ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਖੇਤਰ ਵਿੱਚ ਵੱਡੇ ਪੱਧਰ ਦੇ ਨਿਵੇਸ਼ਾਂ ਨਾਲ ਰਾਜ ਭਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਦੇਣ ਦੀ ਪ੍ਰਕਿਰਿਆ ਤੇਜ਼ ਹੋ ਗਈ ਹੈ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 2,900 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਹੈ, ਜਿਸ ਨਾਲ ਪੇਂਡੂ ਅਤੇ ਅਰਧ-ਸ਼ਹਿਰੀ ਖੇਤਰਾਂ ਵਿੱਚ ਲੋਕਾਂ ਨੂੰ ਸਾਫ਼ ਪਾਣੀ ਦੀ ਸਪਲਾਈ ਅਤੇ ਬਿਹਤਰ ਸੈਨੀਟੇਸ਼ਨ ਪ੍ਰਣਾਲੀਆਂ ਮੁਹੱਈਆ ਹੋ ਰਹੀਆਂ ਹਨ। ਇਸ ਨਿਵੇਸ਼ ਨਾਲ 34 ਲੱਖ ਤੋਂ ਵੱਧ ਪਰਿਵਾਰਾਂ ਨੂੰ ਸੁਰੱਖਿਅਤ ਪਾਣੀ ਮਿਲ ਰਿਹਾ ਹੈ ਅਤੇ 2,190.80 ਕਰੋੜ ਰੁਪਏ ਦੀ ਸਾਲਾਨਾ ਯੋਜਨਾ ਪੇਂਡੂ ਵਿਕਾਸ ਲਈ ਮਨਜ਼ੂਰ ਕੀਤੀ ਗਈ ਹੈ।

ਮੰਤਰੀ ਨੇ ਕਿਹਾ ਕਿ ਪੇਂਡੂ ਇਲਾਕਿਆਂ ਵਿੱਚ ਹਰ ਘਰ ਤੱਕ ਸਾਫ਼ ਪਾਣੀ ਪਹੁੰਚਾਉਣ ਦੇ ਟੀਚੇ ਨੂੰ ਹਾਸਲ ਕਰਕੇ ਪੰਜਾਬ ਸੂਬਾ ਦੇਸ਼ ਦਾ ਪੰਜਵਾਂ ਰਾਜ ਬਣਿਆ ਹੈ। ਪਾਣੀ ਦੀ ਗੁਣਵੱਤਾ ਪ੍ਰਭਾਵਿਤ ਖੇਤਰਾਂ ਵਿੱਚ 15 ਪ੍ਰਮੁੱਖ ਸਤਹੀ ਜਲ ਸਪਲਾਈ ਪ੍ਰਾਜੈਕਟਾਂ ਤੇ ਧਿਆਨ ਦਿੱਤਾ ਗਿਆ ਹੈ, ਜਿਸ ਨਾਲ 1706 ਪਿੰਡਾਂ ਨੂੰ ਕਵਰ ਕੀਤਾ ਗਿਆ ਹੈ। ਇਸ ਦੌਰਾਨ 278.37 ਕਰੋੜ ਰੁਪਏ ਦੀ ਲਾਗਤ ਨਾਲ 205 ਪੇਂਡੂ ਜਲ ਸਪਲਾਈ ਸਕੀਮਾਂ ਪੂਰੀਆਂ ਕੀਤੀਆਂ ਗਈਆਂ ਹਨ, ਜੋ ਲਗਭਗ 2.33 ਲੱਖ ਪੇਂਡੂ ਵਸਨੀਕਾਂ ਨੂੰ ਲਾਭ ਪਹੁੰਚਾ ਰਹੀਆਂ ਹਨ।
ਸ. ਹਰਦੀਪ ਸਿੰਘ ਮੁੰਡੀਆਂ ਨੇ ਹੋਰ ਵੀ ਦੱਸਿਆ ਕਿ ਪਾਣੀ ਦੀ ਗੁਣਵੱਤਾ ਨਿਗਰਾਨੀ ਲਈ ਤਿੰਨ-ਪੱਧਰੀ ਲੈਬ ਨੈੱਟਵਰਕ ਬਣਾਇਆ ਗਿਆ ਹੈ, ਜਿਸ ਵਿੱਚ ਰਾਜ, ਖੇਤਰੀ, ਜ਼ਿਲ੍ਹਾ ਅਤੇ ਬਲਾਕ ਪੱਧਰੀ ਲੈਬਾਂ ਸ਼ਾਮਲ ਹਨ। ਭੂਮੀਗਤ ਪਾਣੀ ਵਿੱਚ ਭਾਰੀ ਧਾਤਾਂ ਤੋਂ ਪ੍ਰਭਾਵਿਤ ਪਿੰਡਾਂ ਵਿੱਚ ਰਿਵਰਸ ਓਸਮੋਸਿਸ (RO) ਅਤੇ ਕਮਿਊਨਿਟੀ ਵਾਟਰ ਪਿਊਰੀਫਿਕੇਸ਼ਨ ਪਲਾਂਟ ਲਗਾਏ ਗਏ ਹਨ। ਪੇਂਡੂ ਸੈਨੀਟੇਸ਼ਨ ਖੇਤਰ ਵਿੱਚ 1598 ਕਮਿਊਨਿਟੀ ਸੈਨੀਟੇਸ਼ਨ ਕੰਪਲੈਕਸ ਬਣਾਏ ਗਏ ਹਨ ਅਤੇ ਹੋਰ 580 ਕੰਪਲੈਕਸਾਂ ‘ਤੇ ਕੰਮ ਜਾਰੀ ਹੈ। ਇਸ ਤਰ੍ਹਾਂ, ਪੰਜਾਬ ਸੂਬਾ ਖੁੱਲ੍ਹੇ ਵਿੱਚ ਸ਼ੌਚ ਮੁਕਤ (ODF) ਪਲੱਸ ਦਰਜਾ ਹਾਸਲ ਕਰਨ ਵੱਲ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ।

