Home Blog Page 358

ਸੋਨੀਪਤ ਦੇ ਟੀਡੀਆਈ ਸਿਟੀ ਫਲੈਟ ‘ਚ ਤਿੰਨ ਲਾਸ਼ਾਂ ਮਿਲਣ ਨਾਲ ਹੜਕੰਪ, ਕਤਲ ਦੇ ਸ਼ੱਕ ‘ਚ ਜਾਂਚ ਤੇਜ਼

ਸੋਨੀਪਤ :- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਕੁੰਡਲੀ ਇਲਾਕੇ ਵਿੱਚ ਐਤਵਾਰ ਦੇਰ ਰਾਤ ਇੱਕ ਫਲੈਟ ਅੰਦਰੋਂ ਤਿੰਨ ਲੋਕਾਂ ਦੀਆਂ ਲਾਸ਼ਾਂ ਮਿਲਣ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮ੍ਰਿਤਕਾਂ ਵਿੱਚ ਦੋ ਔਰਤਾਂ ਅਤੇ ਇੱਕ ਪੁਰਸ਼ ਸ਼ਾਮਲ ਹਨ। ਮਾਮਲਾ ਸ਼ੱਕੀ ਹਾਲਾਤਾਂ ਨਾਲ ਜੁੜਿਆ ਹੋਣ ਕਰਕੇ ਪੁਲਿਸ ਨੇ ਕਤਲ ਦੇ ਪੱਖ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ।

ਫਲੈਟ ਅੰਦਰੋਂ ਮਿਲੀਆਂ ਤਿੰਨੋਂ ਲਾਸ਼ਾਂ

ਪੁਲਿਸ ਨੂੰ ਅੱਧੀ ਰਾਤ ਦੇ ਕਰੀਬ ਘਟਨਾ ਬਾਰੇ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਟੀਮ ਤੁਰੰਤ ਟੀਡੀਆਈ ਸਿਟੀ ਸਥਿਤ ਰਿਹਾਇਸ਼ੀ ਕੰਪਲੈਕਸ ‘ਚ ਪਹੁੰਚੀ। ਜਦੋਂ ਪੁਲਿਸ ਨੇ ਫਲੈਟ ਦੀ ਜਾਂਚ ਕੀਤੀ ਤਾਂ ਅੰਦਰੋਂ ਤਿੰਨ ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ। ਸ਼ੁਰੂਆਤੀ ਜਾਂਚ ਦੌਰਾਨ ਮਾਮਲਾ ਕਤਲ ਨਾਲ ਜੁੜਿਆ ਹੋਇਆ ਲੱਗ ਰਿਹਾ ਹੈ, ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਹੋਵੇਗੀ।

ਮ੍ਰਿਤਕਾਂ ਦੀ ਹੋਈ ਪਛਾਣ

ਮ੍ਰਿਤਕਾਂ ਦੀ ਪਛਾਣ 50 ਸਾਲਾ ਵਿਜੈ ਅਤੇ ਉਸ ਦੀ ਪਤਨੀ 47 ਸਾਲਾ ਸਵਾਤੀ ਵਜੋਂ ਹੋਈ ਹੈ, ਜੋ ਸੋਨੀਪਤ ਦੇ ਕੋਟ ਮੁਹੱਲਾ ਇਲਾਕੇ ਦੇ ਰਹਿਣ ਵਾਲੇ ਸਨ। ਤੀਜੀ ਮ੍ਰਿਤਕ 32 ਸਾਲਾ ਸਵਾਤੀ ਦੱਸੀ ਜਾ ਰਹੀ ਹੈ, ਜੋ ਬਡੋਲੀ ਪਿੰਡ ਦੀ ਵਸਨੀਕ ਸੀ।

ਫੋਰੈਂਸਿਕ ਟੀਮ ਨੇ ਇਕੱਠੇ ਕੀਤੇ ਸਬੂਤ

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ। ਪੂਰੇ ਇਲਾਕੇ ਨੂੰ ਘੇਰ ਕੇ ਫੋਰੈਂਸਿਕ ਟੀਮ ਵੱਲੋਂ ਸਬੂਤ ਇਕੱਠੇ ਕੀਤੇ ਗਏ। ਫਲੈਟ ਅੰਦਰੋਂ ਮਿਲੇ ਦਸਤਾਵੇਜ਼ਾਂ ਅਤੇ ਹੋਰ ਚੀਜ਼ਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਸਿਵਲ ਹਸਪਤਾਲ ਭੇਜੀਆਂ ਗਈਆਂ ਲਾਸ਼ਾਂ

ਤਿੰਨੋਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸੋਨੀਪਤ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਡਾਕਟਰਾਂ ਦੀ ਰਿਪੋਰਟ ਤੋਂ ਮੌਤ ਦੇ ਸਮੇਂ ਅਤੇ ਕਾਰਨ ਬਾਰੇ ਸਪੱਸ਼ਟ ਜਾਣਕਾਰੀ ਮਿਲਣ ਦੀ ਉਮੀਦ ਹੈ।

ਹਰ ਪੱਖ ਤੋਂ ਜਾਂਚ ਕਰ ਰਹੀ ਪੁਲਿਸ

ਪੁਲਿਸ ਅਧਿਕਾਰੀਆਂ ਅਨੁਸਾਰ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਨਿੱਜੀ ਰੰਜਿਸ਼, ਪਰਿਵਾਰਕ ਵਿਵਾਦ ਜਾਂ ਹੋਰ ਸੰਭਾਵਿਤ ਕਾਰਨਾਂ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਅੱਗੇ ਵਧਾਈ ਜਾ ਰਹੀ ਹੈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਅਤੇ ਜਾਣ-ਪਛਾਣ ਵਾਲਿਆਂ ਦੇ ਬਿਆਨ ਵੀ ਦਰਜ ਕੀਤੇ ਜਾ ਰਹੇ ਹਨ।

