ਮਸਜਿਦ ਅੰਦਰੋਂ ਕੀਤੀ ਗੋਲੀਬਾਰੀ
ਕੁਲਗਾਮ ਦੇ ਐੱਸਐੱਸਪੀ ਅਨਾਇਤ ਅਲੀ ਨੇ ਮੁਕਾਬਲੇ ਵਾਲੀ ਥਾਂ ’ਤੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਲਤੀਫ ਭੱਟ ਨੂੰ ਆਤਮ ਸਮਰਪਣ ਕਰਨ ਦਾ ਮੌਕਾ ਦਿੱਤਾ ਅਤੇ ਇਸ ਸਬੰਧੀ ਕਈ ਵਾਰ ਕੋਸ਼ਿਸ਼ਾਂ ਵੀ ਕੀਤੀਆਂ, ਪਰ ਉਸ ਨੇ ਹਥਿਆਰ ਸੁੱਟਣ ਤੋਂ ਇਨਕਾਰ ਕਰ ਦਿੱਤਾ। ਪੁਲਿਸ ਅਧਿਕਾਰੀ ਅਨੁਸਾਰ, ਇਸ ਤੋਂ ਬਾਅਦ ਉਸ ਨੇ ਜ਼ੰਗਲਪੋਰਾ ਦੀ ਇੱਕ ਮਸਜਿਦ ਦੇ ਅੰਦਰੋਂ ਸੁਰੱਖਿਆ ਬਲਾਂ ’ਤੇ ਗੋਲੀਬਾਰੀ ਕੀਤੀ।
ਐੱਸਐੱਸਪੀ ਨੇ ਦੱਸਿਆ ਕਿ ਇਹ ਕਾਰਵਾਈ ਜੰਮੂ-ਕਸ਼ਮੀਰ ਪੁਲਿਸ ਨੇ ਯੋਜਨਾਬੱਧ ਢੰਗ ਨਾਲ ਸ਼ੁਰੂ ਕੀਤੀ ਸੀ। ਇਸ ਵਿੱਚ ਹੋਰਨਾਂ ਸੁਰੱਖਿਆ ਬਲਾਂ ਦਾ ਵੀ ਸਹਿਯੋਗ ਲਿਆ ਗਿਆ ਅਤੇ ਪੂਰੇ ਇਲਾਕੇ ਦੀ ਘੇਰਾਬੰਦੀ ਕੀਤੀ ਗਈ।
ਸਾਥੀ ਦੇ ਮਾਰੇ ਜਾਣ ਤੋਂ ਬਾਅਦ ਭੱਟ ਦੀ ਭਾਲ ਤੇਜ਼
ਇਸ ਤੋਂ ਪਹਿਲਾਂ ਸੋਮਵਾਰ ਨੂੰ ਕੁਲਗਾਮ ਵਿੱਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਦੌਰਾਨ ਲਤੀਫ ਭੱਟ ਦਾ ਸਾਥੀ ਉਮਰ ਨਿਸਾਰ ਡਾਰ ਮਾਰਿਆ ਗਿਆ ਸੀ। ਉਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਹੋਰ ਤੇਜ਼ ਕਰ ਦਿੱਤੀ। ਪੁਲਿਸ ਦਾ ਮੰਨਣਾ ਹੈ ਕਿ ਦੋਵੇਂ ਅੱਤਵਾਦੀ ਸੁਰੱਖਿਆ ਬਲਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖ ਰਹੇ ਸਨ ਅਤੇ ਹਮਲਿਆਂ ਦੀ ਯੋਜਨਾ ਬਣਾਉਣ ਵਿੱਚ ਸ਼ਾਮਲ ਸਨ।
ਹਮਲੇ ਤੋਂ ਪਹਿਲਾਂ ਕਈ ਥਾਵਾਂ ਦੀ ਕੀਤੀ ਸੀ ਰੇਕੀ
ਪੁਲਿਸ ਨੇ ਮੰਗਲਵਾਰ ਨੂੰ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਜਾਰੀ ਕੀਤੀ ਸੀ। ਇਸ ਵਿੱਚ ਉਮਰ ਨਿਸਾਰ ਡਾਰ ਅਤੇ ਲਤੀਫ ਭੱਟ 11 ਨਵੰਬਰ ਨੂੰ ਸੀਆਰਪੀਐੱਫ ਦੀ ਚੌਕੀ ’ਤੇ ਹਮਲਾ ਕਰਨ ਤੋਂ ਪਹਿਲਾਂ ਵੱਖ-ਵੱਖ ਥਾਵਾਂ ਦੀ ਰੇਕੀ ਕਰਦੇ ਦਿਖਾਈ ਦੇ ਰਹੇ ਹਨ। ਇਸ ਹਮਲੇ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਫੋਰਸ ਦੇ ਤਿੰਨ ਜਵਾਨ ਜ਼ਖ਼ਮੀ ਹੋਏ ਸਨ।
ਪੁਲਿਸ ਅਨੁਸਾਰ, ਜਾਂਚ ਦੌਰਾਨ ਸਾਹਮਣੇ ਆਇਆ ਕਿ 10 ਨਵੰਬਰ ਨੂੰ ਦੋਵਾਂ ਨੇ ਮੀਰ ਬਾਜ਼ਾਰ, ਅਖਰਾਨ, ਹਬਲਿਸ਼ ਅਤੇ ਕਿਲਮ ਸਮੇਤ ਕਈ ਇਲਾਕਿਆਂ ਦਾ ਦੌਰਾ ਕੀਤਾ ਸੀ। ਇਸ ਪਿੱਛੇ ਮਕਸਦ ਸੰਭਾਵੀ ਨਿਸ਼ਾਨਿਆਂ ਦੀ ਪਛਾਣ ਕਰਨਾ ਅਤੇ ਸੁਰੱਖਿਆ ਬਲਾਂ ਦੀਆਂ ਚੌਕੀਆਂ ਬਾਰੇ ਜਾਣਕਾਰੀ ਇਕੱਠੀ ਕਰਨਾ ਸੀ।
500 ਤੋਂ ਵੱਧ ਲੋਕਾਂ ਤੋਂ ਪੁੱਛਗਿੱਛ
11 ਨਵੰਬਰ ਨੂੰ ਅਖਰਾਨ ਸਥਿਤ ਸੀਆਰਪੀਐੱਫ ਚੌਕੀ ’ਤੇ ਹਮਲੇ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਜਾਂਚ ਦਾ ਘੇਰਾ ਵਧਾ ਦਿੱਤਾ ਹੈ। ਸੀਸੀਟੀਵੀ ਫੁਟੇਜ ਦੇ ਵਿਸ਼ਲੇਸ਼ਣ ਰਾਹੀਂ ਦੋਵਾਂ ਦੀਆਂ ਗਤੀਵਿਧੀਆਂ ਅਤੇ ਹਮਲੇ ਤੋਂ ਬਾਅਦ ਭੱਜਣ ਦੇ ਰਸਤੇ ਬਾਰੇ ਜਾਣਕਾਰੀ ਇਕੱਠੀ ਕੀਤੀ ਗਈ।
ਇਸ ਮਾਮਲੇ ਵਿੱਚ ਹੁਣ ਤੱਕ 500 ਤੋਂ ਵੱਧ ਲੋਕਾਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ। ਕੁਲਗਾਮ ਦੇ ਵੱਖ-ਵੱਖ ਇਲਾਕਿਆਂ ਵਿੱਚ ਤਲਾਸ਼ੀ ਅਤੇ ਘੇਰਾਬੰਦੀ ਮੁਹਿੰਮ ਜਾਰੀ ਹੈ। ਸੁਰੱਖਿਆ ਬਲਾਂ ਦਾ ਮੁੱਖ ਨਿਸ਼ਾਨਾ ਲਤੀਫ ਭੱਟ ਨੂੰ ਕਾਬੂ ਕਰਨਾ ਹੈ।