Home Blog Page 349

ਪੰਜਾਬ ‘ਚ ਅੱਜ ਤੋਂ ਮੌਸਮ ਦਾ ਮਿਜ਼ਾਜ ਬਦਲੇਗਾ, ਤੇਜ਼ ਹਨੇਰੀ ਤੇ ਭਾਰੀ ਮੀਂਹ ਦੀ ਚੇਤਾਵਨੀ

ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ ਵਿੱਚ ਤਪਦੀ ਗਰਮੀ ਤੋਂ ਰਾਹਤ ਮਿਲਣ ਦੇ ਆਸਾਰ ਬਣ ਗਏ ਹਨ। ਮੌਸਮ ਵਿਭਾਗ ਨੇ ਅੱਜ ਤੋਂ ਸੂਬੇ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਸੰਭਾਵਨਾ ਜਤਾਈ ਹੈ। ਵਿਭਾਗ ਅਨੁਸਾਰ ਅਗਲੇ ਤਿੰਨ ਦਿਨ ਮੌਸਮ ਲਗਾਤਾਰ ਬਦਲਿਆ ਰਹੇਗਾ ਅਤੇ ਕਈ ਇਲਾਕਿਆਂ ਵਿੱਚ ਮੀਂਹ ਦਾ ਦੌਰ ਜਾਰੀ ਰਹਿ ਸਕਦਾ ਹੈ।

60 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲ ਸਕਦੀਆਂ ਨੇ ਹਵਾਵਾਂ

ਮੌਸਮ ਮਾਹਿਰਾਂ ਮੁਤਾਬਕ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਤੇਜ਼ ਤੂਫ਼ਾਨ ਦੇ ਨਾਲ ਬਿਜਲੀ ਚਮਕਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਹਵਾਵਾਂ ਦੀ ਰਫ਼ਤਾਰ 60 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਕੁਝ ਥਾਵਾਂ ‘ਤੇ ਗੜੇਮਾਰੀ ਹੋਣ ਦੀ ਵੀ ਸੰਭਾਵਨਾ ਜਤਾਈ ਗਈ ਹੈ, ਜਿਸ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਤਾਪਮਾਨ ਵਿੱਚ ਆ ਸਕਦੀ ਹੈ ਵੱਡੀ ਗਿਰਾਵਟ

ਵਿਭਾਗ ਦੇ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ ਹਲਕਾ ਵਾਧਾ ਦਰਜ ਕੀਤਾ ਗਿਆ ਸੀ, ਪਰ ਮੀਂਹ ਸ਼ੁਰੂ ਹੋਣ ਤੋਂ ਬਾਅਦ ਦਿਨ ਦੇ ਤਾਪਮਾਨ ਵਿੱਚ 4 ਤੋਂ 5 ਡਿਗਰੀ ਸੈਲਸੀਅਸ ਤੱਕ ਕਮੀ ਆ ਸਕਦੀ ਹੈ। ਸਵੇਰੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਦਰਜ ਕੀਤੀ ਗਈ, ਜਦੋਂ ਕਿ ਚੰਡੀਗੜ੍ਹ ਵਿੱਚ ਦਿਨ ਦੀ ਸ਼ੁਰੂਆਤ ਧੁੱਪ ਨਾਲ ਹੋਈ।

ਈਦ-ਉਲ-ਅਜ਼ਹਾ ਮੌਕੇ ਮੁੱਖ ਮੰਤਰੀ ਮਾਨ ਵੱਲੋਂ ਮੁਸਲਿਮ ਭਾਈਚਾਰੇ ਨੂੰ ਮੁਬਾਰਕਬਾਦ, ਪੰਜਾਬ ਦੀ ਸਾਂਝ ਤੇ ਭਾਈਚਾਰੇ ਲਈ ਕੀਤੀ ਅਰਦਾਸ

ਚੰਡੀਗੜ੍ਹ : ਈਦ-ਉਲ-ਅਜ਼ਹਾ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਭਰ ਵਿੱਚ ਮੁਸਲਿਮ ਭਾਈਚਾਰੇ ਵੱਲੋਂ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਬਕਰੀਦ ਮਨਾਈ ਜਾ ਰਹੀ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਅਤੇ ਦੇਸ਼ ਦੇ ਸਮੂਹ ਮੁਸਲਿਮ ਭਾਈਚਾਰੇ ਨੂੰ ਦਿਲੋਂ ਵਧਾਈ ਦਿੱਤੀ ਹੈ।

ਸੋਸ਼ਲ ਮੀਡੀਆ ਰਾਹੀਂ ਦਿੱਤਾ ਸੁਨੇਹਾ

ਮੁੱਖ ਮੰਤਰੀ ਮਾਨ ਨੇ ਆਪਣੇ ਸਮਾਜਿਕ ਮਾਧਿਅਮ ਖਾਤੇ ‘ਤੇ ਜਾਰੀ ਕੀਤੇ ਸੁਨੇਹੇ ਵਿੱਚ ਕਿਹਾ ਕਿ ਈਦ-ਉਲ-ਅਜ਼ਹਾ ਸਿਰਫ਼ ਇਕ ਤਿਉਹਾਰ ਨਹੀਂ, ਸਗੋਂ ਕੁਰਬਾਨੀ, ਇਨਸਾਨੀਅਤ ਅਤੇ ਆਪਸੀ ਪਿਆਰ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਦਿਨ ਸਮਾਜ ਵਿੱਚ ਇਕਤਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਦੇ ਹਨ।

ਪੰਜਾਬ ਵਿੱਚ ਸਾਂਝ ਬਣੀ ਰਹਿਣ ਦੀ ਕੀਤੀ ਅਰਦਾਸ

ਮੁੱਖ ਮੰਤਰੀ ਨੇ ਕਾਮਨਾ ਕੀਤੀ ਕਿ ਪੰਜਾਬ ਵਿੱਚ ਵੱਸਦੇ ਹਰ ਧਰਮ ਅਤੇ ਵਰਗ ਦੇ ਲੋਕਾਂ ਵਿਚਕਾਰ ਪਿਆਰ ਅਤੇ ਭਾਈਚਾਰਾ ਹਮੇਸ਼ਾ ਬਣਿਆ ਰਹੇ। ਉਨ੍ਹਾਂ ਸਮੂਹ ਮੁਸਲਿਮ ਭਾਈਚਾਰੇ ਦੀ ਖੁਸ਼ਹਾਲੀ ਅਤੇ ਚੜ੍ਹਦੀ ਕਲਾ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਸੀਚੇਵਾਲ ਪਹੁੰਚਣਗੇ ਮੁੱਖ ਮੰਤਰੀ ਮਾਨ, ਸੰਤ ਅਵਤਾਰ ਸਿੰਘ ਜੀ ਦੀ ਬਰਸੀ ਸਮਾਗਮ ‘ਚ ਕਰਨਗੇ ਸ਼ਿਰਕਤ

ਜਲੰਧਰ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਦੌਰੇ ‘ਤੇ ਰਹਿਣਗੇ। ਆਪਣੇ ਦੌਰੇ ਦੌਰਾਨ ਉਹ ਦੁਪਹਿਰ 12 ਵਜੇ ਸੁਲਤਾਨਪੁਰ ਲੋਧੀ ਨੇੜਲੇ ਪਿੰਡ ਸੀਚੇਵਾਲ ਪਹੁੰਚਣਗੇ। ਇੱਥੇ ਉਹ ਵਾਤਾਵਰਨ ਪ੍ਰੇਮੀ ਸੰਤ ਅਵਤਾਰ ਸਿੰਘ ਜੀ ਦੀ 38ਵੀਂ ਬਰਸੀ ਮੌਕੇ ਕਰਵਾਏ ਜਾ ਰਹੇ ਸਮਾਗਮ ਵਿੱਚ ਹਾਜ਼ਰੀ ਲਗਾਉਣਗੇ। ਇਸ ਮੌਕੇ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਹਸਤੀਆਂ ਵੀ ਸ਼ਿਰਕਤ ਕਰਨਗੀਆਂ। ‘ਆਪ’ ਦੇ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਸਮਾਗਮ ਦੌਰਾਨ ਮੌਜੂਦ ਰਹਿਣਗੇ। ਸਮਾਗਮ ਨੂੰ ਲੈ ਕੇ ਇਲਾਕੇ ਵਿੱਚ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਮੁਲਜ਼ਮ 8 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਆਪਣੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ ਅੱਠ ਆਧੁਨਿਕ ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਰਸ਼ਦੀਪ ਸਿੰਘ ਉਰਫ਼ ਡੀ (21) ਵਾਸੀ ਗੁਰੂ ਕੀ ਵਡਾਲੀ ਅੰਮ੍ਰਿਤਸਰ; ਮਨਪ੍ਰੀਤ ਸਿੰਘ ਉਰਫ਼ ਮਾਨ (26) ਵਾਸੀ ਪਿੰਡ ਭੈਣੀ ਅੰਮ੍ਰਿਤਸਰ; ਸੁਖਰਾਜ ਸਿੰਘ ਉਰਫ਼ ਬਿੱਲਾ (29) ਵਾਸੀ ਪਿੰਡ ਨੌਸ਼ਹਿਰਾ ਢੱਲਾ ਤਰਨ ਤਾਰਨ; ਰਾਹੁਲ ਗਿੱਲ ਉਰਫ ਰਾਹੁਲ (22), ਜੋ ਭਿੱਖੀਵਿੰਡ ਦਾ ਵਾਸੀ ਹੈ ਅਤੇ ਮੌਜੂਦਾ ਸਮੇਂ ਪਿੰਡ ਦਰਾਜਕੇ ਤਰਨਤਾਰਨ ਰਹਿ ਰਿਹਾ ਸੀ; ਅਤੇ ਅਰਸ਼ਦੀਪ ਸਿੰਘ ਉਰਫ ਗੱਗੜ (25) ਵਾਸੀ ਪਿੰਡ ਲੋਹਕੇ ਤਰਨਤਾਰਨ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦਾ ਪੁਰਾਣਾ ਅਪਰਾਧਕ ਪਿਛੋਕੜ ਹੈ, ਜਿਨ੍ਹਾਂ ਖ਼ਿਲਾਫ਼ ਅਸਲਾ ਐਕਟ, ਐਨਡੀਪੀਐਸ ਐਕਟ, ਕਤਲ ਦੀ ਕੋਸ਼ਿਸ਼, ਅਗਵਾ ਅਤੇ ਜੇਲ੍ਹ ਐਕਟ ਤਹਿਤ ਕਈ ਮਾਮਲੇ ਦਰਜ ਹਨ।

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ 9 ਐਮਐਮ ਜ਼ਿਗਾਨਾ, ਇੱਕ .30 ਬੋਰ ਪੀਐਕਸ 3 (ਚੀਨ ਦਾ ਬਣਿਆ), ਇੱਕ .30 ਬੋਰ ਬੇਰੇਟਾ (ਇਟਲੀ ਦਾ ਬਣਿਆ), ਤਿੰਨ 9 ਐਮਐਮ ਗਲੌਕ ਅਤੇ ਦੋ .32 ਬੋਰ ਪਿਸਤੌਲ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਤਸਕਰ ਨਾਲ ਸੰਪਰਕ ਲਈ ਵਰਚੁਅਲ ਨੰਬਰਾਂ ਦੀ ਵਰਤੋਂ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇਹ ਮਾਡਿਊਲ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀਆਂ ਜਾਂਦੀਆਂ ਹਥਿਆਰਾਂ ਅਤੇ ਨਸ਼ਿਆਂ ਦੀਆਂ ਖੇਪਾਂਪ੍ਰਾਪਤ ਕਰਕੇ ਇਨ੍ਹਾਂ ਨੂੰ ਪੰਜਾਬ ਵਿੱਚ ਅੱਗੇ ਅਪਰਾਧਕ ਤੱਤਾਂ ਨੂੰ ਸਪਲਾਈ ਕਰਦਾ ਸੀ।

ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਮੁਲਜ਼ਮ ਰਾਹੁਲ ਗਿੱਲ ਉਰਫ ਰਾਹੁਲ ਨੂੰ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਰਾਹੁਲ ਦੇ ਖੁਲਾਸਿਆਂ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਅੱਗੇ ਮੁਲਜ਼ਮ ਅਰਸ਼ਦੀਪ ਉਰਫ ਗੱਗੜ ਨੂੰ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ।

ਉਨ੍ਹਾਂ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੌਰਾਨ, ਪੁਲਿਸ ਟੀਮਾਂ ਨੇ ਦੋ ਹੋਰ ਕਾਰਕੁਨਾਂ – ਅਰਸ਼ਦੀਪ ਉਰਫ ਡੀ ਅਤੇ ਮਨਪ੍ਰੀਤ ਉਰਫ ਮਾਨ ਦੀ ਪਛਾਣ ਕੀਤੀ ਅਤੇ ਉਨ੍ਹਾਂ ਨੂੰ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਛੇਹਰਟਾ, ਅੰਮ੍ਰਿਤਸਰ ਵਿਖੇ ਮੀਰੀ ਪੀਰੀ ਅਕੈਡਮੀ ਰੋਡ ਨੇੜੇ ਮੋਟਰਸਾਈਕਲ ‘ਤੇ ਜਾ ਰਹੇ ਸਨ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੋਰ ਪਿਸਤੌਲ ਬਰਾਮਦ ਹੋਏ। ਇਸ ਤੋਂ ਇਲਾਵਾ ਉਕਤ ਮੁਲਜ਼ਮਾਂ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ ਪੁਲਿਸ ਨੇ ਦੋ ਹੋਰ ਪਿਸਤੌਲ ਬਰਾਮਦ ਕਰ ਲਏ।

ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਵਾਂ ਮੁਲਜ਼ਮਾਂ ਅਰਸ਼ਦੀਪ ਉਰਫ਼ ਡੀ ਅਤੇ ਮਨਪ੍ਰੀਤ ਉਰਫ਼ ਮਾਨ ਨੇ ਖੁਲਾਸਾ ਕੀਤਾ ਕਿ ਬਰਾਮਦ ਕੀਤੇ ਗਏ ਹਥਿਆਰ ਅਤੇ ਗੋਲਾ-ਸਿੱਕਾ ਉਨ੍ਹਾਂ ਨੇ ਮੁਲਜ਼ਮ ਸੁਖਰਾਜ ਉਰਫ਼ ਬਿੱਲਾ ਤੋਂ ਖਰੀਦੇ ਸਨ ਅਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ‘ਤੇ ਮੁਲਜ਼ਮ ਸੁਖਰਾਜ ਉਰਫ਼ ਬਿੱਲਾ ਨੂੰ .30 ਬੋਰ ਬੇਰੇਟਾ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ।

ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ

ਚੰਡੀਗੜ੍ਹ/ਮੂਨਕ : ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸਿਵਲ ਹਸਪਤਾਲ ਮੂਨਕ ਪਹੁੰਚ ਕੇ, ਪਿਛਲੇ ਦਿਨੀਂ ਇੱਕ ਵਿਆਹ ਸਮਾਗਮ ਦੌਰਾਨ ਖਾਣਾ ਖਾਣ ਪਿੱਛੋਂ ਬਿਮਾਰ ਹੋਏ ਵਿਅਕਤੀਆਂ ਨੂੰ ਦਿੱਤੇ ਜਾ ਰਹੇ ਇਲਾਜ ਦਾ ਜਾਇਜ਼ਾ ਲਿਆ। ਮੰਤਰੀ ਨੇ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਅਤੇ ਅਧਿਕਾਰੀਆਂ ਨੂੰ ਸਾਰੇ ਪ੍ਰਭਾਵਿਤ ਵਿਅਕਤੀਆਂ ਲਈ ਨਿਰੰਤਰ ਮੈਡੀਕਲ ਸਹੂਲਤਾਂ ਅਤੇ ਤੁਰੰਤ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਦੱਸ ਦੇਈਏ ਕਿ ਪਿਛਲੇ ਦਿਨੀਂ ਮੂਨਕ ਵਿਖੇ ਇੱਕ ਵਿਆਹ ਸਮਾਗਮ ਦੌਰਾਨ ਖਾਣਾ ਖਾਣ ਤੋਂ ਬਾਅਦ ਕਈ ਵਿਅਕਤੀਆਂ, ਜਿਨ੍ਹਾਂ ਵਿੱਚ ਮਹਿਲਾਵਾਂ, ਮਰਦ, ਬੱਚੇ ਅਤੇ ਬਜ਼ੁਰਗ ਸ਼ਾਮਲ ਸਨ, ਦੀ ਅਚਾਨਕ ਤਬੀਅਤ ਵਿਗੜ ਜਾਣ ਤੋਂ ਬਾਅਦ ਉਨ੍ਹਾਂ ਨੂੰ ਮੂਨਕ ਦੇ ਸਿਵਲ ਹਸਪਤਾਲ ਅਤੇ ਕੁਝ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ, ਜੋ ਅੱਜ ਵੀ ਹਸਪਤਾਲ ਵਿੱਚ ਜੇਰੇ ਇਲਾਜ ਹਨ।

ਕੈਬਿਨਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਿਵਲ ਸਰਜਨ ਸੰਗਰੂਰ, ਐਸ.ਡੀ.ਐਮ ਅਤੇ ਹੋਰ ਅਧਿਕਾਰੀਆਂ ਨੂੰ ਤੁਰੰਤ ਹਸਪਤਾਲ ਪਹੁੰਚ ਕੇ ਮਰੀਜ਼ਾਂ ਦਾ ਸਹੀ ਇਲਾਜ ਕਰਵਾਉਣ ਅਤੇ ਹਰ ਤਰ੍ਹਾਂ ਦੀਆਂ ਸਹੂਲਤਾਂ ਉਪਲਬਧ ਕਰਨ ਦੇ ਸਖ਼ਤ ਦਿਸ਼ਾ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਜਦੋਂ ਤੱਕ ਪੂਰਾ ਇਲਾਜ ਨਹੀਂ ਹੋ ਜਾਂਦਾ, ਉਦੋਂ ਤੱਕ ਸਾਰੇ ਸਿਹਤ ਵਿਭਾਗ ਅਤੇ ਪ੍ਰਸ਼ਾਸਨਿਕ ਅਧਿਕਾਰੀ 24 ਘੰਟੇ ਸਥਿਤੀ ‘ਤੇ ਨਜ਼ਰ ਰੱਖਣਗੇ, ਜਿਸ ਤਹਿਤ ਸਿਹਤ ਵਿਭਾਗ ਦੇ ਨਾਲ-ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਹਸਪਤਾਲ ਪਹੁੰਚ ਕੇ ਮਰੀਜ਼ਾਂ ਦੀ ਇਲਾਜ ਪ੍ਰਕਿਰਿਆ ਅਤੇ ਸਹੂਲਤਾਂ ਨੂੰ ਦੇਖਿਆ। ਮਰੀਜ਼ਾਂ ਦੇ ਇਲਾਜ ਵਿੱਚ ਤੇਜ਼ੀ ਲਿਆਂਦੀ ਗਈ ਅਤੇ ਵੱਖ-ਵੱਖ ਸ਼ਹਿਰਾਂ ਤੋਂ ਡਾਕਟਰਾਂ ਦੀਆਂ ਟੀਮਾਂ ਨੂੰ ਬੁਲਾ ਕੇ ਹਰ ਤਰ੍ਹਾਂ ਦੀਆਂ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ। ਕੁਝ ਮਰੀਜ਼ਾਂ ਨੂੰ ਸੰਗਰੂਰ ਰੈਫਰ ਵੀ ਕੀਤਾ ਗਿਆ।

ਪਟਿਆਲਾ ਤੋਂ ਵੀ ਮਾਹਿਰ ਡਾਕਟਰਾਂ ਦੀ ਇੱਕ ਟੀਮ ਮੂਨਕ ਹਸਪਤਾਲ ਪਹੁੰਚ ਰਹੀ ਹੈ। ਸਿਵਲ ਸਰਜਨ ਸੰਗਰੂਰ ਖੁਦ ਸਾਰੇ ਮਿਸ਼ਨ ਦੀ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਡਾਇਰੈਕਟਰ ਹੈਲਥ ਨਾਲ ਵੀ ਗੱਲਬਾਤ ਹੋ ਚੁੱਕੀ ਹੈ ਤਾਂ ਜੋ ਮਰੀਜ਼ਾਂ ਦੇ ਇਲਾਜ ਵਿੱਚ ਕੋਈ ਕਮੀ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੇ ਇਲਾਜ ਵਿੱਚ ਕੋਈ ਕਮੀ ਜਾਂ ਢਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਲਈ ਤਿੰਨ ਐਬੂਲੈਂਸਾਂ ਨੂੰ ਮੌਕੇ ‘ਤੇ ਤਿਆਰ ਰੱਖਿਆ ਗਿਆ ਹੈ। ਸਾਰੇ ਮਰੀਜ਼ਾਂ ਨੇ ਹਸਪਤਾਲ ਵਿੱਚ ਮਿਲ ਰਹੀਆਂ ਮੈਡੀਕਲ ਸਹੂਲਤਾਂ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।

ਇਸ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਦੁੱਧ ਅਤੇ ਹੋਰ ਖਾਣ-ਪੀਣ ਦੀਆਂ ਚੀਜ਼ਾਂ ਵਿੱਚ ਮਿਲਾਵਟਖੋਰੀ ਵਿਰੁੱਧ ਕੇਂਦਰ ਸਰਕਾਰ ਨੂੰ ਸਮੁੱਚੇ ਦੇਸ਼ ਅੰਦਰ ਸਖ਼ਤ ਕਾਨੂੰਨ ਬਣਾਉਣਾ ਚਾਹੀਦਾ ਹੈ ਤਾਂ ਜੋ ਮਿਲਾਵਟਖੋਰੀ ਕਾਰਨ ਹੋਣ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਇਸ ‘ਤੇ ਯੋਗ ਕਾਰਵਾਈ ਕਰੇਗੀ।

ਸ਼ਹੀਦ ਗੰਜ ਸਾਹਿਬ ‘ਚ ਫਿਰ ਵਾਪਰਿਆ ਹਾਦਸਾ, ਸ਼ਰਧਾਲੂਆਂ ਲਈ ਲੱਗੇ ਤੰਬੂ ਨੂੰ ਲੱਗੀ ਅੱਗ

ਅੰਮ੍ਰਿਤਸਰ :- ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਉਸ ਵੇਲੇ ਅਫ਼ਰਾਤਫ਼ਰੀ ਦਾ ਮਾਹੌਲ ਬਣ ਗਿਆ ਜਦੋਂ ਸ਼ਰਧਾਲੂਆਂ ਦੇ ਠਹਿਰਨ ਲਈ ਲਗਾਏ ਗਏ ਇੱਕ ਤੰਬੂ ਨੂੰ ਅਚਾਨਕ ਅੱਗ ਲੱਗ ਗਈ। ਗਰਮੀ ਦੇ ਵਧਦੇ ਪ੍ਰਕੋਪ ਨੂੰ ਦੇਖਦਿਆਂ ਇਹ ਤੰਬੂ ਸੰਗਤ ਦੀ ਸਹੂਲਤ ਲਈ ਲਗਾਇਆ ਗਿਆ ਸੀ। ਅੱਗ ਲੱਗਣ ਦੀ ਘਟਨਾ ਨਾਲ ਮੌਕੇ ‘ਤੇ ਮੌਜੂਦ ਲੋਕਾਂ ਵਿੱਚ ਦਹਿਸ਼ਤ ਫੈਲ ਗਈ, ਪਰ ਵਲੰਟੀਅਰਾਂ ਦੀ ਫੁਰਤੀ ਕਾਰਨ ਹਾਲਾਤ ਜਲਦੀ ਕਾਬੂ ਹੇਠ ਲਿਆਏ ਗਏ।