ਇਲਾਕੇ ਦੇ ਲੋਕਾਂ ਵਿੱਚ ਡਰ ਦਾ ਮਾਹੌਲ

ਇੱਕੋ ਫਲੈਟ ਵਿੱਚ ਤਿੰਨ ਲੋਕਾਂ ਦੀ ਮੌਤ ਦੀ ਖ਼ਬਰ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਬਣ ਗਿਆ ਹੈ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਮਾਮਲੇ ਦੀ ਜਾਂਚ ਨੂੰ ਤਰਜੀਹ ਦੇ ਅਧਾਰ ‘ਤੇ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਜਲਦ ਹੀ ਪੂਰਾ ਸੱਚ ਸਾਹਮਣੇ ਲਿਆਂਦਾ ਜਾਵੇਗਾ।

ਪੰਜਾਬ ‘ਚ ਲੂ ਦਾ ਕਹਿਰ ਵਧਿਆ, ਕਈ ਜ਼ਿਲ੍ਹਿਆਂ ਲਈ ਗੰਭੀਰ ਹੀਟਵੇਵ ਚੇਤਾਵਨੀ ਜਾਰੀ

ਚੰਡੀਗੜ੍ਹ :- ਪੰਜਾਬ ਅਤੇ ਚੰਡੀਗੜ੍ਹ ਵਿੱਚ ਪੈ ਰਹੀ ਤਿੱਖੀ ਗਰਮੀ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਸੂਬੇ ਦੇ ਕਈ ਹਿੱਸਿਆਂ ਵਿੱਚ ਦਿਨ ਦੌਰਾਨ ਸੜਕਾਂ ਸੁੰਝੀਆਂ ਨਜ਼ਰ ਆ ਰਹੀਆਂ ਹਨ ਅਤੇ ਲੂ ਦੇ ਥਪੇੜਿਆਂ ਨੇ ਆਮ ਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਤਿੰਨ ਦਿਨਾਂ ਲਈ ਗੰਭੀਰ ਗਰਮੀ ਦੀ ਚੇਤਾਵਨੀ ਜਾਰੀ ਕਰਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।

ਐਤਵਾਰ ਨੂੰ ਬਠਿੰਡਾ ਪੰਜਾਬ ਦਾ ਸਭ ਤੋਂ ਗਰਮ ਸ਼ਹਿਰ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 44.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ ਹੋਰ ਵਾਧਾ ਵੀ ਦਰਜ ਹੋਇਆ ਹੈ।

ਕਈ ਜ਼ਿਲ੍ਹਿਆਂ ‘ਚ ਲੂ ਚੱਲਣ ਦੀ ਸੰਭਾਵਨਾ

ਮੌਸਮ ਕੇਂਦਰ ਮੁਤਾਬਕ ਸੋਮਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਤਿੱਖੀ ਗਰਮੀ ਅਤੇ ਲੂ ਦਾ ਅਸਰ ਵੇਖਣ ਨੂੰ ਮਿਲ ਸਕਦਾ ਹੈ।

ਇਸ ਦੇ ਨਾਲ ਹੀ ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਮਾਨਸਾ ਲਈ ਗੰਭੀਰ ਹੀਟਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ਵਿੱਚ ਲੋਕਾਂ ਨੂੰ ਦੁਪਹਿਰ ਵੇਲੇ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ।

ਸਰਕਾਰ ਨੇ ਦਫ਼ਤਰਾਂ ਅਤੇ ਸਕੂਲਾਂ ਦੇ ਸਮੇਂ ਬਦਲੇ

ਵਧਦੀ ਗਰਮੀ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕਰਨ ਦਾ ਫ਼ੈਸਲਾ ਕੀਤਾ ਹੈ। ਨਵੇਂ ਸਮੇਂ ਅੱਜ ਤੋਂ ਲਾਗੂ ਕਰ ਦਿੱਤੇ ਗਏ ਹਨ ਤਾਂ ਜੋ ਬੱਚਿਆਂ ਅਤੇ ਕਰਮਚਾਰੀਆਂ ਨੂੰ ਭਾਰੀ ਗਰਮੀ ਤੋਂ ਕੁਝ ਰਾਹਤ ਮਿਲ ਸਕੇ।

27 ਮਈ ਤੱਕ ਖੁਸ਼ਕ ਰਹੇਗਾ ਮੌਸਮ

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ 27 ਮਈ ਤੱਕ ਪੰਜਾਬ ਵਿੱਚ ਮੌਸਮ ਮੁੱਖ ਤੌਰ ‘ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਤਾਪਮਾਨ ਵਿੱਚ ਹੋਰ ਵਾਧਾ ਹੋ ਸਕਦਾ ਹੈ।

ਉਨ੍ਹਾਂ ਦੱਸਿਆ ਕਿ 29 ਅਤੇ 30 ਮਈ ਨੂੰ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਆਸਾਰ ਹਨ, ਜਿਸ ਨਾਲ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।

ਸਿਹਤ ਵਿਭਾਗ ਨੇ ਵੀ ਲੋਕਾਂ ਨੂੰ ਕੀਤਾ ਚੌਕਸ

ਗਰਮੀ ਦੇ ਵਧਦੇ ਪ੍ਰਭਾਵ ਨੂੰ ਦੇਖਦਿਆਂ ਸਿਹਤ ਵਿਭਾਗ ਨੇ ਲੋਕਾਂ ਨੂੰ ਵੱਧ ਤੋਂ ਵੱਧ ਪਾਣੀ ਪੀਣ, ਧੁੱਪ ਤੋਂ ਬਚਣ ਅਤੇ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ। ਡਾਕਟਰਾਂ ਮੁਤਾਬਕ ਲੂ ਕਾਰਨ ਬਜ਼ੁਰਗਾਂ, ਬੱਚਿਆਂ ਅਤੇ ਬਿਮਾਰ ਲੋਕਾਂ ਨੂੰ ਸਭ ਤੋਂ ਵੱਧ ਖ਼ਤਰਾ ਰਹਿੰਦਾ ਹੈ।

ਕਵਾਡ ਮੀਟਿੰਗ ਲਈ ਭਾਰਤ ਆਉਣਗੇ ਆਸਟ੍ਰੇਲੀਆਈ ਵਿਦੇਸ਼ ਮੰਤਰੀ, ਜੈਸ਼ੰਕਰ ਨਾਲ ਹੋਵੇਗੀ ਅਹਿਮ ਗੱਲਬਾਤ!

