ਕੈਨੇਡਾ :- ਕੈਨੇਡਾ ਵਿੱਚ ਪੋਸਟ ਗ੍ਰੈਜੂਏਟ ਵਰਕ ਪਰਮਿਟ (ਪੀ.ਜੀ.ਡਬਲਿਊ.ਪੀ.) ਨੀਤੀਆਂ ਵਿੱਚ ਕੀਤੇ ਬਦਲਾਵਾਂ ਦਾ ਵਿਰੋਧ ਕਰ ਰਹੇ ਅੰਤਰਰਾਸ਼ਟਰੀ ਵਿਦਿਆਰਥੀਆਂ ’ਤੇ ਕੈਲਗਰੀ ਵਿੱਚ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (ਸੀ.ਬੀ.ਐੱਸ.ਏ.) ਵੱਲੋਂ ਕਾਰਵਾਈ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਵਿੱਚ ਵੱਡੀ ਗਿਣਤੀ ਪੰਜਾਬੀਆਂ ਦੀ ਦੱਸੀ ਜਾ ਰਹੀ ਹੈ। ਏਜੰਸੀ ਦੇ ਅਧਿਕਾਰੀਆਂ ਨੇ ਧਰਨੇ ਵਾਲੀ ਥਾਂ ’ਤੇ ਪਹੁੰਚ ਕੇ ਵਿਦਿਆਰਥੀਆਂ ਦੇ ਇਮੀਗ੍ਰੇਸ਼ਨ ਦਸਤਾਵੇਜ਼ਾਂ ਦੀ ਜਾਂਚ ਕੀਤੀ ਅਤੇ ਜਾਇਜ਼ ਦਸਤਾਵੇਜ਼ ਨਾ ਹੋਣ ਦੇ ਮਾਮਲਿਆਂ ਵਿੱਚ ਕਈ ਵਿਦਿਆਰਥੀਆਂ ਨੂੰ ਨੋਟਿਸ ਜਾਰੀ ਕੀਤੇ।
ਪਛਾਣ ਪੱਤਰਾਂ ਤੇ ਪਰਮਿਟਾਂ ਦੀ ਕੀਤੀ ਜਾਂਚ
ਸੋਸ਼ਲ ਮੀਡੀਆ ’ਤੇ ਸਾਹਮਣੇ ਆਈਆਂ ਵੀਡੀਓਜ਼ ਮੁਤਾਬਕ ਸੀ.ਬੀ.ਐੱਸ.ਏ. ਅਧਿਕਾਰੀਆਂ ਨੇ ਪ੍ਰਦਰਸ਼ਨਕਾਰੀਆਂ ਦੇ ਪਛਾਣ ਪੱਤਰਾਂ ਤੋਂ ਇਲਾਵਾ ਸਟੱਡੀ ਪਰਮਿਟ ਅਤੇ ਕੰਮ ਕਰਨ ਦੀ ਇਜਾਜ਼ਤ ਨਾਲ ਸਬੰਧਤ ਦਸਤਾਵੇਜ਼ ਵੀ ਚੈੱਕ ਕੀਤੇ। ਸੀ.ਬੀ.ਐੱਸ.ਏ. ਕੈਨੇਡਾ ਦੇ ਇਮੀਗ੍ਰੇਸ਼ਨ ਕਾਨੂੰਨਾਂ ਨੂੰ ਲਾਗੂ ਕਰਨ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਵਾਲੀ ਏਜੰਸੀ ਹੈ।
ਵਿਦਿਆਰਥੀ ਜਥੇਬੰਦੀਆਂ ਨੇ ਕਾਰਵਾਈ ਦਾ ਕੀਤਾ ਵਿਰੋਧ
ਸੀ.ਬੀ.ਐੱਸ.ਏ. ਦੀ ਕਾਰਵਾਈ ਤੋਂ ਬਾਅਦ ਵਿਦਿਆਰਥੀ ਜਥੇਬੰਦੀਆਂ ਨੇ ਇਸ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਪ੍ਰਦਰਸ਼ਨ ਵਾਲੀ ਥਾਂ ’ਤੇ ਇਮੀਗ੍ਰੇਸ਼ਨ ਦਸਤਾਵੇਜ਼ਾਂ ਦੀ ਜਾਂਚ ਕਰਨਾ ਵਿਦਿਆਰਥੀਆਂ ਵਿੱਚ ਡਰ ਪੈਦਾ ਕਰਨ ਅਤੇ ਉਨ੍ਹਾਂ ਨੂੰ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਤੋਂ ਰੋਕਣ ਦੀ ਕੋਸ਼ਿਸ਼ ਹੈ। ਇਸ ਕਾਰਵਾਈ ਤੋਂ ਬਾਅਦ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਵਿੱਚ ਚਿੰਤਾ ਹੋਰ ਵਧ ਗਈ ਹੈ।
10 ਦਿਨਾਂ ਤੋਂ ਚੱਲ ਰਿਹਾ ਹੈ ਧਰਨਾ
