Homeਸਰਕਾਰੀ ਖ਼ਬਰਾਂਸੁਖਪਾਲ ਖਹਿਰਾ ਤੁਰੰਤ ਮੰਗਣ ਮੁਆਫ਼ੀ, ਨਹੀਂ ਤਾਂ ਮੈਂਬਰਸ਼ਿਪ ਰੱਦ ਦੀ ਕਾਰਵਾਈ ਚਲਾਈ...

ਸੁਖਪਾਲ ਖਹਿਰਾ ਤੁਰੰਤ ਮੰਗਣ ਮੁਆਫ਼ੀ, ਨਹੀਂ ਤਾਂ ਮੈਂਬਰਸ਼ਿਪ ਰੱਦ ਦੀ ਕਾਰਵਾਈ ਚਲਾਈ ਜਾਵੇ: ਹਰਪਾਲ ਚੀਮਾ

WhatsApp Group Join Now
WhatsApp Channel Join Now

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੁਆਰਾ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਕੀਤੀਆਂ ਅਤਿ ਅਪਮਾਨਜਨਕ ਟਿੱਪਣੀਆਂ ਦੀ ਸਖ਼ਤ ਨਿੰਦਾ ਕਰਦਿਆਂ ਉਨ੍ਹਾਂ ਨੂੰ ਬਿਨਾਂ ਸ਼ਰਤ ਮੁਆਫ਼ੀ ਮੰਗਣ ਲਈ ਕਿਹਾ। ਵਿੱਤ ਮੰਤਰੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਵੀ ਅਪੀਲ ਕੀਤੀ ਕਿ ਜੇਕਰ ਸੁਖਪਾਲ ਖਹਿਰਾ ਆਪਣੀ ਭੱਦੀ ਸ਼ਬਦਾਵਲੀ ਅਤੇ ਗੈਰ-ਸੰਸਦੀ ਭਾਸ਼ਾ ਲਈ ਜਨਤਕ ਤੌਰ ‘ਤੇ ਮੁਆਫ਼ੀ ਨਹੀਂ ਮੰਗਦੇ ਤਾਂ ਉਨ੍ਹਾਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ।

ਸਦਨ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੀਆਂ ਮਹਿਲਾਵਾਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਹਨ ਅਤੇ ਜਦੋਂ ਮੈਂ ਉਨ੍ਹਾਂ ਦੀਆਂ ਟਿੱਪਣੀਆਂ ‘ਤੇ ਇਤਰਾਜ਼ ਜਤਾਉਣ ਲਈ ਖੜ੍ਹਾ ਹੋਇਆ ਤਾਂ ਮੈਨੂੰ ‘ਬੰਦੂਆ ਮਜ਼ਦੂਰ’ ਕਹਿ ਕੇ ਉਨ੍ਹਾਂ ਨੇ ਮੇਰੇ ‘ਤੇ ਵੀ ਨਿੱਜੀ ਹਮਲਾ ਕੀਤਾ।  ਅਜਿਹੀ ਸ਼ਬਦਾਵਲੀ ਕਿਸੇ ਵੀ ਹੀਲੇ ਬਰਦਾਸ਼ਤ ਯੋਗ ਨਹੀਂ ਹੈ, ਅਤੇ ਇੱਕ ਵਿਧਾਇਕ ਨੂੰ ਬਿਲਕੁਲ ਵੀ ਸ਼ੋਭਾ ਨਹੀਂ ਦਿੰਦੀ।

ਸਦਨ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਨ ਸਮੇਂ ਵਿੱਤ ਮੰਤਰੀ ਨੇ ਕਾਂਗਰਸੀ ਵਿਧਾਇਕ ਦੁਆਰਾ ਮਜ਼ਦੂਰ ਭਾਈਚਾਰੇ ਅਤੇ ਮਹਿਲਾਵਾਂ ਪ੍ਰਤੀ ਵਰਤੀ ਗਈ ਭੱਦੀ ਸ਼ਬਦਾਵਲੀ ਦੇ ਸਬੰਧ ਵਿੱਚ ਸਮੁੱਚੀ ਕਾਂਗਰਸ ਪਾਰਟੀ ਨੂੰ ਵੀ ਆਪਣੇ ਮੈਂਬਰ ਦੇ ਇਸ ਘਟੀਆ ਰਵੱਈਏ ਲਈ ਅਧਿਕਾਰਤ ਤੌਰ ‘ਤੇ ਮੁਆਫ਼ੀ ਮੰਗਣ ਲਈ ਕਿਹਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਪਾਰਟੀ ਦੀ ਲੀਡਰਸ਼ਿਪ ਆਪਣੇ ਮੈਂਬਰ ਦੇ ਇਸ ਸ਼ਰਮਨਾਕ ਵਿਵਹਾਰ ਦੀ ਜ਼ਿੰਮੇਵਾਰੀ ਲਵੇ।  ਇਸ ਘਟੀਆ ਰਵੱਈਏ ਖਿਲਾਫ਼ ਸਖ਼ਤ ਸਟੈਂਡ ਲੈਂਦਿਆਂ ਵਿੱਤ ਮੰਤਰੀ ਨੇ ਇਸ ਮਾਮਲੇ ਵਿੱਚ ਸਪੀਕਰ ਨੂੰ ਸਖ਼ਤ ਕਾਰਵਾਈ ਦੀ ਅਪੀਲ ਕੀਤੀ।

