ਚੰਡੀਗੜ੍ਹ :- ਕੇਂਦਰ ਸਰਕਾਰ ਦੀ ਮੰਤਰੀ ਪ੍ਰੀਸ਼ਦ ਦੀ ਇੱਕ ਮਹੱਤਵਪੂਰਨ ਬੈਠਕ 21 ਮਈ ਨੂੰ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਣ ਵਾਲੀ ਇਸ ਮੀਟਿੰਗ ਵਿੱਚ ਕੇਂਦਰੀ ਕੈਬਨਿਟ ਮੰਤਰੀਆਂ ਤੋਂ ਇਲਾਵਾ ਸੁਤੰਤਰ ਚਾਰਜ ਵਾਲੇ ਰਾਜ ਮੰਤਰੀ ਅਤੇ ਹੋਰ ਮੰਤਰੀਆਂ ਦੀ ਵੀ ਹਾਜ਼ਰੀ ਰਹਿਣ ਦੀ ਉਮੀਦ ਹੈ। ਸਰਕਾਰੀ ਸੂਤਰਾਂ ਮੁਤਾਬਕ ਬੈਠਕ ਦੌਰਾਨ ਵੱਖ-ਵੱਖ ਮੰਤਰਾਲਿਆਂ ਦੇ ਕੰਮਕਾਜ, ਚੱਲ ਰਹੀਆਂ ਯੋਜਨਾਵਾਂ ਅਤੇ ਸਰਕਾਰੀ ਪ੍ਰੋਗਰਾਮਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾ ਸਕਦੀ ਹੈ।
ਜੂਨ ਵਿੱਚ ਹੋ ਸਕਦਾ ਹੈ ਕੈਬਨਿਟ ਵਿਸਥਾਰ
ਕੇਂਦਰ ਦੀ ਮੋਦੀ 3.0 ਸਰਕਾਰ ਦੇ ਦੋ ਸਾਲ ਪੂਰੇ ਹੋਣ ਤੋਂ ਪਹਿਲਾਂ ਹੀ ਦਿੱਲੀ ਦੀ ਸਿਆਸੀ ਗਲਿਆਰਿਆਂ ਵਿੱਚ ਕੈਬਨਿਟ ਫੇਰਬਦਲ ਨੂੰ ਲੈ ਕੇ ਚਰਚਾ ਗਰਮਾ ਗਈ ਹੈ। 10 ਜੂਨ 2024 ਨੂੰ ਸਹੁੰ ਚੁੱਕਣ ਵਾਲੀ ਸਰਕਾਰ ਵਿੱਚ ਕੁਝ ਨਵੇਂ ਚਿਹਰਿਆਂ ਨੂੰ ਮੌਕਾ ਮਿਲਣ ਅਤੇ ਕੁਝ ਮੰਤਰੀਆਂ ਦੇ ਵਿਭਾਗਾਂ ਵਿੱਚ ਤਬਦੀਲੀ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਸੂਤਰਾਂ ਅਨੁਸਾਰ ਜੂਨ ਦੇ ਦੂਜੇ ਹਫ਼ਤੇ ਦੌਰਾਨ ਕੈਬਨਿਟ ਵਿਸਥਾਰ ਜਾਂ ਫੇਰਬਦਲ ਹੋ ਸਕਦਾ ਹੈ।
ਬਚਤ ਅਤੇ ਮਹਿੰਗਾਈ ਦੇ ਮੁੱਦੇ ਵੀ ਰਹਿ ਸਕਦੇ ਹਨ ਕੇਂਦਰ ਵਿੱਚ
ਮੀਟਿੰਗ ਦੌਰਾਨ ਇੰਧਨ ਦੀ ਵਧ ਰਹੀ ਕੀਮਤਾਂ ਅਤੇ ਆਰਥਿਕ ਬਚਤ ਦੇ ਮਸਲਿਆਂ ‘ਤੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ। ਹਾਲ ਹੀ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਆਪਣੀਆਂ ਜਨ ਸਭਾਵਾਂ ਵਿੱਚ ਲੋਕਾਂ ਨੂੰ ਫਿਊਲ ਦੀ ਸੰਭਾਲ ਨਾਲ ਵਰਤੋਂ ਕਰਨ ਅਤੇ ਗੈਰ-ਜ਼ਰੂਰੀ ਖਰਚਿਆਂ ਤੋਂ ਬਚਣ ਦੀ ਅਪੀਲ ਕੀਤੀ ਸੀ। ਇਸੇ ਦਰਮਿਆਨ 15 ਮਈ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 3-3 ਰੁਪਏ ਪ੍ਰਤੀ ਲੀਟਰ ਵਾਧੇ ਨੇ ਆਮ ਲੋਕਾਂ ਦੀ ਚਿੰਤਾ ਹੋਰ ਵਧਾ ਦਿੱਤੀ ਹੈ।

