ਚੰਡੀਗੜ੍ਹ :- ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫਿਲਮ ‘ਸਤਲੁਜ’ ਨੂੰ OTT ਪਲੇਟਫਾਰਮ ਤੋਂ ਹਟਾਏ ਜਾਣ ਤੋਂ ਬਾਅਦ ਹੁਣ ਕੇਂਦਰ ਸਰਕਾਰ ਨੇ ਇਸ ਮਾਮਲੇ ਦੀ ਸਮੀਖਿਆ ਲਈ ਇੱਕ ਰਿਵਿਊ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਫਿਲਮ ਨਾਲ ਜੁੜੇ ਸਾਰੇ ਪੱਖਾਂ ਦੀ ਜਾਂਚ ਕਰਨ ਤੋਂ ਬਾਅਦ ਆਪਣੀ ਰਿਪੋਰਟ ਦੇਵੇਗੀ, ਜਿਸ ਦੇ ਆਧਾਰ ‘ਤੇ ਅਗਲਾ ਫ਼ੈਸਲਾ ਲਿਆ ਜਾਵੇਗਾ।
ਰਿਵਿਊ ਕਮੇਟੀ ਕਰੇਗੀ ਫਿਲਮ ਦੇ ਭਵਿੱਖ ‘ਤੇ ਵਿਚਾਰ
ਜਾਣਕਾਰੀ ਅਨੁਸਾਰ ਰਿਵਿਊ ਕਮੇਟੀ ਇਹ ਵਿਚਾਰੇਗੀ ਕਿ ਫਿਲਮ ਨੂੰ ਕਿਸ ਰੂਪ ਵਿੱਚ ਜਾਰੀ ਕੀਤਾ ਜਾ ਸਕਦਾ ਹੈ ਜਾਂ ਮੌਜੂਦਾ ਹਾਲਾਤਾਂ ਵਿੱਚ ਇਸ ਦੀ ਰਿਲੀਜ਼ ਸਬੰਧੀ ਕੀ ਫ਼ੈਸਲਾ ਲਿਆ ਜਾਣਾ ਚਾਹੀਦਾ ਹੈ। ਕਮੇਟੀ ਦੀ ਸਿਫ਼ਾਰਸ਼ ਤੋਂ ਬਾਅਦ ਹੀ ਇਸ ਮਾਮਲੇ ਵਿੱਚ ਅਗਲੀ ਕਾਰਵਾਈ ਕੀਤੀ ਜਾਵੇਗੀ।
ਭਾਜਪਾ ਆਗੂ ਆਰ.ਪੀ. ਸਿੰਘ ਨੇ ਦੱਸਿਆ ਸਰਕਾਰ ਦਾ ਪੱਖ
ਭਾਰਤੀ ਜਨਤਾ ਪਾਰਟੀ ਦੇ ਆਗੂ ਆਰ.ਪੀ. ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਜਾਣਕਾਰੀ ਅਨੁਸਾਰ ਫਿਲਮ ਨੂੰ ਸੈਂਸਰ ਬੋਰਡ ਤੋਂ ਲੋੜੀਂਦੀ ਮਨਜ਼ੂਰੀ ਨਹੀਂ ਮਿਲੀ ਸੀ। ਇਸ ਦੇ ਬਾਵਜੂਦ ਇਸ ਨੂੰ OTT ਪਲੇਟਫਾਰਮ ‘ਤੇ ਰਿਲੀਜ਼ ਕੀਤਾ ਗਿਆ, ਜਿਸ ਕਾਰਨ ਸਰਕਾਰ ਨੇ ਇਸ ਨੂੰ ਹਟਾਉਣ ਦਾ ਫ਼ੈਸਲਾ ਲਿਆ।
ਕੇਵਲ ਸਿੰਘ ਢਿੱਲੋਂ ਦੀ ਅਪੀਲ ਤੋਂ ਬਾਅਦ ਚੁੱਕਿਆ ਗਿਆ ਕਦਮ
ਆਰ.ਪੀ. ਸਿੰਘ ਨੇ ਦੱਸਿਆ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਇਸ ਮਾਮਲੇ ਦੀ ਮੁੜ ਸਮੀਖਿਆ ਕਰਨ ਦੀ ਅਪੀਲ ਕੀਤੀ ਸੀ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਰਿਵਿਊ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ, ਤਾਂ ਜੋ ਫਿਲਮ ਨਾਲ ਜੁੜੇ ਸਾਰੇ ਤੱਥਾਂ ਦੀ ਨਿਰਪੱਖ ਜਾਂਚ ਕਰਕੇ ਉਚਿਤ ਫ਼ੈਸਲਾ ਲਿਆ ਜਾ ਸਕੇ।
ਕਮੇਟੀ ਦੀ ਰਿਪੋਰਟ ‘ਤੇ ਟਿਕੀਆਂ ਸਭ ਦੀਆਂ ਨਜ਼ਰਾਂ
‘ਸਤਲੁਜ’ ਨੂੰ OTT ਤੋਂ ਹਟਾਏ ਜਾਣ ਮਗਰੋਂ ਇਹ ਮਾਮਲਾ ਲਗਾਤਾਰ ਚਰਚਾ ਵਿੱਚ ਬਣਿਆ ਹੋਇਆ ਹੈ। ਹੁਣ ਫਿਲਮ ਨਿਰਮਾਤਾਵਾਂ, ਦਰਸ਼ਕਾਂ ਅਤੇ ਵੱਖ-ਵੱਖ ਧਿਰਾਂ ਦੀਆਂ ਨਜ਼ਰਾਂ ਰਿਵਿਊ ਕਮੇਟੀ ਦੀ ਰਿਪੋਰਟ ‘ਤੇ ਟਿਕੀਆਂ ਹੋਈਆਂ ਹਨ, ਜਿਸ ਤੋਂ ਬਾਅਦ ਇਹ ਸਪੱਸ਼ਟ ਹੋਵੇਗਾ ਕਿ ਫਿਲਮ ਨੂੰ ਮੁੜ ਰਿਲੀਜ਼ ਕੀਤਾ ਜਾਵੇਗਾ ਜਾਂ ਨਹੀਂ।