ਵਲੰਟੀਅਰਾਂ ਨੇ ਤੁਰੰਤ ਸੰਭਾਲਿਆ ਮੋਰਚਾ

ਘਟਨਾ ਦੀ ਜਾਣਕਾਰੀ ਮਿਲਦੇ ਹੀ ਗੁਰਦੁਆਰਾ ਪ੍ਰਬੰਧਕਾਂ ਅਤੇ ਸੇਵਾਦਾਰਾਂ ਨੇ ਤੁਰੰਤ ਅੱਗ ਬੁਝਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਸ਼ਰਧਾਲੂਆਂ ਦੇ ਸਹਿਯੋਗ ਨਾਲ ਕੁਝ ਹੀ ਸਮੇਂ ਵਿੱਚ ਅੱਗ ‘ਤੇ ਕਾਬੂ ਪਾ ਲਿਆ ਗਿਆ, ਜਿਸ ਕਾਰਨ ਵੱਡਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਰਾਹਤ ਵਾਲੀ ਗੱਲ ਇਹ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ।

ਐਤਵਾਰ ਨੂੰ ਵੀ ਵਾਪਰਿਆ ਸੀ ਦਰਦਨਾਕ ਹਾਦਸਾ

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਇਸੇ ਗੁਰਦੁਆਰਾ ਸਾਹਿਬ ਵਿੱਚ ਲੰਗਰ ਹਾਲ ਦੀ ਸ਼ਟਰਿੰਗ ਡਿੱਗਣ ਕਾਰਨ ਦੋ ਔਰਤਾਂ ਦੀ ਮੌਤ ਹੋ ਗਈ ਸੀ, ਜਦਕਿ ਕਈ ਹੋਰ ਸ਼ਰਧਾਲੂ ਜ਼ਖਮੀ ਹੋਏ ਸਨ। ਉਸ ਘਟਨਾ ਤੋਂ ਬਾਅਦ ਗੁਰਦੁਆਰਾ ਕੰਪਲੈਕਸ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਚਰਚਾ ਜਾਰੀ ਸੀ ਅਤੇ ਹੁਣ ਟੈਂਟ ਨੂੰ ਲੱਗੀ ਅੱਗ ਨੇ ਇੱਕ ਵਾਰ ਫਿਰ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।

ਜ਼ਖਮੀ ਬੀਬੀਆਂ ਨੇ ਸੁਣਾਈ ਸੀ ਹਾਦਸੇ ਦੀ ਦਾਸਤਾਨ

ਪਿਛਲੇ ਹਾਦਸੇ ਦੌਰਾਨ ਜ਼ਖਮੀ ਹੋਈਆਂ ਮਹਿਲਾਵਾਂ ਨੇ ਦੱਸਿਆ ਸੀ ਕਿ ਉਹ ਵੱਖ-ਵੱਖ ਪਿੰਡਾਂ ਤੋਂ ਚੌਪਹਿਰਾ ਕੱਟਣ ਲਈ ਗੁਰਦੁਆਰਾ ਸਾਹਿਬ ਪਹੁੰਚੀਆਂ ਸਨ। ਅਚਾਨਕ ਜ਼ੋਰਦਾਰ ਆਵਾਜ਼ ਨਾਲ ਸ਼ਟਰਿੰਗ ਡਿੱਗ ਗਈ ਅਤੇ ਹੜਕੰਪ ਮਚ ਗਿਆ। ਇੱਕ ਮਹਿਲਾ ਨੇ ਦੱਸਿਆ ਕਿ ਉਹ ਬੇਹੋਸ਼ ਹੋ ਕੇ ਥੱਲੇ ਡਿੱਗ ਪਈ, ਜਦਕਿ ਦੂਜੀ ਦੇ ਹੱਥ ‘ਤੇ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਨੂੰ ਕਈ ਟਾਂਕੇ ਲਗਾਉਣੇ ਪਏ।

ਸੰਗਤ ਵਿੱਚ ਬਣਿਆ ਚਿੰਤਾ ਦਾ ਮਾਹੌਲ

ਲਗਾਤਾਰ ਵਾਪਰ ਰਹੀਆਂ ਘਟਨਾਵਾਂ ਤੋਂ ਬਾਅਦ ਸੰਗਤ ਅਤੇ ਸਥਾਨਕ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਲੋਕਾਂ ਦਾ ਕਹਿਣਾ ਹੈ ਕਿ ਗੁਰਦੁਆਰਾ ਕੰਪਲੈਕਸ ਵਿੱਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾਣ ਦੀ ਲੋੜ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।

ਜਲੰਧਰ ਦੇ ਲੱਕੜ ਗੋਦਾਮ ‘ਚ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ

ਜਲੰਧਰ :- ਸ਼ਹਿਰ ਦੇ ਗੋਦਾਈਪੁਰ ਇਲਾਕੇ ਵਿੱਚ ਉਸ ਵੇਲੇ ਹਫੜਾ-ਦਫੜੀ ਮਚ ਗਈ ਜਦੋਂ ਇੱਕ ਲੱਕੜ ਦੇ ਗੋਦਾਮ ਵਿੱਚ ਅਚਾਨਕ ਭਿਆਨਕ ਅੱਗ ਭੜਕ ਉੱਠੀ। ਅੱਗ ਦੀਆਂ ਉੱਚੀਆਂ ਲਪਟਾਂ ਅਤੇ ਦੂਰ ਤੱਕ ਫੈਲਦੇ ਕਾਲੇ ਧੂੰਏਂ ਨੇ ਆਸ-ਪਾਸ ਦੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਲੋਕ ਘਰਾਂ ਅਤੇ ਦੁਕਾਨਾਂ ਤੋਂ ਬਾਹਰ ਨਿਕਲ ਆਏ ਅਤੇ ਤੁਰੰਤ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ।

ਸ਼ਾਰਟ ਸਰਕਟ ਨੂੰ ਮੰਨਿਆ ਜਾ ਰਿਹਾ ਅੱਗ ਦਾ ਕਾਰਨ

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੋਦਾਮ ਵਿੱਚ ਅੱਗ ਸੰਭਾਵਤ ਤੌਰ ‘ਤੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ। ਗੋਦਾਮ ਵਿੱਚ ਵੱਡੀ ਮਾਤਰਾ ਵਿੱਚ ਲੱਕੜ ਅਤੇ ਹੋਰ ਜਲਣਸ਼ੀਲ ਸਮਾਨ ਪਿਆ ਹੋਣ ਕਾਰਨ ਅੱਗ ਨੇ ਕੁਝ ਹੀ ਮਿੰਟਾਂ ਵਿੱਚ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਪੂਰਾ ਇਲਾਕਾ ਧੂੰਏਂ ਨਾਲ ਢੱਕ ਗਿਆ।

ਫਾਇਰ ਬ੍ਰਿਗੇਡ ਨੂੰ ਕਰਨੀ ਪਈ ਭਾਰੀ ਮੁਸ਼ਕਤ

ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਅੱਗ ਦੀ ਤੀਬਰਤਾ ਜ਼ਿਆਦਾ ਹੋਣ ਕਾਰਨ ਫਾਇਰ ਕਰਮਚਾਰੀਆਂ ਨੂੰ ਅੱਗ ਬੁਝਾਉਣ ਵਿੱਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਗੋਦਾਮ ਦੇ ਅੰਦਰ ਤੱਕ ਪਾਣੀ ਪਹੁੰਚਾਉਣ ਲਈ ਜੇਸੀਬੀ ਮਸ਼ੀਨ ਦੀ ਮਦਦ ਨਾਲ ਟੀਨ ਦੀ ਛੱਤ ਵੀ ਢਾਹੀ ਗਈ। ਕਈ ਘੰਟਿਆਂ ਦੀ ਕੜੀ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਜਾ ਸਕਿਆ।

ਜਾਨੀ ਨੁਕਸਾਨ ਤੋਂ ਬਚਾਅ, ਪਰ ਵੱਡਾ ਆਰਥਿਕ ਨੁਕਸਾਨ

ਇਸ ਘਟਨਾ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਜਾਂ ਜਾਨੀ ਨੁਕਸਾਨ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ, ਪਰ ਗੋਦਾਮ ਵਿੱਚ ਪਿਆ ਲੱਖਾਂ ਰੁਪਏ ਦਾ ਸਮਾਨ ਸੜ ਕੇ ਰਾਖ ਹੋ ਗਿਆ। ਪੁਲਿਸ ਅਤੇ ਫਾਇਰ ਵਿਭਾਗ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਤਸਦੀਕ ਕੀਤੀ ਜਾ ਰਹੀ ਹੈ।

328 ਪਾਵਨ ਸਰੂਪ ਮਾਮਲੇ ‘ਚ ਨਵਾਂ ਮੋੜ, ਐਸਆਈਟੀ ਨੇ ਹਾਈ ਕੋਰਟ ‘ਚ ਐਸਜੀਪੀਸੀ ‘ਤੇ ਲਾਏ ਗੰਭੀਰ ਦੋਸ਼

ਚੰਡੀਗੜ੍ਹ :-

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਮਹੱਤਵਪੂਰਨ ਸਟੇਟਸ ਰਿਪੋਰਟ ਦਾਇਰ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਜਾਂਚ ਵਿੱਚ ਸਹਿਯੋਗ ਨਾ ਕਰਨ ਦੇ ਗੰਭੀਰ ਇਲਜ਼ਾਮ ਲਗਾਏ ਹਨ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 19 ਅਗਸਤ ਲਈ ਮੁਕਰਰ ਕੀਤੀ ਹੈ।

ਐਸਆਈਟੀ ਦਾ ਦਾਅਵਾ- ਮਹੱਤਵਪੂਰਨ ਰਿਕਾਰਡ ਨਹੀਂ ਕੀਤਾ ਜਾ ਰਿਹਾ ਸਾਂਝਾ

ਐਸਆਈਟੀ ਵੱਲੋਂ ਅਦਾਲਤ ਵਿੱਚ ਪੇਸ਼ ਕੀਤੇ ਗਏ ਜਵਾਬ ਵਿੱਚ ਕਿਹਾ ਗਿਆ ਹੈ ਕਿ ਜਾਂਚ ਟੀਮ ਨੇ ਕਈ ਵਾਰ ਪੱਤਰ ਲਿਖ ਕੇ ਅਤੇ ਅਧਿਕਾਰਕ ਤੌਰ ‘ਤੇ ਸੰਪਰਕ ਕਰਕੇ ਲੋੜੀਂਦੇ ਦਸਤਾਵੇਜ਼ ਅਤੇ ਰਿਕਾਰਡ ਮੰਗੇ, ਪਰ ਇਸ ਦੇ ਬਾਵਜੂਦ ਪੂਰਾ ਸਹਿਯੋਗ ਨਹੀਂ ਮਿਲਿਆ। ਜਾਂਚ ਟੀਮ ਅਨੁਸਾਰ ਕਈ ਅਹਿਮ ਦਸਤਾਵੇਜ਼ ਅਜੇ ਵੀ ਮੁਹੱਈਆ ਨਹੀਂ ਕਰਵਾਏ ਗਏ, ਜਿਸ ਕਾਰਨ ਜਾਂਚ ਦੀ ਰਫ਼ਤਾਰ ਪ੍ਰਭਾਵਿਤ ਹੋ ਰਹੀ ਹੈ।

ਅਧੂਰੀ ਜਾਣਕਾਰੀ ਦੇਣ ਦੇ ਵੀ ਲਾਏ ਇਲਜ਼ਾਮ

ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕੁਝ ਮੌਕਿਆਂ ‘ਤੇ ਸਿਰਫ਼ ਅਧੂਰਾ ਰਿਕਾਰਡ ਹੀ ਜਾਂਚ ਟੀਮ ਨੂੰ ਦਿੱਤਾ ਗਿਆ, ਜਦਕਿ ਮੁੱਖ ਦਸਤਾਵੇਜ਼ ਅਤੇ ਹੋਰ ਜ਼ਰੂਰੀ ਜਾਣਕਾਰੀਆਂ ਵਾਰ-ਵਾਰ ਮੰਗਣ ਦੇ ਬਾਵਜੂਦ ਉਪਲਬਧ ਨਹੀਂ ਕਰਵਾਈਆਂ ਗਈਆਂ। ਐਸਆਈਟੀ ਦਾ ਮੰਨਣਾ ਹੈ ਕਿ ਪੂਰੇ ਤੱਥ ਸਾਹਮਣੇ ਲਿਆਉਣ ਲਈ ਇਹ ਰਿਕਾਰਡ ਬਹੁਤ ਜ਼ਰੂਰੀ ਹੈ।

ਏਸੀਪੀ ਹਰਮਿੰਦਰ ਸਿੰਘ ਸੰਧੂ ਵੱਲੋਂ ਪੇਸ਼ ਕੀਤਾ ਗਿਆ ਜਵਾਬ

ਇਹ ਸਟੇਟਸ ਰਿਪੋਰਟ ਐਸਆਈਟੀ ਦੇ ਮੈਂਬਰ ਅਤੇ ਅੰਮ੍ਰਿਤਸਰ ਸਿਟੀ ਦੇ ਏਸੀਪੀ (ਡਿਟੈਕਟਿਵ) ਹਰਮਿੰਦਰ ਸਿੰਘ ਸੰਧੂ ਵੱਲੋਂ ਹਾਈ ਕੋਰਟ ਵਿੱਚ ਦਾਇਰ ਕੀਤੀ ਗਈ ਹੈ। ਰਿਪੋਰਟ ਵਿੱਚ ਜਾਂਚ ਦੌਰਾਨ ਆ ਰਹੀਆਂ ਰੁਕਾਵਟਾਂ ਅਤੇ ਰਿਕਾਰਡ ਨਾ ਮਿਲਣ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਹੈ।

19 ਅਗਸਤ ਨੂੰ ਹੋਵੇਗੀ ਅਗਲੀ ਸੁਣਵਾਈ

ਮਾਮਲੇ ਦੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਹੁਣ ਅਗਲੀ ਤਰੀਕ 19 ਅਗਸਤ ਨਿਰਧਾਰਤ ਕੀਤੀ ਹੈ। ਇਸ ਦੌਰਾਨ ਅਦਾਲਤ ਵੱਲੋਂ ਜਾਂਚ ਦੀ ਪ੍ਰਗਤੀ ਅਤੇ ਰਿਕਾਰਡ ਸਬੰਧੀ ਹੋਰ ਸਥਿਤੀ ‘ਤੇ ਵੀ ਨਜ਼ਰ ਰੱਖੀ ਜਾਵੇਗੀ।

ਆਰ.ਪੀ. ਸਿੰਘ ਦਾ ਰਾਜਾ ਵੜਿੰਗ ‘ਤੇ ਵੱਡਾ ਹਮਲਾ, ਦਲਿਤ ਭਾਈਚਾਰੇ ਦੇ ਅਪਮਾਨ ਦੇ ਲਾਏ ਦੋਸ਼

ਚੰਡੀਗੜ੍ਹ :- ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਜਦੋਂ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਇੱਕ ਵਾਇਰਲ ਬਿਆਨ ਨੂੰ ਲੈ ਕੇ ਸਖ਼ਤ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਵੜਿੰਗ ਵੱਲੋਂ ਵਰਤੀ ਗਈ ਭਾਸ਼ਾ ਅਨੁਸੂਚਿਤ ਜਾਤੀ ਅਤੇ ਗਰੀਬ ਵਰਗ ਦੇ ਲੋਕਾਂ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ ਅਤੇ ਇਹ ਬਿਆਨ ਕਾਂਗਰਸ ਦੀ ਸੋਚ ਨੂੰ ਬੇਨਕਾਬ ਕਰਦਾ ਹੈ।

ਭਾਜਪਾ ਆਗੂ ਨੇ ਕਿਹਾ ਕਿ ਇਹ ਸਿਰਫ਼ ਸਿਆਸੀ ਟਿੱਪਣੀ ਨਹੀਂ, ਸਗੋਂ ਜਾਤੀਗਤ ਹੰਕਾਰ ਦੀ ਝਲਕ ਹੈ

ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਦੇ ਕੁਝ ਆਗੂ ਪਹਿਲਾਂ ਵੀ ਦਲਿਤ ਸਮਾਜ ਨਾਲ ਜੁੜੇ ਮਾਮਲਿਆਂ ਵਿੱਚ ਵਿਵਾਦਿਤ ਬਿਆਨ ਦਿੰਦੇ ਰਹੇ ਹਨ ਅਤੇ ਰਾਜਾ ਵੜਿੰਗ ਦੀ ਤਾਜ਼ਾ ਟਿੱਪਣੀ ਵੀ ਉਸੇ ਮਨੋਵਿਰਤੀ ਨੂੰ ਦਰਸਾਉਂਦੀ ਹੈ।

