Homeਸਰਕਾਰੀ ਖ਼ਬਰਾਂਪੰਜਾਬ ਸਰਕਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

WhatsApp Group Join Now
WhatsApp Channel Join Now

ਚੰਡੀਗੜ੍ਹ / ਮੋਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 10 ਲੱਖ ਲਾਭਪਾਤਰੀਆਂ ਤੱਕ ਭੋਜਨ ਸੁਰੱਖਿਆ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਯੋਜਨਾ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਿਨਾਂ ਕਿਸੇ ਰਿਸ਼ਵਤ ਅਤੇ ਸਿਫ਼ਾਰਸ਼ ਦੇ ਸਿਧਾਂਤ ਤਹਿਤ ਸਿਰਫ਼ ਅਸਲ ਲੋੜਵੰਦਾਂ ਨੂੰ ਹੀ ਪਾਰਦਰਸ਼ੀ, ਡਿਜੀਟਲ ਅਤੇ ਨਿਰਪੱਖ ਚੋਣ ਪ੍ਰਕਿਰਿਆ ਰਾਹੀਂ ਉਨ੍ਹਾਂ ਦੇ ਹੱਕ ਦਿੱਤੇ ਜਾ ਰਹੇ ਹਨ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਲ, ਮੁੱਖ ਮੰਤਰੀ ਨੇ ਸਟੇਜ ‘ਤੇ ਲਾਭਪਾਤਰੀਆਂ ਨੂੰ ‘ਮੇਰੀ ਰਸੋਈ’ ਕਿੱਟਾਂ ਵੰਡੀਆਂ, ਜਿਨ੍ਹਾਂ ਵਿੱਚ ਦਾਲਾਂ, ਖੰਡ, ਨਮਕ, ਹਲਦੀ ਅਤੇ ਸਰ੍ਹੋਂ ਦਾ ਤੇਲ ਸੀ। ਉਨ੍ਹਾਂ ਨੇ ਲਾਭਪਾਤਰੀਆਂ ਨੂੰ ਈ-ਕੇ.ਵਾਈ.ਸੀ. ਮੁਕੰਮਲ ਹੋਣ ਤੋਂ ਬਾਅਦ ਪ੍ਰਤੀ ਮੈਂਬਰ ਪ੍ਰਤੀ ਮਹੀਨਾ ਪੰਜ ਕਿਲੋਗ੍ਰਾਮ ਮੁਫ਼ਤ ਕਣਕ ਦੇਣ ਦਾ ਭਰੋਸਾ ਵੀ ਦਿੱਤਾ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਨੇ ਯੋਗ ਅਤੇ ਲੋੜਵੰਦ ਪਰਿਵਾਰਾਂ ਨੂੰ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਹੈ। ਇਹ ਸਾਰੀ ਪ੍ਰਕਿਰਿਆ ਇੱਕ ਡਿਜੀਟਲ, ਪਾਰਦਰਸ਼ੀ ਅਤੇ ਨਿਰਪੱਖ ਪ੍ਰਣਾਲੀ ਰਾਹੀਂ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਅਸਲ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਵਿਤਕਰੇ ਜਾਂ ਸਿਆਸੀ ਦਖ਼ਲ ਤੋਂ ਉਨ੍ਹਾਂ ਦੇ ਹੱਕ ਦਿੱਤੇ ਜਾ ਸਕਣ।”

ਮੁੱਖ ਮੰਤਰੀ ਨੇ ਦੱਸਿਆ ਕਿ ਜੁਲਾਈ ਵਿੱਚ ਸ਼ੁਰੂ ਕੀਤੀ ਗਈ ਇਸ ਵਿਸ਼ੇਸ਼ ਮੁਹਿੰਮ ਦੌਰਾਨ ਕੁੱਲ 19.25 ਲੱਖ ਆਨਲਾਈਨ ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਲੋਕਾਂ ਨੇ ਸੇਵਾ ਕੇਂਦਰਾਂ, ਕਾਮਨ ਸਰਵਿਸ ਸੈਂਟਰਾਂ (ਸੀਐਸਸੀਜ਼) ਅਤੇ ਆਨਲਾਈਨ ਪਲੇਟਫਾਰਮਾਂ ਰਾਹੀਂ ਅਰਜ਼ੀਆਂ ਦਿੱਤੀਆਂ ਸਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੋਗ ਪਰਿਵਾਰਾਂ ਦੀ ਪਛਾਣ ਕਰਨ ਲਈ ਘਰ-ਘਰ ਜਾ ਕੇ ਤਸਦੀਕ ਕੀਤੀ ਗਈ।

