ਹਰਿਆਣਾ :- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਚੰਡੀਗੜ੍ਹ ਸਥਿਤ ਭਾਰਤੀ ਜਨਤਾ ਪਾਰਟੀ ਦੇ ਦਫ਼ਤਰ ਵਿੱਚ ਪਹੁੰਚ ਰਹੇ ਹਨ। ਪਾਰਟੀ ਸੂਤਰਾਂ ਅਨੁਸਾਰ ਇਸ ਦੌਰਾਨ ਕੁਝ ਪ੍ਰਮੁੱਖ ਆਗੂਆਂ ਅਤੇ ਸਮਾਜਕ ਸ਼ਖ਼ਸੀਅਤਾਂ ਦੇ ਬੀਜੇਪੀ ਵਿੱਚ ਸ਼ਾਮਿਲ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਜਿਸ ਨਾਲ ਪਾਰਟੀ ਦੀ ਸਿਆਸੀ ਗਤੀਵਿਧੀ ਨੂੰ ਹੋਰ ਰਫ਼ਤਾਰ ਮਿਲ ਸਕਦੀ ਹੈ।
ਪੰਜਾਬ ਦੀ ਸਿਆਸਤ ’ਚ ਵਧਦੀ ਦਿਲਚਸਪੀ
ਜਿਵੇਂ-ਜਿਵੇਂ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਬੀਜੇਪੀ ਵੱਲੋਂ ਤਿਆਰੀਆਂ ਨੂੰ ਨਵਾਂ ਰੁਖ ਦਿੱਤਾ ਜਾ ਰਿਹਾ ਹੈ। ਇਸ ਕੜੀ ਹੇਠ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਚੰਡੀਗੜ੍ਹ ਅਤੇ ਪੰਜਾਬ ਵਿੱਚ ਮੌਜੂਦਗੀ ਲਗਾਤਾਰ ਵਧ ਰਹੀ ਹੈ। ਉਨ੍ਹਾਂ ਦੀਆਂ ਹਾਲੀਆ ਗਤੀਵਿਧੀਆਂ ਸਪਸ਼ਟ ਕਰਦੀਆਂ ਹਨ ਕਿ ਪਾਰਟੀ ਪੰਜਾਬੀ ਸਿਆਸਤ ਵਿੱਚ ਆਪਣਾ ਅਧਾਰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋ ਕੇ ਦਿੱਤਾ ਸਾਂਝ ਦਾ ਸੰਦੇਸ਼
ਹਾਲ ਹੀ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ਼ਹੀਦੀ ਸਭਾ ਦੌਰਾਨ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਮਾਛੀਵਾੜਾ ਸਥਿਤ ਇਤਿਹਾਸਕ ਗੁਰਦੁਆਰਾ ਚਰਨਕੰਵਲ ਸਾਹਿਬ ਵਿੱਚ ਵੀ ਹਾਜ਼ਰੀ ਭਰੀ। ਇਨ੍ਹਾਂ ਦੌਰਿਆਂ ਨੂੰ ਧਾਰਮਿਕ ਆਸਥਾ ਦੇ ਨਾਲ-ਨਾਲ ਸਿਆਸੀ ਸੰਦੇਸ਼ ਦੇ ਤੌਰ ’ਤੇ ਵੀ ਦੇਖਿਆ ਜਾ ਰਿਹਾ ਹੈ।
ਮਾਘੀ ਮੇਲੇ ਦੌਰਾਨ ਸਿਆਸੀ ਕਾਨਫਰੰਸ ’ਚ ਸ਼ਮੂਲੀਅਤ
14 ਜਨਵਰੀ ਨੂੰ ਮਾਘੀ ਮੇਲੇ ਦੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਬੀਜੇਪੀ ਦੀ ਸਿਆਸੀ ਕਾਨਫਰੰਸ ਵਿੱਚ ਵੀ ਨਾਇਬ ਸਿੰਘ ਸੈਣੀ ਨੇ ਸ਼ਮੂਲੀਅਤ ਕੀਤੀ ਸੀ। ਇਸ ਦੌਰਾਨ ਪਾਰਟੀ ਆਗੂਆਂ ਨਾਲ ਮੀਟਿੰਗਾਂ ਅਤੇ ਜਨਸੰਪਰਕ ਨੂੰ ਬੀਜੇਪੀ ਦੀ ਭਵਿੱਖੀ ਰਣਨੀਤੀ ਨਾਲ ਜੋੜ ਕੇ ਦੇਖਿਆ ਗਿਆ।

