ਚੰਡੀਗੜ੍ਹ :- ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹੇ 16 ਅਗਸਤ ਤੋਂ ਲਗਾਤਾਰ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਹੁਣ ਤੱਕ ਲਗਭਗ 2000 ਪਿੰਡ ਪ੍ਰਭਾਵਿਤ ਹੋ ਚੁੱਕੇ ਹਨ।
ਰਾਹਤ ਕਾਰਜਾਂ ਦੌਰਾਨ 22,000 ਲੋਕ ਬਚਾਏ ਗਏ
ਅਧਿਕਾਰਿਕ ਅੰਕੜਿਆਂ ਅਨੁਸਾਰ, ਹੁਣ ਤੱਕ 51 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਰਾਹਤ ਟੀਮਾਂ ਨੇ 22,000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਹੈ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੇ ਹਾਲ ਹੀ ਵਿੱਚ ਸੂਬੇ ਦਾ ਦੌਰਾ ਕਰਕੇ ਹਾਲਾਤਾਂ ਦੀ ਸਮੀਖਿਆ ਕੀਤੀ ਸੀ।
ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਦੀ ਸੰਭਾਵਨਾ
9 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦੀ ਸੰਭਾਵਨਾ ਹੈ। ਮੋਦੀ ਦੇ ਸਭ ਤੋਂ ਪਹਿਲਾਂ ਗੁਰਦਾਸਪੁਰ ਜਾਣ ਦੀ ਉਮੀਦ ਜ਼ਾਹਰ ਕੀਤੀ ਜਾ ਰਹੀ ਹੈ, ਜਿੱਥੇ ਰਾਵੀ ਦਰਿਆ ਤੋਂ ਛੱਡਿਆ ਪਾਣੀ ਵੱਡੀ ਤਬਾਹੀ ਦਾ ਕਾਰਨ ਬਣਿਆ। ਇਸ ਤੋਂ ਬਾਅਦ ਉਹ ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਦਾ ਹਵਾਈ ਸਰਵੇਖਣ ਵੀ ਕਰ ਸਕਦੇ ਹਨ।