ਆਸਟ੍ਰੇਲੀਆ :- ਆਸਟ੍ਰੇਲੀਆ ਦੀ ਵਿਦੇਸ਼ ਮੰਤਰੀ ਪੈਨੀ ਵੋਂਗ ਸੋਮਵਾਰ ਨੂੰ ਕਵਾਡ ਵਿਦੇਸ਼ ਮੰਤਰੀਆਂ ਦੀ ਬੈਠਕ ਵਿੱਚ ਸ਼ਮੂਲੀਅਤ ਕਰਨ ਲਈ ਨਵੀਂ ਦਿੱਲੀ ਪਹੁੰਚ ਰਹੀ ਹੈ। ਇਸ ਦੌਰੇ ਦੌਰਾਨ ਉਹ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਦੁਵੱਲੇ ਮਸਲਿਆਂ ‘ਤੇ ਵਿਸਥਾਰਪੂਰਵਕ ਚਰਚਾ ਵੀ ਕਰਨਗੀਆਂ। ਭਾਰਤ-ਪ੍ਰਸ਼ਾਂਤ ਖੇਤਰ ਵਿੱਚ ਵਧ ਰਹੀਆਂ ਰਣਨੀਤਕ ਚੁਣੌਤੀਆਂ ਅਤੇ ਸੁਰੱਖਿਆ ਮਸਲਿਆਂ ਦੇ ਮੱਦੇਨਜ਼ਰ ਇਹ ਮੀਟਿੰਗ ਕਾਫ਼ੀ ਮਹੱਤਵਪੂਰਨ ਮੰਨੀ ਜਾ ਰਹੀ ਹੈ।

‘ਅਨਿਸ਼ਚਿਤ ਸਮੇਂ ਵਿੱਚ ਕਵਾਡ ਦੀ ਭੂਮਿਕਾ ਅਹਿਮ’

ਭਾਰਤ ਦੌਰੇ ਤੋਂ ਪਹਿਲਾਂ ਜਾਰੀ ਆਪਣੇ ਬਿਆਨ ਵਿੱਚ ਪੈਨੀ ਵੋਂਗ ਨੇ ਕਿਹਾ ਕਿ ਮੌਜੂਦਾ ਵਿਸ਼ਵ ਪੱਧਰੀ ਹਾਲਾਤਾਂ ਵਿੱਚ ਕਵਾਡ ਦੇਸ਼ਾਂ ਦੀ ਸਾਂਝ ਬਹੁਤ ਮਹੱਤਵਪੂਰਨ ਬਣ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਆਸਟ੍ਰੇਲੀਆ, ਭਾਰਤ, ਜਾਪਾਨ ਅਤੇ ਅਮਰੀਕਾ ਮਿਲ ਕੇ ਇੰਡੋ-ਪੈਸੀਫਿਕ ਖੇਤਰ ਨੂੰ ਸ਼ਾਂਤੀਪੂਰਨ, ਸੁਰੱਖਿਅਤ ਅਤੇ ਖੁਸ਼ਹਾਲ ਬਣਾਉਣ ਲਈ ਸਾਂਝੇ ਤੌਰ ‘ਤੇ ਕੰਮ ਕਰ ਰਹੇ ਹਨ।

ਸਮੁੰਦਰੀ ਸੁਰੱਖਿਆ ਤੋਂ ਲੈ ਕੇ ਤਕਨਾਲੋਜੀ ਤੱਕ ਹੋਵੇਗੀ ਚਰਚਾ

ਕਵਾਡ ਗਠਜੋੜ ਦੇਸ਼ਾਂ ਵਿਚਕਾਰ ਸਮੁੰਦਰੀ ਸੁਰੱਖਿਆ, ਮਹੱਤਵਪੂਰਨ ਖਣਿਜ ਸਪਲਾਈ, ਮਜ਼ਬੂਤ ਸਪਲਾਈ ਚੇਨ, ਬੁਨਿਆਦੀ ਢਾਂਚਾ ਵਿਕਾਸ, ਆਫ਼ਤ ਪ੍ਰਬੰਧਨ ਅਤੇ ਨਵੀਂ ਤਕਨਾਲੋਜੀ ਵਰਗੇ ਖੇਤਰਾਂ ਵਿੱਚ ਸਹਿਯੋਗ ਵਧਾਉਣ ‘ਤੇ ਧਿਆਨ ਦਿੱਤਾ ਜਾ ਰਿਹਾ ਹੈ। ਪੈਨੀ ਵੋਂਗ ਨੇ ਕਿਹਾ ਕਿ ਚਾਰੇ ਦੇਸ਼ ਸਾਂਝੇ ਹਿੱਤਾਂ ਨਾਲ ਜੁੜੇ ਕਈ ਮੋਰਚਿਆਂ ‘ਤੇ ਠੋਸ ਨਤੀਜੇ ਦੇ ਰਹੇ ਹਨ।

ਭਾਰਤ-ਆਸਟ੍ਰੇਲੀਆ ਸਬੰਧਾਂ ਨੂੰ ਮਿਲੇਗੀ ਹੋਰ ਮਜ਼ਬੂਤੀ

ਦੌਰੇ ਦੌਰਾਨ ਪੈਨੀ ਵੋਂਗ ਅਤੇ ਐੱਸ. ਜੈਸ਼ੰਕਰ ਵਿਚਕਾਰ 17ਵੀਂ ਆਸਟ੍ਰੇਲੀਆ-ਭਾਰਤ ਵਿਦੇਸ਼ ਮੰਤਰੀ ਪੱਧਰੀ ਢਾਂਚਾਗਤ ਗੱਲਬਾਤ ਵੀ ਹੋਵੇਗੀ। ਵੋਂਗ ਨੇ ਕਿਹਾ ਕਿ ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਭਾਈਵਾਲੀ ਪਹਿਲਾਂ ਨਾਲੋਂ ਕਾਫ਼ੀ ਮਜ਼ਬੂਤ ਅਤੇ ਨਤੀਜੇਦਾਰ ਹੋ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਦੋਵੇਂ ਦੇਸ਼ ਵਪਾਰ, ਨਿਵੇਸ਼, ਰੱਖਿਆ, ਸਮੁੰਦਰੀ ਸੁਰੱਖਿਆ, ਸਾਫ਼ ਊਰਜਾ, ਜਲਵਾਯੂ ਤਬਦੀਲੀ, ਰਣਨੀਤਕ ਤਕਨਾਲੋਜੀ, ਸਿੱਖਿਆ ਅਤੇ ਹੁਨਰ ਵਿਕਾਸ ਵਰਗੇ ਖੇਤਰਾਂ ਵਿੱਚ ਸਹਿਯੋਗ ਨੂੰ ਹੋਰ ਵਧਾ ਰਹੇ ਹਨ।

