ਫੰਦੇ ਨਾਲ ਲਟਕਦੀ ਮਿਲੀ ਲਾਸ਼, ਪੁਲਿਸ ਨੇ ਜਾਂਚ ਸ਼ੁਰੂ ਕੀਤੀ
ਬੰਗਾਲ :- ਪੱਛਮੀ ਬੰਗਾਲ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਤ੍ਰਿਣਮੂਲ ਕਾਂਗਰਸ ਦੇ ਸੀਨੀਅਰ ਆਗੂ ਆਸ਼ੀਸ਼ ਬੈਨਰਜੀ ਦੀ ਲਾਸ਼ ਐਤਵਾਰ ਸਵੇਰੇ ਬੀਰਭੂਮ ਜ਼ਿਲ੍ਹੇ ਦੇ ਰਾਮਪੁਰਹਾਟ ਸਥਿਤ ਪਾਰਟੀ ਦਫ਼ਤਰ ਤੋਂ ਮਿਲਣ ਨਾਲ ਸਿਆਸੀ ਹਲਕਿਆਂ ਵਿੱਚ ਚਰਚਾ ਛਿੜ ਗਈ। ਉਹ ਹੱਟਲਾਪਾੜਾ ਇਲਾਕੇ ਵਿੱਚ ਸਥਿਤ ਪਾਰਟੀ ਦਫ਼ਤਰ ਅੰਦਰ ਮ੍ਰਿਤਕ ਹਾਲਤ ਵਿੱਚ ਮਿਲੇ।
ਫੰਦੇ ਨਾਲ ਲਟਕਦੀ ਮਿਲੀ ਲਾਸ਼
ਪੁਲਿਸ ਮੁਤਾਬਕ ਆਸ਼ੀਸ਼ ਬੈਨਰਜੀ ਦੀ ਲਾਸ਼ ਪਾਰਟੀ ਦਫ਼ਤਰ ਵਿੱਚ ਫੰਦੇ ਨਾਲ ਲਟਕਦੀ ਹੋਈ ਮਿਲੀ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਬਾਅਦ ਵਿੱਚ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਪੁਲਿਸ ਵੱਲੋਂ ਮਾਮਲੇ ਨਾਲ ਜੁੜੇ ਹਾਲਾਤਾਂ ਅਤੇ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਪੰਜ ਵਾਰ ਰਾਮਪੁਰਹਾਟ ਤੋਂ ਰਹੇ ਵਿਧਾਇਕ
ਆਸ਼ੀਸ਼ ਬੈਨਰਜੀ ਦਾ ਪੱਛਮੀ ਬੰਗਾਲ ਦੀ ਰਾਜਨੀਤੀ ਵਿੱਚ ਲੰਬਾ ਸਿਆਸੀ ਸਫ਼ਰ ਰਿਹਾ। ਉਹ 2001 ਤੋਂ ਰਾਮਪੁਰਹਾਟ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਦੇ ਆ ਰਹੇ ਸਨ ਅਤੇ ਲਗਾਤਾਰ ਪੰਜ ਵਾਰ ਵਿਧਾਇਕ ਚੁਣੇ ਗਏ। ਉਹ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਕਰੀਬੀ ਆਗੂਆਂ ਵਿੱਚ ਵੀ ਸ਼ਾਮਲ ਮੰਨੇ ਜਾਂਦੇ ਸਨ।
ਮੰਤਰੀ ਤੋਂ ਡਿਪਟੀ ਸਪੀਕਰ ਤੱਕ ਸੰਭਾਲੀਆਂ ਅਹਿਮ ਜ਼ਿੰਮੇਵਾਰੀਆਂ
ਆਸ਼ੀਸ਼ ਬੈਨਰਜੀ ਨੇ ਪੱਛਮੀ ਬੰਗਾਲ ਸਰਕਾਰ ਵਿੱਚ ਸਿੱਖਿਆ ਅਤੇ ਖੇਤੀਬਾੜੀ ਮੰਤਰੀ ਵਜੋਂ ਵੀ ਜ਼ਿੰਮੇਵਾਰੀ ਨਿਭਾਈ। ਇਸ ਤੋਂ ਇਲਾਵਾ ਉਹ ਵਿਧਾਨ ਸਭਾ ਦੇ ਡਿਪਟੀ ਸਪੀਕਰ ਵੀ ਰਹੇ। ਤ੍ਰਿਣਮੂਲ ਕਾਂਗਰਸ ਦੇ ਸੰਗਠਨ ਵਿੱਚ ਵੀ ਉਨ੍ਹਾਂ ਦੀ ਅਹਿਮ ਭੂਮਿਕਾ ਰਹੀ।
2026 ਦੀਆਂ ਚੋਣਾਂ ਵਿੱਚ ਮਿਲੀ ਸੀ ਹਾਰ
2026 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਸ਼ੀਸ਼ ਬੈਨਰਜੀ ਨੂੰ ਰਾਮਪੁਰਹਾਟ ਹਲਕੇ ਤੋਂ ਭਾਜਪਾ ਉਮੀਦਵਾਰ ਧਰੁਵ ਸਾਹਾ ਦੇ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਚੋਣਾਂ ਤੋਂ ਬਾਅਦ ਜੂਨ 2026 ਵਿੱਚ ਉਨ੍ਹਾਂ ਨੇ ਬੀਰਭੂਮ ਜ਼ਿਲ੍ਹੇ ਵਿੱਚ ਪਾਰਟੀ ਸੰਗਠਨ ਨਾਲ ਜੁੜੀਆਂ ਕੁਝ ਅਹਿਮ ਜ਼ਿੰਮੇਵਾਰੀਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ। ਹੁਣ ਉਨ੍ਹਾਂ ਦੀ ਮੌਤ ਤੋਂ ਬਾਅਦ ਪੁਲਿਸ ਵੱਲੋਂ ਘਟਨਾ ਦੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ।

