ਚੰਡੀਗੜ੍ਹ, 18 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪੂਰੀ ਜਨਤਕ ਜ਼ਿੰਦਗੀ ਪੰਜਾਬ ਅਤੇ ਪੰਜਾਬੀਆਂ ਦੀ ਸੇਵਾ ਨੂੰ ਸਮਰਪਿਤ ਰਹੀ ਹੈ ਅਤੇ ਕੋਈ ਵੀ ਝੂਠਾ ਪ੍ਰਚਾਰ ਉਨ੍ਹਾਂ ਅਤੇ ਸੰਗਤ ਦਰਮਿਆਨ ਮੌਜੂਦ ਵਿਸ਼ਵਾਸ ਨੂੰ ਕਮਜ਼ੋਰ ਨਹੀਂ ਕਰ ਸਕਦਾ।
ਮੁੱਖ ਮੰਤਰੀ ਨੇ ਕਿਹਾ ਕਿ ਵਾਇਰਲ ਵੀਡੀਓ ਨੂੰ ਲੈ ਕੇ ਸਾਹਮਣੇ ਆਈਆਂ ਦੋ ਸੁਤੰਤਰ ਫੋਰੈਂਸਿਕ ਰਿਪੋਰਟਾਂ ਨੇ ਪੂਰੀ ਸੱਚਾਈ ਲੋਕਾਂ ਸਾਹਮਣੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਵੀਡੀਓ ਦੇ 1,191 ਫਰੇਮਾਂ ਦੀ ਪੜਤਾਲ ਕੀਤੀ ਗਈ ਅਤੇ ਕਿਸੇ ਵੀ ਫਰੇਮ ਵਿੱਚ ਉਨ੍ਹਾਂ ਦਾ ਚਿਹਰਾ, ਕੱਦ, ਸਰੀਰਕ ਬਣਤਰ ਜਾਂ ਹੋਰ ਸਰੀਰਕ ਵਿਸ਼ੇਸ਼ਤਾਵਾਂ ਮੇਲ ਨਹੀਂ ਖਾਂਦੀਆਂ।
ਮੁੱਖ ਮੰਤਰੀ ਨੇ ਇਸ ਸਾਰੇ ਮਾਮਲੇ ਨੂੰ ਇੱਕ ਸੋਚੀ-ਸਮਝੀ ਸਿਆਸੀ ਸਾਜ਼ਿਸ਼ ਕਰਾਰ ਦਿੰਦਿਆਂ ਕਿਹਾ ਕਿ ਕੁਝ ਤਾਕਤਾਂ ਪੰਜਾਬ ਦੀ ਤਰੱਕੀ ਅਤੇ ਲੋਕਾਂ ਵੱਲੋਂ ਮਿਲ ਰਹੇ ਪਿਆਰ ਨੂੰ ਬਰਦਾਸ਼ਤ ਨਹੀਂ ਕਰ ਸਕਦੀਆਂ, ਇਸ ਲਈ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
1,191 ਫਰੇਮਾਂ ਦੀ ਜਾਂਚ, ਇੱਕ ਵੀ ਫਰੇਮ CM ਮਾਨ ਨਾਲ ਨਹੀਂ ਮਿਲਿਆ
ਵੀਡੀਓ ਸੰਦੇਸ਼ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਦੋਵੇਂ ਫੋਰੈਂਸਿਕ ਰਿਪੋਰਟਾਂ ਪੰਜਾਬ ਤੋਂ ਬਾਹਰ ਦੀਆਂ ਸਰਕਾਰੀ ਮਾਨਤਾ ਪ੍ਰਾਪਤ ਲੈਬਾਂ ਵੱਲੋਂ ਤਿਆਰ ਕੀਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਵੀਡੀਓ ਦੇ ਹਰ ਫਰੇਮ ਦੀ ਜਾਂਚ ਕੀਤੀ ਗਈ, ਜਿਸ ਵਿੱਚ ਚਿਹਰੇ ਦੀ ਬਣਤਰ, ਅੱਖਾਂ, ਸਾਈਡ ਪ੍ਰੋਫਾਈਲ, ਫਰੰਟ ਪ੍ਰੋਫਾਈਲ, ਸਰੀਰਕ ਬਣਤਰ, ਕੱਦ ਅਤੇ ਹੋਰ ਕਈ ਤਕਨੀਕੀ ਪੱਖਾਂ ਦਾ ਵਿਸ਼ਲੇਸ਼ਣ ਕੀਤਾ ਗਿਆ।
ਮੁੱਖ ਮੰਤਰੀ ਨੇ ਕਿਹਾ, “ਰਿਪੋਰਟ ਸਪੱਸ਼ਟ ਕਰਦੀ ਹੈ ਕਿ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਮੈਂ ਨਹੀਂ ਹਾਂ। ਇੱਥੋਂ ਤੱਕ ਕਿ ਉਸ ਵਿਅਕਤੀ ਦੀ ਲੰਬਾਈ ਮੇਰੇ ਨਾਲੋਂ ਲਗਭਗ ਦੋ ਇੰਚ ਵੱਧ ਹੈ। ਫਿਰ ਇਹ ਕਿਵੇਂ ਸੰਭਵ ਹੈ ਕਿ ਮੈਂ ਹੀ ਉਹ ਵਿਅਕਤੀ ਹਾਂ?”
ਉਨ੍ਹਾਂ ਕਿਹਾ ਕਿ ਕਿਸੇ ਹੋਰ ਵਿਅਕਤੀ ਨੂੰ ਉਨ੍ਹਾਂ ਵਰਗਾ ਦਿਖਾ ਕੇ ਇਹ ਵੀਡੀਓ ਤਿਆਰ ਕੀਤੀ ਗਈ ਅਤੇ ਫਿਰ ਇਸਨੂੰ ਉਨ੍ਹਾਂ ਨਾਲ ਜੋੜ ਕੇ ਬਦਨਾਮੀ ਦੀ ਮੁਹਿੰਮ ਚਲਾਈ ਗਈ।
ਧਾਰਮਿਕ ਅਤੇ ਲੋਕ ਭਲਾਈ ਦੇ ਕੰਮਾਂ ਦਾ ਕੀਤਾ ਜ਼ਿਕਰ
ਭਗਵੰਤ ਮਾਨ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਉਨ੍ਹਾਂ ਨੂੰ ਲੋਕ ਸਭਾ ਮੈਂਬਰ ਅਤੇ ਬਾਅਦ ਵਿੱਚ ਮੁੱਖ ਮੰਤਰੀ ਵਜੋਂ ਸੇਵਾ ਕਰਨ ਦਾ ਮੌਕਾ ਮਿਲਿਆ, ਜਿਸ ਦੌਰਾਨ ਉਨ੍ਹਾਂ ਨੇ ਧਾਰਮਿਕ ਅਤੇ ਸਮਾਜਿਕ ਭਲਾਈ ਨਾਲ ਜੁੜੇ ਕਈ ਇਤਿਹਾਸਕ ਫੈਸਲੇ ਕੀਤੇ।
ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਸੰਸਦ ਵਿੱਚ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਪਾਲਕੀ ਸਾਹਿਬ ਅਤੇ ਵੱਖ-ਵੱਖ ਧਰਮਾਂ ਦੇ ਪਵਿੱਤਰ ਗ੍ਰੰਥਾਂ ਦੇ ਪ੍ਰਕਾਸ਼ ਲਈ ਵਰਤੇ ਜਾਂਦੇ ਵਿਸ਼ੇਸ਼ ਵਾਹਨਾਂ ਨੂੰ ਮੋਟਰ ਵਹੀਕਲ ਟੈਕਸ ਤੋਂ ਛੋਟ ਦਿੱਤੀ।
ਮੁੱਖ ਮੰਤਰੀ ਨੇ ਕਿਹਾ ਕਿ 350ਵੇਂ ਸ਼ਹੀਦੀ ਦਿਹਾੜੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸਮਾਗਮਾਂ ਨੂੰ ਸ਼ਾਨਦਾਰ ਢੰਗ ਨਾਲ ਮਨਾਇਆ ਗਿਆ ਅਤੇ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਗਿਆ।
ਉਨ੍ਹਾਂ ਇਹ ਵੀ ਕਿਹਾ ਕਿ ਅੰਮ੍ਰਿਤਸਰ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦਿੱਤਾ ਗਿਆ, ਜੋ ਪਹਿਲਾਂ ਕਿਸੇ ਵੀ ਸਰਕਾਰ ਨੇ ਨਹੀਂ ਕੀਤਾ।
ਸਤਿਕਾਰ ਐਕਟ ਕਾਰਨ ਬੇਚੈਨ ਹੋਈਆਂ ਕੁਝ ਤਾਕਤਾਂ
ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਬੇਅਦਬੀ ਦੇ ਮਾਮਲਿਆਂ ਵਿੱਚ ਕਾਨੂੰਨ ਕਾਫ਼ੀ ਕਮਜ਼ੋਰ ਸੀ, ਜਿਸ ਕਾਰਨ ਦੋਸ਼ੀਆਂ ਨੂੰ ਆਸਾਨੀ ਨਾਲ ਜ਼ਮਾਨਤ ਮਿਲ ਜਾਂਦੀ ਸੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਲਾਗੂ ਕਰਕੇ ਬੇਅਦਬੀ ਵਿਰੁੱਧ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਕੀਤਾ ਹੈ, ਜਿਸ ਨੂੰ ਸੰਗਤ ਵੱਲੋਂ ਵੱਡਾ ਸਮਰਥਨ ਮਿਲਿਆ।
“ਜਦੋਂ ਤੋਂ ਇਸ ਕਾਨੂੰਨ ਦੀ ਚਰਚਾ ਸ਼ੁਰੂ ਹੋਈ ਹੈ, ਕੁਝ ਲੋਕ ਮੈਨੂੰ ਨਿਸ਼ਾਨਾ ਬਣਾ ਰਹੇ ਹਨ। ਇਹ ਫਰਜ਼ੀ ਵੀਡੀਓ ਵੀ ਉਸੇ ਸਾਜ਼ਿਸ਼ ਦਾ ਹਿੱਸਾ ਲੱਗਦੀ ਹੈ,” ਉਨ੍ਹਾਂ ਕਿਹਾ।
DGP ਨੂੰ ਜਾਂਚ ਦੇ ਹੁਕਮ, ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਲੁਕੇ ਲੋਕਾਂ ਦੀ ਹੋਵੇਗੀ ਪਛਾਣ
ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ DGP ਨੂੰ ਹੁਕਮ ਦਿੱਤੇ ਹਨ ਕਿ ਇਸ ਵੀਡੀਓ ਨੂੰ ਬਣਾਉਣ, ਫੰਡ ਕਰਨ ਅਤੇ ਫੈਲਾਉਣ ਵਾਲੇ ਹਰ ਵਿਅਕਤੀ ਦੀ ਪਛਾਣ ਕੀਤੀ ਜਾਵੇ।
ਉਨ੍ਹਾਂ ਕਿਹਾ, “ਚਾਹੇ ਇਹ ਸਾਜ਼ਿਸ਼ ਪੰਜਾਬ ਵਿੱਚ ਰਚੀ ਗਈ ਹੋਵੇ, ਦੇਸ਼ ਦੇ ਕਿਸੇ ਹੋਰ ਹਿੱਸੇ ਵਿੱਚ ਜਾਂ ਵਿਦੇਸ਼ ਵਿੱਚ, ਇਸ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਲੱਭ ਕੇ ਸੰਗਤ ਸਾਹਮਣੇ ਲਿਆਂਦਾ ਜਾਵੇ।”
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਨਾਨਕ ਨਾਮ ਲੇਵਾ ਸੰਗਤ ਦਾ ਸਤਿਕਾਰ ਸਿਰ ਮੱਥੇ ਹੈ, ਪਰ ਲੋਕਾਂ ਨੂੰ ਅਜਿਹੀਆਂ ਸਿਆਸੀ ਸਾਜ਼ਿਸ਼ਾਂ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ।
ਪੰਜਾਬ ਲਈ ਸਮਰਪਿਤ ਹੈ ਮੇਰੀ ਜ਼ਿੰਦਗੀ: CM ਮਾਨ
ਆਪਣੇ ਸੰਦੇਸ਼ ਦੇ ਅੰਤ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਜ਼ਿੰਦਗੀ ਦਾ ਹਰ ਪਲ ਪੰਜਾਬ ਲਈ ਸਮਰਪਿਤ ਹੈ।
ਉਨ੍ਹਾਂ ਕਿਹਾ, “ਮੇਰੇ ਦਿਲ ਦੀ ਹਰ ਧੜਕਣ ਪੰਜਾਬ ਲਈ ਧੜਕਦੀ ਹੈ। ਮੈਂ ਬਿਨਾਂ ਕਿਸੇ ਲਾਲਚ ਅਤੇ ਨਿੱਜੀ ਸਵਾਰਥ ਤੋਂ ਪੰਜਾਬ ਦੇ ਹੱਕਾਂ ਅਤੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਰਹਾਂਗਾ। ਮੈਂ ਹਮੇਸ਼ਾ ਸ੍ਰੀ ਗੁਰੂ ਗ੍ਰੰਥ ਸਾਹਿਬ, ਸੰਗਤ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਕੀਤੀ ਹੈ ਅਤੇ ਅੱਗੇ ਵੀ ਕਰਦਾ ਰਹਾਂਗਾ।”
ਅੰਤ ਵਿੱਚ ਉਨ੍ਹਾਂ ਨੇ “ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ” ਦੇ ਜੈਕਾਰਿਆਂ ਨਾਲ ਆਪਣਾ ਸੰਦੇਸ਼ ਸਮਾਪਤ ਕੀਤਾ।