ਆਰ.ਪੀ. ਸਿੰਘ ਨੇ ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਨੂੰ ਵੀ ਘੇਰਿਆ

ਉਨ੍ਹਾਂ ਕਿਹਾ ਕਿ ਸਮਾਜਿਕ ਨਿਆਂ ਅਤੇ ਬਰਾਬਰੀ ਦੀ ਗੱਲ ਕਰਨ ਵਾਲੇ ਕਾਂਗਰਸ ਦੇ ਵੱਡੇ ਆਗੂ ਇਸ ਮਾਮਲੇ ‘ਤੇ ਚੁੱਪ ਕਿਉਂ ਹਨ। ਉਨ੍ਹਾਂ ਸਵਾਲ ਕੀਤਾ ਕਿ ਕੀ ਕਾਂਗਰਸ ਹਾਈਕਮਾਨ ਰਾਜਾ ਵੜਿੰਗ ਖ਼ਿਲਾਫ਼ ਕੋਈ ਕਾਰਵਾਈ ਕਰੇਗੀ ਜਾਂ ਫਿਰ ਇਸ ਮਾਮਲੇ ‘ਤੇ ਚੁੱਪੀ ਹੀ ਬਣਾਈ ਰੱਖੇਗੀ।

ਭਾਜਪਾ ਨੇ ਦਲਿਤ ਸਮਾਜ ਦੇ ਸਨਮਾਨ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਪੰਜਾਬ ਦਾ ਦਲਿਤ ਭਾਈਚਾਰਾ ਸੂਬੇ ਦੀ ਤਰੱਕੀ ਅਤੇ ਸਮਾਜਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਆਰ.ਪੀ. ਸਿੰਘ ਨੇ ਕਿਹਾ ਕਿ ਇਸ ਭਾਈਚਾਰੇ ਨੂੰ ਕੇਵਲ ਵੋਟਾਂ ਦੀ ਰਾਜਨੀਤੀ ਤੱਕ ਸੀਮਤ ਕਰਕੇ ਨਹੀਂ ਦੇਖਿਆ ਜਾ ਸਕਦਾ। ਉਨ੍ਹਾਂ ਮੰਗ ਕੀਤੀ ਕਿ ਰਾਜਾ ਵੜਿੰਗ ਆਪਣੇ ਬਿਆਨ ਲਈ ਜਨਤਕ ਤੌਰ ‘ਤੇ ਮਾਫ਼ੀ ਮੰਗਣ ਤਾਂ ਜੋ ਲੋਕਾਂ ਵਿਚ ਗਿਆ ਗਲਤ ਸੰਦੇਸ਼ ਦੂਰ ਹੋ ਸਕੇ।

ਅੰਮ੍ਰਿਤਸਰ ‘ਚ ਸਰਹੱਦ ਪਾਰ ਹਥਿਆਰ ਤਸਕਰੀ ਮਾਡਿਊਲ ਬੇਨਕਾਬ, 8 ਆਧੁਨਿਕ ਪਿਸਤੌਲਾਂ ਸਮੇਤ 5 ਮੁਲਜ਼ਮ ਕਾਬੂ

ਅੰਮ੍ਰਿਤਸਰ :- ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇੱਕ ਸੁਚੱਜੇ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 8 ਆਧੁਨਿਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮਾਮਲੇ ਸਬੰਧੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ।

ਵਿਦੇਸ਼ੀ ਤਸਕਰਾਂ ਨਾਲ ਵਰਚੁਅਲ ਨੰਬਰਾਂ ਰਾਹੀਂ ਸੀ ਸੰਪਰਕ

ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਵਰਚੁਅਲ ਨੰਬਰਾਂ ਦੀ ਮਦਦ ਨਾਲ ਵਿਦੇਸ਼ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ। ਜਾਂਚ ਏਜੰਸੀਆਂ ਅਨੁਸਾਰ ਇਹ ਗਿਰੋਹ ਸਰਹੱਦ ਪਾਰੋਂ ਡਰੋਨਾਂ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਮੰਗਵਾ ਕੇ ਪੰਜਾਬ ਦੇ ਅਪਰਾਧਿਕ ਤੱਤਾਂ ਤੱਕ ਪਹੁੰਚਾਉਣ ਦਾ ਕੰਮ ਕਰਦਾ ਸੀ।

ਛੇਹਰਟਾ ਥਾਣੇ ਵਿੱਚ ਦਰਜ ਹੋਈਆਂ ਐੱਫ਼. ਆਈ. ਆਰ.

ਇਸ ਮਾਮਲੇ ਸਬੰਧੀ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਗਏ ਹਨ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਇਸ ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸਬੰਧ ਖੰਗਾਲੇ ਜਾ ਰਹੇ ਹਨ। ਨਾਲ ਹੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਗਿਰੋਹ ਨਾਲ ਹੋਰ ਕੌਣ-ਕੌਣ ਜੁੜਿਆ ਹੋਇਆ ਹੈ।

ਪੰਜਾਬ ਪੁਲਿਸ ਨੇ ਦੁਹਰਾਈ ਜ਼ੀਰੋ-ਟਾਲਰੈਂਸ ਨੀਤੀ

ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਨਸ਼ਿਆਂ, ਗੈਰ-ਕਾਨੂੰਨੀ ਹਥਿਆਰਾਂ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਉਸ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸਰਹੱਦ ਪਾਰੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਹਰ ਕੋਸ਼ਿਸ਼ ਨੂੰ ਨਾਕਾਮ ਬਣਾਇਆ ਜਾਵੇਗਾ ਅਤੇ ਅਜਿਹੇ ਗਿਰੋਹਾਂ ਖ਼ਿਲਾਫ਼ ਸਖ਼ਤ ਕਾਰਵਾਈ ਅੱਗੇ ਵੀ ਜਾਰੀ ਰਹੇਗੀ।