ਲਾਭਪਾਤਰੀਆਂ ਦੀ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਵੱਲੋਂ ਲੋੜਵੰਦ ਪਰਿਵਾਰਾਂ ਦੀ ਪਛਾਣ ਕਰਨ ਲਈ ਡਿਜੀਟਲ ਡੇਟਾ ਅਤੇ ਨਿਰਪੱਖ ਅੰਕ-ਪ੍ਰਣਾਲੀ ਦੀ ਵਰਤੋਂ ਕੀਤੀ ਗਈ। ਇਹ ਮੁਹਿੰਮ ਬਿਨਾਂ ਕਿਸੇ ਰਿਸ਼ਵਤ ਅਤੇ ਸਿਫ਼ਾਰਸ਼ ਦੇ ਸਿਧਾਂਤ ਤਹਿਤ ਚਲਾਈ ਗਈ ਹੈ। ਅਸੀਂ ਇਹ ਯਕੀਨੀ ਬਣਾਇਆ ਹੈ ਕਿ ਸਿਰਫ਼ ਅਸਲ ਅਤੇ ਲੋੜਵੰਦ ਪਰਿਵਾਰਾਂ ਦੀ ਹੀ ਚੋਣ ਕੀਤੀ ਜਾਵੇ ਤਾਂ ਜੋ ਇਹ ਲਾਭ ਅਸਲ ਹੱਕਦਾਰਾਂ ਤੱਕ ਪਹੁੰਚ ਸਕਣ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.), 2013 ਤਹਿਤ, ਪੰਜਾਬ ਵਿੱਚ ਇਸ ਸਮੇਂ 39.73 ਲੱਖ ਪਰਿਵਾਰਾਂ ਦੇ 1.36 ਕਰੋੜ ਲਾਭਪਾਤਰੀ ਹਨ।

ਨਵੇਂ ਰਾਸ਼ਨ ਕਾਰਡ ਧਾਰਕਾਂ ਲਈ ਵਾਧੂ ਲਾਭਾਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਰੇ ਨਵੇਂ ਰਾਸ਼ਨ ਕਾਰਡ ਧਾਰਕਾਂ ਨੂੰ ਇੱਕ ਵਿਸ਼ੇਸ਼ ‘ਮੇਰੀ ਰਸੋਈ’ ਕਿੱਟ ਦਿੱਤੀ ਜਾਵੇਗੀ, ਜਿਸ ਵਿੱਚ ਦੋ ਕਿਲੋ ਦਾਲਾਂ, ਦੋ ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੋਵੇਗਾ। ਇਸ ਤੋਂ ਇਲਾਵਾ ਉਨ੍ਹਾਂ ਲਈ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਮੁਫ਼ਤ ਕਣਕ ਦਾ ਲਾਭ ਵੀ ਜਾਰੀ ਰਹੇਗਾ।”

