ਰੂਪਨਗਰ :- ਅੱਠਵੀਂ ਅਤੇ ਦਸਵੀਂ ਜਮਾਤ ਦੀਆਂ ਸਲਾਨਾ ਪ੍ਰੀਖਿਆਵਾਂ 2025 ਨੂੰ ਬਿਨਾਂ ਕਿਸੇ ਰੁਕਾਵਟ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਸਖ਼ਤ ਕਦਮ ਚੁੱਕੇ ਗਏ ਹਨ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਵਿਕੇਸ਼ ਗੁਪਤਾ ਨੇ ਜ਼ਿਲ੍ਹੇ ਦੇ ਸਾਰੇ ਪ੍ਰੀਖਿਆ ਕੇਂਦਰਾਂ ਦੇ ਨੇੜੇ ਅਮਨ-ਕਾਨੂੰਨ ਕਾਇਮ ਰੱਖਣ ਦੇ ਮੱਦੇਨਜ਼ਰ ਧਾਰਾ 163 ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਪ੍ਰੀਖਿਆ ਦੌਰਾਨ ਇਕੱਠ ’ਤੇ ਸਖ਼ਤ ਰੋਕ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਦਿੱਤੇ ਹਨ ਕਿ 4 ਜਨਵਰੀ 2026 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਜ਼ਿਲ੍ਹੇ ਦੇ ਸਾਰੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ ਆਮ ਲੋਕਾਂ ਦੇ ਇਕੱਠ ’ਤੇ ਪੂਰਨ ਪਾਬੰਦੀ ਰਹੇਗੀ।
ਟੀਚਰਾਂ ਅਤੇ ਵਿਦਿਆਰਥੀਆਂ ਨੂੰ ਛੂਟ
ਅਵਿਕੇਸ਼ ਗੁਪਤਾ ਨੇ ਸਪਸ਼ਟ ਕੀਤਾ ਕਿ ਇਹ ਹੁਕਮ ਪ੍ਰੀਖਿਆ ਕੇਂਦਰਾਂ ਵਿੱਚ ਡਿਊਟੀ ਨਿਭਾ ਰਹੇ ਟੀਚਰਾਂ, ਸਟਾਫ਼ ਅਤੇ ਉਨ੍ਹਾਂ ਵਿਦਿਆਰਥੀਆਂ ’ਤੇ ਲਾਗੂ ਨਹੀਂ ਹੋਣਗੇ, ਜਿਨ੍ਹਾਂ ਦਾ ਪ੍ਰੀਖਿਆ ਕੇਂਦਰ ਸੰਬੰਧਿਤ ਸਕੂਲਾਂ ਵਿੱਚ ਨਿਰਧਾਰਤ ਕੀਤਾ ਗਿਆ ਹੈ।
ਅੱਠਵੀਂ ਜਮਾਤ ਲਈ ਨਿਰਧਾਰਤ ਪ੍ਰੀਖਿਆ ਕੇਂਦਰ
ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸ੍ਰੀ ਅਨੰਦਪੁਰ ਸਾਹਿਬ, ਸਕੂਲ ਆਫ਼ ਐਮੀਂਨੈਸ ਕੀਰਤਪੁਰ ਸਾਹਿਬ, ਸਕੂਲ ਆਫ਼ ਐਮੀਂਨੈਸ ਸ੍ਰੀ ਚਮਕੌਰ ਸਾਹਿਬ, ਐੱਸ. ਡੀ. ਹਾਈ ਸਕੂਲ ਭਲਵਾਲ (ਸ੍ਰੀ ਚਮਕੌਰ ਸਾਹਿਬ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਨੰਗਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੂਪਨਗਰ ਅਤੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਨੂੰ ਪ੍ਰੀਖਿਆ ਕੇਂਦਰ ਬਣਾਇਆ ਗਿਆ ਹੈ।
ਦਸਵੀਂ ਜਮਾਤ ਦੇ ਪ੍ਰੀਖਿਆ ਕੇਂਦਰ
ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ (ਸ੍ਰੀ ਅਨੰਦਪੁਰ ਸਾਹਿਬ), ਸਰਕਾਰੀ ਹਾਈ ਸਕੂਲ ਮਟੋਰ, ਬੀ. ਐੱਸ. ਜੇ. ਐੱਸ. ਖਾਲਸਾ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਚਮਕੌਰ ਸਾਹਿਬ, ਸਕੂਲ ਆਫ਼ ਐਮੀਂਨੈਸ ਨੰਗਲ, ਸਕੂਲ ਆਫ਼ ਐਮੀਂਨੈਸ ਰੂਪਨਗਰ ਅਤੇ ਡੀ. ਏ. ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਨੂੰ ਪ੍ਰੀਖਿਆ ਕੇਂਦਰ ਨਿਰਧਾਰਤ ਕੀਤਾ ਗਿਆ ਹੈ।
ਅਮਨ-ਕਾਨੂੰਨ ਬਣਾਈ ਰੱਖਣ ਲਈ ਕਦਮ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਇਹ ਫ਼ੈਸਲਾ ਪ੍ਰੀਖਿਆਵਾਂ ਦੇ ਸੁਚੱਜੇ ਸੰਚਾਲਣ ਅਤੇ ਕਿਸੇ ਵੀ ਕਿਸਮ ਦੀ ਅਣਚਾਹੀ ਘਟਨਾ ਨੂੰ ਰੋਕਣ ਲਈ ਲਿਆ ਗਿਆ ਹੈ, ਤਾਂ ਜੋ ਵਿਦਿਆਰਥੀ ਬਿਨਾਂ ਕਿਸੇ ਦਬਾਅ ਦੇ ਆਪਣੀ ਪ੍ਰੀਖਿਆ ਦੇ ਸਕਣ।

