ਫਾਜ਼ਿਲਕਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਲੋਕਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦਾ ਮੁਕੰਮਲ ਸਫਾਇਆ ਕਰਨ ਦਾ ਸੰਕਲਪ ਲਿਆ ਹੈ। ਸੂਬੇ ਦੇ ਲੋਕਾਂ ਵੱਲੋਂ ਦਹਾਕਿਆਂ ਦੀ “ਲੁੱਟ, ਝੂਠ ਅਤੇ ਵਿਸ਼ਵਾਸਘਾਤ” ਨੂੰ ਨਿਰਣਾਇਕ ਤੌਰ ‘ਤੇ ਦਰਕਿਨਾਰ ਕੀਤਾ ਜਾਵੇਗਾ ਕਿਉਂਕਿ ਸੂਬਾ ਹੁਣ ਪੂਰੀ ਤਰ੍ਹਾਂ ਆਮ ਆਦਮੀ ਪਾਰਟੀ (ਆਪ) ਦੇ ਇਮਾਨਦਾਰ ਸ਼ਾਸਨ ਅਤੇ ਲੋਕ ਪੱਖੀ ਵਿਕਾਸ ਵੱਲ ਮਜ਼ਬੂਤੀ ਨਾਲ ਵੱਧ ਰਿਹਾ ਹੈ।
ਇੱਥੇ 283.99 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਅਤੇ ਉਦਘਾਟਨ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਰਵਾਇਤੀ ਪਾਰਟੀਆਂ ਦਾ ਪੰਜਾਬ ਵਿੱਚ ਕੋਈ ਭਵਿੱਖ ਨਹੀਂ ਹੈ, ਜਿਨ੍ਹਾਂ ਨੇ ਵਾਰ-ਵਾਰ “ਪੰਜਾਬ ਨਾਲ ਵਿਸ਼ਵਾਸਘਾਤ ਕੀਤਾ” ਹੈ। ‘ਆਪ’ ਸਰਕਾਰ ਵੱਲੋਂ ਸਿੱਖਿਆ, ਸਿਹਤ ਸੰਭਾਲ, ਨੌਕਰੀਆਂ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਵਿਆਪਕ ਕਦਮ ਚੱਕੇ ਜਾ ਰਹੇ ਹਨ ਅਤੇ ਸੂਬਾ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਲੋਕਾਂ ਦਾ ਇੱਕ-ਇੱਕ ਪੈਸਾ ਸਿਆਸੀ ਪਰਿਵਾਰਾਂ ਦੇ ਨਿੱਜੀ ਹਿੱਤਾਂ ਦੀ ਬਜਾਇ ਲੋਕਾਂ ਦੀ ਭਲਾਈ ‘ਤੇ ਹੀ ਖਰਚ ਕੀਤਾ ਜਾਵੇ।
ਰਵਾਇਤੀ ਪਾਰਟੀਆਂ ਖੋਖਲੇ ਵਾਅਦਿਆਂ ਨਾਲ ਲੋਕਾਂ ਨੂੰ ਗੁੰਮਰਾਹ ਕਰਦੀਆਂ ਰਹਿੰਦੀਆਂ ਹਨ ਪਰ ਪੰਜਾਬੀ ਹੁਣ ਉਨ੍ਹਾਂ ਦੇ ‘ਸ਼ੱਕੀ ਕਿਰਦਾਰ’ ਤੋਂ ਪੂਰੀ ਤਰ੍ਹਾਂ ਜਾਣੂ ਹਨ ਅਤੇ ਇੱਕ ਵਾਰ ਫਿਰ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣਗੇ। ਰਵਾਇਤੀ ਰਾਜਨੀਤਿਕ ਪਾਰਟੀਆਂ ਨੂੰ ਗੱਲ ਹਜ਼ਮ ਨਹੀਂ ਹੋ ਰਹੀ ਕਿ “ਇੱਕ ਆਮ ਆਦਮੀ ਦਾ ਪੁੱਤਰ” ਸੂਬੇ ਦੀ ਸੱਤਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਿਹਾ ਹੈ। ਇਹਨਾਂ ਪਾਰਟੀਆਂ ਦੇ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਰੁਖ਼ ਕਾਰਨ ਲੋਕਾਂ ਦਾ ਇਨ੍ਹਾਂ ਤੋਂ ਵਿਸ਼ਵਾਸ ਉੱਠ ਗਿਆ ਹੈ। ਪਹਿਲਾਂ ਦੇ ਸ਼ਾਸਕ ਪੰਜਾਬ ਅਤੇ ਪੰਜਾਬੀਆਂ ਨਾਲੋਂ ਆਪਣੇ ਪਰਿਵਾਰਾਂ ਦੀ ਜ਼ਿਆਦਾ ਚਿੰਤਾ ਕਰਦੇ ਸਨ, ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ।”
ਸਿਹਤ ਅਤੇ ਸਿੱਖਿਆ ਵਿੱਚ ਇਨਕਲਾਬ:
ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਦਿਆਂ ਨੈਸ਼ਨਲ ਅਚੀਵਮੈਂਟ ਸਰਵੇ 2024 ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਰਾਜ ਵਿੱਚ 118 ‘ਸਕੂਲ ਆਫ਼ ਐਮੀਨੈਂਸ’ ਸਥਾਪਤ ਕੀਤੇ ਜਾ ਰਹੇ ਹਨ ਤਾਂ ਜੋ ਗਰੀਬ ਬੱਚਿਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਮਿਲ ਸਕੇ।
ਕਿਸਾਨੀ ਅਤੇ ਰੋਜ਼ਗਾਰ:
ਪਹਿਲੀ ਵਾਰ ਕਿਸਾਨਾਂ ਨੂੰ ਖੇਤੀ ਲਈ ਦਿਨ ਵੇਲੇ ਨਿਰਵਿਘਨ ਅੱਠ ਘੰਟੇ ਬਿਜਲੀ ਮਿਲ ਰਹੀ ਹੈ। ਨਹਿਰੀ ਪਾਣੀ ਦੀ ਵਰਤੋਂ 21 ਫ਼ੀਸਦ ਤੋਂ ਵਧ ਕੇ 68 ਫ਼ੀਸਦ ਹੋ ਗਈ ਹੈ, ਜਿਸ ਨੂੰ 85 ਫ਼ੀਸਦ ਤੱਕ ਲਿਜਾਣ ਦਾ ਟੀਚਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ 65,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਅੰਤ ਵਿੱਚ ਉਨ੍ਹਾਂ ਦੁਹਰਾਇਆ ਕਿ ਹੁਣ ਟੈਕਸਦਾਤਾਵਾਂ ਦਾ ਇੱਕ-ਇੱਕ ਪੈਸਾ ਸਿਆਸਤਦਾਨਾਂ ਦੀਆਂ ਤਿਜੋਰੀਆਂ ਵਿੱਚ ਜਾਣ ਦੀ ਬਜਾਏ ਸਕੂਲਾਂ, ਹਸਪਤਾਲਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਖਰਚ ਹੋ ਰਿਹਾ ਹੈ। ਫਾਜ਼ਿਲਕਾ ਦੇ ਸਰਹੱਦੀ ਖੇਤਰ ਲਈ ਜਲਦੀ ਹੀ ਇੱਕ ਨਵਾਂ ਮੈਡੀਕਲ ਕਾਲਜ ਖੋਲ੍ਹਣ ਦਾ ਵੀ ਐਲਾਨ ਕੀਤਾ ਗਿਆ।