ਕੈਲਗਰੀ ਵਿੱਚ 1,000 ਤੋਂ ਵੱਧ ਵਿਦਿਆਰਥੀ ਪਿਛਲੇ ਕਰੀਬ 10 ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਵਿੱਚ ਜ਼ਿਆਦਾਤਰ ਪੰਜਾਬੀ ਵਿਦਿਆਰਥੀ ਦੱਸੇ ਜਾ ਰਹੇ ਹਨ। ਵਿਦਿਆਰਥੀਆਂ ਨੇ ਮੰਗਾਂ ਦੇ ਹੱਕ ਵਿੱਚ ਲੜੀਵਾਰ ਭੁੱਖ ਹੜਤਾਲ ਵੀ ਸ਼ੁਰੂ ਕੀਤੀ ਹੋਈ ਹੈ। ਪੀ.ਜੀ.ਡਬਲਿਊ.ਪੀ. ਦੀਆਂ ਅਰਜ਼ੀਆਂ ਰੱਦ ਹੋਣ ਅਤੇ ਮੌਜੂਦਾ ਵਰਕ ਪਰਮਿਟਾਂ ਦੀ ਮਿਆਦ ਖ਼ਤਮ ਹੋਣ ਕਾਰਨ ਵਿਦਿਆਰਥੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ।
ਵਿਦਿਆਰਥੀਆਂ ਨੇ ਰੱਖੀਆਂ ਕਈ ਮੰਗਾਂ
ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦੀ ਮੰਗ ਹੈ ਕਿ ਰੱਦ ਕੀਤੀਆਂ ਪੀ.ਜੀ.ਡਬਲਿਊ.ਪੀ. ਅਰਜ਼ੀਆਂ ਦੀ ਮੁੜ ਸਮੀਖਿਆ ਕੀਤੀ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਜਿਹੜੇ ਵਿਦਿਆਰਥੀ ਨਵੇਂ ਇਮੀਗ੍ਰੇਸ਼ਨ ਨਿਯਮ ਲਾਗੂ ਹੋਣ ਤੋਂ ਪਹਿਲਾਂ ਕੈਨੇਡਾ ਪਹੁੰਚੇ ਸਨ, ਉਨ੍ਹਾਂ ’ਤੇ ਪੁਰਾਣੇ ਨਿਯਮ ਲਾਗੂ ਕੀਤੇ ਜਾਣ। ਇਸ ਤੋਂ ਇਲਾਵਾ ਪ੍ਰੋਵਿੰਸ਼ੀਅਲ ਨੌਮੀਨੀ ਪ੍ਰੋਗਰਾਮ (ਪੀ.ਐੱਨ.ਪੀ.) ਦੇ ਮੌਕਿਆਂ ਵਿੱਚ ਕੀਤੀ ਗਈ ਕਟੌਤੀ ਵਾਪਸ ਲੈਣ ਦੀ ਵੀ ਮੰਗ ਕੀਤੀ ਜਾ ਰਹੀ ਹੈ, ਤਾਂ ਜੋ ਸੇਵਾ ਖੇਤਰ ਵਿੱਚ ਕੰਮ ਕਰ ਰਹੇ ਗ੍ਰੈਜੂਏਟਾਂ ਨੂੰ ਵੀ ਪੱਕੀ ਰਿਹਾਇਸ਼ ਲਈ ਮੌਕਾ ਮਿਲ ਸਕੇ।
ਇਮੀਗ੍ਰੇਸ਼ਨ ਨਿਯਮਾਂ ’ਚ ਸਖ਼ਤੀ ਬਣੀ ਮੁੱਖ ਮੁੱਦਾ
ਵਿਦਿਆਰਥੀਆਂ ਦੇ ਵਿਰੋਧ ਦਾ ਮੁੱਖ ਕਾਰਨ ਕੈਨੇਡਾ ਸਰਕਾਰ ਵੱਲੋਂ ਇਮੀਗ੍ਰੇਸ਼ਨ ਨੀਤੀਆਂ ਵਿੱਚ ਕੀਤੀ ਗਈ ਸਖ਼ਤੀ ਹੈ। ਇਨ੍ਹਾਂ ਤਬਦੀਲੀਆਂ ਤਹਿਤ ਸਟੱਡੀ ਪਰਮਿਟਾਂ ਅਤੇ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਕੰਮ ਕਰਨ ਦੇ ਮੌਕਿਆਂ ਨੂੰ ਸੀਮਤ ਕੀਤਾ ਗਿਆ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਤਬਦੀਲੀਆਂ ਕਾਰਨ ਉਨ੍ਹਾਂ ਦਾ ਕੈਨੇਡਾ ਵਿੱਚ ਭਵਿੱਖ ਅਨਿਸ਼ਚਿਤ ਹੋ ਗਿਆ ਹੈ।

