅਹਿਮ ਮੌਕਾ ਹੈ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਲਗਨ, ਮਿਹਨਤ ਅਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ, “ਤੁਹਾਨੂੰ ਆਮ ਜਨਤਾ ਦੇ ਦੁੱਖ-ਦਰਦ ਘਟਾਉਣ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਤੁਹਾਡਾ ਸਭ ਤੋਂ ਪਹਿਲਾ ਫਰਜ਼ ਲੋਕਾਂ ਦੀ ਭਲਾਈ ਹੋਣੀ ਚਾਹੀਦਾ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਤੁਹਾਡੀ ਸੇਵਾ ਦਾ ਲਾਭ ਮਿਲ ਸਕੇ।”
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅਪਰਾਧੀਆਂ ਦਾ ਮੁਕਾਬਲਾ ਕਰਨ ਲਈ ਪੁਲਿਸ ਫੋਰਸ ਨੂੰ ਵਿਗਿਆਨਕ ਲੀਹਾਂ ‘ਤੇ ਅੱਪਗ੍ਰੇਡ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਾਲ 2022 ਤੋਂ ਹੁਣ ਤੱਕ ਪੁਲਿਸ ਫੋਰਸ ਨੂੰ ਮਜ਼ਬੂਤ ਅਤੇ ਆਧੁਨਿਕ ਬਣਾਉਣ ਲਈ 15,000 ਤੋਂ ਵੱਧ ਨਿਯੁਕਤੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ, ਜਦਕਿ ਜਵਾਨਾਂ ਨੂੰ ਆਪਣੀ ਡਿਊਟੀ ਸੁਚੱਜੇ ਢੰਗ ਨਾਲ ਨਿਭਾਉਣ ਲਈ ਨਵੇਂ ਅਤੇ ਆਧੁਨਿਕ ਵਾਹਨ ਵੀ ਮੁਹੱਈਆ ਕਰਵਾਏ ਗਏ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਨੇ ਪੰਜਾਬ ਪੁਲਿਸ ਵਿੱਚ ਜ਼ਿਲ੍ਹਾ ਕਾਡਰ ਦੀਆਂ 1,600 ਨਵੀਂਆਂ ਆਸਾਮੀਆਂ ਨੂੰ ਮਨਜ਼ੂਰੀ ਦਿੱਤੀ ਹੈ, ਜਿਨ੍ਹਾਂ ਵਿੱਚ 150 ਇੰਸਪੈਕਟਰ, 450 ਸਬ-ਇੰਸਪੈਕਟਰ ਅਤੇ 1,000 ਸਹਾਇਕ ਸਬ-ਇੰਸਪੈਕਟਰ ਸ਼ਾਮਲ ਹਨ। ਇਹ ਆਸਾਮੀਆਂ ਵਿਭਾਗੀ ਤਰੱਕੀਆਂ ਰਾਹੀਂ ਭਰੀਆਂ ਜਾਣਗੀਆਂ ਤਾਂ ਜੋ ਸੇਵਾ ਨਿਭਾ ਰਹੇ ਪੁਲਿਸ ਮੁਲਾਜ਼ਮਾਂ ਨੂੰ ਕਰੀਅਰ ਵਿੱਚ ਅੱਗੇ ਵਧਣ ਦੇ ਮੌਕੇ ਮਿਲ ਸਕਣ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲੀ ਵਾਰ ਪੁਲਿਸ ਅਧਿਕਾਰੀਆਂ ਨੂੰ ਉਨ੍ਹਾਂ ਦੀ ਮੈਰਿਟ ਅਤੇ ਵਾਰੀ ਅਨੁਸਾਰ ਤਰੱਕੀਆਂ ਦਿੱਤੀਆਂ ਜਾ ਰਹੀਆਂ ਹਨ। ਅਸੀਂ ਫੋਰਸ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹਾਂ ਤਾਂ ਜੋ ਸਾਡੇ ਪੁਲਿਸ ਮੁਲਾਜ਼ਮ ਆਪਣੀ ਡਿਊਟੀ ਹੋਰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਨਿਭਾ ਸਕਣ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle