ਸੋਨੀਆ ਗਾਂਧੀ ਅਤੇ ਗਾਂਧੀ ਪਰਿਵਾਰ ਬਾਰੇ ਪੋਸਟਾਂ ’ਤੇ ਇਤਰਾਜ਼
ਸ਼ਿਕਾਇਤਕਰਤਾ ਮੁਤਾਬਕ ਕੰਗਨਾ ਰਣੌਤ ਨੇ ਸੋਸ਼ਲ ਮੀਡੀਆ ’ਤੇ ਕਈ ਪੋਸਟਾਂ ਰਾਹੀਂ ਸੋਨੀਆ ਗਾਂਧੀ ਅਤੇ ਗਾਂਧੀ ਪਰਿਵਾਰ ਬਾਰੇ ਟਿੱਪਣੀਆਂ ਕੀਤੀਆਂ ਸਨ। ਇਨ੍ਹਾਂ ਪੋਸਟਾਂ ਵਿੱਚ ਕੀਤੇ ਗਏ ਦਾਅਵਿਆਂ ਦੀ ਪ੍ਰਮਾਣਿਕਤਾ ’ਤੇ ਸਵਾਲ ਚੁੱਕਦਿਆਂ ਸ਼ਿਕਾਇਤਕਰਤਾ ਨੇ ਪੁਲਸ ਤੋਂ ਕਾਰਵਾਈ ਦੀ ਮੰਗ ਕੀਤੀ ਸੀ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਮੌਤਾਂ ਬਾਰੇ ਵੀ ਕੀਤੀ ਸੀ ਟਿੱਪਣੀ
ਦਰਅਸਲ, ਕੰਗਨਾ ਨੇ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਵਿੱਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ, ਸੰਜੇ ਗਾਂਧੀ ਅਤੇ ਰਾਜੀਵ ਗਾਂਧੀ ਦੀਆਂ ਮੌਤਾਂ ਦਾ ਜ਼ਿਕਰ ਕਰਦਿਆਂ ਇਨ੍ਹਾਂ ਘਟਨਾਵਾਂ ਨੂੰ ਸੋਨੀਆ ਗਾਂਧੀ ਦੇ ਸਿਆਸੀ ਉਭਾਰ ਨਾਲ ਜੋੜਿਆ ਸੀ। ਉਨ੍ਹਾਂ ਨੇ ਸੋਨੀਆ ਗਾਂਧੀ ਲਈ ‘ਰਹੱਸਮਈ ਵਿਦੇਸ਼ੀ ਨਾਗਰਿਕ’ ਵਰਗੇ ਸ਼ਬਦਾਂ ਦੀ ਵਰਤੋਂ ਵੀ ਕੀਤੀ ਸੀ ਅਤੇ ਗਾਂਧੀ ਪਰਿਵਾਰ ਵਿੱਚ ਹੋਈਆਂ ਮੌਤਾਂ ਤੋਂ ਬਾਅਦ ਉਨ੍ਹਾਂ ਦੇ ਸਿਆਸੀ ਪ੍ਰਭਾਵ ਨੂੰ ਲੈ ਕੇ ਸਵਾਲ ਉਠਾਏ ਸਨ।
ਇਸ ਤੋਂ ਇਲਾਵਾ ਕੰਗਨਾ ਨੇ ਸੋਨੀਆ ਗਾਂਧੀ ਦੀ ਜੀਵਨੀ ਦਾ ਹਵਾਲਾ ਦਿੰਦਿਆਂ ਰਾਜੀਵ ਗਾਂਧੀ ਦੀ ਹੱਤਿਆ ਵਾਲੇ ਦਿਨ ਉਨ੍ਹਾਂ ਦੇ ਨਾਲ ਨਾ ਜਾਣ ਦੇ ਫੈਸਲੇ ਬਾਰੇ ਵੀ ਟਿੱਪਣੀ ਕੀਤੀ ਸੀ। ਇਨ੍ਹਾਂ ਬਿਆਨਾਂ ਅਤੇ ਪੋਸਟਾਂ ਨੂੰ ਲੈ ਕੇ ਹੀ ਹੁਣ ਪੁਲਸ ਕੋਲ ਸ਼ਿਕਾਇਤ ਪਹੁੰਚੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।