ਅਮਰੀਕਾ ਅਤੇ ਜਾਪਾਨ ਦੇ ਮੰਤਰੀ ਵੀ ਲੈਣਗੇ ਹਿੱਸਾ

ਕਵਾਡ ਵਿਦੇਸ਼ ਮੰਤਰੀਆਂ ਦੀ ਇਹ ਮੀਟਿੰਗ 26 ਮਈ ਨੂੰ ਹੋਵੇਗੀ, ਜਿਸ ਵਿੱਚ ਜਾਪਾਨ ਦੇ ਵਿਦੇਸ਼ ਮੰਤਰੀ ਤੋਸ਼ੀਮਿਤਸੁ ਮੋਟੇਗੀ ਅਤੇ ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਵੀ ਸ਼ਮੂਲੀਅਤ ਕਰਨਗੇ। ਇਹ ਬੈਠਕ ਖੇਤਰੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਮੰਨੀ ਜਾ ਰਹੀ ਹੈ।

ਖੁੱਲ੍ਹੇ ਅਤੇ ਸੁਤੰਤਰ ਇੰਡੋ-ਪੈਸੀਫਿਕ ‘ਤੇ ਰਹੇਗਾ ਜ਼ੋਰ

ਵਿਦੇਸ਼ ਮੰਤਰਾਲੇ ਮੁਤਾਬਕ, ਇਹ ਦੌਰਾ ਕਵਾਡ ਦੇਸ਼ਾਂ ਵਿਚਕਾਰ ਲਗਾਤਾਰ ਵਧ ਰਹੀ ਉੱਚ ਪੱਧਰੀ ਭਾਈਵਾਲੀ ਨੂੰ ਦਰਸਾਉਂਦਾ ਹੈ। ਨਾਲ ਹੀ, ਇਹ ਸੁਤੰਤਰ, ਖੁੱਲ੍ਹੇ ਅਤੇ ਸਮਾਵੇਸ਼ੀ ਇੰਡੋ-ਪੈਸੀਫਿਕ ਖੇਤਰ ਲਈ ਸਾਂਝੀ ਵਚਨਬੱਧਤਾ ਨੂੰ ਵੀ ਹੋਰ ਮਜ਼ਬੂਤ ਕਰੇਗਾ।

ਜਮੂੰ-ਕਸ਼ਮੀਰ ‘ਚ ਐੱਨਆਈਏ ਦੀ ਵੱਡੀ ਕਾਰਵਾਈ, ਪਾਬੰਦੀਸ਼ੁਦਾ ਸੰਸਥਾਵਾਂ ਨਾਲ ਜੁੜੇ ਟਿਕਾਣਿਆਂ ਤੇ ਛਾਪੇ!

ਜੰਮੂ :- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਸੋਮਵਾਰ ਸਵੇਰੇ ਰਾਸ਼ਟਰੀ ਜਾਂਚ ਏਜੰਸੀ ਵੱਲੋਂ ਵੱਡੀ ਤਲਾਸ਼ੀ ਮੁਹਿੰਮ ਚਲਾਈ ਗਈ। ਜਾਂਚ ਟੀਮਾਂ ਨੇ ਇਮਾਮ ਸਾਹਿਬ ਇਲਾਕੇ ਵਿੱਚ ਸਥਿਤ ਇੱਕ ਮਦਰਸੇ ਸਮੇਤ ਦੋ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ। ਸੁਰੱਖਿਆ ਬਲਾਂ ਦੀ ਭਾਰੀ ਮੌਜੂਦਗੀ ਵਿਚ ਇਹ ਕਾਰਵਾਈ ਕਈ ਘੰਟਿਆਂ ਤੱਕ ਜਾਰੀ ਰਹੀ।

ਹਾਲ ਹੀ ‘ਚ ਗੈਰਕਾਨੂੰਨੀ ਘੋਸ਼ਿਤ ਕੀਤੀ ਗਈ ਸੀ ਸੰਸਥਾ

ਸੂਤਰਾਂ ਅਨੁਸਾਰ ਜਾਂਚ ਏਜੰਸੀ ਨੇ ਦਰੁਲ ਉਲੂਮ ਸਿਰਾਜੁਲ ਉਲੂਮ ਨਾਮਕ ਸਿੱਖਿਆ ਸੰਸਥਾ ਦੇ ਕੈਂਪਸ ਦੀ ਗਹਿਰਾਈ ਨਾਲ ਜਾਂਚ ਕੀਤੀ। ਇਹ ਸੰਸਥਾ ਧਾਰਮਿਕ ਅਤੇ ਆਮ ਸਿੱਖਿਆ ਦੋਵੇਂ ਪ੍ਰਦਾਨ ਕਰਦੀ ਰਹੀ ਹੈ ਅਤੇ ਇੱਥੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਪੜ੍ਹਦੇ ਹਨ। ਪ੍ਰਸ਼ਾਸਨ ਨੇ ਪਿਛਲੇ ਮਹੀਨੇ ਇਸ ਸੰਸਥਾ ਨੂੰ ਗੈਰਕਾਨੂੰਨੀ ਐਲਾਨ ਕਰ ਦਿੱਤਾ ਸੀ, ਜਿਸ ਤੋਂ ਬਾਅਦ ਇਹ ਲਗਾਤਾਰ ਚਰਚਾ ਵਿੱਚ ਰਹੀ।