ਨਿੱਜੀ ਟਿੱਪਣੀਆਂ ਤੋਂ ਉੱਪਰ ਉੱਠ ਕੇ ਵਿੱਤ ਮੰਤਰੀ ਨੇ ਦੇਸ਼ ਦੀਆਂ ਲੋਕਤੰਤਰੀ ਨੀਂਹਾਂ ਅਤੇ ਭਾਰਤ ਦੇ ਸੰਵਿਧਾਨ ਦੁਆਰਾ ਹਰ ਕਿਸੇ ਨੂੰ ਪ੍ਰਦਾਨ ਕੀਤੀ ਗਈ ਸੁਤੰਤਰਤਾ ਅਤੇ ਸਸ਼ਕਤੀਕਰਨ ਪ੍ਰਤੀ ਆਪਣਾ ਮਾਣ-ਸਤਿਕਾਰ ਜ਼ਾਹਰ ਕੀਤਾ। ਉਨ੍ਹਾਂ ਕਿਹਾ, “ਮੈਨੂੰ ਆਪਣੇ ਦੇਸ਼ ਦੀ ਲੋਕਤੰਤਰੀ ਪ੍ਰਣਾਲੀ ‘ਤੇ ਬਹੁਤ ਮਾਣ ਹੈ। ਬਾਬਾ ਸਾਹਿਬ ਅੰਬੇਡਕਰ ਨੇ ਭਾਰਤ ਦਾ ਸੰਵਿਧਾਨ ਲਿਖਿਆ ਅਤੇ ਇਹ ਸਾਡਾ ਸੰਵਿਧਾਨ ਹੀ ਹੈ, ਜੋ ਸਧਾਰਨ ਪਿਛੋਕੜ ਵਾਲੇ ਵਿਅਕਤੀਆਂ ਨੂੰ ਵੀ ਉੱਚੇ ਅਹੁਦਿਆਂ ‘ਤੇ ਲੋਕਾਂ ਦੀ ਸੇਵਾ ਕਰਨ ਦੀ ਸ਼ਕਤੀ ਦਿੰਦਾ ਹੈ।”ਉਨ੍ਹਾਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਉਨ੍ਹਾਂ ‘ਤੇ ਵਿਸ਼ਵਾਸ ਜਤਾਉਣ ਲਈ ਧੰਨਵਾਦ ਕੀਤਾ।

ਮੰਤਰੀ ਹਰਪਾਲ ਸਿੰਘ ਚੀਮਾ ਨੇ ਸੁਖਪਾਲ ਸਿੰਘ ਖਹਿਰਾ ਨੂੰ ਆਪਣੀ ਯੋਗਤਾ ਸਰਟੀਫਿਕੇਟਾਂ ਦੀ ਜਾਂਚ ਕਰਵਾਉਣ ਦੀ ਚੁਣੌਤੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਅਪਮਾਨਜਨਕ ਟਿੱਪਣੀਆਂ ਕਰਨ ਦੀ ਬਜਾਏ, ਸੁਖਪਾਲ ਸਿੰਘ ਖਹਿਰਾ ਨੂੰ ਪਹਿਲਾਂ ਆਪਣੇ ਯੋਗਤਾ ਸਰਟੀਫਿਕੇਟ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਕਿਉਂਕਿ ਭੁਲੱਥ ਦੇ ਵਿਧਾਇਕ ਦਾ ਖੁਦ ਇੱਕ ਸ਼ੱਕੀ ਵਿਦਿਅਕ ਅਤੇ ਕਰੀਅਰ ਪਿਛੋਕੜ ਹੈ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle