Home Blog Page 341

ਨਿਰਯਾਤ ਡਿਊਟੀ ’ਚ ਕਟੌਤੀ, ਪਰ ਪੈਟਰੋਲ ਪੰਪਾਂ ’ਤੇ ਨਹੀਂ ਮਿਲੇਗੀ ਰਾਹਤ; 1 ਜੂਨ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

ਨਵੀਂ ਦਿੱਲੀ :- ਕੇਂਦਰ ਸਰਕਾਰ ਨੇ ਪੈਟਰੋਲ, ਡੀਜ਼ਲ ਅਤੇ ਹਵਾਬਾਜ਼ੀ ਟਰਬਾਈਨ ਬਾਲਣ (ਏਟੀਐੱਫ) ਦੇ ਨਿਰਯਾਤ ’ਤੇ ਲੱਗਣ ਵਾਲੀ ਡਿਊਟੀ ਵਿੱਚ ਕਮੀ ਕਰਨ ਦਾ ਫ਼ੈਸਲਾ ਕੀਤਾ ਹੈ, ਜੋ 1 ਜੂਨ ਤੋਂ ਪ੍ਰਭਾਵੀ ਹੋਵੇਗਾ। ਸਰਕਾਰ ਦਾ ਇਹ ਕਦਮ ਮੁੱਖ ਤੌਰ ’ਤੇ ਤੇਲ ਨਿਰਯਾਤ ਕਰਨ ਵਾਲੀਆਂ ਕੰਪਨੀਆਂ ਨੂੰ ਧਿਆਨ ਵਿੱਚ ਰੱਖ ਕੇ ਚੁੱਕਿਆ ਗਿਆ ਹੈ। ਹਾਲਾਂਕਿ ਘਰੇਲੂ ਖਪਤਕਾਰਾਂ ਲਈ ਇਸ ਫ਼ੈਸਲੇ ਨਾਲ ਕੋਈ ਸਿੱਧੀ ਰਾਹਤ ਨਹੀਂ ਜੁੜੀ, ਕਿਉਂਕਿ ਦੇਸ਼ ਅੰਦਰ ਵਿਕਣ ਵਾਲੇ ਪੈਟਰੋਲ ਅਤੇ ਡੀਜ਼ਲ ’ਤੇ ਲੱਗਣ ਵਾਲੀ ਐਕਸਾਈਜ਼ ਡਿਊਟੀ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ।

ਤੇਲ ਨਿਰਯਾਤ ਨਾਲ ਜੁੜੇ ਨਿਯਮਾਂ ਵਿੱਚ ਕੀਤਾ ਗਿਆ ਸੋਧ

ਵਿੱਤ ਮੰਤਰਾਲੇ ਵੱਲੋਂ ਜਾਰੀ ਨਵੇਂ ਹੁਕਮਾਂ ਅਨੁਸਾਰ ਰਿਫਾਇੰਡ ਪੈਟਰੋਲੀਅਮ ਉਤਪਾਦਾਂ ਦੇ ਨਿਰਯਾਤ ’ਤੇ ਲੱਗਣ ਵਾਲੇ ਵਿਸ਼ੇਸ਼ ਕਰਾਂ ਨੂੰ ਘਟਾਇਆ ਗਿਆ ਹੈ। ਸਰਕਾਰ ਦਾ ਮੰਨਣਾ ਹੈ ਕਿ ਅੰਤਰਰਾਸ਼ਟਰੀ ਬਾਜ਼ਾਰ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਇਹ ਸੋਧ ਲਾਜ਼ਮੀ ਸੀ। ਇਸ ਦੇ ਬਾਵਜੂਦ ਦੇਸ਼ ਦੇ ਅੰਦਰ ਈਂਧਨ ਦੀਆਂ ਕੀਮਤਾਂ ਪਹਿਲਾਂ ਵਾਂਗ ਹੀ ਰਹਿਣਗੀਆਂ, ਕਿਉਂਕਿ ਪ੍ਰਚੂਨ ਦਰਾਂ ਨਾਲ ਸੰਬੰਧਿਤ ਕਰਾਂ ਵਿੱਚ ਕੋਈ ਤਬਦੀਲੀ ਨਹੀਂ ਹੋਈ।

ਪੈਟਰੋਲ, ਡੀਜ਼ਲ ਅਤੇ ਏਟੀਐੱਫ ਲਈ ਨਵੀਆਂ ਦਰਾਂ ਤੈਅ

ਸਰਕਾਰ ਵੱਲੋਂ ਹਰ ਪੰਦਰਾਂ ਦਿਨਾਂ ਬਾਅਦ ਅੰਤਰਰਾਸ਼ਟਰੀ ਕੱਚੇ ਤੇਲ ਦੀਆਂ ਕੀਮਤਾਂ ਨੂੰ ਧਿਆਨ ਵਿੱਚ ਰੱਖਦਿਆਂ ਨਿਰਯਾਤ ਡਿਊਟੀ ਦੀ ਸਮੀਖਿਆ ਕੀਤੀ ਜਾਂਦੀ ਹੈ। ਤਾਜ਼ਾ ਸਮੀਖਿਆ ਤੋਂ ਬਾਅਦ 1 ਜੂਨ ਤੋਂ ਪੈਟਰੋਲ ਨਿਰਯਾਤ ’ਤੇ ਵਿਸ਼ੇਸ਼ ਵਾਧੂ ਆਬਕਾਰੀ ਡਿਊਟੀ 1.50 ਰੁਪਏ ਪ੍ਰਤੀ ਲੀਟਰ ਨਿਰਧਾਰਤ ਕੀਤੀ ਗਈ ਹੈ। ਡੀਜ਼ਲ ਨਿਰਯਾਤ ’ਤੇ ਇਹ ਦਰ ਘਟਾ ਕੇ 13.50 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਗਈ ਹੈ, ਜਦਕਿ ਹਵਾਬਾਜ਼ੀ ਬਾਲਣ ’ਤੇ 9.50 ਰੁਪਏ ਪ੍ਰਤੀ ਲੀਟਰ ਡਿਊਟੀ ਲਾਗੂ ਰਹੇਗੀ। ਇਸ ਤੋਂ ਇਲਾਵਾ ਪੈਟਰੋਲ ਅਤੇ ਡੀਜ਼ਲ ਦੇ ਨਿਰਯਾਤ ’ਤੇ ਸੜਕ ਅਤੇ ਬੁਨਿਆਦੀ ਢਾਂਚਾ ਸੈੱਸ ਨੂੰ ਜ਼ੀਰੋ ’ਤੇ ਹੀ ਕਾਇਮ ਰੱਖਿਆ ਗਿਆ ਹੈ।

ਭੂ-ਰਾਜਨੀਤਿਕ ਹਾਲਾਤਾਂ ਕਾਰਨ ਲਾਇਆ ਗਿਆ ਸੀ ਵਿਸ਼ੇਸ਼ ਕਰ

ਇਸ ਸਾਲ ਮਾਰਚ ਦੇ ਅਖੀਰ ਵਿੱਚ ਸਰਕਾਰ ਨੇ ਪੈਟਰੋਲੀਅਮ ਉਤਪਾਦਾਂ ਦੇ ਨਿਰਯਾਤ ’ਤੇ ਵਿਸ਼ੇਸ਼ ਕਰ ਲਗਾਇਆ ਸੀ। ਉਸ ਵੇਲੇ ਪੱਛਮੀ ਏਸ਼ੀਆ ਵਿੱਚ ਬਣੇ ਤਣਾਅ ਅਤੇ ਵਿਸ਼ਵ ਪੱਧਰ ’ਤੇ ਅਣਿਸ਼ਚਿਤਤਾ ਦੇ ਮਾਹੌਲ ਕਾਰਨ ਇਹ ਕਦਮ ਚੁੱਕਿਆ ਗਿਆ ਸੀ। ਸਰਕਾਰ ਦੀ ਚਿੰਤਾ ਸੀ ਕਿ ਵੱਡੇ ਪੱਧਰ ’ਤੇ ਨਿਰਯਾਤ ਹੋਣ ਨਾਲ ਦੇਸ਼ ਅੰਦਰ ਈਂਧਨ ਦੀ ਸਪਲਾਈ ਪ੍ਰਭਾਵਿਤ ਨਾ ਹੋ ਜਾਵੇ। ਇਸੇ ਲਈ ਨਿਰਯਾਤ ’ਤੇ ਵਾਧੂ ਬੋਝ ਪਾ ਕੇ ਘਰੇਲੂ ਲੋੜਾਂ ਨੂੰ ਤਰਜੀਹ ਦੇਣ ਦੀ ਕੋਸ਼ਿਸ਼ ਕੀਤੀ ਗਈ ਸੀ।

