ਨਵੀਂ ਦਿੱਲੀ :- ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਵਿਦੇਸ਼ੀ ਕੰਸਰਟ ਦੌਰਾਨ ਹੋਏ ਹੰਗਾਮੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਕਲਾਕਾਰ ਦੇ ਪ੍ਰੋਗਰਾਮ ਵਿੱਚ ਰੁਕਾਵਟ ਪੈਦਾ ਕਰਨਾ ਸਿਰਫ਼ ਇੱਕ ਵਿਅਕਤੀ ਵਿਰੁੱਧ ਕਾਰਵਾਈ ਨਹੀਂ, ਸਗੋਂ ਪੰਜਾਬੀ ਸੱਭਿਆਚਾਰ ਅਤੇ ਦੇਸ਼ ਦੀ ਏਕਤਾ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਹੈ।
ਦਿਲਜੀਤ ਨੂੰ ਦੱਸਿਆ ਪੰਜਾਬੀ ਸੱਭਿਆਚਾਰ ਦਾ ਦੂਤ
ਆਰ.ਪੀ. ਸਿੰਘ ਨੇ ਕਿਹਾ ਕਿ ਦਿਲਜੀਤ ਦੋਸਾਂਝ ਵਰਗੇ ਕਲਾਕਾਰਾਂ ਨੇ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਮਾਣ ਦਿਵਾਇਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕਲਾਕਾਰ ਦੁਨੀਆ ਭਰ ਵਿੱਚ ਭਾਰਤ ਦੀ ਚੰਗੀ ਛਵੀ ਪੇਸ਼ ਕਰ ਰਹੇ ਹਨ ਅਤੇ ਉਨ੍ਹਾਂ ਖ਼ਿਲਾਫ਼ ਨਫ਼ਰਤ ਫੈਲਾਉਣਾ ਨਿੰਦਣਯੋਗ ਹੈ।
ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਵਧੀਆਂ ਚਰਚਾਵਾਂ
ਭਾਜਪਾ ਆਗੂ ਨੇ ਕਿਹਾ ਕਿ ਦਿਲਜੀਤ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਇਸ ਤਰ੍ਹਾਂ ਦੀਆਂ ਘਟਨਾਵਾਂ ਸਾਹਮਣੇ ਆਉਣ ਨਾਲ ਕਈ ਸਵਾਲ ਖੜ੍ਹੇ ਹੁੰਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਭਾਰਤ ਦੀ ਇੱਕਤਾ ਅਤੇ ਪੰਜਾਬ ਦੀ ਤਰੱਕੀ ਦੀ ਗੱਲ ਕਰਨ ਵਾਲੇ ਲੋਕਾਂ ਤੋਂ ਵੱਖਵਾਦੀ ਤੱਤ ਘਬਰਾਏ ਹੋਏ ਹਨ।
ਪੰਨੂ ਦੀਆਂ ਧਮਕੀਆਂ ਦਾ ਵੀ ਕੀਤਾ ਜ਼ਿਕਰ
ਆਰ.ਪੀ. ਸਿੰਘ ਨੇ ਕਿਹਾ ਕਿ ਦਿਲਜੀਤ ਦੋਸਾਂਝ ਨੂੰ ਖਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂ ਵੱਲੋਂ ਲਗਾਤਾਰ ਧਮਕੀਆਂ ਦਿੱਤੀਆਂ ਜਾਂਦੀਆਂ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਵਿਦੇਸ਼ਾਂ ਵਿੱਚ ਬੈਠੇ ਕੁਝ ਲੋਕ ਪੰਜਾਬ ਦੇ ਨਾਂ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਪੰਜਾਬ ਦੀ ਅਸਲ ਪਛਾਣ ਹਮੇਸ਼ਾ ਦੇਸ਼ਭਗਤੀ, ਸੇਵਾ ਅਤੇ ਭਾਈਚਾਰਕ ਸਾਂਝ ਰਹੀ ਹੈ।
ਪੰਜਾਬੀਆਂ ਨੂੰ ਇਕਜੁੱਟ ਹੋਣ ਦੀ ਕੀਤੀ ਅਪੀਲ
ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਜਿਹੀਆਂ ਨਫ਼ਰਤ ਭਰੀਆਂ ਸੋਚਾਂ ਦਾ ਡਟ ਕੇ ਵਿਰੋਧ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਲਾਕਾਰ ਪੰਜਾਬ ਅਤੇ ਭਾਰਤ ਦਾ ਨਾਮ ਵਿਸ਼ਵ ਪੱਧਰ ’ਤੇ ਰੌਸ਼ਨ ਕਰ ਰਹੇ ਹਨ, ਉਨ੍ਹਾਂ ਦਾ ਸਾਥ ਦੇਣਾ ਹਰ ਪੰਜਾਬੀ ਦੀ ਜ਼ਿੰਮੇਵਾਰੀ ਹੈ।

