ਹਿਮਾਚਲ ਪ੍ਰਦੇਸ਼ :- ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇਕ ਬੋਰਡਿੰਗ ਸਕੂਲ ਵਿੱਚ ਸਿੱਖ ਵਿਦਿਆਰਥੀ ਨਾਲ ਰੈਗਿੰਗ ਦੇ ਮਾਮਲੇ ਵਿੱਚ ਸਕੂਲ ਪ੍ਰਬੰਧਨ ਨੇ ਪੰਜ ਵਿਦਿਆਰਥੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਕੀਤੇ ਗਏ ਸਾਰੇ ਵਿਦਿਆਰਥੀ ਪੰਜਾਬ ਨਾਲ ਸਬੰਧਤ ਦੱਸੇ ਜਾ ਰਹੇ ਹਨ ਅਤੇ ਉਹ 11ਵੀਂ ਤੇ 12ਵੀਂ ਜਮਾਤ ਵਿੱਚ ਪੜ੍ਹਦੇ ਹਨ। ਜਿਸ ਵਿਦਿਆਰਥੀ ਨਾਲ ਰੈਗਿੰਗ ਦੀ ਘਟਨਾ ਵਾਪਰੀ, ਉਹ ਵੀ ਪੰਜਾਬ ਨਾਲ ਸਬੰਧਤ ਅਤੇ 9ਵੀਂ ਜਮਾਤ ਦਾ ਵਿਦਿਆਰਥੀ ਦੱਸਿਆ ਗਿਆ ਹੈ।
ਪੁਲਿਸ ਨੇ ਦਰਜ ਕੀਤਾ ਮਾਮਲਾ
ਪੀੜਤ ਵਿਦਿਆਰਥੀ ਦੇ ਪਰਿਵਾਰ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਡਗਸਾਈ ਥਾਣੇ ਦੀ ਪੁਲਿਸ ਨੇ ਸੋਮਵਾਰ ਸ਼ਾਮ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ। ਮਾਮਲਾ ਦਰਜ ਹੋਣ ਤੋਂ ਬਾਅਦ ਪੁਲਿਸ ਨੇ ਜਾਂਚ ਤੇਜ਼ ਕਰ ਦਿੱਤੀ ਹੈ। ਪੁਲਿਸ ਵੱਲੋਂ ਅੱਜ ਸਕੂਲ ਪਹੁੰਚ ਕੇ ਮੁਅੱਤਲ ਕੀਤੇ ਗਏ ਪੰਜਾਂ ਵਿਦਿਆਰਥੀਆਂ ਤੋਂ ਪੁੱਛਗਿੱਛ ਕੀਤੀ ਜਾਵੇਗੀ।
ਹੋਸਟਲ ਵਾਰਡਨ ਤੋਂ ਵੀ ਹੋਵੇਗੀ ਪੁੱਛਗਿੱਛ
ਜਾਂਚ ਦੌਰਾਨ ਪੁਲਿਸ ਵੱਲੋਂ ਸਿਰਫ਼ ਮੁਲਜ਼ਮ ਵਿਦਿਆਰਥੀਆਂ ਤੋਂ ਹੀ ਨਹੀਂ, ਸਗੋਂ ਹੋਸਟਲ ਵਾਰਡਨ ਤੋਂ ਵੀ ਘਟਨਾ ਸਬੰਧੀ ਜਾਣਕਾਰੀ ਲਈ ਜਾਵੇਗੀ। ਇਸ ਤੋਂ ਇਲਾਵਾ ਡਗਸਾਈ ਪੁਲਿਸ ਵੱਲੋਂ ਸੋਮਵਾਰ ਸ਼ਾਮ ਸਕੂਲ ਦੇ ਪ੍ਰਿੰਸੀਪਲ ਰਵਿੰਦਰ ਵੋਹਰਾ ਦੇ ਬਿਆਨ ਵੀ ਦਰਜ ਕੀਤੇ ਜਾ ਚੁੱਕੇ ਹਨ।
ਜਥੇਦਾਰ ਗੜਗੱਜ ਨੇ ਕੀਤੀ ਘਟਨਾ ਦੀ ਨਿੰਦਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਇਸ ਘਟਨਾ ਨੂੰ ਬੇਹੱਦ ਮੰਦਭਾਗਾ ਕਰਾਰ ਦਿੰਦਿਆਂ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਬੱਚੇ ਨਾਲ ਇਸ ਤਰ੍ਹਾਂ ਦਾ ਵਿਵਹਾਰ ਨਹੀਂ ਹੋਣਾ ਚਾਹੀਦਾ। ਉਨ੍ਹਾਂ ਅਨੁਸਾਰ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਅਨੁਸ਼ਾਸਨ ਯਕੀਨੀ ਬਣਾਉਣ ਦੀ ਮੁੱਖ ਜ਼ਿੰਮੇਵਾਰੀ ਸਕੂਲ ਪ੍ਰਸ਼ਾਸਨ ਦੀ ਹੁੰਦੀ ਹੈ।
ਪਰਿਵਾਰ ਨਾਲ ਕੀਤੀ ਗੱਲਬਾਤ, ਸਾਥ ਦੇਣ ਦਾ ਭਰੋਸਾ
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਉਨ੍ਹਾਂ ਨੇ ਪੀੜਤ ਵਿਦਿਆਰਥੀ ਅਤੇ ਉਸ ਦੇ ਪਰਿਵਾਰ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਪਰਿਵਾਰ ਨੂੰ ਚੜ੍ਹਦੀ ਕਲਾ ਵਿੱਚ ਰਹਿਣ ਦਾ ਸੁਨੇਹਾ ਦਿੰਦਿਆਂ ਭਰੋਸਾ ਦਿੱਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਇਸ ਮਾਮਲੇ ਵਿੱਚ ਪਰਿਵਾਰ ਦੇ ਨਾਲ ਖੜ੍ਹਾ ਹੈ। ਉਨ੍ਹਾਂ ਨੇ ਘਟਨਾ ਨਾਲ ਜੁੜੇ ਮਾਮਲੇ ਵਿੱਚ ਬੱਚੇ ਦੀ ਸੁਰੱਖਿਆ ਅਤੇ ਭਵਿੱਖ ਨੂੰ ਧਿਆਨ ਵਿੱਚ ਰੱਖਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ।