ਜਮਾਤ-ਏ-ਇਸਲਾਮੀ ਦੇ ਸਾਬਕਾ ਮੁਖੀ ਦੇ ਘਰ ਵੀ ਛਾਪਾ

ਇਸੇ ਦੌਰਾਨ ਐੱਨਆਈਏ ਦੀ ਇਕ ਹੋਰ ਟੀਮ ਨੇ ਮੋਲੂ ਚਿਤਰਗਾਮ ਇਲਾਕੇ ਵਿੱਚ ਜਮਾਤ-ਏ-ਇਸਲਾਮੀ ਦੇ ਸਾਬਕਾ ਮੁਖੀ ਸ਼ਹਿਜਾਦਾ ਔਰੰਗਜ਼ੇਬ ਦੇ ਘਰ ਦੀ ਤਲਾਸ਼ੀ ਲਈ। ਅਧਿਕਾਰੀਆਂ ਵੱਲੋਂ ਦਸਤਾਵੇਜ਼ਾਂ ਅਤੇ ਹੋਰ ਸਮੱਗਰੀ ਦੀ ਜਾਂਚ ਕੀਤੀ ਗਈ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਗਿਆ ਕਿ ਜਾਂਚ ਦੌਰਾਨ ਕੋਈ ਇਤਰਾਜ਼ਯੋਗ ਸਮੱਗਰੀ ਬਰਾਮਦ ਹੋਈ ਹੈ ਜਾਂ ਨਹੀਂ।

ਸੁਰੱਖਿਆ ਏਜੰਸੀਆਂ ਵੱਲੋਂ ਵਧਾਈ ਗਈ ਨਿਗਰਾਨੀ

ਕਾਰਵਾਈ ਦੌਰਾਨ ਦੋਵੇਂ ਥਾਵਾਂ ਦੇ ਆਲੇ-ਦੁਆਲੇ ਸੁਰੱਖਿਆ ਬਲ ਤਾਇਨਾਤ ਰਹੇ ਅਤੇ ਆਉਣ-ਜਾਣ ‘ਤੇ ਨਿਗਰਾਨੀ ਰੱਖੀ ਗਈ। ਕੇਂਦਰੀ ਏਜੰਸੀਆਂ ਵੱਲੋਂ ਪਾਬੰਦੀਸ਼ੁਦਾ ਸੰਸਥਾਵਾਂ ਅਤੇ ਰਾਸ਼ਟਰੀ ਸੁਰੱਖਿਆ ਨਾਲ ਜੁੜੀਆਂ ਗਤੀਵਿਧੀਆਂ ਦੇ ਸੰਭਾਵਿਤ ਸੰਬੰਧਾਂ ਦੀ ਜਾਂਚ ਤੇਜ਼ ਕੀਤੀ ਜਾ ਰਹੀ ਹੈ।

ਪ੍ਰਾਰੰਭਿਕ ਜਾਂਚ ਤੋਂ ਬਾਅਦ ਆ ਸਕਦੀ ਹੈ ਹੋਰ ਜਾਣਕਾਰੀ

ਅਧਿਕਾਰੀਆਂ ਨੇ ਅਜੇ ਤੱਕ ਛਾਪੇਮਾਰੀ ਦੇ ਪੂਰੇ ਵੇਰਵੇ ਸਾਂਝੇ ਨਹੀਂ ਕੀਤੇ। ਮੰਨਿਆ ਜਾ ਰਿਹਾ ਹੈ ਕਿ ਜ਼ਬਤ ਕੀਤੇ ਗਏ ਦਸਤਾਵੇਜ਼ਾਂ ਅਤੇ ਹੋਰ ਸਬੂਤਾਂ ਦੀ ਜਾਂਚ ਤੋਂ ਬਾਅਦ ਹੀ ਏਜੰਸੀਆਂ ਵੱਲੋਂ ਅਗਲੀ ਜਾਣਕਾਰੀ ਜਨਤਕ ਕੀਤੀ ਜਾਵੇਗੀ।

ਮਹਿੰਗੇ ਹੋਏ ਪੈਟਰੋਲ-ਡੀਜ਼ਲ ਨੇ ਵਧਾਈ ਲੋਕਾਂ ਦੀ ਚਿੰਤਾ, 10 ਦਿਨਾਂ ਵਿੱਚ ਚੌਥੀ ਵਾਰ ਵਧੀਆਂ ਕੀਮਤਾਂ

ਚੰਡੀਗੜ੍ਹ :- ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਲੋਕਾਂ ਦੀਆਂ ਮੁਸ਼ਕਲਾਂ ਹੋਰ ਗੰਭੀਰ ਕਰ ਦਿੱਤੀਆਂ ਹਨ। ਹੁਣ ਇੱਕ ਵਾਰ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਨੇ ਲੋਕਾਂ ਦੇ ਘਰੇਲੂ ਬਜਟ ਨੂੰ ਝਟਕਾ ਦਿੱਤਾ ਹੈ। ਕੇਂਦਰੀ ਤੇਲ ਕੰਪਨੀਆਂ ਵੱਲੋਂ ਸੋਮਵਾਰ ਨੂੰ ਪੈਟਰੋਲ ਦੀ ਕੀਮਤ ਵਿੱਚ 2.61 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਵਿੱਚ 2.71 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ। ਪਿਛਲੇ ਦਸ ਦਿਨਾਂ ਦੌਰਾਨ ਇਹ ਚੌਥਾ ਮੌਕਾ ਹੈ ਜਦੋਂ ਇੰਧਨ ਦੀਆਂ ਕੀਮਤਾਂ ਵਧਾਈਆਂ ਗਈਆਂ ਹਨ।

ਦਿੱਲੀ ਵਿੱਚ ਪੈਟਰੋਲ 102 ਰੁਪਏ ਤੋਂ ਪਾਰ

ਨਵੀਆਂ ਕੀਮਤਾਂ ਲਾਗੂ ਹੋਣ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ 102.12 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.20 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਿਆ ਹੈ। ਇਸ ਤੋਂ ਪਹਿਲਾਂ ਵੀ ਬੀਤੇ ਦਿਨਾਂ ਦੌਰਾਨ ਕੀਮਤਾਂ ਵਿੱਚ ਕਈ ਵਾਰ ਵਾਧਾ ਹੋ ਚੁੱਕਾ ਹੈ, ਜਿਸ ਨਾਲ ਲੋਕਾਂ ਵਿੱਚ ਨਾਰਾਜ਼ਗੀ ਵਧਦੀ ਜਾ ਰਹੀ ਹੈ।

ਪੰਜਾਬ ਅਤੇ ਹੋਰ ਸ਼ਹਿਰਾਂ ਵਿੱਚ ਵੀ ਵਧੀਆਂ ਦਰਾਂ

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਪੈਟਰੋਲ 101.51 ਰੁਪਏ ਅਤੇ ਡੀਜ਼ਲ 89.47 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਇਸ ਤੋਂ ਇਲਾਵਾ ਦੇਸ਼ ਦੇ ਹੋਰ ਵੱਡੇ ਸ਼ਹਿਰਾਂ ਵਿੱਚ ਵੀ ਕੀਮਤਾਂ ਨੇ ਨਵੇਂ ਅੰਕੜੇ ਛੂਹੇ ਹਨ।

ਪੈਟਰੋਲ ਦੀਆਂ ਨਵੀਆਂ ਕੀਮਤਾਂ ਇਸ ਤਰ੍ਹਾਂ ਹਨ—

  • ਕੋਲਕਾਤਾ – 113.51 ਰੁਪਏ ਪ੍ਰਤੀ ਲੀਟਰ
  • ਮੁੰਬਈ – 111.21 ਰੁਪਏ ਪ੍ਰਤੀ ਲੀਟਰ
  • ਚੇਨਈ – 107.77 ਰੁਪਏ ਪ੍ਰਤੀ ਲੀਟਰ

ਡੀਜ਼ਲ ਦੀਆਂ ਕੀਮਤਾਂ—

  • ਕੋਲਕਾਤਾ – 99.82 ਰੁਪਏ ਪ੍ਰਤੀ ਲੀਟਰ
  • ਮੁੰਬਈ – 97.83 ਰੁਪਏ ਪ੍ਰਤੀ ਲੀਟਰ
  • ਚੇਨਈ – 99.55 ਰੁਪਏ ਪ੍ਰਤੀ ਲੀਟਰ

ਮਈ ਮਹੀਨੇ ਵਿੱਚ ਲਗਾਤਾਰ ਚੜ੍ਹੇ ਭਾਅ

ਇਸ ਮਹੀਨੇ 15 ਮਈ ਤੋਂ ਬਾਅਦ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਗਿਆ ਹੈ। ਇਸ ਦੌਰਾਨ ਪੈਟਰੋਲ ਕੁੱਲ ਮਿਲਾ ਕੇ 7 ਰੁਪਏ ਤੋਂ ਵੱਧ ਅਤੇ ਡੀਜ਼ਲ ਕਰੀਬ 8 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਚੁੱਕਾ ਹੈ। ਵਾਰ-ਵਾਰ ਹੋ ਰਹੇ ਇਸ ਵਾਧੇ ਨੇ ਮੱਧਵਰਗ ਅਤੇ ਟਰਾਂਸਪੋਰਟ ਖੇਤਰ ਨੂੰ ਸਭ ਤੋਂ ਵੱਧ ਪ੍ਰਭਾਵਿਤ ਕੀਤਾ ਹੈ।

ਅੰਤਰਰਾਸ਼ਟਰੀ ਬਾਜ਼ਾਰ ਦਾ ਦਿੱਤਾ ਜਾ ਰਿਹਾ ਹਵਾਲਾ

ਤੇਲ ਕੰਪਨੀਆਂ ਦਾ ਕਹਿਣਾ ਹੈ ਕਿ ਵਿਸ਼ਵ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਅਤੇ ਡਾਲਰ ਦੇ ਮੁਕਾਬਲੇ ਰੁਪਏ ਦੀ ਕਮਜ਼ੋਰੀ ਕਾਰਨ ਆਯਾਤ ਲਾਗਤ ਵਧ ਗਈ ਹੈ। ਇਸ ਕਰਕੇ ਕੰਪਨੀਆਂ ‘ਤੇ ਵਿੱਤੀ ਬੋਝ ਵਧ ਰਿਹਾ ਹੈ, ਜਿਸ ਨੂੰ ਪੂਰਾ ਕਰਨ ਲਈ ਇੰਧਨ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ।

ਹਾਲੇ ਹੋਰ ਮਹਿੰਗਾ ਹੋ ਸਕਦਾ ਹੈ ਤੇਲ

ਆਰਥਿਕ ਮਾਹਿਰਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਲੋਕਾਂ ਨੂੰ ਰਾਹਤ ਮਿਲਣ ਦੀ ਸੰਭਾਵਨਾ ਘੱਟ ਹੈ। ਕੱਚੇ ਤੇਲ ਦੀਆਂ ਕੀਮਤਾਂ ਲੰਬੇ ਸਮੇਂ ਤੋਂ 100 ਡਾਲਰ ਪ੍ਰਤੀ ਬੈਰਲ ਤੋਂ ਉੱਪਰ ਬਣੀਆਂ ਹੋਈਆਂ ਹਨ। ਇਸ ਦੇ ਨਾਲ ਰੁਪਏ ਦੀ ਕਮਜ਼ੋਰੀ ਨੇ ਵੀ ਤੇਲ ਕੰਪਨੀਆਂ ਦੀ ਚਿੰਤਾ ਵਧਾ ਦਿੱਤੀ ਹੈ। ਮੰਨਿਆ ਜਾ ਰਿਹਾ ਹੈ ਕਿ ਕੰਪਨੀਆਂ ਆਪਣੇ ਨੁਕਸਾਨ ਦੀ ਭਰਪਾਈ ਲਈ ਅਗਲੇ ਦਿਨਾਂ ਵਿੱਚ ਹੋਰ ਵਾਧਾ ਕਰ ਸਕਦੀਆਂ ਹਨ।

ਗੈਂਗਸਟਰਾਂ ਤੇ ਵਾਰ ਦਾ 124ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 269 ਗ੍ਰਿਫ਼ਤਾਰ

ਚੰਡੀਗੜ੍ਹ : ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 124ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 529 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ 124ਵੇਂ ਦਿਨ ਪੁਲਿਸ ਟੀਮਾਂ ਨੇ ਦੋ ਹਥਿਆਰਾਂ ਸਮੇਤ 269 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 31,699 ਹੋ ਗਈਆਂ। ਇਸ ਤੋਂ ਇਲਾਵਾ 100 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 16 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 449ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 30.6 ਕਿਲੋ ਹੈਰੋਇਨ, 271 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 449 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 65,417 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ 26 ਮਈ, 2026 (ਮੰਗਲਵਾਰ) ਨੂੰ ਪੰਜਾਬ ਰਾਜ ਵਿੱਚ ਆਮ ਛੁੱਟੀ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਵੋਟਰਾਂ ਨੂੰ 26 ਮਈ, 2026 ਨੂੰ ਹੋਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਵਿੱਚ ਆਪਣੀ ਵੋਟ ਪਾਉਣ ਦੀ ਸਹੂਲਤ ਦੇਣ ਲਈ ਲਿਆ ਗਿਆ ਹੈ।

ਚੰਡੀਗੜ੍ਹ ਵਿਖੇ ਸਥਿਤ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਸੰਸਥਾਵਾਂ ਵਿਖੇ ਵੀ ਛੁੱਟੀ ਹੋਵੇਗੀ।

ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਪ੍ਰਤੀ ਵਚਨਬੱਧਤਾ ਦਹੁਰਾਉਂਦਿਆਂ ਅੱਜ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵੱਲੋਂ ਆਗਾਮੀ ਝੋਨੇ ਦੀ ਬਿਜਾਈ ਸੀਜ਼ਨ ਦੌਰਾਨ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਲੋੜੀਂਦੇ ਵਿਆਪਕ ਪ੍ਰਬੰਧ ਕੀਤੇ ਗਏ ਹਨ।

ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਲਈ ਝੋਨੇ ਦੇ ਸੀਜ਼ਨ ਲਈ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਇਹ ਸਮਾਂ ਸਾਰਣੀ 1 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਅਤੇ 5 ਜੂਨ ਤੋਂ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿਖੇ ਲਾਗੂ ਹੋਵੇਗਾ। ਇਸ ਦੇ ਨਾਲ ਹੀ 9 ਜੂਨ ਤੋਂ ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਐਸਬੀਐਸ ਨਗਰ ਜ਼ਿਲ੍ਹਿਆਂ ਵਿੱਚ ਰੋਜ਼ਾਨਾ 8 ਘੰਟੇ ਤੋਂ ਵੱਧ ਬਿਜਲੀ ਮੁਹੱਈਆ ਕਰਵਾਈ ਜਾਵੇਗੀ।”

ਉਨ੍ਹਾਂ ਅੱਗੇ ਕਿਹਾ, “ਸੂਬਾ ਸਰਕਾਰ ਨੇ ਖੇਤੀਬਾੜੀ ਖੇਤਰ ਨੂੰ ਪਹਿਲ ਦਿੱਤੀ ਹੈ ਅਤੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਸਾਰੀਆਂ ਜ਼ਰੂਰੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।” ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ, ਪੀਐਸਪੀਸੀਐਲ ਸੂਬੇ ਵਿੱਚ ਖੇਤੀਬਾੜੀ ਲਈ ਜਾਰੀ ਹਰੇਕ ਮੋਟਰ ਕੁਨੈਕਸ਼ਨ ਲਈ ਰੋਜ਼ਾਨਾ ਅੱਠ ਘੰਟੇ ਤੋਂ ਵੱਧ ਬਿਜਲੀ ਦੀ ਉਪਲਬਧਤਾ ਯਕੀਨੀ ਬਣਾਏਗਾ ਤਾਂ ਜੋ ਕਿਸਾਨ ਝੋਨੇ ਦੀ ਲਵਾਈ ਸੁਚਾਰੂ ਅਤੇ ਬਿਨਾਂ ਕਿਸੇ ਪਰੇਸ਼ਾਨੀ ਦੇ ਕਰ ਸਕਣ।”

ਮੰਤਰੀ ਨੇ ਅੱਗੇ ਕਿਹਾ, “ਬਿਜਲੀ ਵੰਡ ਪ੍ਰਣਾਲੀ ਦੀ ਨਿਰੰਤਰ ਨਿਗਰਾਨੀ ਲਈ ਸੂਬੇ ਭਰ ਵਿੱਚ ਪੀਐਸਪੀਸੀਐਲ ਦੇ ਅਧਿਕਾਰੀਆਂ ਅਤੇ ਤਕਨੀਕੀ ਸਟਾਫ ਦੀਆਂ ਸਮਰਪਿਤ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਫੀਲਡ ਅਧਿਕਾਰੀਆਂ ਨੂੰ 24 ਘੰਟੇ ਉਪਲਬਧ ਰਹਿਣ ਅਤੇ ਕਿਸੇ ਵੀ ਤਰ੍ਹਾਂ ਦੀ ਖਰਾਬੀ, ਟ੍ਰਾਂਸਫਾਰਮਰ ਸਬੰਧੀ ਮੁੱਦੇ ਅਤੇ ਹੋਰ ਤਕਨੀਕੀ ਨੁਕਸ ਦਾ ਪਹਿਲ ਦੇ ਆਧਾਰ ‘ਤੇ ਤੁਰੰਤ ਹੱਲ ਯਕੀਨੀ ਬਣਾਉਣ ਲਈ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਗਏ ਹਨ।” ਬਿਜਲੀ ਮੰਤਰੀ ਨੇ ਅੱਗੇ ਕਿਹਾ, “ਪੰਜਾਬ ਸਰਕਾਰ ਸੂਬੇ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਸਾਰੇ ਖੇਤਰਾਂ, ਖਾਸ ਕਰਕੇ ਖੇਤੀਬਾੜੀ ਨੂੰ ਲੋੜੀਂਦੀ ਬਿਜਲੀ ਮੁਹੱਈਆ ਕਰਵਾਉਣਾ ਭਗਵੰਤ ਮਾਨ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚੋਂ ਇੱਕ ਹੈ।”

ਬਿਜਲੀ ਨਿਗਮ ਵਿੱਚ ਮੁਲਾਜ਼ਮਾਂ ਦੀ ਘਾਟ ਨੇ ਵਧਾਈ ਚਿੰਤਾ, ਦਫ਼ਤਰੀ ਕਰਮਚਾਰੀਆਂ ਨੂੰ ਫੀਲਡ ‘ਚ ਉਤਾਰਨ ਦੀ ਜਿੰਮੇਵਾਰੀ

ਚੰਡੀਗੜ੍ਹ :- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਿੱਚ ਤਕਨੀਕੀ ਮੁਲਾਜ਼ਮਾਂ ਦੀ ਘਾਟ ਹੁਣ ਵੱਡੀ ਚਿੰਤਾ ਦਾ ਕਾਰਨ ਬਣਦੀ ਜਾ ਰਹੀ ਹੈ। ਹਾਲਾਤ ਇਹ ਹਨ ਕਿ ਬਿਜਲੀ ਸਬੰਧੀ ਖਰਾਬੀਆਂ ਸਮੇਂ ਸਿਰ ਦੂਰ ਨਹੀਂ ਹੋ ਰਹੀਆਂ, ਜਿਸ ਕਾਰਨ ਆਮ ਲੋਕਾਂ ਨੂੰ ਲੰਮੇ ਸਮੇਂ ਤੱਕ ਬਿਜਲੀ ਤੋਂ ਵਾਂਝਾ ਰਹਿਣਾ ਪੈ ਰਿਹਾ ਹੈ। ਗਰਮੀ ਦੇ ਦਿਨਾਂ ਵਿੱਚ ਇਹ ਸਮੱਸਿਆ ਹੋਰ ਵੀ ਗੰਭੀਰ ਰੂਪ ਧਾਰ ਰਹੀ ਹੈ।

ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਦੋਸ਼ੀ 28.12 ਕਿਲੋ ਹੈਰੋਇਨ ਅਤੇ 9.5 ਲੱਖ ਰੁਪਏ ਡਰੱਗ ਮਨੀ  ਸਮੇਤ ਕਾਬ

ਚੰਡੀਗੜ੍ਹ : ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਆਪਣੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਚਾਰ ਦੋਸ਼ੀਆਂ ਨੂੰ 28.12 ਕਿਲੋਗ੍ਰਾਮ ਹੈਰੋਇਨ ਅਤੇ 9.5 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਬਗੀਚਾ ਸਿੰਘ ਅਤੇ ਭੁਪਿੰਦਰ ਸਿੰਘ ਦੋਵੇਂ ਵਾਸੀ ਪਿੰਡ ਬੋਘੀ ਵਾਲਾ, ਗੁਰੂ ਹਰ ਸਹਾਏ; ਸਾਜਨ, ਵਾਸੀ ਪਿੰਡ ਅਰਾਈਆਂ ਵਾਲਾ; ਅਤੇ ਛਿੰਦਰਪਾਲ ਸਿੰਘ ਉਰਫ਼ ਰਿੰਕੂ ਵਾਸੀ ਲੱਖਾ ਸਿੰਘ ਵਾਲਾ, ਫਿਰੋਜ਼ਪੁਰ ਵਜੋਂ ਹੋਈ ਹੈ। ਹੈਰੋਇਨ ਦੀ ਇਹ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮ ਨੇ ਮੁਲਜ਼ਮਾਂ ਦੀ ਹੁੰਡਈ ਕ੍ਰੇਟਾ ਕਾਰ ਵੀ ਜ਼ਬਤ ਕਰ ਲਈ ਹੈ, ਜਿਸਦੀ ਵਰਤੋਂ ਉਹ ਨਸ਼ਾ ਤਸਕਰੀ ਲਈ ਕਰ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਮਾਡਿਊਲ ਦੇ ਵਿਦੇਸ਼ੀ ਤਸਕਰਾਂ ਅਤੇ ਹੈਂਡਲਰਾਂ ਨਾਲ ਸਬੰਧ ਸਨ, ਜਿਨ੍ਹਾਂ ਨੇ ਕਥਿਤ ਤੌਰ ‘ਤੇ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਭਾਰਤੀ ਖੇਤਰ ਦੇ ਅੰਦਰ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਕੇ ਇਸਨੂੰ ਅੱਗੇ ਵੰਡਣ ਦਾ ਕੰਮ ਸੌਂਪਿਆ ਸੀ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਸਮੁੱਚੇ ਨੈੱਟਵਰਕ ਦਾ ਖਾਤਮਾ ਕੀਤਾ ਜਾ ਸਕੇ।

ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸ਼ੱਕੀ ਬਗੀਚਾ ਸਿੰਘ, ਭੁਪਿੰਦਰ ਸਿੰਘ, ਸਾਜਨ ਅਤੇ ਛਿੰਦਰ ਪਾਲ ਉਰਫ਼ ਰਿੰਕੂ ਵੱਲੋਂ ਕੁਝ ਦਿਨ ਪਹਿਲਾਂ ਸਰਹੱਦ ਪਾਰੋਂ ਹੈਰੋਇਨ ਦੀ ਖੇਪ ਪ੍ਰਾਪਤ ਕੀਤੇ ਜਾਣ ਸਬੰਧੀ ਭਰੋਸੇਯੋਗ ਜਾਣਕਾਰੀ ਮਿਲੀ ਸੀ।ਜਾਣਕਾਰੀ ‘ਚ ਅੱਗੇ ਪਤਾ ਲੱਗਾ ਕਿ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਉਕਤ ਸ਼ੱਕੀ ਵਿਅਕਤੀ ਇਹ ਖੇਪ ਅੱਗੇ ਕਿਸੇ ਹੋਰ ਧਿਰ ਨੂੰ ਪਹੁੰਚਾਉਣ ਜਾ ਰਹੇ ਹਨ, ਜਿਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਗੁਰੂ ਹਰ ਸਹਾਏ ਦੇ ਖੇਤਰ ਵਿੱਚ ਸ਼ੱਕੀਆਂ ਨੂੰ ਘੇਰ ਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 28.12 ਕਿਲੋਗ੍ਰਾਮ ਹੈਰੋਇਨ ਅਤੇ 9.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰ ਲਈ।

ਏਆਈਜੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਉਨ੍ਹਾਂ ਦੇ ਹੈਂਡਲਰਾਂ ਵੱਲੋਂ ਮੋਟੀ ਰਕਮ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਅੱਗੇ ਵਧਣ ਦੇ ਨਾਲ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧ ਵਿੱਚ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਤਹਿਤ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਫਆਈਆਰ ਨੰਬਰ 13 ਮਿਤੀ 23.05.2026 ਦਰਜ ਕੀਤੀ ਗਈ ਹੈ।