ਮਹਿੰਗੇ ਈਂਧਨ ਤੋਂ ਖਪਤਕਾਰਾਂ ਨੂੰ ਅਜੇ ਵੀ ਰਾਹਤ ਨਹੀਂ

ਨਿਰਯਾਤ ਡਿਊਟੀ ਵਿੱਚ ਕਮੀ ਦੇ ਬਾਵਜੂਦ ਆਮ ਲੋਕਾਂ ਨੂੰ ਈਂਧਨ ਦੀਆਂ ਕੀਮਤਾਂ ਵਿੱਚ ਕੋਈ ਰਾਹਤ ਮਿਲਦੀ ਨਹੀਂ ਦਿਖ ਰਹੀ। ਹਾਲ ਹੀ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਗਿਆ ਹੈ। ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਦੇ ਪੱਧਰ ਤੋਂ ਉੱਪਰ ਪਹੁੰਚ ਚੁੱਕੀ ਹੈ, ਜਦਕਿ ਡੀਜ਼ਲ ਦੀਆਂ ਦਰਾਂ ਵਿੱਚ ਵੀ ਵਾਧਾ ਹੋਇਆ ਹੈ। ਦੇਸ਼ ਦੇ ਹੋਰ ਵੱਡੇ ਸ਼ਹਿਰਾਂ ਵਿੱਚ ਵੀ ਖਪਤਕਾਰ ਮਹਿੰਗੇ ਈਂਧਨ ਦਾ ਬੋਝ ਝੱਲ ਰਹੇ ਹਨ, ਜਿਸ ਕਾਰਨ ਮਹਿੰਗਾਈ ਦੇ ਦਬਾਅ ਵਿੱਚ ਹੋਰ ਵਾਧਾ ਮਹਿਸੂਸ ਕੀਤਾ ਜਾ ਰਿਹਾ ਹੈ।

ਘਰੇਲੂ ਕੀਮਤਾਂ ’ਤੇ ਫਿਲਹਾਲ ਕੋਈ ਅਸਰ ਨਹੀਂ

ਮਾਹਿਰਾਂ ਦਾ ਮੰਨਣਾ ਹੈ ਕਿ ਨਿਰਯਾਤ ਡਿਊਟੀ ਵਿੱਚ ਕੀਤੀ ਗਈ ਇਹ ਕਟੌਤੀ ਮੁੱਖ ਤੌਰ ’ਤੇ ਤੇਲ ਕੰਪਨੀਆਂ ਦੇ ਵਪਾਰਕ ਹਿਤਾਂ ਨਾਲ ਜੁੜੀ ਹੋਈ ਹੈ। ਜਦ ਤੱਕ ਘਰੇਲੂ ਕਰਾਂ ਜਾਂ ਐਕਸਾਈਜ਼ ਢਾਂਚੇ ਵਿੱਚ ਤਬਦੀਲੀ ਨਹੀਂ ਹੁੰਦੀ, ਉਦੋਂ ਤੱਕ ਪੈਟਰੋਲ ਪੰਪਾਂ ’ਤੇ ਵੇਚੇ ਜਾਣ ਵਾਲੇ ਈਂਧਨ ਦੀਆਂ ਕੀਮਤਾਂ ਵਿੱਚ ਕਿਸੇ ਵੱਡੀ ਕਮੀ ਦੀ ਸੰਭਾਵਨਾ ਨਹੀਂ ਹੈ।

ਸ਼ਰਮਨਾਕ ਹਾਰ ਤੋਂ ਬੁਖਲਾਈ ਵਿਰੋਧੀ ਧਿਰ, ਲੋਕਾਂ ਦੇ ਸਪੱਸ਼ਟ ਫਤਵੇ ਦੇ ਬਾਵਜੂਦ ਪੰਜਾਬ ਦੀਆਂ ਸਭ ਤੋਂ ਅਮਨ-ਅਮਾਨ ਵਾਲੀਆਂ ਨਿਗਮ ਚੋਣਾਂ ‘ਤੇ ਸਵਾਲ ਚੁੱਕ ਰਹੀ ਹੈ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨਗਰ ਨਿਗਮ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਜਾਣ ਤੋਂ ਬਾਅਦ ਬੁਖਲਾਹਟ ਵਿੱਚ ਆ ਕੇ ਵਿਰੋਧੀ ਪਾਰਟੀਆਂ ਨੇ ਹੁਣ ਚੋਣਾਂ ‘ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਮੁੱਖ ਮੰਤਰੀ ਨੇ ਇਨ੍ਹਾਂ ਚੋਣਾਂ ਨੂੰ ਸੂਬੇ ਵਿੱਚ ਹੁਣ ਤੱਕ ਦੀਆਂ ਸਭ ਤੋਂ ਸ਼ਾਂਤੀਪੂਰਨ, ਸੁਤੰਤਰ ਅਤੇ ਪਾਰਦਰਸ਼ੀ ਸਥਾਨਕ ਚੋਣਾਂ ਦੱਸਿਆ।

ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਇਹ ਯਕੀਨੀ ਬਣਾਇਆ ਕਿ ਇਹ ਸਥਾਨਕ ਚੋਣਾਂ ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਤਰੀਕੇ ਨਾਲ ਨੇਪਰੇ ਚੜ੍ਹਨ। ਸੂਬਾ ਸਰਕਾਰ ਦੇ ਉਹ ਕਰਮਚਾਰੀ ਸ਼ਲਾਘਾ ਦੇ ਹੱਕਦਾਰ ਹਨ ਜੋ ਇਨ੍ਹਾਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਂਦੇ ਰਹੇ। ਹਾਲਾਂਕਿ, ਵਿਰੋਧੀ ਧਿਰ ਆਪਣੀ ਸ਼ਰਮਨਾਕ ਹਾਰ ਨੂੰ ਹਜ਼ਮ ਨਹੀਂ ਕਰ ਪਾ ਰਹੀ ਹੈ ਅਤੇ ਹੁਣ ਨਤੀਜਿਆਂ ‘ਤੇ ਬੇਲੋੜਾ ਹੋ-ਹੱਲਾ ਮਚਾ ਰਹੀ ਹੈ।”

ਉਨ੍ਹਾਂ ਕਿਹਾ ਕਿ ਚੋਣਾਂ ਦੀ ਨਿਰਪੱਖਤਾ ਇਸ ਤੱਥ ਤੋਂ ਸਪੱਸ਼ਟ ਹੁੰਦੀ ਹੈ ਕਿ ਕਈ ਵਾਰਡਾਂ ਅਤੇ ਸਥਾਨਕ ਸੰਸਥਾਵਾਂ ਵਿੱਚ ਵਿਰੋਧੀ ਧਿਰ ਦੇ ਉਮੀਦਵਾਰ ਵੀ ਜੇਤੂ ਰਹੇ ਹਨ, ਜਿਨ੍ਹਾਂ ਵਿੱਚ ਬਹੁਤ ਹੀ ਮਾਮੂਲੀ ਫਰਕ (ਘੱਟ ਵੋਟਾਂ) ਵਾਲੇ ਮੁਕਾਬਲੇ ਵੀ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ, “ਇਨ੍ਹਾਂ ਚੋਣਾਂ ਦੀ ਪਾਰਦਰਸ਼ਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਕਈ ਹਲਕਿਆਂ ਵਿੱਚ ਵਿਰੋਧੀ ਧਿਰ ਦੇ ਉਮੀਦਵਾਰਾਂ ਨੇ ਸੀਟਾਂ ਜਿੱਤੀਆਂ, ਕਈਆਂ ਨੇ ਤਾਂ ਬਹੁਤ ਹੀ ਘੱਟ ਫਰਕ ਨਾਲ ਜਿੱਤ ਹਾਸਲ ਕੀਤੀ। ਇਸ ਤੋਂ ਲੋਕਾਂ ਦੀ ਅਸਲ ਇੱਛਾ ਸ਼ਕਤੀ ਦਾ ਪਤਾ ਲਗਦਾ ਹੈ।”

ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਨੂੰ ਪੰਜਾਬ ਦੇ ਲੋਕਾਂ ਵੱਲੋਂ ਵਾਰ-ਵਾਰ ਨਕਾਰਿਆ ਗਿਆ ਹੈ ਕਿਉਂਕਿ ਉਹ ਕੋਈ ਵੀ ਸਕਾਰਾਤਮਕ ਏਜੰਡਾ ਪੇਸ਼ ਕਰਨ ਵਿੱਚ ਅਸਫਲ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਚਾਰ ਸਾਲਾਂ ਦੌਰਾਨ  ਪੂਰੇ ਪੰਜਾਬ ਦੇ ਲੋਕ ‘ਆਪ’ ਅਤੇ ਇਸ ਦੀਆਂ ਲੋਕ-ਪੱਖੀ ਨੀਤੀਆਂ ਨਾਲ ਚੱਟਾਨ ਵਾਂਗ ਖੜ੍ਹੇ ਹਨ। ਅਸੀਂ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹਰ ਜ਼ਿਮਨੀ ਚੋਣ, ਪੰਚਾਇਤ ਚੋਣ, ਜ਼ਿਲ੍ਹਾ ਪ੍ਰੀਸ਼ਦ ਚੋਣ, ਨਗਰ ਨਿਗਮ ਚੋਣ ਅਤੇ ਹੋਰ ਚੋਣ ਮੁਕਾਬਲੇ ਜਿੱਤੇ ਹਨ। ਇਹ ਨਤੀਜੇ ਉਸ ਅਥਾਹ ਵਿਸ਼ਵਾਸ ਨੂੰ ਦਰਸਾਉਂਦੇ ਹਨ ਜੋ ਪੰਜਾਬੀਆਂ ਨੇ ਸਾਡੀ ਸਰਕਾਰ ਵਿੱਚ ਪ੍ਰਗਟਾਇਆ ਹੈ।”

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਬਾਰੇ ਪੁੱਛੇ ਗਏ ਇੱਕ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਿੱਪਣੀ ਕੀਤੀ, “ਕੈਪਟਨ ਅਮਰਿੰਦਰ ਸਿੰਘ ਦੇ ਨੇੜੇ ਹਮੇਸ਼ਾ ਕੇਵਲ ਸਿੰਘ ਢਿੱਲੋਂ ਨੂੰ ਹੀ ਸਮਝਿਆ ਜਾਂਦਾ ਸੀ। ਹੁਣ ਦੋਵੇਂ ਆਗੂ ਵੱਖੋ-ਵੱਖਰੇ ਰਾਹਾਂ ‘ਤੇ ਚੱਲਦੇ ਪ੍ਰਤੀਤ ਹੁੰਦੇ ਹਨ ਅਤੇ ਇਸ ਬਦਲਾਅ ਦੇ ਕਾਰਨ ਸਿਰਫ਼ ਉਹੀ ਜਾਣਦੇ ਹਨ। ਇਹ ਇੱਕ ਰਹੱਸ ਬਣਿਆ ਹੋਇਆ ਹੈ ਕਿ ਦੋਵਾਂ ਵਿਚਾਲੇ ਆਪਸੀ ਗਰਮਜੋਸ਼ੀ ਕਿਉਂ ਖ਼ਤਮ ਹੋ ਗਈ ਹੈ।”

ਪਿਛਲੇ ਸਿਆਸੀ ਘਟਨਾਕ੍ਰਮ ਨੂੰ ਯਾਦ ਕਰਦਿਆਂ ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਾਲ 2019 ਦੀਆਂ ਲੋਕ ਸਭਾ ਚੋਣਾਂ ਮੌਕੇ ਸੰਗਰੂਰ ਤੋਂ ਚੋਣ ਲੜਨ ਵੇਲੇ ਕੇਵਲ ਸਿੰਘ ਢਿੱਲੋਂ ਦੀ ਹਮਾਇਤ ਕੀਤੀ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਜ਼ਾਦ ਉਮੀਦਵਾਰਾਂ ਨੇ ਵੀ ਭਾਜਪਾ ਨਾਲੋਂ ਵੱਧ ਸੀਟਾਂ ਹਾਸਲ ਕੀਤੀਆਂ ਹਨ। ਪੰਜਾਬ ਦੇ ਲੋਕਾਂ ਨੇ ਭਾਜਪਾ ਨੂੰ ਪੰਜਵੇਂ ਸਥਾਨ ‘ਤੇ ਧੱਕ ਦਿੱਤਾ ਹੈ। ਇਹ ਫਤਵਾ ਸਪੱਸ਼ਟ ਤੌਰ ‘ਤੇ ਲੋਕਾਂ ਦੁਆਰਾ ਇਸ ਦੇ ਨਕਾਰਾਤਮਕ ਏਜੰਡੇ ਨੂੰ ਰੱਦ ਕਰਨ ਦਾ ਪ੍ਰਤੀਕ ਹੈ।” ਸੂਬੇ ਦੇ ਭਵਿੱਖ ਦੀਆਂ ਸਿਆਸੀ ਪ੍ਰਸਥਿਤੀਆਂ ‘ਤੇ ਭਰੋਸਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਗੱਲ ਸ਼ੀਸ਼ੇ ਵਾਂਗ ਸਾਫ਼ ਹੈ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ, ਅਕਾਲੀ ਅਤੇ ਭਾਜਪਾ ਦੂਜੇ, ਤੀਜੇ ਅਤੇ ਚੌਥੇ ਸਥਾਨ ਲਈ ਲੜਨਗੇ, ਜਦੋਂਕਿ ‘ਆਪ’ ਲੋਕਾਂ ਦੇ ਆਸ਼ੀਰਵਾਦ ਅਤੇ ਸਹਿਯੋਗ ਨਾਲ ਸੌਖਿਆ ਹੀ ਸਰਕਾਰ ਬਣਾਏਗੀ।”

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ

ਚੰਡੀਗੜ੍ਹ : ਪੰਜਾਬ ਲਈ ਇੱਕ ਇਤਿਹਾਸਕ ਪਲ ਉਸ ਮੌਕੇ ਆਇਆ ਜਦੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ(ਐਮਆਰਐਸਏਐਫਪੀਆਈ, ਐਸਏਐਸ ਨਗਰ ਦੇ ਪੰਜ ਸਾਬਕਾ ਕੈਡਿਟ ਅੱਜ ਪੁਣੇ ਦੇ ਖੜਕਵਾਸਲਾ ਸਥਿਤ ਵੱਕਾਰੀ ਕੌਮੀ ਰੱਖਿਆ ਅਕੈਡਮੀ (ਐਨਡੀਏ) ਤੋਂ ਗ੍ਰੈਜੂਏਟ ਹੋਏ। ਦੱਸਣਯੋਗ ਹੈ ਕਿ ਚੀਫ਼ ਆਫ਼ ਆਰਮੀ ਸਟਾਫ਼ ਜਨਰਲ ਉਪੇਂਦਰ ਦਿਵੇਦੀ, ਪੀਵੀਐਸਐਮ, ਏਵੀਐਸਐਮ ਦੁਆਰਾ 150ਵੇਂ ਐਨਡੀਏ ਕੋਰਸ ਦੀ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ ਗਿਆ।

ਪੰਜ ਕੈਡਿਟਾਂ ਜਿਨ੍ਹਾਂ ਵਿੱਚ ਸੰਗਰੂਰ ਦੇ ਜਸਕੀਰਤਨ ਸਿੰਘ, ਜਲੰਧਰ ਦੇ ਮਨਜੋਤ ਸਿੰਘ ਵਾਲੀਆ ਅਤੇ ਧਰੁਵ ਭੰਡਾਰੀ, ਪਟਿਆਲਾ ਦੇ ਹਰਸ਼ਦੀਪ ਸਿੰਘ ਅਤੇ ਮੋਹਾਲੀ ਦੇ ਪਾਰਥ ਕਵੀ ਸ਼ਾਮਲ ਹਨ, ਨੇ ਐਮਆਰਐਸਏਐਫਪੀਆਈ ਵਿੱਚ ਦੋ ਸਾਲਾਂ ਦੀ ਬੁਨਿਆਦੀ ਸਿਖਲਾਈ ਸਦਕਾ ਐਨਡੀਏ ਤੋਂ ਤਿੰਨ ਸਾਲਾਂ ਦੀ ਸਖ਼ਤ ਟ੍ਰੇਨਿੰਗ ਪੂਰੀ ਕੀਤੀ ਹੈ। ਜ਼ਿਕਰਯੋਗ ਹੈ ਕਿ ਸੰਸਥਾ ਵਿੱਚ ਇਨ੍ਹਾਂ ਨੇ ਆਪਣੀ ਜ਼ਿਆਦਾਤਰ ਸਿਖਲਾਈ ਕੋਵਿਡ-19 ਮਹਾਂਮਾਰੀ ਦੇ ਮੁਸ਼ਕਿਲ ਸਮੇਂ ਦੌਰਾਨ ਪੂਰੀ ਕੀਤੀ ਸੀ, ਜੋ ਉਨ੍ਹਾਂ ਦੇ ਮਿਹਨਤੀ ਜਜ਼ਬੇ ਦਾ ਪ੍ਰਤੱਖ ਪ੍ਰਮਾਣ ਹੈ। ਇਹ ਕੈਡਿਟ ਹੁਣ ਆਪਣੀਆਂ ਸਬੰਧਤ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿਖੇ ਜੁਆਇਨ ਕਰਨਗੇ, ਜਿੱਥੋਂ ਅਗਲੇ ਸਾਲ ਦੌਰਾਨ ਉਹ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣ ਜਾਣਗੇ।

ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਨੌਜਵਾਨਾਂ ਦੀ ਸਫ਼ਲਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦੇਸ਼ ਦੀਆਂ ਰੱਖਿਆ ਸੇਵਾਵਾਂ ਵਾਸਤੇ ਸਾਡੇ ਨੌਜਵਾਨਾਂ ਨੂੰ ਤਿਆਰ ਕਰਨ ਦੀ ਪਹਿਲਕਦਮੀ ਦਾ ਪ੍ਰਤੱਖ ਪ੍ਰਮਾਣ ਹੈ। ਉਨ੍ਹਾਂ ਨੇ ਕੈਡਿਟਾਂ ਨੂੰ ਫੌਜ ਵਿੱਚ ਪੱਕੀ ਵਚਨਬੱਧਤਾ ਨਾਲ ਸੇਵਾ ਕਰਦਿਆਂ ਦੇਸ਼ ਤੇ ਸੂਬੇ ਦਾ ਮਾਣ ਵਧਾਉਣ ਲਈ ਪ੍ਰੇਰਿਤ ਕੀਤਾ।

ਐਮਆਰਐਸਏਐਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ (ਵੀਐਸਐਮ) ਨੇ ਕਿਹਾ ਕਿ ਇਹ ਸਫਲ ਗਤੀ ਭਵਿੱਖ ਵਿੱਚ ਵੀ ਜਾਰੀ ਰਹੇਗੀ ਕਿਉਂਕਿ 25 ਹੋਰ ਕੈਡਿਟ ਐਸਐਸਬੀ ਇੰਟਰਵਿਊ ਲਈ ਤਿਆਰ ਹਨ। ਇਨ੍ਹਾਂ ਨੌਜਵਾਨਾਂ ਦੀਆਂ ਇਹ ਪ੍ਰਾਪਤੀਆਂ ਸਾਡੀ ਸੰਸਥਾ ਅਤੇ ਪੂਰੇ ਪੰਜਾਬ ਲਈ ਮਾਣ ਵਾਲੀ ਗੱਲ ਹਨ।

ਪੰਜਾਬ ਕੈਬਨਿਟ ਦਾ ਇਤਿਹਾਸਕ ਫ਼ੈਸਲਾ: 65 ਹਜ਼ਾਰ ਤੋਂ ਵੱਧ ਮੁਲਾਜ਼ਮਾਂ ਲਈ ਪੱਕੀ ਨੌਕਰੀ ਦਾ ਰਾਹ ਸਾਫ਼, ਠੇਕੇਦਾਰੀ ਪ੍ਰਥਾ ਖ਼ਤਮ ਕਰਨ ਨੂੰ ਮਨਜ਼ੂਰੀ

ਚੰਡੀਗੜ੍ਹ :- ਪੰਜਾਬ ਸਰਕਾਰ ਨੇ ਸੂਬੇ ਦੇ ਹਜ਼ਾਰਾਂ ਮੁਲਾਜ਼ਮਾਂ ਨਾਲ ਜੁੜਿਆ ਇੱਕ ਵੱਡਾ ਅਤੇ ਦੂਰਗਾਮੀ ਫ਼ੈਸਲਾ ਲੈਂਦਿਆਂ ਸਰਕਾਰੀ ਵਿਭਾਗਾਂ ਵਿੱਚ ਚੱਲ ਰਹੀ ਪੁਰਾਣੀ ਠੇਕੇਦਾਰੀ ਪ੍ਰਥਾ ਨੂੰ ਖ਼ਤਮ ਕਰਨ ਵੱਲ ਵੱਡਾ ਕਦਮ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਦੌਰਾਨ 65 ਹਜ਼ਾਰ ਤੋਂ ਵੱਧ ਕਰਮਚਾਰੀਆਂ ਨੂੰ ਪੱਕੇ ਰੁਜ਼ਗਾਰ ਵੱਲ ਲਿਜਾਣ ਲਈ ਰੋਡਮੈਪ ਨੂੰ ਮਨਜ਼ੂਰੀ ਦੇ ਦਿੱਤੀ ਗਈ।

ਆਊਟਸੋਰਸ ਮੁਲਾਜ਼ਮਾਂ ਨੂੰ ਸਰਕਾਰ ਦੇ ਸਿੱਧੇ ਦਾਇਰੇ ਵਿੱਚ ਲਿਆਂਦਾ ਜਾਵੇਗਾ

ਕੈਬਨਿਟ ਨੇ ਫ਼ੈਸਲਾ ਕੀਤਾ ਹੈ ਕਿ ਸਰਕਾਰੀ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਆਊਟਸੋਰਸ ਪ੍ਰਣਾਲੀ ਰਾਹੀਂ ਸੇਵਾਵਾਂ ਦੇ ਰਹੇ ਗਰੁੱਪ ‘ਸੀ’ ਅਤੇ ‘ਡੀ’ ਦੇ ਕਰਮਚਾਰੀਆਂ ਨੂੰ ਪੜਾਅਵਾਰ ਢੰਗ ਨਾਲ ਸਿੱਧੇ ਸਰਕਾਰੀ ਕੰਟਰੈਕਟ ਅਧੀਨ ਲਿਆਂਦਾ ਜਾਵੇਗਾ। ਇਸ ਨਾਲ ਮੁਲਾਜ਼ਮਾਂ ਅਤੇ ਸਰਕਾਰ ਵਿਚਕਾਰ ਕੰਮ ਕਰ ਰਹੇ ਵਿਚੋਲੇ ਠੇਕੇਦਾਰਾਂ ਦੀ ਭੂਮਿਕਾ ਖ਼ਤਮ ਹੋ ਜਾਵੇਗੀ ਅਤੇ ਕਰਮਚਾਰੀਆਂ ਨੂੰ ਨੌਕਰੀ ਸਬੰਧੀ ਵਧੇਰੇ ਸੁਰੱਖਿਆ ਮਿਲੇਗੀ।

ਦੋ ਨਵੇਂ ਕਾਨੂੰਨਾਂ ਰਾਹੀਂ ਲਾਗੂ ਹੋਵੇਗੀ ਨਵੀਂ ਪ੍ਰਣਾਲੀ

ਸਰਕਾਰ ਵੱਲੋਂ ਇਸ ਸੁਧਾਰ ਨੂੰ ਲਾਗੂ ਕਰਨ ਲਈ ਦੋ ਨਵੇਂ ਕਾਨੂੰਨੀ ਪ੍ਰਬੰਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਨ੍ਹਾਂ ਤਹਿਤ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧੇ ਸਰਕਾਰੀ ਢਾਂਚੇ ਵਿੱਚ ਸ਼ਾਮਲ ਕਰਨ ਅਤੇ ਮਨਜ਼ੂਰਸ਼ੁਦਾ ਅਸਾਮੀਆਂ ਖ਼ਿਲਾਫ਼ ਉਨ੍ਹਾਂ ਨੂੰ ਪੱਕੇ ਕਰਨ ਦਾ ਰਾਹ ਤੈਅ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੁਰਾਣੇ ਕਾਨੂੰਨੀ ਢਾਂਚੇ ਨੂੰ ਰੱਦ ਕਰਨ ਦਾ ਫ਼ੈਸਲਾ ਵੀ ਲਿਆ ਗਿਆ ਹੈ।

ਪੰਜ ਸਾਲ ਸੇਵਾ ਕਰਨ ਵਾਲਿਆਂ ਨੂੰ ਮਿਲੇਗਾ ਵਿਸ਼ੇਸ਼ ਲਾਭ

ਨਵੀਂ ਨੀਤੀ ਅਨੁਸਾਰ ਪੰਜ ਸਾਲ ਜਾਂ ਇਸ ਤੋਂ ਵੱਧ ਸਮੇਂ ਤੋਂ ਲਗਾਤਾਰ ਸੇਵਾ ਨਿਭਾ ਰਹੇ ਆਊਟਸੋਰਸ ਕਰਮਚਾਰੀਆਂ ਨੂੰ ਸਰਕਾਰੀ ਕੰਟਰੈਕਟ ਪ੍ਰਣਾਲੀ ਵਿੱਚ ਸ਼ਾਮਲ ਕੀਤਾ ਜਾਵੇਗਾ। ਜਦਕਿ ਜੋਖ਼ਿਮ ਭਰੇ ਖੇਤਰਾਂ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਲਈ ਇਹ ਮਿਆਦ ਤਿੰਨ ਸਾਲ ਰੱਖੀ ਗਈ ਹੈ। ਇਸ ਫ਼ੈਸਲੇ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਰਾਹਤ ਮਿਲਣ ਦੀ ਉਮੀਦ ਹੈ।

ਮੁਲਾਜ਼ਮਾਂ ਨੂੰ ਮਿਲੇਗੀ ਨੌਕਰੀ ਦੀ ਸੁਰੱਖਿਆ ਅਤੇ ਮਾਣ-ਸਨਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਲਾਂ ਤੋਂ ਸੂਬੇ ਦੀ ਸੇਵਾ ਕਰ ਰਹੇ ਕਰਮਚਾਰੀਆਂ ਨੂੰ ਹੁਣ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਕਰਮਚਾਰੀਆਂ ਨੂੰ ਨੌਕਰੀ ਦੀ ਸਥਿਰਤਾ, ਸਨਮਾਨ ਅਤੇ ਭਵਿੱਖ ਲਈ ਭਰੋਸਾ ਪ੍ਰਦਾਨ ਕਰਨਾ ਹੈ। ਹੁਣ ਕਿਸੇ ਵੀ ਕਰਮਚਾਰੀ ਨੂੰ ਆਪਣੇ ਹੱਕਾਂ ਲਈ ਵਿਚੋਲਿਆਂ ’ਤੇ ਨਿਰਭਰ ਨਹੀਂ ਰਹਿਣਾ ਪਵੇਗਾ।

ਭ੍ਰਿਸ਼ਟਾਚਾਰ ਮਾਮਲਿਆਂ ਲਈ ਵਿਸ਼ੇਸ਼ ਅਦਾਲਤਾਂ ਨੂੰ ਵੀ ਹਰੀ ਝੰਡੀ

ਕੈਬਨਿਟ ਮੀਟਿੰਗ ਦੌਰਾਨ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲਿਆਂ ਦੀ ਤੇਜ਼ ਸੁਣਵਾਈ ਲਈ ਸੱਤ ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਦੇ ਪ੍ਰਸਤਾਵ ਨੂੰ ਵੀ ਮਨਜ਼ੂਰੀ ਦਿੱਤੀ ਗਈ। ਇਸ ਤੋਂ ਇਲਾਵਾ ਬਕਾਇਆ ਮਹਿੰਗਾਈ ਭੱਤੇ ਅਤੇ ਪੈਨਸ਼ਨ ਨਾਲ ਸਬੰਧਤ ਮਸਲਿਆਂ ਦੇ ਨਿਪਟਾਰੇ ਲਈ ਮੰਤਰੀ ਮੰਡਲ ਦੀ ਕਮੇਟੀ ਦਾ ਪੁਨਰਗਠਨ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ।

ਸੂਬੇ ਦੇ ਮੁਲਾਜ਼ਮ ਵਰਗ ਲਈ ਮੀਲ ਪੱਥਰ ਸਾਬਤ ਹੋ ਸਕਦਾ ਹੈ ਫ਼ੈਸਲਾ

ਰਾਜਨੀਤਿਕ ਅਤੇ ਪ੍ਰਸ਼ਾਸਕੀ ਹਲਕਿਆਂ ਵਿੱਚ ਇਸ ਫ਼ੈਸਲੇ ਨੂੰ ਪੰਜਾਬ ਦੇ ਮੁਲਾਜ਼ਮ ਵਰਗ ਲਈ ਇੱਕ ਇਤਿਹਾਸਕ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਨਾਲ ਹਜ਼ਾਰਾਂ ਆਊਟਸੋਰਸ ਅਤੇ ਕੰਟਰੈਕਟ ਕਰਮਚਾਰੀਆਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਸਰਕਾਰੀ ਨੌਕਰੀਆਂ ਵਿੱਚ ਪਾਰਦਰਸ਼ਤਾ ਅਤੇ ਸਥਿਰਤਾ ਨੂੰ ਵੀ ਬਲ ਮਿਲੇਗਾ।

ਜਲੰਧਰ-ਲੁਧਿਆਣਾ ਹਾਈਵੇਅ ਤੇ ਦਿਨ-ਦਿਹਾੜੇ ਗੋਲੀਆਂ ਚਲਾ ਕੇ ਆਰਟੀਆਈ ਕਾਰਕੁੰਨ ਤੇ ਵਕੀਲ ਸਿਮਰਨਜੀਤ ਸਿੰਘ ਦਾ ਕਤਲ

ਜਲੰਧਰ :- ਜਲੰਧਰ-ਲੁਧਿਆਣਾ ਹਾਈਵੇਅ ਤੇ ਸਥਿਤ ਚਹੇੜੂ ਇਲਾਕੇ ਨੇੜੇ ਸ਼ਨੀਵਾਰ ਨੂੰ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਅਣਪਛਾਤੇ ਹਮਲਾਵਰਾਂ ਨੇ ਆਰਟੀਆਈ ਕਾਰਕੁੰਨ ਅਤੇ ਵਕੀਲ ਸਿਮਰਨਜੀਤ ਸਿੰਘ ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਸਿਮਰਨਜੀਤ ਸਿੰਘ ਨੇ ਮੌਕੇ ਤੇ ਹੀ ਦਮ ਤੋੜ ਦਿੱਤਾ। ਇਸ ਘਟਨਾ ਨੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ।

ਹਮਲਾਵਰਾਂ ਨੇ ਨਿਸ਼ਾਨਾ ਬਣਾ ਕੇ ਕੀਤੀ ਗੋਲੀਬਾਰੀ

ਪ੍ਰਾਪਤ ਜਾਣਕਾਰੀ ਅਨੁਸਾਰ ਹਮਲਾਵਰ ਪੂਰੀ ਤਿਆਰੀ ਨਾਲ ਆਏ ਸਨ ਅਤੇ ਉਨ੍ਹਾਂ ਨੇ ਸਿਮਰਨਜੀਤ ਸਿੰਘ ਨੂੰ ਨਿਸ਼ਾਨਾ ਬਣਾ ਕੇ ਹਮਲਾ ਕੀਤਾ। ਗੋਲੀਬਾਰੀ ਦੌਰਾਨ ਉਨ੍ਹਾਂ ਨੂੰ ਕਈ ਗੋਲੀਆਂ ਲੱਗੀਆਂ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

ਕਤਲ ਦੇ ਕਾਰਨਾਂ ਬਾਰੇ ਅਜੇ ਤੱਕ ਸਥਿਤੀ ਸਪੱਸ਼ਟ ਨਹੀਂ

ਪੁਲਿਸ ਅਧਿਕਾਰੀਆਂ ਮੁਤਾਬਕ ਕਤਲ ਦੇ ਪਿੱਛੇ ਦੇ ਕਾਰਨਾਂ ਬਾਰੇ ਫਿਲਹਾਲ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ। ਜਾਂਚ ਟੀਮਾਂ ਵੱਖ-ਵੱਖ ਪੱਖਾਂ ਨੂੰ ਧਿਆਨ ਵਿੱਚ ਰੱਖ ਕੇ ਮਾਮਲੇ ਦੀ ਪੜਤਾਲ ਕਰ ਰਹੀਆਂ ਹਨ ਅਤੇ ਘਟਨਾ ਨਾਲ ਜੁੜੇ ਸਾਰੇ ਸੰਭਾਵਿਤ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਮੁਲਜ਼ਮਾਂ ਦੀ ਭਾਲ ਲਈ ਪੁਲਿਸ ਨੇ ਤੇਜ਼ ਕੀਤੀ ਜਾਂਚ

ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਅਤੇ ਸਬੂਤ ਇਕੱਠੇ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਪਹੁੰਚਣ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਕਾਬੂ ਕਰਨ ਲਈ ਯਤਨ ਜਾਰੀ ਹਨ।

ਪੰਜਾਬ ਦੇ ਸਾਰੇ ਸਕੂਲਾਂ ਵਿੱਚ 30 ਜੂਨ ਤੱਕ ਛੁੱਟੀਆਂ ਦਾ ਐਲਾਨ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹੁਕਮ!

ਚੰਡੀਗੜ੍ਹ :- ਪੰਜਾਬ ਵਿੱਚ ਲਗਾਤਾਰ ਵਧ ਰਹੇ ਤਾਪਮਾਨ ਅਤੇ ਗਰਮੀ ਦੀ ਲਹਿਰ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਮੁਤਾਬਕ ਸੂਬੇ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲ 1 ਜੂਨ ਤੋਂ 30 ਜੂਨ 2026 ਤੱਕ ਬੰਦ ਰਹਿਣਗੇ। ਇਹ ਫ਼ੈਸਲਾ ਬੱਚਿਆਂ ਨੂੰ ਅੱਤ ਦੀ ਗਰਮੀ ਤੋਂ ਬਚਾਉਣ ਅਤੇ ਉਨ੍ਹਾਂ ਦੀ ਸਿਹਤ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।

ਸੂਬੇ ਭਰ ਦੇ ਸਾਰੇ ਸਕੂਲਾਂ ‘ਤੇ ਇੱਕੋ ਜਿਹੇ ਲਾਗੂ ਹੋਣਗੇ ਹੁਕਮ

ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਜਾਰੀ ਅਧਿਕਾਰਕ ਨੋਟੀਫਿਕੇਸ਼ਨ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਛੁੱਟੀਆਂ ਪੰਜਾਬ ਦੇ ਹਰ ਵਰਗ ਦੇ ਸਕੂਲਾਂ ਲਈ ਲਾਗੂ ਹੋਣਗੀਆਂ। ਵਿਭਾਗ ਦਾ ਮੰਨਣਾ ਹੈ ਕਿ ਮੌਜੂਦਾ ਮੌਸਮੀ ਹਾਲਾਤਾਂ ਕਾਰਨ ਵਿਦਿਆਰਥੀਆਂ ਨੂੰ ਸਕੂਲ ਭੇਜਣਾ ਜੋਖਮ ਭਰਿਆ ਹੋ ਸਕਦਾ ਹੈ, ਜਿਸ ਕਰਕੇ ਇਹ ਕਦਮ ਚੁੱਕਿਆ ਗਿਆ ਹੈ।

ਹਰਿਆਣਾ ਅਤੇ ਚੰਡੀਗੜ੍ਹ ਪਹਿਲਾਂ ਹੀ ਕਰ ਚੁੱਕੇ ਹਨ ਛੁੱਟੀਆਂ ਦਾ ਐਲਾਨ

ਜ਼ਿਕਰਯੋਗ ਹੈ ਕਿ ਪੰਜਾਬ ਤੋਂ ਪਹਿਲਾਂ ਹਰਿਆਣਾ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੀ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਚੁੱਕੇ ਹਨ। ਉੱਥੇ ਸਕੂਲਾਂ ਵਿੱਚ ਮਈ ਮਹੀਨੇ ਦੇ ਆਖ਼ਰੀ ਹਫ਼ਤੇ ਤੋਂ ਹੀ ਛੁੱਟੀਆਂ ਸ਼ੁਰੂ ਹੋ ਚੁੱਕੀਆਂ ਹਨ। ਹੁਣ ਪੰਜਾਬ ਸਰਕਾਰ ਦੇ ਫ਼ੈਸਲੇ ਨਾਲ ਤਿੰਨਾਂ ਖੇਤਰਾਂ ਦੇ ਵਿਦਿਆਰਥੀਆਂ ਨੂੰ ਇਕੱਠੇ ਹੀ ਗਰਮੀਆਂ ਦੀਆਂ ਛੁੱਟੀਆਂ ਦਾ ਲਾਭ ਮਿਲੇਗਾ।

ਮੀਂਹ ਨੇ ਦਿੱਤੀ ਕੁਝ ਰਾਹਤ, ਤਾਪਮਾਨ ਵਿੱਚ ਆਈ ਕਮੀ

ਇਸ ਦੌਰਾਨ ਸ਼ਨੀਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ ਵਿੱਚ ਹੋਈ ਵਰਖਾ ਨੇ ਲੋਕਾਂ ਨੂੰ ਕੁਝ ਰਾਹਤ ਮਹਿਸੂਸ ਕਰਵਾਈ ਹੈ। ਪਿਛਲੇ ਕਈ ਦਿਨਾਂ ਤੋਂ ਪੈ ਰਹੀ ਤਿੱਖੀ ਧੁੱਪ ਅਤੇ ਲੂ ਕਾਰਨ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਵੀ ਮੁਸ਼ਕਲ ਹੋ ਗਿਆ ਸੀ। ਮੀਂਹ ਪੈਣ ਤੋਂ ਬਾਅਦ ਕਈ ਸ਼ਹਿਰਾਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ, ਜਿਸ ਨਾਲ ਲੋਕਾਂ ਨੇ ਗਰਮੀ ਤੋਂ ਕੁਝ ਹੱਦ ਤੱਕ ਰਾਹਤ ਮਹਿਸੂਸ ਕੀਤੀ।

ਮੌਸਮ ਦੀ ਸਥਿਤੀ ‘ਤੇ ਸਰਕਾਰ ਦੀ ਲਗਾਤਾਰ ਨਜ਼ਰ

ਸਰਕਾਰੀ ਸੂਤਰਾਂ ਅਨੁਸਾਰ ਮੌਸਮ ਦੀ ਸਥਿਤੀ ‘ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਜੇਕਰ ਲੋੜ ਪਈ ਤਾਂ ਆਉਣ ਵਾਲੇ ਦਿਨਾਂ ਵਿੱਚ ਹੋਰ ਜ਼ਰੂਰੀ ਫ਼ੈਸਲੇ ਵੀ ਲਏ ਜਾ ਸਕਦੇ ਹਨ। ਫਿਲਹਾਲ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਜੂਨ ਮਹੀਨੇ ਦੌਰਾਨ ਸਕੂਲਾਂ ਤੋਂ ਛੁੱਟੀ ਰਹੇਗੀ।

LPU ਨੇੜੇ RTI Activist Simranjit Singh ਦੀ ਗੋਲੀਆਂ ਮਾਰ ਕੇ ਹੱਤਿਆ

ਜਲੰਧਰ, ENS : ਫਗਵਾੜਾ ਦੇ ਲਾਅ ਗੇਟ ਦੇ ਬਾਹਰ ਗੋਲੀਬਾਰੀ ਦੀ ਇੱਕ ਘਟਨਾ ਸਾਹਮਣੇ ਆਈ ਹੈ। ਜਿੱਥੇ ਜਲੰਧਰ ਦਾ ਵਸਿਕ ਆਰਟੀਆਈ ਐਕਟੀਵਿਸਟ ਸਿਮਰਨਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਨੇ ਇਲਾਕੇ ਵਿੱਚ ਦਹਸ਼ਤ ਪਾ ਦਿੱਤੀ ਹੈ। ਸਥਾਨਕ ਲੋਕਾਂ ਨੇ ਤੁਰੰਤ ਇਸ ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕੀਤਾ।

ਸੂਚਨਾ ਮਿਲਦੇ ਹੀ SP ਮਾਧਵੀ ਸ਼ਰਮਾ ਪੁਲਿਸ ਟੀਮ ਦੇ ਨਾਲ ਘਟਨਾ ਵਾਲੀ ਥਾਂ ‘ਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ । SP ਨੇ ਕਿਹਾ ਹੈ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਰਿਪੋਰਟਾਂ ਦੇ ਅਨੁਸਾਰ, ਸਿਰ ਵਿੱਚ ਗੋਲੀ ਲੱਗਣ ਕਾਰਨ ਸਿਮਰਨਜੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਅਬੋਹਰ – ਰਾਜਸਥਾਨ ਤੋਂ ਪੰਜਾਬ ਵਿੱਚ ਲਿਆਂਦੀ ਜਾ ਰਹੀ 22 ਕਿਲੋ ਭੁੱਕੀ ਸਮੇਤ ਤਿੰਨ ਨੌਜਵਾਨ ਕਾਬੂ,

ਅਬੋਹਰ :- ਅਬੋਹਰ ਦੇ ਖੁਈਆਂ ਸਰਵਰ ਥਾਣੇ ਦੀ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਤਿੰਨ ਨੌਜਵਾਨਾਂ ਨੂੰ ਭੁੱਕੀ ਦੀ ਵੱਡੀ ਖੇਪ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਕੀਤੀ ਕਾਰਵਾਈ ਦੌਰਾਨ 22 ਕਿਲੋਗ੍ਰਾਮ ਭੁੱਕੀ ਬਰਾਮਦ ਕੀਤੀ ਗਈ, ਜਿਸ ਨੂੰ ਰਾਜਸਥਾਨ ਤੋਂ ਪੰਜਾਬ ਅੰਦਰ ਲਿਆਂਦਾ ਜਾ ਰਿਹਾ ਸੀ।

ਗਸ਼ਤ ਦੌਰਾਨ ਪੁਲਿਸ ਨੂੰ ਹੋਇਆ ਸ਼ੱਕ

ਪੁਲਿਸ ਅਧਿਕਾਰੀਆਂ ਅਨੁਸਾਰ ਸਹਾਇਕ ਥਾਣਾ ਮੁਖੀ ਪ੍ਰਤਾਪ ਸਿੰਘ ਆਪਣੀ ਟੀਮ ਨਾਲ ਗੁਮਜਾਲ ਬੈਰੀਅਰ ਇਲਾਕੇ ਵਿੱਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਤਿੰਨ ਨੌਜਵਾਨ ਪਲਾਸਟਿਕ ਦੇ ਥੈਲੇ ਚੁੱਕੇ ਹੋਏ ਸਰਹੱਦੀ ਖੇਤਰ ਵੱਲੋਂ ਆਉਂਦੇ ਨਜ਼ਰ ਆਏ। ਉਨ੍ਹਾਂ ਦੀਆਂ ਹਰਕਤਾਂ ਸ਼ੱਕੀ ਲੱਗਣ ‘ਤੇ ਪੁਲਿਸ ਨੇ ਉਨ੍ਹਾਂ ਨੂੰ ਰੋਕ ਕੇ ਪੁੱਛਗਿੱਛ ਕੀਤੀ।

ਤਲਾਸ਼ੀ ਦੌਰਾਨ ਸਾਹਮਣੇ ਆਈ ਵੱਡੀ ਬਰਾਮਦਗੀ

ਜਦੋਂ ਪੁਲਿਸ ਨੇ ਉਨ੍ਹਾਂ ਕੋਲ ਮੌਜੂਦ ਥੈਲਿਆਂ ਦੀ ਜਾਂਚ ਕੀਤੀ ਤਾਂ ਉਨ੍ਹਾਂ ਵਿੱਚੋਂ ਕੁੱਲ 22 ਕਿਲੋਗ੍ਰਾਮ ਭੁੱਕੀ ਬਰਾਮਦ ਹੋਈ। ਇਸ ਤੋਂ ਬਾਅਦ ਪੁਲਿਸ ਨੇ ਤਿੰਨਾਂ ਨੂੰ ਮੌਕੇ ‘ਤੇ ਹੀ ਹਿਰਾਸਤ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।

ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ

ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਖ਼ਿਲਾਫ਼ ਨਸ਼ੀਲੇ ਪਦਾਰਥਾਂ ਸਬੰਧੀ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਤਸਕਰੀ ਦੇ ਪੂਰੇ ਨੈੱਟਵਰਕ ਤੱਕ ਪਹੁੰਚਿਆ ਜਾ ਸਕੇ।

ਸਪਲਾਈ ਚੇਨ ਅਤੇ ਸਾਥੀਆਂ ਬਾਰੇ ਹੋਵੇਗੀ ਡੂੰਘੀ ਜਾਂਚ

ਜਾਂਚ ਟੀਮ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਇਹ ਨਸ਼ੀਲਾ ਪਦਾਰਥ ਕਿੱਥੋਂ ਲਿਆਂਦਾ ਗਿਆ ਸੀ ਅਤੇ ਇਸ ਨੂੰ ਅੱਗੇ ਕਿਹੜੇ ਖੇਤਰਾਂ ਵਿੱਚ ਸਪਲਾਈ ਕੀਤਾ ਜਾਣਾ ਸੀ। ਪੁਲਿਸ ਨੂੰ ਸ਼ੱਕ ਹੈ ਕਿ ਇਸ ਮਾਮਲੇ ਦੇ ਤਾਰ ਇੱਕ ਵੱਡੇ ਤਸਕਰੀ ਗਿਰੋਹ ਨਾਲ ਜੁੜੇ ਹੋ ਸਕਦੇ ਹਨ।

ਪੁੱਛਗਿੱਛ ਤੋਂ ਹੋਰ ਖੁਲਾਸਿਆਂ ਦੀ ਉਮੀਦ

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਦੇ ਪੁਰਾਣੇ ਅਪਰਾਧਿਕ ਰਿਕਾਰਡ ਅਤੇ ਨਸ਼ਾ ਤਸਕਰੀ ਨਾਲ ਸੰਭਾਵਿਤ ਸਬੰਧਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਪੁੱਛਗਿੱਛ ਦੇ ਆਧਾਰ ‘ਤੇ ਉਮੀਦ ਜਤਾਈ ਜਾ ਰਹੀ ਹੈ ਕਿ ਇਸ ਮਾਮਲੇ ਵਿੱਚ ਹੋਰ ਮਹੱਤਵਪੂਰਨ ਜਾਣਕਾਰੀਆਂ ਸਾਹਮਣੇ ਆ ਸਕਦੀਆਂ ਹਨ।

ਲੁੱਟ-ਖੋਹ ਮਾਮਲੇ ‘ਚ ਫਰਾਰ ਮੁਲਜ਼ਮ ਕਾਬੂ, ਮੋਟਰਸਾਈਕਲ ਤੇ ਬੇਸਬਾਲ ਬਰਾਮਦ

ਜਲੰਧਰ :- ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਲੁੱਟ-ਖੋਹ ਦੇ ਇੱਕ ਮਾਮਲੇ ਵਿੱਚ ਅਹਿਮ ਸਫ਼ਲਤਾ ਮਿਲੀ ਹੈ। ਥਾਣਾ ਡਿਵੀਜ਼ਨ ਨੰਬਰ-1 ਦੀ ਪੁਲਿਸ ਟੀਮ ਨੇ ਵਾਰਦਾਤ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤੀ ਗਈ।

ਸਵੇਰ ਦੀ ਸੈਰ ਦੌਰਾਨ ਬਣਾਇਆ ਸੀ ਨਿਸ਼ਾਨਾ

ਪੁਲਿਸ ਅਨੁਸਾਰ ਕੁਝ ਦਿਨ ਪਹਿਲਾਂ ਸਵੇਰੇ ਸੈਰ ਲਈ ਨਿਕਲੇ ਇੱਕ ਵਿਅਕਤੀ ਨੂੰ ਦੋ ਨੌਜਵਾਨਾਂ ਨੇ ਮੋਟਰਸਾਈਕਲ ‘ਤੇ ਆ ਕੇ ਘੇਰ ਲਿਆ ਸੀ। ਦੋਸ਼ੀਆਂ ਨੇ ਉਸ ‘ਤੇ ਹਮਲਾ ਕਰਕੇ ਉਸ ਦਾ ਮੋਬਾਈਲ ਫੋਨ ਖੋਹ ਲਿਆ ਅਤੇ ਮੌਕੇ ਤੋਂ ਫਰਾਰ ਹੋ ਗਏ ਸਨ। ਘਟਨਾ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ।

ਇੱਕ ਨਾਬਾਲਗ ਪਹਿਲਾਂ ਹੀ ਆ ਚੁੱਕਾ ਸੀ ਪੁਲਿਸ ਅੜਿੱਕੇ

ਤਫ਼ਤੀਸ਼ ਦੌਰਾਨ ਪੁਲਿਸ ਨੇ ਮਾਮਲੇ ਨਾਲ ਸਬੰਧਤ ਇੱਕ ਨਾਬਾਲਗ ਨੂੰ ਪਹਿਲਾਂ ਹੀ ਕਾਬੂ ਕਰ ਲਿਆ ਸੀ। ਇਸ ਤੋਂ ਬਾਅਦ ਫਰਾਰ ਚੱਲ ਰਹੇ ਦੂਜੇ ਮੁਲਜ਼ਮ ਦੀ ਭਾਲ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ।

ਕਪੂਰਥਲਾ ਤੋਂ ਗ੍ਰਿਫ਼ਤਾਰ ਹੋਇਆ ਦੂਜਾ ਦੋਸ਼ੀ

ਜਾਂਚ ਨੂੰ ਅੱਗੇ ਵਧਾਉਂਦਿਆਂ ਪੁਲਿਸ ਨੇ ਦੀਵਾਂਸੂ ਉਰਫ਼ ਦੀਵ ਨੂੰ ਕਪੂਰਥਲਾ ਇਲਾਕੇ ਤੋਂ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰੀ ਮਗਰੋਂ ਉਸ ਦੇ ਕਬਜ਼ੇ ਵਿੱਚੋਂ ਵਾਰਦਾਤ ਵੇਲੇ ਵਰਤਿਆ ਗਿਆ ਮੋਟਰਸਾਈਕਲ ਅਤੇ ਹਮਲੇ ਲਈ ਵਰਤੀ ਗਈ ਬੇਸਬਾਲ ਵੀ ਬਰਾਮਦ ਕਰ ਲਈ ਗਈ।

ਪੁਰਾਣੇ ਮਾਮਲਿਆਂ ਦੀ ਵੀ ਕੀਤੀ ਜਾ ਰਹੀ ਜਾਂਚ

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਇੱਕ ਅਪਰਾਧਿਕ ਮਾਮਲਾ ਦਰਜ ਹੈ। ਫਿਲਹਾਲ ਅਦਾਲਤ ਤੋਂ ਪੁਲਿਸ ਰਿਮਾਂਡ ਹਾਸਲ ਕਰਕੇ ਉਸ ਤੋਂ ਹੋਰ ਸੰਭਾਵਿਤ ਵਾਰਦਾਤਾਂ ਅਤੇ ਸਾਥੀਆਂ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਦਾ ਮੰਨਣਾ ਹੈ ਕਿ ਪੁੱਛਗਿੱਛ ਦੌਰਾਨ ਹੋਰ ਅਹਿਮ ਖੁਲਾਸੇ ਹੋ ਸਕਦੇ ਹਨ।

ਏਸ਼ਿਆਈ ਖੇਡਾਂ ‘ਚ ਵਿਨੇਸ਼ ਫੋਗਾਟ ਨੂੰ 53 ਕਿਲੋ ਵਰਗ ‘ਚ ਮਿਲੀ ਐਂਟਰੀ!

ਨਵੀਂ ਦਿੱਲੀ :- ਭਾਰਤ ਦੀ ਮਸ਼ਹੂਰ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਲਈ ਏਸ਼ਿਆਈ ਖੇਡਾਂ ਦੇ ਚੋਣ ਟਰਾਇਲਾਂ ਦਾ ਦਿਨ ਵਿਵਾਦਾਂ ਨਾਲ ਸ਼ੁਰੂ ਹੋਇਆ। ਟਰਾਇਲ ਸਥਾਨ ‘ਤੇ ਪਹੁੰਚਣ ਉਪਰੰਤ ਉਸ ਨੂੰ ਦੱਸਿਆ ਗਿਆ ਕਿ ਉਹ ਸਿਰਫ਼ 50 ਕਿਲੋਗ੍ਰਾਮ ਵਰਗ ਵਿੱਚ ਹੀ ਹਿੱਸਾ ਲੈ ਸਕਦੀ ਹੈ ਕਿਉਂਕਿ ਉਸ ਦੀਆਂ ਹਾਲੀਆ ਅੰਤਰਰਾਸ਼ਟਰੀ ਮੁਕਾਬਲਿਆਂ ਦੀਆਂ ਐਂਟਰੀਆਂ ਇਸੇ ਵਰਗ ਵਿੱਚ ਰਹੀਆਂ ਹਨ। ਇਸ ਫ਼ੈਸਲੇ ਨਾਲ ਅਸਹਿਮਤੀ ਜਤਾਉਂਦਿਆਂ ਵਿਨੇਸ਼ ਨੇ ਆਪਣਾ ਸਖ਼ਤ ਵਿਰੋਧ ਦਰਜ ਕਰਵਾਇਆ।

ਵਿਨੇਸ਼ ਦੇ ਇਤਰਾਜ਼ ਮਗਰੋਂ ਸੰਘ ਨੂੰ ਬਦਲਣਾ ਪਿਆ ਫ਼ੈਸਲਾ

ਮਾਮਲਾ ਗਰਮਾਉਣ ਤੋਂ ਬਾਅਦ ਕੁਸ਼ਤੀ ਸੰਘ ਦੇ ਉੱਚ ਅਧਿਕਾਰੀਆਂ ਨੇ ਦਖ਼ਲ ਦਿੱਤਾ। ਇਸ ਦੌਰਾਨ ਇਹ ਸਪੱਸ਼ਟ ਕੀਤਾ ਗਿਆ ਕਿ ਕਿਸੇ ਵੀ ਖਿਡਾਰੀ ਨਾਲ ਭੇਦਭਾਵ ਨਹੀਂ ਕੀਤਾ ਜਾਵੇਗਾ ਅਤੇ ਵਿਨੇਸ਼ ਨੂੰ 53 ਕਿਲੋਗ੍ਰਾਮ ਵਰਗ ਦੇ ਟਰਾਇਲਾਂ ਵਿੱਚ ਭਾਗ ਲੈਣ ਦੀ ਇਜਾਜ਼ਤ ਦੇ ਦਿੱਤੀ ਗਈ।

ਵਜ਼ਨ ਜਾਂਚ ਮਗਰੋਂ 53 ਕਿਲੋਗ੍ਰਾਮ ਵਰਗ ਵਿੱਚ ਸ਼ਾਮਲ

ਅਧਿਕਾਰਤ ਵਜ਼ਨ ਜਾਂਚ ਦੌਰਾਨ ਵਿਨੇਸ਼ ਦਾ ਭਾਰ 53.9 ਕਿਲੋਗ੍ਰਾਮ ਦਰਜ ਕੀਤਾ ਗਿਆ। ਇਸ ਤੋਂ ਬਾਅਦ ਉਸ ਦਾ ਨਾਮ 53 ਕਿਲੋਗ੍ਰਾਮ ਵਰਗ ਦੇ ਡਰਾਅ ਵਿੱਚ ਸ਼ਾਮਲ ਕਰ ਦਿੱਤਾ ਗਿਆ, ਜਿਸ ਨਾਲ ਟਰਾਇਲਾਂ ਨੂੰ ਲੈ ਕੇ ਚੱਲ ਰਿਹਾ ਵਿਵਾਦ ਖਤਮ ਹੋ ਗਿਆ।

ਹਾਈ ਕੋਰਟ ਦੇ ਨਿਰਦੇਸ਼ਾਂ ਦਾ ਵੀ ਰਿਹਾ ਅਸਰ

ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਨੇ ਵੀ ਕੁਸ਼ਤੀ ਸੰਘ ਨੂੰ ਨਿਰਦੇਸ਼ ਦਿੱਤੇ ਸਨ ਕਿ ਵਿਨੇਸ਼ ਫੋਗਾਟ ਨੂੰ ਇੱਕ ਮਾਣਯੋਗ ਅਤੇ ਵਿਸ਼ੇਸ਼ ਖਿਡਾਰੀ ਵਜੋਂ ਮੰਨਦੇ ਹੋਏ ਟਰਾਇਲਾਂ ਵਿੱਚ ਭਾਗ ਲੈਣ ਦਾ ਮੌਕਾ ਦਿੱਤਾ ਜਾਵੇ। ਅਦਾਲਤੀ ਟਿੱਪਣੀ ਤੋਂ ਬਾਅਦ ਇਸ ਮਾਮਲੇ ‘ਤੇ ਖਾਸ ਧਿਆਨ ਦਿੱਤਾ ਗਿਆ।

ਏਸ਼ਿਆਈ ਖੇਡਾਂ ਦੀ ਟਿਕਟ ਲਈ ਸਖ਼ਤ ਮੁਕਾਬਲਾ

53 ਕਿਲੋਗ੍ਰਾਮ ਵਰਗ ਵਿੱਚ ਵਿਨੇਸ਼ ਨੂੰ ਕਈ ਮਜ਼ਬੂਤ ਦਾਅਵੇਦਾਰਾਂ ਦਾ ਸਾਹਮਣਾ ਕਰਨਾ ਪਵੇਗਾ। ਇਸ ਵਰਗ ਵਿੱਚ ਤਜਰਬੇਕਾਰ ਅਤੇ ਸ਼ਾਨਦਾਰ ਫਾਰਮ ਵਿੱਚ ਚੱਲ ਰਹੀਆਂ ਪਹਿਲਵਾਨਾਂ ਵੀ ਮੌਜੂਦ ਹਨ। ਇਸ ਮੁਕਾਬਲੇ ਦਾ ਜੇਤੂ ਹੀ ਏਸ਼ਿਆਈ ਖੇਡਾਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਦਾ ਹੱਕਦਾਰ ਬਣੇਗਾ।

ਵਾਪਸੀ ਨੂੰ ਲੈ ਕੇ ਦਿੱਤਾ ਸਪੱਸ਼ਟ ਸੰਦੇਸ਼

ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਵਿਨੇਸ਼ ਫੋਗਾਟ ਨੇ ਸੰਕੇਤ ਦਿੱਤਾ ਕਿ ਉਹ ਅਜੇ ਲੰਬੇ ਸਮੇਂ ਤੱਕ ਕੁਸ਼ਤੀ ਵਿੱਚ ਸਰਗਰਮ ਰਹਿਣ ਲਈ ਤਿਆਰ ਹੈ। ਉਸ ਦੇ ਬਿਆਨ ਨੂੰ ਖੇਡ ਜਗਤ ਵਿੱਚ ਉਸ ਦੀ ਮਜ਼ਬੂਤ ਵਾਪਸੀ ਦੇ ਸੰਦੇਸ਼ ਵਜੋਂ ਦੇਖਿਆ ਜਾ ਰਿਹਾ ਹੈ।