ਨਵੀਂ ਦਿੱਲੀ :- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀਰਵਾਰ ਸ਼ਾਮ ਕਰੀਬ 5 ਵਜੇ ਜੰਤਰ-ਮੰਤਰ ਵਿਖੇ ਚੱਲ ਰਹੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਗੇ। ਇਸ ਦੌਰਾਨ ਉਹ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਅਣਮਿੱਥੇ ਸਮੇਂ ਤੋਂ ਜਾਰੀ ਭੁੱਖ ਹੜਤਾਲ ਖਤਮ ਕਰਨ ਦੀ ਅਪੀਲ ਕਰਨਗੇ।
ਸਿਹਤ ਨੂੰ ਲੈ ਕੇ ਪ੍ਰਗਟਾਈ ਚਿੰਤਾ
ਕੇਜਰੀਵਾਲ ਨੇ ਕਿਹਾ ਕਿ ਸੋਨਮ ਵਾਂਗਚੁਕ ਕਈ ਦਿਨਾਂ ਤੋਂ ਭੁੱਖ ਹੜਤਾਲ ‘ਤੇ ਹਨ ਅਤੇ ਲਗਾਤਾਰ ਵਰਤ ਕਾਰਨ ਉਨ੍ਹਾਂ ਦੀ ਸਿਹਤ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਵਾਂਗਚੁਕ ਦੇਸ਼ ਦੀ ਅਹਿਮ ਸ਼ਖ਼ਸੀਅਤ ਹਨ ਅਤੇ ਉਨ੍ਹਾਂ ਦੀ ਸਿਹਤ ਸਭ ਲਈ ਮਹੱਤਵਪੂਰਨ ਹੈ। ਉਨ੍ਹਾਂ ਨੇ ਕਿਹਾ ਕਿ ਆਪਣੀ ਗੱਲ ਮਨਵਾਉਣ ਲਈ ਸੰਘਰਸ਼ ਦੇ ਹੋਰ ਲੋਕਤੰਤਰੀ ਤਰੀਕੇ ਵੀ ਅਪਣਾਏ ਜਾ ਸਕਦੇ ਹਨ।
ਪ੍ਰਦਰਸ਼ਨ ਨੂੰ ਦਿੱਤਾ ਪਾਰਟੀ ਦਾ ਸਮਰਥਨ
ਆਮ ਆਦਮੀ ਪਾਰਟੀ ਦੇ ਮੁਖੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਜੰਤਰ-ਮੰਤਰ ‘ਤੇ ਚੱਲ ਰਹੇ ਸੀ.ਜੇ.ਪੀ. ਦੇ ਅੰਦੋਲਨ ਅਤੇ ਉਸ ਦੀਆਂ ਮੰਗਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ।
ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
ਕੇਜਰੀਵਾਲ ਨੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਪ੍ਰੀਖਿਆਵਾਂ ਵਿੱਚ ਪੇਪਰ ਲੀਕ ਵਰਗੀਆਂ ਘਟਨਾਵਾਂ ‘ਤੇ ਰੋਕ ਲਗਾਉਣ ਲਈ ਪ੍ਰੀਖਿਆ ਪ੍ਰਣਾਲੀ ਵਿੱਚ ਢੁੱਕਵੇਂ ਅਤੇ ਪ੍ਰਭਾਵਸ਼ਾਲੀ ਸੁਧਾਰ ਕੀਤੇ ਜਾਣ ਦੀ ਲੋੜ ਹੈ, ਤਾਂ ਜੋ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਰਹਿ ਸਕੇ।
28 ਜੂਨ ਤੋਂ ਭੁੱਖ ਹੜਤਾਲ ‘ਤੇ ਹਨ ਵਾਂਗਚੁਕ
ਸੋਨਮ ਵਾਂਗਚੁਕ 28 ਜੂਨ ਤੋਂ ਜੰਤਰ-ਮੰਤਰ ਵਿਖੇ ਚੱਲ ਰਹੇ ਅੰਦੋਲਨ ਦਾ ਹਿੱਸਾ ਬਣੇ ਹੋਏ ਹਨ ਅਤੇ ਉਸੇ ਦਿਨ ਤੋਂ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਕਰ ਰਹੇ ਹਨ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੀ ਜੰਤਰ-ਮੰਤਰ ਪਹੁੰਚ ਕੇ ਵਾਂਗਚੁਕ ਨਾਲ ਮੁਲਾਕਾਤ ਕਰ ਚੁੱਕੇ ਹਨ।

