Homeਸਰਕਾਰੀ ਖ਼ਬਰਾਂਪੰਜਾਬ ਸਰਕਾਰਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ...

ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ

WhatsApp Group Join Now
WhatsApp Channel Join Now

ਚੰਡੀਗੜ੍ਹ/ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਦੇ ਹਥਿਆਰ ਤਸਕਰੀ ਮਾਡਿਊਲ ਦੇ ਦੋ ਵਿਅਕਤੀਆਂ ਨੂੰ ਸੱਤ ਆਧੁਨਿਕ ਪਿਸਤੌਲਾਂ ਸਮੇਤ 40 ਜ਼ਿੰਦਾ ਕਾਰਤੂਸਾਂ ਨਾਲ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਨੂੰ ਤਬਾਹ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਸੁਰ ਸਿੰਘ ਦੇ ਵਸਨੀਕ ਸੁਰਜੀਤ ਸਿੰਘ ਉਰਫ਼ ਰਾਣਾ (33) ਅਤੇ ਅੰਮ੍ਰਿਤਸਰ ਦੇ ਭਾਈ ਮੰਜ ਸਿੰਘ ਰੋਡ ਦੇ ਵਸਨੀਕ ਗੁਲਬਾਗ ਸਿੰਘ ਉਰਫ਼ ਬਾਠ (26) ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਗੁਲਬਾਗ ਸਿੰਘ, ਅੰਮ੍ਰਿਤਸਰ ਦੇ ਸੁਲਤਾਨਵਿੰਡ ਵਿੱਚ ਭਾਈ ਮੰਜ ਸਿੰਘ ਰੋਡ ’ਤੇ ਨਸ਼ਾ ਛੁਡਾਊ ਕੇਂਦਰ ਚਲਾਉਂਦਾ ਹੈ।

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ 9 ਐਮਐਮ ਗਲੌਕ, ਇੱਕ .30 ਬੋਰ ਤਿਸਾਸ (ਤੁਰਕੀ ਦਾ ਬਣਿਆ), ਇੱਕ .30 ਬੋਰ ਸਪੈਸ਼ਲ ਮੋਡੀਫਾਈਡ ਪਿਸਤੌਲ, ਚਾਰ .30 ਬੋਰ ਪਿਸਤੌਲ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਐਪਸ ਰਾਹੀਂ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਸਰਹੱਦੀ ਰਸਤਿਆਂ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰਕੇ ਅਪਰਾਧਿਕ ਤੱਤਾਂ ਨੂੰ ਸਪਲਾਈ ਕਰ ਰਹੇ ਸਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਿਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਲੜੀ ਵਿੱਚ ਸ਼ਾਮਲ ਹੋਰ ਕਾਰਕੁੰਨਾਂ ਦੀ ਪਛਾਣ ਕੀਤੀ ਜਾ ਸਕੇ।

ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਨੇ ਸੁਰਜੀਤ ਉਰਫ ਰਾਣਾ ਅਤੇ ਗੁਲਬਾਗ ਉਰਫ ਬਾਠ ਨੂੰ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਨਿਰੰਤਰ ਪੁੱਛਗਿੱਛ ਅਤੇ ਉਨ੍ਹਾਂ ਦੇ ਬਿਆਨਾਂ ’ਤੇ, ਪੁਲਿਸ ਟੀਮਾਂ ਨੇ ਪੰਜ ਹੋਰ ਆਧੁਨਿਕ ਪਿਸਤੌਲ ਬਰਾਮਦ ਕੀਤੇ, ਜਿਸ ਨਾਲ ਬਰਾਮਦਗੀ ਦੀ  ਕੁੱਲ ਗਿਣਤੀ ਸੱਤ ਹੋ ਗਈ ਹੈ।

ਸੀ.ਪੀ. ਨੇ ਕਿਹਾ ਕਿ ਅਪਰਾਧਿਕ ਪਿਛੋਕੜ ਦੀ ਤਫ਼ਤੀਸ਼ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸੁਰਜੀਤ ਉਰਫ਼ ਰਾਣਾ ਪਹਿਲਾਂ ਹੀ ਤਰਨਤਾਰਨ ਦੇ ਪੁਲਿਸ ਸਟੇਸ਼ਨ ਭਿੱਖੀਵਿੰਡ ਵਿਖੇ ਦਰਜ ਵਪਾਰਕ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੇ ਇੱਕ ਮਾਮਲੇ ਵਿੱਚ ਲੋੜੀਂਦਾ ਹੈ, ਜੋ ਕਿ ਸੰਗਠਿਤ ਅਪਰਾਧਿਕ ਗਤੀਵਿਧੀਆਂ ਵਿੱਚ ਉਸਦੀ ਸ਼ਮੂਲੀਅਤ ਨੂੰ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ ਐਫਆਈਆਰ ਨੰਬਰ 141  ਮਿਤੀ 24.06.2026 ਨੂੰ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਸੁਲਤਾਨਵਿੰਡ ਵਿਖੇ ਅਸਲਾ ਐਕਟ ਦੀ ਧਾਰਾ 25 (6,7,8)  ਤਹਿਤ ਕੇਸ ਦਰਜ ਕੀਤਾ ਗਿਆ ਹੈ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle