ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਹਵਾਬਾਜ਼ੀ ਖੇਤਰ ਵਿੱਚ ਇੱਕ ਮਜ਼ਬੂਤ ਧੁਰਾ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਕਿਫਾਇਤੀ ਅਤੇ ਵਿਸ਼ਵ ਪੱਧਰੀ ਸਿਖਲਾਈ ਦੇ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੱਖ ਲਗਾਉਣ ਦਾ ਮੌਕਾ ਦਿੱਤਾ ਜਾ ਰਿਹਾ ਹੈ। ਪਟਿਆਲਾ ਫਲਾਇੰਗ ਕਲੱਬ ਵਿਖੇ ਟਰੇਨੀ ਪਾਇਲਟਾਂ ਅਤੇ ਏਅਰਕ੍ਰਾਫਟ ਇੰਜੀਨੀਅਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹਵਾਬਾਜ਼ੀ ਖੇਤਰ ਨੂੰ ਆਮ ਘਰਾਂ ਦੇ ਬੱਚਿਆਂ ਲਈ ਵੀ ਪਹੁੰਚਯੋਗ ਬਣਾਉਣਾ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਪਟਿਆਲਾ ਫਲਾਇੰਗ ਕਲੱਬ ਵਿੱਚ ਪਾਇਲਟ ਬਣਨ ਲਈ ਲਗਭਗ 50 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ, ਜਿਸ ਨਾਲ ਮਹਿੰਗੀ ਸਿਖਲਾਈ ਹੁਣ ਆਮ ਵਰਗ ਲਈ ਵੀ ਸੰਭਵ ਹੋ ਗਈ ਹੈ। ਇਸਦੇ ਨਾਲ ਹੀ ਪਟਿਆਲਾ ਏਅਰਕ੍ਰਾਫਟ ਮੇਨਟੇਨੈਂਸ ਇੰਜੀਨੀਅਰਿੰਗ ਕਾਲਜ ਵਿੱਚ ਕਿਫਾਇਤੀ ਤਕਨੀਕੀ ਸਿੱਖਿਆ ਦਿੱਤੀ ਜਾ ਰਹੀ ਹੈ, ਜਿੱਥੇ 3 ਸਾਲਾ ਬੀਐਸਸੀ (ਆਨਰਜ਼) ਅਤੇ ਡੀਜੀਸੀਏ ਪ੍ਰਵਾਨਿਤ ਏਐਮਈ ਕੋਰਸ ਸਿਰਫ 3 ਲੱਖ ਰੁਪਏ ਵਿੱਚ ਉਪਲਬਧ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਐਸ.ਸੀ. ਅਤੇ ਬੀ.ਸੀ. ਵਰਗਾਂ ਦੇ ਵਿਦਿਆਰਥੀਆਂ ਨੂੰ ਵੀ ਬਰਾਬਰੀ ਦੇ ਮੌਕੇ ਮਿਲ ਰਹੇ ਹਨ।

ਭਗਵੰਤ ਸਿੰਘ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਪਟਿਆਲਾ ਏਵੀਏਸ਼ਨ ਕੰਪਲੈਕਸ ਵਿੱਚ 7 ਕਰੋੜ ਰੁਪਏ ਦੀ ਲਾਗਤ ਨਾਲ ਏਵੀਏਸ਼ਨ ਮਿਊਜ਼ੀਅਮ ਸਥਾਪਤ ਕੀਤਾ ਜਾ ਰਿਹਾ ਹੈ ਅਤੇ ਸਿਵਲ ਏਵੀਏਸ਼ਨ ਵਿਭਾਗ ਦੀ ਨਵੀਂ ਵੈੱਬਸਾਈਟ ਵੀ ਲਾਂਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਧਿਆਨ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲਿਆਂ ਦੀ ਥਾਂ ਨੌਕਰੀ ਦੇਣ ਵਾਲੇ ਬਣਾਉਣ ‘ਤੇ ਹੈ। ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਅਤੇ ਜ਼ਮੀਨ ਨਾਲ ਜੁੜੇ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਇਹੀ ਤਰੱਕੀ ਅਤੇ ਸਫਲਤਾ ਦੀ ਕੁੰਜੀ ਹੈ।


