ਹਿਮਾਚਲ ਪ੍ਰਦੇਸ਼ :- ਲਾਹੌਲ–ਸਪੀਤੀ ਜ਼ਿਲ੍ਹੇ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਰਫ਼ਬਾਰੀ ਅਤੇ ਖ਼ਰਾਬ ਮੌਸਮੀ ਹਾਲਾਤਾਂ ਨੇ ਆਮ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ। ਉੱਚਾਈ ਵਾਲੇ ਇਲਾਕਿਆਂ ਵਿੱਚ ਬਰਫ਼ ਦੀ ਮੋਟੀ ਪਰਤ ਜਮਣ ਕਾਰਨ ਆਵਾਜਾਈ ਪੂਰੀ ਤਰ੍ਹਾਂ ਅਸੁਰੱਖਿਅਤ ਹੋ ਗਈ ਹੈ।
ਪੁਲਿਸ ਵੱਲੋਂ ਵੱਡਾ ਐਤਿਹਾਤੀ ਫ਼ੈਸਲਾ
ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਲਾਹੌਲ–ਸਪੀਤੀ ਪੁਲਿਸ ਨੇ ਜ਼ਿਲ੍ਹੇ ਦੀਆਂ ਸਾਰੀਆਂ ਮੁੱਖ ਤੇ ਅੰਦਰੂਨੀ ਸੜਕਾਂ ਨੂੰ ਅਗਲੇ ਹੁਕਮਾਂ ਤੱਕ ਹਰ ਕਿਸਮ ਦੇ ਵਾਹਨਾਂ ਲਈ ਅਸਥਾਈ ਤੌਰ ‘ਤੇ ਬੰਦ ਕਰਨ ਦਾ ਐਲਾਨ ਕੀਤਾ ਹੈ।
ਰੋਡ ਕਲੋਜ਼ਰ ਐਡਵਾਈਜ਼ਰੀ ਜਾਰੀ
ਪੁਲਿਸ ਵੱਲੋਂ ਜਾਰੀ ਕੀਤੀ ਗਈ ਐਡਵਾਈਜ਼ਰੀ ਵਿੱਚ ਆਮ ਲੋਕਾਂ ਨੂੰ ਸਖ਼ਤ ਅਪੀਲ ਕੀਤੀ ਗਈ ਹੈ ਕਿ ਮੌਜੂਦਾ ਸਥਾਨ ‘ਤੇ ਹੀ ਸੁਰੱਖਿਅਤ ਰਹਿਣ, ਬਿਨਾਂ ਲੋੜ ਯਾਤਰਾ ਨਾ ਕਰਨ ਅਤੇ ਮੌਸਮ ਸਧਾਰਨ ਹੋਣ ਤੱਕ ਸਾਵਧਾਨੀ ਵਰਤਣ।
ਬੰਦ ਕੀਤੀਆਂ ਗਈਆਂ ਸੜਕਾਂ ‘ਤੇ ਕਿਸੇ ਵੀ ਤਰ੍ਹਾਂ ਦੀ ਆਵਾਜਾਈ ‘ਤੇ ਪੂਰੀ ਤਰ੍ਹਾਂ ਰੋਕ ਲਗਾਈ ਗਈ ਹੈ ਤਾਂ ਜੋ ਜਾਨੀ ਨੁਕਸਾਨ ਤੋਂ ਬਚਿਆ ਜਾ ਸਕੇ।
ਹਾਲਾਤਾਂ ‘ਤੇ ਲਗਾਤਾਰ ਨਿਗਰਾਨੀ
ਲਾਹੌਲ–ਸਪੀਤੀ ਪੁਲਿਸ ਨੇ ਦੱਸਿਆ ਹੈ ਕਿ ਮੌਸਮ ਅਤੇ ਸੜਕਾਂ ਦੀ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਕਿਸੇ ਵੀ ਐਮਰਜੈਂਸੀ ਹਾਲਤ ਨਾਲ ਨਜਿੱਠਣ ਲਈ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਪੂਰੀ ਤਰ੍ਹਾਂ ਤਿਆਰ ਹਨ।
ਮੌਸਮ ਵਿੱਚ ਸੁਧਾਰ ਅਤੇ ਰਸਤੇ ਖੁਲ੍ਹਣ ਦੀ ਸੰਭਾਵਨਾ ਦਾ ਮੁਲਾਂਕਣ ਕਰਨ ਤੋਂ ਬਾਅਦ ਹੀ ਟ੍ਰੈਫਿਕ ਬਹਾਲੀ ਬਾਰੇ ਅਗਲੀ ਜਾਣਕਾਰੀ ਜਾਰੀ ਕੀਤੀ ਜਾਵੇਗੀ।
ਸੈਲਾਨੀਆਂ ਤੇ ਸਥਾਨਕ ਲੋਕਾਂ ਨੂੰ ਖ਼ਾਸ ਅਪੀਲ
ਪ੍ਰਸ਼ਾਸਨ ਨੇ ਸੈਲਾਨੀਆਂ ਅਤੇ ਇਲਾਕੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਅਫ਼ਵਾਹਾਂ ਤੋਂ ਦੂਰ ਰਹਿਣ ਅਤੇ ਕੇਵਲ ਸਰਕਾਰੀ ਸਰੋਤਾਂ ਵੱਲੋਂ ਜਾਰੀ ਕੀਤੀਆਂ ਜਾਣਕਾਰੀਆਂ ‘ਤੇ ਹੀ ਭਰੋਸਾ ਕਰਨ।

