ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੀ ‘ਸਿੱਖਿਆ ਕ੍ਰਾਂਤੀ’ ਜ਼ਮੀਨੀ ਪੱਧਰ ‘ਤੇ ਨਤੀਜੇ ਦੇ ਰਹੀ ਹੈ ਅਤੇ ਆਮ ਪਰਿਵਾਰਾਂ ਦੀਆਂ ਧੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ ਜਮਾਤ ਦੀ ਮੈਰਿਟ ਸੂਚੀ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕਰ ਕੇ ਦਬਦਬਾ ਬਣਾਇਆ ਹੈ।
ਚੰਡੀਗੜ੍ਹ ਵਿਖੇ ਆਪਣੇ ਗ੍ਰਹਿ ਸਥਾਨ ‘ਤੇ ਮੋਹਰੀ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਅੱਵਲ ਰਹੇ 20 ਵਿਦਿਆਰਥੀਆਂ ਨੂੰ ਬਿਨਾਂ ਕਿਸੇ ਦਾਖਲਾ ਪ੍ਰੀਖਿਆ ਦੇ ਸਕੂਲ ਆਫ਼ ਐਮੀਨੈਂਸ ਵਿੱਚ ਸਿੱਧਾ ਦਾਖਲਾ ਦਿੱਤਾ ਜਾਵੇਗਾ, ਜਿਸ ਨਾਲ ਮਿਆਰੀ ਸਿੱਖਿਆ ਤੱਕ ਪਹੁੰਚ ਵਧਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਹੁੰਦੀ ਹੈ।
ਮੁੱਖ ਮੰਤਰੀ ਨੇ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ 50-50 ਹਜ਼ਾਰ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਜ਼ਮੀਨ ਨਾਲ ਜੁੜੇ ਰਹਿਣ, ਸਖ਼ਤ ਮਿਹਨਤ ਕਰਨ ਅਤੇ ਸਹੀ ਰੋਲ ਮਾਡਲ ਚੁਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਦਲੇ ਹੋਏ ਸਰਕਾਰੀ ਸਕੂਲ ਹੁਣ ਸਿੱਖਿਆ ਵਿੱਚ ਕੌਮੀ ਮਾਪਦੰਡ ਵਜੋਂ ਉੱਭਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੁਆਰਾ ਦਿਖਾਇਆ ਗਿਆ ਵਿਸ਼ਵਾਸ, ਅਨੁਸ਼ਾਸਨ ਅਤੇ ਦ੍ਰਿੜ੍ਹਤਾ ਸਿੱਖਿਆ ਵਿੱਚ ਨਿਰੰਤਰ ਨਿਵੇਸ਼ ਦੇ ਪ੍ਰਭਾਵ ਨੂੰ ਦਰਸਾਉਂਦੀ ਹੈ।
ਵਿਦਿਆਰਥੀਆਂ ਨਾਲ ਗੱਲਬਾਤ ਦੇ ਕੁਝ ਅੰਸ਼ ਸਾਂਝੇ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਲਿਖਿਆ, “ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪੂਰੇ ਸੂਬੇ ਵਿੱਚੋਂ ਅੱਵਲ ਰਹੇ ਹੋਣਹਾਰ ਵਿਦਿਆਰਥੀਆਂ ਨੂੰ ਅੱਜ ਚੰਡੀਗੜ੍ਹ ਵਿੱਚ ਸਨਮਾਨਿਤ ਕੀਤਾ ਗਿਆ। ਇਸ ਖਾਸ ਮੌਕੇ ‘ਤੇ ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਤਹਿ-ਦਿਲੋਂ ਵਧਾਈਆਂ ਦਿੱਤੀਆਂ ਗਈਆਂ।”
ਅੱਵਲ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪਹਿਲੀ ਵਾਰ ਕੁੜੀਆਂ ਨੇ ਚੋਟੀ ਦੇ 20 ਵਿੱਚੋਂ 19 ਸਥਾਨ ਪ੍ਰਾਪਤ ਕਰ ਕੇ ਮੈਰਿਟ ਸੂਚੀ ਵਿੱਚ ਦਬਦਬਾ ਬਣਾਇਆ ਹੈ, ਇਹ ਉਨ੍ਹਾਂ ਦੇ ਦ੍ਰਿੜ੍ਹ ਇਰਾਦੇ ਦਾ ਸ਼ਕਤੀਸ਼ਾਲੀ ਪ੍ਰਮਾਣ ਕਿਹਾ। ਪਹਿਲੀ ਵਾਰ ਕੁੜੀਆਂ ਨੇ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕੀਤੇ ਹਨ, ਜਿਸ ਵਿੱਚ ਸਿਰਫ਼ ਇੱਕ ਲੜਕਾ 20ਵੇਂ ਰੈਂਕ ‘ਤੇ ਹੈ। ਪਹਿਲੀਆਂ ਸਾਰੀਆਂ 19 ਪੁਜੀਸ਼ਨਾਂ ਪ੍ਰਾਪਤ ਕਰ ਕੇ ਕੁੜੀਆਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਹਨ।”
ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਨਿਮਰ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਦੀ ਅਪੀਲ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਸਕੂਲ ਪੱਧਰ ‘ਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ, ਜਿਸ ਨਾਲ ਸਮਾਜਿਕ-ਆਰਥਿਕ ਪਾੜੇ ਨੂੰ ਪੂਰਾ ਕਰਨ ਅਤੇ ਵਿਦਿਆਰਥੀਆਂ ਦੇ ਜੀਵਨ ਨੂੰ ਬਦਲਣ ਵਿੱਚ ਮਦਦ ਮਿਲੀ ਹੈ।
ਮੁੱਖ ਮੰਤਰੀ ਨੇ ਆਪਣੀ ਰਿਹਾਇਸ਼ ‘ਤੇ ਮੋਹਰੀ ਰਹੇ ਤਿੰਨ ਵਿਦਿਆਰਥੀਆਂ ਨੂੰ 50-50 ਹਜ਼ਾਰ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਵੀ ਕੀਤਾ। ਸਰਸਵਤੀ ਸੀਨੀਅਰ ਸੈਕੰਡਰੀ ਸਕੂਲ, ਜੈਤੋ (ਫਰੀਦਕੋਟ) ਦੀ ਤਮੰਨਾ ਨੇ 600 ਵਿੱਚੋਂ 600 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਸਰਕਾਰੀ ਮਿਡਲ ਸਕੂਲ, ਅੜਕਵਾਸ (ਸੰਗਰੂਰ) ਦੀ ਜਪਨੀਤ ਕੌਰ ਨੇ 598 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਕੋਟ ਸੁਖੀਆ (ਫਰੀਦਕੋਟ) ਦੀ ਜਸ਼ਨਦੀਪ ਕੌਰ ਨੇ 598 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਣ ਨਾਲ ਕਿਹਾ ਕਿ ਇਹ ਤਿੰਨੋਂ ਵਿਦਿਆਰਥੀ ਸੂਬਾਈ ਅਤੇ ਕੌਮੀ ਪੱਧਰ ਦੇ ਅਥਲੀਟ ਵੀ ਹਨ।