ਉਨ੍ਹਾਂ ਅੱਗੇ ਕਿਹਾ, “ਸਾਡੀ ਸਰਕਾਰ ਹਰੇਕ ਯੋਗ ਪਰਿਵਾਰ ਲਈ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਹ ਵਾਧੂ ਲਾਭ ਆਮ ਪਰਿਵਾਰਾਂ ਨੂੰ ਵੱਡੀ ਰਾਹਤ ਦੇਣਗੇ ਅਤੇ ਸਮਾਜ ਦੇ ਸਭ ਤੋਂ ਗਰੀਬ ਤਬਕੇ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਨੂੰ ਹੋਰ ਮਜ਼ਬੂਤ ਕਰਨਗੇ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਅੰਤਿਮ ਲਾਭਪਾਤਰੀ ਸੂਚੀ ਵਿੱਚ ਸ਼ਾਮਲ ਪਰਿਵਾਰਾਂ ਨੂੰ ਉਨ੍ਹਾਂ ਦੇ ਰਜਿਸਟਰਡ ਮੋਬਾਈਲ ਨੰਬਰਾਂ ‘ਤੇ ਐਸ.ਐਮ.ਐਸ. ਭੇਜ ਕੇ ਸੂਚਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ, “ਐਸ.ਐਮ.ਐਸ. ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਚੁਣੇ ਗਏ ਪਰਿਵਾਰਾਂ ਨੂੰ ਜਾਣਕਾਰੀ ਦੇਣ ਲਈ ਆਈ.ਵੀ.ਆਰ.ਐਸ. ਸੁਨੇਹੇ ਅਤੇ ਪੱਤਰ ਵੀ ਭੇਜੇ ਜਾ ਰਹੇ ਹਨ। ਲਾਭਪਾਤਰੀ ਆਪਣੇ ਅਰਜ਼ੀ ਨੰਬਰਾਂ ਦੀ ਵਰਤੋਂ ਕਰਕੇ, ਉਸੇ ਪੋਰਟਲ ‘ਤੇ ਲੌਗਇਨ ਕਰਕੇ ਆਪਣੀ ਅਰਜ਼ੀ ਦੀ ਸਥਿਤੀ ਵੀ ਚੈੱਕ ਕਰ ਸਕਦੇ ਹਨ, ਜਿਸ ਰਾਹੀਂ ਉਨ੍ਹਾਂ ਨੇ ਅਰਜ਼ੀ ਦਿੱਤੀ ਸੀ।”

ਉਨ੍ਹਾਂ ਅੱਗੇ ਕਿਹਾ ਕਿ ਸਫ਼ਲ ਬਿਨੈਕਾਰਾਂ ਦੇ ਰਾਸ਼ਨ ਕਾਰਡਾਂ ਨੂੰ ਆਨਲਾਈਨ ਰਾਸ਼ਨ ਵੰਡ ਪ੍ਰਣਾਲੀ ਨਾਲ ਜੋੜਨ ਦੀ ਪ੍ਰਕਿਰਿਆ ਪ੍ਰਗਤੀ ਅਧੀਨ ਹੈ। ਉਨ੍ਹਾਂ ਕਿਹਾ, “ਯੋਜਨਾ ਦਾ ਪੂਰਾ ਲਾਭ ਲੈਣ ਲਈ ਪਰਿਵਾਰ ਦੇ ਹਰੇਕ ਮੈਂਬਰ ਨੂੰ ਆਪਣੇ ਨਜ਼ਦੀਕੀ ਰਾਸ਼ਨ ਡਿਪੂ ‘ਤੇ ਜਾਣਾ ਪਵੇਗਾ ਅਤੇ ਈ-ਕੇ.ਵਾਈ.ਸੀ. ਤਸਦੀਕ ਮੁਕੰਮਲ ਕਰਨੀ ਪਵੇਗੀ।”

ਲਾਭਪਾਤਰੀਆਂ ਨੂੰ ਬਿਨਾਂ ਕਿਸੇ ਦੇਰੀ ਦੇ ਆਪਣੀ ਤਸਦੀਕ ਮੁਕੰਮਲ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਸਾਰੇ ਲਾਭਪਾਤਰੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਤੁਰੰਤ ਆਪਣੇ ਨਜ਼ਦੀਕੀ ਰਾਸ਼ਨ ਡਿਪੂ ਜਾਂ ਅਧਿਕਾਰਤ ਡੀਲਰ ਰਾਹੀਂ ਆਪਣੀ ਈ-ਕੇ.ਵਾਈ.ਸੀ. ਪ੍ਰਕਿਰਿਆ ਪੂਰੀ ਕਰ ਲੈਣ ਤਾਂ ਜੋ ਉਹ ਬਿਨਾਂ ਕਿਸੇ ਰੁਕਾਵਟ ਦੇ ਐਨ.ਐਫ.ਐਸ.ਏ. ਤਹਿਤ ਮੁਫ਼ਤ ਕਣਕ ਪ੍ਰਾਪਤ ਕਰਨਾ ਜਾਰੀ ਰੱਖ ਸਕਣ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸਮਾਜ ਦੇ ਗਰੀਬ ਅਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੁਰਾਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕਣਾ ਜਾਰੀ ਰੱਖਿਆ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਰਕਾਰੀ ਲਾਭ ਹਰ ਯੋਗ ਪਰਿਵਾਰ ਤੱਕ ਨਿਰਵਿਘਨ ਢੰਗ ਨਾਲ ਪਹੁੰਚਣ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle