Home Blog Page 408

“ਸੰਗਤ ਨੂੰ ਕਾਨੂੰਨ ਮਨਜ਼ੂਰ, ਐਸਜੀਪੀਸੀ ਦੇ ਆਕਾਵਾਂ ਨੂੰ ਤਕਲੀਫ਼” : ਸ੍ਰੀ ਹਰਿਮੰਦਰ ਸਾਹਿਬ ਤੋਂ ਭਗਵੰਤ ਮਾਨ…..

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਆਪਣੀ “ਸ਼ੁਕਰਾਨਾ ਯਾਤਰਾ” ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ, ਜਿੱਥੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਕਈ ਮੰਤਰੀ, ਵਿਧਾਇਕ ਅਤੇ ਵੱਡੀ ਗਿਣਤੀ ਵਿੱਚ ਵਰਕਰ ਵੀ ਮੌਜੂਦ ਰਹੇ। ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੁੱਖ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਬੇਅਦਬੀ ਵਿਰੋਧੀ ਕਾਨੂੰਨ ਨੂੰ ਲੈ ਕੇ ਸਰਕਾਰ ਦਾ ਪੱਖ ਖੁੱਲ੍ਹ ਕੇ ਰੱਖਿਆ।

“ਬੇਅਦਬੀ ਦੀਆਂ ਘਟਨਾਵਾਂ ਨੇ ਸੰਗਤਾਂ ਦੇ ਮਨਾਂ ਨੂੰ ਠੇਸ ਪਹੁੰਚਾਈ”

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਦੌਰਾਨ ਵਾਰ-ਵਾਰ ਸਾਹਮਣੇ ਆਈਆਂ ਬੇਅਦਬੀ ਦੀਆਂ ਘਟਨਾਵਾਂ ਕਾਰਨ ਸਿੱਖ ਸੰਗਤਾਂ ਦੇ ਦਿਲ ਗਹਿਰਾਈ ਨਾਲ ਦੁਖੀ ਹੋਏ ਸਨ। ਇਸੇ ਦਰਦ ਨੂੰ ਸਮਝਦਿਆਂ ਪੰਜਾਬ ਸਰਕਾਰ ਨੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਜੇ ਅਸੀਂ ਆਪਣੇ ਘਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪੂਰਾ ਸਤਿਕਾਰ ਅਤੇ ਸੁਰੱਖਿਆ ਯਕੀਨੀ ਨਹੀਂ ਕਰ ਸਕਦੇ ਤਾਂ ਫਿਰ ਦੁਨੀਆ ਤੋਂ ਕੀ ਉਮੀਦ ਕੀਤੀ ਜਾ ਸਕਦੀ ਹੈ।

ਬੇਅਦਬੀ ਕਰਨ ਵਾਲਿਆਂ ਲਈ ਉਮਰ ਕੈਦ ਤੱਕ ਦੀ ਸਜ਼ਾ

ਭਗਵੰਤ ਮਾਨ ਨੇ ਦੱਸਿਆ ਕਿ ਨਵੇਂ ਕਾਨੂੰਨ ਤਹਿਤ ਬੇਅਦਬੀ ਦੇ ਦੋਸ਼ੀਆਂ ਨੂੰ 10 ਸਾਲ ਦੀ ਕੈਦ ਤੋਂ ਲੈ ਕੇ “ਉਮਰ ਕੈਦ ਟਿੱਲ ਡੈਥ” ਤੱਕ ਦੀ ਸਖ਼ਤ ਸਜ਼ਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਤਿਆਰ ਕਰਨ ਤੋਂ ਪਹਿਲਾਂ ਦੇਸ਼ ਦੇ ਮੰਨੇ-ਪਰਮੰਨੇ ਸਿੱਖ ਵਿਦਵਾਨਾਂ, ਕਾਨੂੰਨੀ ਮਾਹਿਰਾਂ ਅਤੇ ਵੱਖ-ਵੱਖ ਧਾਰਮਿਕ ਧਿਰਾਂ ਨਾਲ ਵਿਸਥਾਰ ਵਿੱਚ ਸਲਾਹ-ਮਸ਼ਵਰਾ ਕੀਤਾ ਗਿਆ ਸੀ ਤਾਂ ਜੋ ਭਵਿੱਖ ਵਿੱਚ ਕਿਸੇ ਤਰ੍ਹਾਂ ਦੀ ਕਾਨੂੰਨੀ ਕਮੀ ਨਾ ਰਹਿ ਜਾਵੇ। ਉਨ੍ਹਾਂ ਦੱਸਿਆ ਕਿ ਪਹਿਲਾਂ ਇਹ ਬਿੱਲ ਕੈਬਨਿਟ ਵਿੱਚ ਪਾਸ ਕੀਤਾ ਗਿਆ ਅਤੇ ਬਾਅਦ ਵਿੱਚ ਪੰਜਾਬ ਵਿਧਾਨ ਸਭਾ ਨੇ ਇਸ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ।

ਐਸਜੀਪੀਸੀ ਅਤੇ ਅਕਾਲੀ ਦਲ ‘ਤੇ ਤਿੱਖਾ ਨਿਸ਼ਾਨਾ

ਮੁੱਖ ਮੰਤਰੀ ਨੇ ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਨਿਸ਼ਾਨੇ ’ਤੇ ਲਿਆ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਪਹਿਲਾਂ ਬੇਅਦਬੀ ਵਿਰੋਧੀ ਕਾਨੂੰਨ ਦੀ ਮੰਗ ਕਰਦੇ ਰਹੇ, ਉਹੀ ਹੁਣ ਇਸ ਦਾ ਵਿਰੋਧ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੰਗਤ ਇਸ ਕਾਨੂੰਨ ਤੋਂ ਖੁਸ਼ ਹੈ, ਪਰ ਕੁਝ ਲੋਕਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ। ਉਨ੍ਹਾਂ ਦਾਅਵਾ ਕੀਤਾ ਕਿ ਕਾਨੂੰਨ ਨੂੰ ਪੂਰੀ ਦੁਨੀਆ ਦੀ ਸਿੱਖ ਸੰਗਤ ਦਾ ਸਮਰਥਨ ਮਿਲ ਰਿਹਾ ਹੈ, ਪਰ ਕੁਝ ਆਗੂਆਂ ਨੂੰ ਇਸ ’ਤੇ ਐਤਰਾਜ਼ ਹੈ।

“ਸੰਗਤ ਦੇ ਸੀਨੇ ‘ਚ ਠੰਡ ਪਈ, ਕੁਝ ਸੀਨੇ ਅਜੇ ਵੀ ਸੜ ਰਹੇ”

ਸੀਐਮ ਮਾਨ ਨੇ ਕਿਹਾ ਕਿ ਇਹ ਕਾਨੂੰਨ ਕਿਸੇ ਰਾਜਨੀਤਿਕ ਲਾਭ ਲਈ ਨਹੀਂ, ਸਗੋਂ ਸਿੱਖ ਕੌਮ ਦੀਆਂ ਭਾਵਨਾਵਾਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਦੀ ਰੱਖਿਆ ਲਈ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਸਮੂਹ ਸਿੱਖ ਸੰਗਤ ਦੇ ਮਨਾਂ ਨੂੰ ਇਸ ਕਾਨੂੰਨ ਨਾਲ ਸਾਂਤਵਨਾ ਮਿਲੀ ਹੈ, ਹਾਲਾਂਕਿ ਕੁਝ ਲੋਕ ਅਜੇ ਵੀ ਇਸ ਮਾਮਲੇ ’ਤੇ ਸਿਆਸਤ ਕਰ ਰਹੇ ਹਨ।

ਪਿਓ-ਪੁੱਤ ਤੇ ਵਿਅਕਤੀ ਦੇ ਕਤਲ ਦੇ ਦੋਸ਼, ਪੁਰਾਣੀ ਰੰਜਿਸ਼ ਨੇ ਲਿਆ ਖੂਨੀ ਰੂਪ

ਡੇਰਾਬੱਸੀ :- ਡੇਰਾਬੱਸੀ ਨੇੜਲੇ ਪਿੰਡ ਭਾਂਖਰਪੁਰ ਵਿੱਚ ਸ਼ਾਮ ਸਮੇਂ ਉਸ ਵੇਲੇ ਦਹਿਸ਼ਤ ਫੈਲ ਗਈ, ਜਦੋਂ ਬੱਸ ਸਟੈਂਡ ਕੋਲ ਇੱਕ ਵਿਅਕਤੀ ਦਾ ਚਾਕੂਆਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਲੋਕ ਵੱਡੀ ਗਿਣਤੀ ਵਿੱਚ ਮੌਕੇ ’ਤੇ ਇਕੱਠੇ ਹੋ ਗਏ। ਮ੍ਰਿਤਕ ਦੀ ਪਛਾਣ 52 ਸਾਲਾ ਤਰਸੇਮ ਸਿੰਘ ਵਜੋਂ ਹੋਈ ਹੈ, ਜੋ ਪਿੰਡ ਦਾ ਹੀ ਰਹਿਣ ਵਾਲਾ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਪਿੰਡ ਦੇ ਹੀ ਪਿਓ-ਪੁੱਤ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮੋਟਰਸਾਈਕਲ ਸਰਵਿਸ ਦੌਰਾਨ ਹੋਈ ਤਕਰਾਰ

ਮ੍ਰਿਤਕ ਦੇ ਪੁੱਤਰ ਬਬਨਪ੍ਰੀਤ ਸਿੰਘ ਉਰਫ਼ ਹਨੀ ਨੇ ਦੱਸਿਆ ਕਿ ਉਸਦੇ ਪਿਤਾ ਬੱਸ ਸਟੈਂਡ ਨੇੜੇ ਮੋਟਰਸਾਈਕਲ ਠੀਕ ਕਰਵਾਉਣ ਗਏ ਹੋਏ ਸਨ। ਇਸੇ ਦੌਰਾਨ ਉੱਥੇ ਮੌਜੂਦ ਇਕ ਦੁਕਾਨਦਾਰ ਅਤੇ ਉਸਦੇ ਪਿਤਾ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਕੁਝ ਹੀ ਪਲਾਂ ਵਿੱਚ ਮਾਮਲਾ ਇੰਨਾ ਤਪ ਗਿਆ ਕਿ ਦੋਸ਼ੀਆਂ ਨੇ ਤਰਸੇਮ ਸਿੰਘ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਛਾਤੀ ’ਚ ਵਾਰ ਲੱਗਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਕੇ ਜ਼ਮੀਨ ’ਤੇ ਡਿੱਗ ਪਿਆ।

ਪੁਰਾਣੇ ਪੈਸਿਆਂ ਦੇ ਵਿਵਾਦ ਨਾਲ ਜੋੜੀ ਜਾ ਰਹੀ ਵਾਰਦਾਤ

ਪਿੰਡ ਵਾਸੀਆਂ ਮੁਤਾਬਕ ਦੋਵੇਂ ਧਿਰਾਂ ਵਿਚ ਪਹਿਲਾਂ ਤੋਂ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਤਣਾਅ ਚੱਲ ਰਿਹਾ ਸੀ। ਇਹ ਮਾਮਲਾ ਪਹਿਲਾਂ ਪਿੰਡ ਦੀ ਪੰਚਾਇਤ ਤੱਕ ਵੀ ਪਹੁੰਚ ਚੁੱਕਾ ਸੀ। ਲੋਕਾਂ ਦਾ ਕਹਿਣਾ ਹੈ ਕਿ ਤਰਸੇਮ ਸਿੰਘ ਦਾ ਖੁਦ ਕਿਸੇ ਨਾਲ ਕੋਈ ਝਗੜਾ ਨਹੀਂ ਸੀ ਅਤੇ ਉਹ ਸ਼ਾਂਤ ਸੁਭਾਉ ਵਾਲੇ ਵਿਅਕਤੀ ਸਨ। ਉਨ੍ਹਾਂ ਦਾ ਦੋਸ਼ ਹੈ ਕਿ ਪੁਰਾਣੀ ਰੰਜਿਸ਼ ਦੇ ਚਲਦੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ।

ਹਸਪਤਾਲ ਪਹੁੰਚਣ ਤੋਂ ਪਹਿਲਾਂ ਤੋੜਿਆ ਦਮ

ਵਾਰਦਾਤ ਸਮੇਂ ਪੁਲਿਸ ਵੱਲੋਂ ਨੇੜੇ ਹੀ ਨਾਕਾਬੰਦੀ ਕੀਤੀ ਹੋਈ ਸੀ। ਸੂਚਨਾ ਮਿਲਣ ਉਪਰੰਤ ਪੁਲਿਸ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਜ਼ਖ਼ਮੀ ਨੂੰ ਸਰਕਾਰੀ ਹਸਪਤਾਲ ਡੇਰਾਬੱਸੀ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਤਿਆਰੀ

ਥਾਣਾ ਮੁਖੀ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹਿਰਾਸਤ ਵਿੱਚ ਲਏ ਗਏ ਵਿਅਕਤੀਆਂ ਤੋਂ ਪੁੱਛਗਿੱਛ ਜਾਰੀ ਹੈ। ਪੁਲਿਸ ਦਾ ਦਾਅਵਾ ਹੈ ਕਿ ਸਬੂਤਾਂ ਦੇ ਆਧਾਰ ’ਤੇ ਜਲਦ ਹੀ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਚੋਣਾਂ ਵੇਲੇ ਹੀ ਕਿਉਂ ਹੁੰਦੇ ਨੇ ਧਮਾਕੇ? ਕੁਲਦੀਪ ਸਿੰਘ ਧਾਲੀਵਾਲ ਨੇ ਭਾਜਪਾ ਤੇ ਕੇਂਦਰ ਸਰਕਾਰ ਨੂੰ ਘੇਰਿਆ

ਅੰਮ੍ਰਿਤਸਰ :- ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਵਿੱਚ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਭਾਰਤੀ ਜਨਤਾ ਪਾਰਟੀ ਅਤੇ ਕੇਂਦਰ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਪੰਜਾਬ ਵਿੱਚ ਹੋ ਰਹੇ ਧਮਾਕਿਆਂ, ਸਰਹੱਦ ਪਾਰੋਂ ਆ ਰਹੀਆਂ ਡਰੋਨ ਗਤੀਵਿਧੀਆਂ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਧਾਲੀਵਾਲ ਨੇ ਕਈ ਗੰਭੀਰ ਸਵਾਲ ਖੜ੍ਹੇ ਕਰਦਿਆਂ ਪੁੱਛਿਆ ਕਿ ਜਦੋਂ ਵੀ ਦੇਸ਼ ਵਿੱਚ ਚੋਣਾਂ ਨੇੜੇ ਆਉਂਦੀਆਂ ਹਨ, ਉਸੇ ਸਮੇਂ ਦਹਿਸ਼ਤ ਵਾਲਾ ਮਾਹੌਲ ਕਿਉਂ ਬਣਨਾ ਸ਼ੁਰੂ ਹੋ ਜਾਂਦਾ ਹੈ।

ਪੁਲਵਾਮਾ ਤੋਂ ਪਠਾਨਕੋਟ ਤੱਕ ਦੀਆਂ ਘਟਨਾਵਾਂ ਦਾ ਕੀਤਾ ਜ਼ਿਕਰ
ਧਾਲੀਵਾਲ ਨੇ ਕਿਹਾ ਕਿ ਪੁਲਵਾਮਾ, ਪਠਾਨਕੋਟ ਅਤੇ ਦੀਨਾਨਗਰ ਵਰਗੀਆਂ ਵੱਡੀਆਂ ਘਟਨਾਵਾਂ ਵੀ ਚੋਣੀ ਮਾਹੌਲ ਦੌਰਾਨ ਹੀ ਸਾਹਮਣੇ ਆਈਆਂ ਸਨ। ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਡਰ ਅਤੇ ਅਸਥਿਰਤਾ ਦਾ ਮਾਹੌਲ ਬਣਾਕੇ ਲੋਕਾਂ ਦੀਆਂ ਭਾਵਨਾਵਾਂ ਨਾਲ ਸਿਆਸਤ ਕਰਦੀ ਹੈ। ਉਨ੍ਹਾਂ ਕਿਹਾ ਕਿ ਹਰ ਵਾਰ ਜਾਂਚ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਅੱਜ ਤੱਕ ਕਿਸੇ ਵੀ ਵੱਡੀ ਘਟਨਾ ਦੀ ਪੂਰੀ ਰਿਪੋਰਟ ਜਨਤਾ ਸਾਹਮਣੇ ਨਹੀਂ ਲਿਆਂਦੀ ਗਈ।

ਸਰਹੱਦੀ ਸੁਰੱਖਿਆ ’ਤੇ ਵੀ ਚੁੱਕੇ ਸਵਾਲ
ਧਾਲੀਵਾਲ ਨੇ ਕੇਂਦਰ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਪੰਜਾਬ ਦੀ ਸਰਹੱਦ ’ਤੇ ਲਗਾਤਾਰ ਡਰੋਨ ਰਾਹੀਂ ਹਥਿਆਰ ਅਤੇ ਨਸ਼ਾ ਭੇਜਿਆ ਜਾ ਰਿਹਾ ਹੈ, ਪਰ ਬੀਐਸਐਫ ਅਤੇ ਫੌਜੀ ਜਵਾਨਾਂ ਨੂੰ ਆਧੁਨਿਕ ਐਂਟੀ ਡਰੋਨ ਸਿਸਟਮ ਅਤੇ ਲੋੜੀਂਦੀ ਤਕਨੀਕ ਮੁਹੱਈਆ ਨਹੀਂ ਕਰਵਾਈ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕਈ ਵਾਰ ਕੇਂਦਰ ਨੂੰ ਲਿਖਤੀ ਰੂਪ ਵਿੱਚ ਮੰਗ ਭੇਜੀ ਗਈ, ਪਰ ਕੋਈ ਢੁੱਕਵਾਂ ਕਦਮ ਨਹੀਂ ਚੁੱਕਿਆ ਗਿਆ।

ਮਾਣਹਾਨੀ ਨੋਟਿਸ ਤੋਂ ਨਹੀਂ ਡਰਾਂਗੇ : ਧਾਲੀਵਾਲ
ਤਰੁਣ ਚੁਘ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜੇ ਗਏ ਮਾਣਹਾਨੀ ਨੋਟਿਸ ਸਬੰਧੀ ਧਾਲੀਵਾਲ ਨੇ ਕਿਹਾ ਕਿ ਕਾਨੂੰਨੀ ਤੌਰ ’ਤੇ ਇਸ ਦਾ ਜਵਾਬ ਦਿੱਤਾ ਜਾਵੇਗਾ, ਪਰ ਸੱਚ ਬੋਲਣ ਤੋਂ ਪਿੱਛੇ ਨਹੀਂ ਹਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਚੋਣਾਂ ਦੇ ਸਮੇਂ ਹੀ ਬੰਬ ਧਮਾਕਿਆਂ ਅਤੇ ਦਹਿਸ਼ਤ ਦੀਆਂ ਘਟਨਾਵਾਂ ਕਿਉਂ ਵਧ ਜਾਂਦੀਆਂ ਹਨ।

ਵਿਧਾਇਕਾਂ ਬਾਰੇ ਟਿੱਪਣੀ ’ਤੇ ਵੀ ਜਤਾਇਆ ਇਤਰਾਜ਼
ਆਪ ਵਿਧਾਇਕਾਂ ਨੂੰ “ਭੇੜ-ਬੱਕਰੀਆਂ” ਕਹਿਣ ਵਾਲੇ ਬਿਆਨਾਂ ’ਤੇ ਧਾਲੀਵਾਲ ਨੇ ਸਖ਼ਤ ਇਤਰਾਜ਼ ਜਤਾਉਂਦਿਆਂ ਕਿਹਾ ਕਿ ਇਹ ਲੋਕਤੰਤਰ ਅਤੇ ਚੁਣੇ ਹੋਏ ਨੁਮਾਇੰਦਿਆਂ ਦੀ ਬੇਇੱਜ਼ਤੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਵਿਧਾਨ ਸਭਾ ਸਪੀਕਰ ਕੋਲ ਵੀ ਲਿਆਂਦਾ ਜਾਵੇਗਾ।

ਬੇਅਦਬੀ ਕਾਨੂੰਨ ’ਤੇ ਅਕਾਲੀ ਦਲ ਨੂੰ ਘੇਰਿਆ
ਬੇਅਦਬੀ ਵਿਰੋਧੀ ਕਾਨੂੰਨ ਬਾਰੇ ਗੱਲ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਇਹ ਕਾਨੂੰਨ ਸੰਤ ਸਮਾਜ, ਸਿੱਖ ਵਿਦਵਾਨਾਂ ਅਤੇ ਵੱਖ-ਵੱਖ ਧਾਰਮਿਕ ਧਿਰਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਇਹ ਮਸਲਾ ਵਿਧਾਨ ਸਭਾ ਵਿੱਚ ਚਰਚਾ ਲਈ ਆਇਆ ਸੀ, ਉਸ ਵੇਲੇ ਅਕਾਲੀ ਦਲ ਦਾ ਕੋਈ ਨੁਮਾਇੰਦਾ ਹਾਜ਼ਰ ਨਹੀਂ ਸੀ।

ਨਸ਼ਿਆਂ ਤੇ ਗੈਂਗਸਟਰਵਾਦ ਖ਼ਿਲਾਫ਼ ਲੜਾਈ ਜਾਰੀ ਰਹੇਗੀ
ਧਾਲੀਵਾਲ ਨੇ ਅੰਤ ਵਿੱਚ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ, ਗੈਂਗਸਟਰਵਾਦ ਅਤੇ ਅੱਤਵਾਦ ਖ਼ਿਲਾਫ਼ ਪੂਰੀ ਸਖ਼ਤੀ ਨਾਲ ਕਾਰਵਾਈ ਕਰ ਰਹੀ ਹੈ ਅਤੇ ਇਹ ਮੁਹਿੰਮ ਆਉਣ ਵਾਲੇ ਸਮੇਂ ਵਿੱਚ ਹੋਰ ਤੇਜ਼ ਕੀਤੀ ਜਾਵੇਗੀ।

ਅੱਜ ਆਈਪੀਐਲ ’ਚ ਰਾਇਲ ਚੈਲੇਂਜਰਜ਼ ਬੈਂਗਲੁਰੂ ਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਟੱਕਰ

ਮੁੰਬਈ :- ਆਈਪੀਐਲ 2026 ਦਾ 50ਵਾਂ ਮੁਕਾਬਲਾ ਅੱਜ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਖੇਡਿਆ ਜਾਵੇਗਾ। ਇਹ ਰੋਮਾਂਚਕ ਮੈਚ ਲਖਨਊ ਦੇ ਏਕਾਨਾ ਸਟੇਡੀਅਮ ਵਿੱਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ, ਜਦਕਿ ਟਾਸ 7 ਵਜੇ ਹੋਵੇਗਾ। ਰਜਤ ਪਾਟੀਦਾਰ ਦੀ ਅਗਵਾਈ ਵਾਲੀ ਬੈਂਗਲੁਰੂ ਟੀਮ ਪਿਛਲੇ ਮੈਚ ਵਿੱਚ ਗੁਜਰਾਤ ਹੱਥੋਂ ਮਿਲੀ ਹਾਰ ਤੋਂ ਬਾਅਦ ਵਾਪਸੀ ਕਰਨ ਦੇ ਇਰਾਦੇ ਨਾਲ ਮੈਦਾਨ ਵਿੱਚ ਉਤਰੇਗੀ। ਦੂਜੇ ਪਾਸੇ ਲਖਨਊ ਦੀ ਟੀਮ ਘਰੇਲੂ ਮੈਦਾਨ ਦਾ ਫਾਇਦਾ ਚੁੱਕ ਕੇ ਜਿੱਤ ਦਰਜ ਕਰਨ ਦੀ ਕੋਸ਼ਿਸ਼ ਕਰੇਗੀ। ਪਲੇਆਫ ਦੀ ਦੌੜ ਨੂੰ ਦੇਖਦਿਆਂ ਇਹ ਮੈਚ ਦੋਹਾਂ ਟੀਮਾਂ ਲਈ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।

ਮੋਗਾ ’ਚ ਬਿਨਾਂ ਮਨਜ਼ੂਰੀ ਸੀਮਨ ਵੇਚਣ ਤੇ ਸਟੋਰ ਕਰਨ ’ਤੇ ਸਖ਼ਤ ਪਾਬੰਦੀ, ਹੁਕਮ ਜਾਰੀ!

ਮੋਗਾ :- ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਪਸ਼ੂ ਧਨ ਦੀ ਨਸਲ ਅਤੇ ਉਤਪਾਦਕਤਾ ਨੂੰ ਬਚਾਉਣ ਲਈ ਅਹਿਮ ਕਦਮ ਚੁੱਕਦਿਆਂ ਅਣ-ਅਧਿਕਾਰਤ ਤਰੀਕੇ ਨਾਲ ਸੀਮਨ ਦੇ ਭੰਡਾਰਨ, ਵਿਕਰੀ ਅਤੇ ਵਰਤੋਂ ’ਤੇ ਪਾਬੰਦੀ ਲਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ-2023 ਦੀ ਧਾਰਾ 163 ਤਹਿਤ ਇਹ ਹੁਕਮ ਜਾਰੀ ਕੀਤੇ ਗਏ ਹਨ।

ਸ਼ਹਿਰਾਂ ਤੇ ਪਿੰਡਾਂ ਦੋਹਾਂ ਵਿੱਚ ਲਾਗੂ ਰਹਿਣਗੇ ਹੁਕਮ
ਜਾਰੀ ਆਦੇਸ਼ਾਂ ਅਨੁਸਾਰ ਹੁਣ ਜ਼ਿਲ੍ਹਾ ਮੋਗਾ ਦੇ ਕਿਸੇ ਵੀ ਸ਼ਹਿਰ ਜਾਂ ਪਿੰਡ ਵਿੱਚ ਕੋਈ ਵੀ ਵਿਅਕਤੀ ਬਿਨਾਂ ਮਨਜ਼ੂਰੀ ਸੀਮਨ ਨੂੰ ਸਟੋਰ, ਟਰਾਂਸਪੋਰਟ, ਵੇਚ ਜਾਂ ਵਰਤ ਨਹੀਂ ਸਕੇਗਾ। ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਇਹ ਫ਼ੈਸਲਾ ਪਸ਼ੂਆਂ ਦੀਆਂ ਨਸਲਾਂ ਨੂੰ ਖਰਾਬ ਹੋਣ ਤੋਂ ਬਚਾਉਣ ਅਤੇ ਭਵਿੱਖ ਵਿੱਚ ਪੈਦਾ ਹੋ ਸਕਣ ਵਾਲੇ ਨੁਕਸਾਨ ਨੂੰ ਰੋਕਣ ਲਈ ਲਿਆ ਗਿਆ ਹੈ।

ਕੁਝ ਸਰਕਾਰੀ ਅਤੇ ਮਨਜ਼ੂਰਸ਼ੁਦਾ ਸੰਸਥਾਵਾਂ ਨੂੰ ਛੋਟ
ਇਹ ਪਾਬੰਦੀ ਪਸ਼ੂ ਪਾਲਣ ਵਿਭਾਗ ਪੰਜਾਬ ਦੀਆਂ ਵੈਟਨਰੀ ਸੰਸਥਾਵਾਂ, ਪਸ਼ੂ ਹਸਪਤਾਲਾਂ, ਡਿਸਪੈਂਸਰੀਆਂ, ਪੌਲੀਕਲੀਨਿਕਾਂ ਅਤੇ ਰੂਰਲ ਵੈਟਨਰੀ ਹਸਪਤਾਲਾਂ ’ਤੇ ਲਾਗੂ ਨਹੀਂ ਹੋਵੇਗੀ। ਇਸ ਤੋਂ ਇਲਾਵਾ ਮਿਲਕਫੈਡ, ਗਡਵਾਸੂ ਲੁਧਿਆਣਾ ਦੇ ਆਰਟੀਫਿਸ਼ੀਅਲ ਇਨਸੈਮੀਨੇਸ਼ਨ ਸੈਂਟਰ ਅਤੇ ਪਸ਼ੂ ਪਾਲਣ ਵਿਭਾਗ ਵੱਲੋਂ ਸਪਲਾਈ ਜਾਂ ਮਨਜ਼ੂਰ ਕੀਤੇ ਗਏ ਸੀਮਨ ਦੀ ਵਰਤੋਂ ਕਰਨ ਵਾਲੀਆਂ ਸੰਸਥਾਵਾਂ ਨੂੰ ਵੀ ਛੋਟ ਦਿੱਤੀ ਗਈ ਹੈ। ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਦੇ ਉਹ ਮੈਂਬਰ, ਜਿਨ੍ਹਾਂ ਨੇ ਆਪਣੇ ਪਸ਼ੂਆਂ ਲਈ ਕਾਨੂੰਨੀ ਤਰੀਕੇ ਨਾਲ ਸੀਮਨ ਇੰਪੋਰਟ ਕੀਤਾ ਹੈ, ਉਹ ਵੀ ਇਸ ਹੁਕਮ ਤੋਂ ਬਾਹਰ ਰਹਿਣਗੇ।

ਅਣਪਛਾਤੇ ਸੀਮਨ ਨਾਲ ਨਸਲ ਸੁਧਾਰ ਯਤਨਾਂ ਨੂੰ ਖ਼ਤਰਾ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਿਨਾਂ ਅਧਿਕਾਰ ਵੇਚੇ ਜਾਂ ਵਰਤੇ ਜਾ ਰਹੇ ਸੀਮਨ ਦੀ ਪੈਡੀਗਿਰੀ ਅਤੇ ਗੁਣਵੱਤਾ ਬਾਰੇ ਕੋਈ ਪੱਕੀ ਜਾਣਕਾਰੀ ਨਹੀਂ ਹੁੰਦੀ। ਅਜਿਹੇ ਸੀਮਨ ਦੀ ਵਰਤੋਂ ਨਾਲ ਪਸ਼ੂਆਂ ਦੀ ਨਸਲ ਪ੍ਰਭਾਵਿਤ ਹੋ ਸਕਦੀ ਹੈ ਅਤੇ ਇਸ ਦਾ ਮਾੜਾ ਅਸਰ ਆਉਣ ਵਾਲੇ ਸਮੇਂ ਵਿੱਚ ਪਸ਼ੂ ਧਨ ਦੀ ਉਤਪਾਦਕਤਾ ’ਤੇ ਵੀ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਾਲਾਂ ਤੋਂ ਚਲਾਏ ਜਾ ਰਹੇ ਨਸਲ ਸੁਧਾਰ ਪ੍ਰੋਗਰਾਮ ਅਜਿਹੀਆਂ ਗਤੀਵਿਧੀਆਂ ਕਾਰਨ ਬੇਅਸਰ ਹੋ ਸਕਦੇ ਹਨ।

30 ਜੂਨ 2026 ਤੱਕ ਲਾਗੂ ਰਹਿਣਗੇ ਆਦੇਸ਼
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਇਹ ਹੁਕਮ 30 ਜੂਨ 2026 ਤੱਕ ਲਾਗੂ ਰਹਿਣਗੇ। ਪ੍ਰਸ਼ਾਸਨ ਨੇ ਲੋਕਾਂ ਅਤੇ ਡੇਅਰੀ ਫਾਰਮਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਿਰਫ਼ ਮਨਜ਼ੂਰਸ਼ੁਦਾ ਸਰੋਤਾਂ ਤੋਂ ਹੀ ਸੀਮਨ ਦੀ ਵਰਤੋਂ ਕਰਨ ਅਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ।

ਵੱਧ ਬਿਜਲੀ ਖਪਤ ਕਰਨ ਵਾਲਿਆਂ ’ਤੇ ਪਾਵਰਕਾਮ ਦੀ ਸਖ਼ਤੀ; ਤੀਜੀ ਵਾਰ ਉਲੰਘਣਾ ’ਤੇ ਦਰਜ ਹੋਵੇਗੀ ਐੱਫਆਈਆਰ

ਚੰਡੀਗੜ੍ਹ :- ਪੰਜਾਬ ਵਿੱਚ ਗਰਮੀ ਦੇ ਮੌਸਮ ਦੌਰਾਨ ਬਿਜਲੀ ਦੀ ਮੰਗ ਲਗਾਤਾਰ ਵਧ ਰਹੀ ਹੈ। ਇਸੇ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਤੈਅ ਲੋਡ ਤੋਂ ਵੱਧ ਬਿਜਲੀ ਵਰਤਣ ਵਾਲੇ ਖਪਤਕਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ। ਨਵੇਂ ਹੁਕਮਾਂ ਮੁਤਾਬਕ ਜੇਕਰ ਕੋਈ ਖਪਤਕਾਰ ਆਪਣੇ ਮਨਜ਼ੂਰਸ਼ੁਦਾ ਲੋਡ ਤੋਂ 10 ਫੀਸਦੀ ਵੱਧ ਬਿਜਲੀ ਦੀ ਖਪਤ ਕਰਦਾ ਹੈ ਤਾਂ ਉਸ ਨੂੰ ਪਹਿਲੇ ਪੜਾਅ ’ਚ ਚੇਤਾਵਨੀ ਨੋਟਿਸ ਜਾਰੀ ਕੀਤਾ ਜਾਵੇਗਾ।

ਪਹਿਲਾਂ ਨੋਟਿਸ, ਫਿਰ ਜੁਰਮਾਨਾ ਅਤੇ ਉਸ ਤੋਂ ਬਾਅਦ ਕੇਸ
ਪਾਵਰਕਾਮ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪਹਿਲੀ ਵਾਰ ਉਲੰਘਣਾ ਹੋਣ ’ਤੇ 7 ਦਿਨਾਂ ਦੇ ਅੰਦਰ ਨੋਟਿਸ ਭੇਜਿਆ ਜਾਵੇਗਾ। ਜੇਕਰ ਖਪਤਕਾਰ ਚੇਤਾਵਨੀ ਦੇ ਬਾਵਜੂਦ ਵਧੇਰੇ ਬਿਜਲੀ ਵਰਤਦਾ ਰਹਿੰਦਾ ਹੈ ਤਾਂ ਉਸ ਤੋਂ ਵਾਧੂ ਚਾਰਜ ਅਤੇ ਜੁਰਮਾਨਾ ਵਸੂਲਿਆ ਜਾਵੇਗਾ। ਇਸ ਤੋਂ ਬਾਅਦ ਵੀ ਨਿਯਮਾਂ ਦੀ ਉਲੰਘਣਾ ਜਾਰੀ ਰਹੀ ਤਾਂ ਤੀਜੇ ਪੜਾਅ ਵਿੱਚ ਬਿਜਲੀ ਚੋਰੀ ਦਾ ਮਾਮਲਾ ਦਰਜ ਕਰਕੇ ਐੱਫਆਈਆਰ ਕਰਵਾਈ ਜਾਵੇਗੀ।

ਅਧਿਕਾਰੀਆਂ ਨੂੰ ਵੀ ਦਿੱਤੀ ਗਈ ਸਖ਼ਤ ਚੇਤਾਵਨੀ
ਪਾਵਰਕਾਮ ਦੇ ਉੱਚ ਅਧਿਕਾਰੀਆਂ ਨੇ ਸਾਰੇ ਇੰਜੀਨੀਅਰਿੰਗ ਅਧਿਕਾਰੀਆਂ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਜੇਕਰ ਵਾਰ-ਵਾਰ ਵੱਧ ਲੋਡ ਵਰਤਣ ਵਾਲੇ ਖਪਤਕਾਰਾਂ ’ਤੇ ਕਾਰਵਾਈ ਨਹੀਂ ਕੀਤੀ ਗਈ ਤਾਂ ਸਬੰਧਤ ਅਧਿਕਾਰੀਆਂ ਖ਼ਿਲਾਫ਼ ਵੀ ਵਿਭਾਗੀ ਕਾਰਵਾਈ ਹੋ ਸਕਦੀ ਹੈ।

ਬਿਜਲੀ ਪ੍ਰਣਾਲੀ ਸੁਧਾਰਨ ਲਈ ਨਿਯਮਾਂ ’ਚ ਕੀਤੀ ਸੋਧ
ਜਾਣਕਾਰੀ ਮੁਤਾਬਕ ਬਿਜਲੀ ਸਪਲਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਵਿਭਾਗ ਨੂੰ ਹੋ ਰਹੇ ਆਰਥਿਕ ਨੁਕਸਾਨ ਨੂੰ ਰੋਕਣ ਲਈ ਪਾਵਰਕਾਮ ਨੇ ਸਪਲਾਈ ਕੋਡ-2024 ਵਿੱਚ ਸੋਧਾਂ ਕੀਤੀਆਂ ਹਨ। ਸਾਰੇ ਮੁੱਖ ਇੰਜੀਨੀਅਰਾਂ ਨੂੰ ਇਹ ਨਵੇਂ ਨਿਯਮ ਤੁਰੰਤ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਡਿਜ਼ੀਟਲ ਹੋਈ ਨੋਟਿਸ ਪ੍ਰਕਿਰਿਆ
ਪਾਵਰਕਾਮ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਹੁਣ ਨੋਟਿਸ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਡਿਜ਼ੀਟਲ ਅਤੇ ਹੋਰ ਤੇਜ਼ ਕਰ ਦਿੱਤਾ ਗਿਆ ਹੈ, ਤਾਂ ਜੋ ਨਿਯਮ ਤੋੜਨ ਵਾਲਿਆਂ ’ਤੇ ਤੁਰੰਤ ਕਾਰਵਾਈ ਕੀਤੀ ਜਾ ਸਕੇ। ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਦੋ ਵਾਰ ਨੋਟਿਸ ਮਿਲਣ ਦੇ ਬਾਵਜੂਦ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਯੂਯੂਈ ਤਹਿਤ ਕੇਸ ਬਣਾਇਆ ਜਾਵੇਗਾ।

ਖਪਤਕਾਰਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ
ਪਾਵਰਕਾਮ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਮਨਜ਼ੂਰਸ਼ੁਦਾ ਲੋਡ ਦੇ ਅੰਦਰ ਰਹਿ ਕੇ ਹੀ ਬਿਜਲੀ ਦੀ ਵਰਤੋਂ ਕਰਨ, ਤਾਂ ਜੋ ਬਿਜਲੀ ਪ੍ਰਣਾਲੀ ’ਤੇ ਵੱਧ ਬੋਝ ਨਾ ਪਏ ਅਤੇ ਭਵਿੱਖ ਵਿੱਚ ਕਿਸੇ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਤੋਂ ਵੀ ਬਚਿਆ ਜਾ ਸਕੇ।

‘ਹੁਣ ਭਾਰਤ ਚੁੱਪ ਨਹੀਂ ਬੈਠਦਾ’; ਰਾਜਪਾਲ ਕਟਾਰੀਆ ਦੀ ਪਾਕਿਸਤਾਨ ਨੂੰ ਸਖ਼ਤ ਚਿਤਾਵਨੀ

ਚੰਡੀਗੜ੍ਹ :- ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ‘ਅਪਰੇਸ਼ਨ ਸਿੰਦੂਰ’ ਦੀ ਪਹਿਲੀ ਵਰ੍ਹੇਗੰਢ ਮੌਕੇ ਪਾਕਿਸਤਾਨ ਨੂੰ ਕੜਾ ਸੰਦੇਸ਼ ਦਿੰਦਿਆਂ ਕਿਹਾ ਕਿ ਮੌਜੂਦਾ ਭਾਰਤ ਹਰ ਦੁਸ਼ਮਣੀ ਭਰੀ ਹਰਕਤ ਦਾ ਤੁਰੰਤ ਅਤੇ ਮਜ਼ਬੂਤ ਜਵਾਬ ਦੇਣ ਸਮਰੱਥ ਹੈ। ਇੱਕ ਵਿਸ਼ੇਸ਼ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਹੁਣ ਦੇਸ਼ ਸਿਰਫ਼ ਵਿਰੋਧ ਜਤਾਉਣ ਤੱਕ ਸੀਮਤ ਨਹੀਂ ਰਹਿੰਦਾ, ਸਗੋਂ ਲੋੜ ਪੈਣ ’ਤੇ ਕਾਰਵਾਈ ਕਰਨਾ ਵੀ ਜਾਣਦਾ ਹੈ।

ਪੰਜਾਬ ਅਤੇ ਚੰਡੀਗੜ੍ਹ ਨੂੰ ਬਣਾਇਆ ਗਿਆ ਸੀ ਨਿਸ਼ਾਨਾ
ਕਟਾਰੀਆ ਨੇ ਦੱਸਿਆ ਕਿ ‘ਅਪਰੇਸ਼ਨ ਸਿੰਦੂਰ’ ਦੌਰਾਨ ਪਾਕਿਸਤਾਨ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਉਨ੍ਹਾਂ ਅਨੁਸਾਰ ਮਿਜ਼ਾਈਲਾਂ ਅਤੇ ਡਰੋਨਾਂ ਰਾਹੀਂ ਹਮਲਿਆਂ ਦੀ ਯੋਜਨਾ ਬਣਾਈ ਗਈ, ਪਰ ਭਾਰਤੀ ਸੁਰੱਖਿਆ ਬਲਾਂ ਨੇ ਸਾਰੇ ਯਤਨਾਂ ਨੂੰ ਨਾਕਾਮ ਕਰਦਿਆਂ ਵਾਪਸੀ ਕਾਰਵਾਈ ਵਿੱਚ ਅਤਿਵਾਦੀ ਠਿਕਾਣਿਆਂ ਨੂੰ ਨਿਸ਼ਾਨਾ ਬਣਾਇਆ।

ਸਰਹੱਦੀ ਲੋਕਾਂ ਦੀ ਹਿੰਮਤ ਦੀ ਕੀਤੀ ਸ਼ਲਾਘਾ
ਰਾਜਪਾਲ ਨੇ ਸਰਹੱਦੀ ਇਲਾਕਿਆਂ ਵਿੱਚ ਰਹਿੰਦੇ ਲੋਕਾਂ ਦੀ ਦਲੇਰੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਮੁਸ਼ਕਲ ਹਾਲਾਤਾਂ ਦੇ ਬਾਵਜੂਦ ਲੋਕ ਡਟੇ ਰਹੇ। ਉਨ੍ਹਾਂ ਦਾਅਵਾ ਕੀਤਾ ਕਿ ਭਾਰਤ ਦੇ ਵਧਦੇ ਦਬਾਅ ਕਾਰਨ ਹੀ ਪਾਕਿਸਤਾਨ ਨੂੰ ਜੰਗਬੰਦੀ ਲਈ ਮਜਬੂਰ ਹੋਣਾ ਪਿਆ।

‘ਅਪਰੇਸ਼ਨ ਸਿੰਦੂਰ’ ਅਜੇ ਵੀ ਜਾਰੀ : ਕਟਾਰੀਆ
ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਇਹ ਮੰਨਣਾ ਗਲਤ ਹੋਵੇਗਾ ਕਿ ‘ਅਪਰੇਸ਼ਨ ਸਿੰਦੂਰ’ ਖ਼ਤਮ ਹੋ ਚੁੱਕਾ ਹੈ। ਉਨ੍ਹਾਂ ਮੁਤਾਬਕ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਪਹਿਲਾਂ ਨਾਲੋਂ ਹੋਰ ਜ਼ਿਆਦਾ ਸਾਵਧਾਨ ਅਤੇ ਤਿਆਰ ਹਨ ਅਤੇ ਸਰਹੱਦ ਪਾਰ ਦੀ ਹਰ ਗਤੀਵਿਧੀ ’ਤੇ ਨਿਗਰਾਨੀ ਰੱਖੀ ਜਾ ਰਹੀ ਹੈ।

ਜਲੰਧਰ-ਅੰਮ੍ਰਿਤਸਰ ਧਮਾਕਿਆਂ ’ਤੇ ਵੀ ਜਤਾਇਆ ਸ਼ੱਕ
ਹਾਲ ਹੀ ਵਿੱਚ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹੋਏ ਧਮਾਕਿਆਂ ਬਾਰੇ ਰਾਜਪਾਲ ਨੇ ਕਿਹਾ ਕਿ ਮੁੱਢਲੇ ਤੌਰ ’ਤੇ ਇਨ੍ਹਾਂ ਘਟਨਾਵਾਂ ਦੇ ਪਿੱਛੇ ਪਾਕਿਸਤਾਨੀ ਸਾਜ਼ਿਸ਼ ਹੋਣ ਦੇ ਸੰਕੇਤ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ।

ਭਗਵੰਤ ਮਾਨ ਦੇ ਦੋਸ਼ਾਂ ਨੂੰ ਕਰਾਰ ਦਿੱਤਾ ਗੈਰ-ਵਾਜਬ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਜਪਾ ’ਤੇ ਲਗਾਏ ਗਏ ਦੋਸ਼ਾਂ ਸਬੰਧੀ ਵੀ ਰਾਜਪਾਲ ਨੇ ਆਪਣੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਸੰਵੇਦਨਸ਼ੀਲ ਮਾਹੌਲ ਵਿੱਚ ਸਿਆਸੀ ਦੋਸ਼ਾਰੋਪਣ ਦੀ ਥਾਂ ਦੇਸ਼ ਦੀ ਸੁਰੱਖਿਆ ਨੂੰ ਪਹਿਲ ਦੇਣੀ ਚਾਹੀਦੀ ਹੈ ਅਤੇ ਸਾਰਿਆਂ ਨੂੰ ਮਿਲ ਕੇ ਅਸਲ ਦੋਸ਼ੀਆਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

ਡਰੋਨਾਂ ਰਾਹੀਂ ਤਸਕਰੀ ਬਣੀ ਵੱਡੀ ਚੁਣੌਤੀ
ਕਟਾਰੀਆ ਨੇ ਪੰਜਾਬ ਵਿੱਚ ਡਰੋਨਾਂ ਰਾਹੀਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਚਿੰਤਾਜਨਕ ਦੱਸਦਿਆਂ ਕਿਹਾ ਕਿ ਇਹ ਦੇਸ਼ ਦੀ ਸੁਰੱਖਿਆ ਲਈ ਵੱਡਾ ਖ਼ਤਰਾ ਬਣ ਰਹੀ ਹੈ। ਉਨ੍ਹਾਂ ਲੋਕਾਂ ਨੂੰ ਸੁਰੱਖਿਆ ਏਜੰਸੀਆਂ ਦਾ ਸਾਥ ਦੇਣ ਅਤੇ ਦੇਸ਼ ਵਿਰੋਧੀ ਤੱਤਾਂ ਖ਼ਿਲਾਫ਼ ਇਕਜੁੱਟ ਰਹਿਣ ਦੀ ਅਪੀਲ ਕੀਤੀ।

ਪੱਛਮੀ ਬੰਗਾਲ ’ਚ ਮੁੜ ਭੜਕੀ ਸਿਆਸੀ ਹਿੰਸਾ; ਬੰਬ ਹਮਲੇ ’ਚ 5 ਭਾਜਪਾ ਵਰਕਰ ਜ਼ਖ਼ਮੀ

ਬੰਗਾਲ :- ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਵਿੱਚ ਬੁੱਧਵਾਰ ਦੇਰ ਰਾਤ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਪਾਣੀਹਾਟੀ ਇਲਾਕੇ ਵਿੱਚ ਭਾਜਪਾ ਵਰਕਰਾਂ ’ਤੇ ਦੇਸੀ ਬੰਬਾਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਘਟਨਾ ਵਿੱਚ ਘੱਟੋ-ਘੱਟ ਪੰਜ ਭਾਜਪਾ ਕਾਰਕੁਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਕੋਲਕਾਤਾ ਦੇ ਆਰ.ਜੀ. ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਮੁਤਾਬਕ ਸਾਰੇ ਜ਼ਖ਼ਮੀਆਂ ਦੀ ਹਾਲਤ ਫਿਲਹਾਲ ਸਥਿਰ ਹੈ।

ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਕੀਤਾ ਹਮਲਾ
ਮੁੱਢਲੀ ਜਾਣਕਾਰੀ ਅਨੁਸਾਰ ਭਾਜਪਾ ਵਰਕਰ ਦੱਤਾ ਰੋਡ ਸਥਿਤ ਵਾਰਡ ਨੰਬਰ 2 ਵਿੱਚ ਲੋਕਾਂ ਨਾਲ ਸੰਪਰਕ ਮੁਹਿੰਮ ਚਲਾ ਰਹੇ ਸਨ। ਇਸੇ ਦੌਰਾਨ ਮੋਟਰਸਾਈਕਲਾਂ ’ਤੇ ਆਏ ਕੁਝ ਹਮਲਾਵਰਾਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਂਦਿਆਂ ਦੇਸੀ ਬੰਬ ਸੁੱਟੇ ਅਤੇ ਮੌਕੇ ਤੋਂ ਫਰਾਰ ਹੋ ਗਏ। ਅਚਾਨਕ ਹੋਏ ਧਮਾਕਿਆਂ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਅਤੇ ਲੋਕ ਘਰਾਂ ਤੋਂ ਬਾਹਰ ਨਿਕਲ ਆਏ।

ਭਾਜਪਾ ਆਗੂ ਦੇ ਕਰੀਬੀ ਦੇ ਕਤਲ ਮਗਰੋਂ ਵਾਪਰੀ ਘਟਨਾ
ਇਹ ਹਮਲਾ ਉਸੇ ਰਾਤ ਵਾਪਰਿਆ ਜਦੋਂ ਸੀਨੀਅਰ ਭਾਜਪਾ ਆਗੂ ਸ਼ੁਭੇਂਦੂ ਅਧਿਕਾਰੀ ਦੇ ਕਰੀਬੀ ਸਹਿਯੋਗੀ ਚੰਦਰਨਾਥ ਰੱਥ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਾਂਚ ਏਜੰਸੀਆਂ ਹੁਣ ਦੋਵੇਂ ਘਟਨਾਵਾਂ ਵਿਚਕਾਰ ਸੰਭਾਵਿਤ ਸਬੰਧਾਂ ਦੀ ਵੀ ਜਾਂਚ ਕਰ ਰਹੀਆਂ ਹਨ, ਹਾਲਾਂਕਿ ਅਜੇ ਤੱਕ ਕੋਈ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ।

ਭਾਜਪਾ ਨੇ ਤ੍ਰਿਣਮੂਲ ਸਮਰਥਕਾਂ ’ਤੇ ਲਗਾਏ ਦੋਸ਼
ਭਾਜਪਾ ਨੇ ਇਸ ਹਮਲੇ ਲਈ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਦੇ ਸਮਰਥਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਪਾਰਟੀ ਨੇ ਦੋਸ਼ ਲਾਇਆ ਕਿ ਸੂਬੇ ਵਿੱਚ ਲਗਾਤਾਰ ਰਾਜਨੀਤਿਕ ਹਿੰਸਾ ਨੂੰ ਵਧਾਵਾ ਦਿੱਤਾ ਜਾ ਰਿਹਾ ਹੈ। ਦੂਜੇ ਪਾਸੇ ਤ੍ਰਿਣਮੂਲ ਕਾਂਗਰਸ ਨੇ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਇਨ੍ਹਾਂ ਨੂੰ ਸਿਆਸੀ ਲਾਭ ਲਈ ਲਗਾਏ ਗਏ ਬੇਬੁਨਿਆਦ ਇਲਜ਼ਾਮ ਕਰਾਰ ਦਿੱਤਾ ਹੈ।

ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ
ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਹਮਲਾਵਰਾਂ ਦੀ ਪਛਾਣ ਲਈ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਲਾਕੇ ਵਿੱਚ ਸੁਰੱਖਿਆ ਹੋਰ ਕੜੀ ਕਰ ਦਿੱਤੀ ਗਈ ਹੈ।

ਭਾਜਪਾ ਵਿਧਾਇਕ ਦੇ ਘਰ ਨੇੜੇ ਵਾਪਰਿਆ ਧਮਾਕਾ
ਜਾਣਕਾਰੀ ਮੁਤਾਬਕ ਧਮਾਕੇ ਵਾਲੀ ਥਾਂ ਭਾਜਪਾ ਦੀ ਹਾਲ ਹੀ ਵਿੱਚ ਜਿੱਤੀ ਇੱਕ ਮਹਿਲਾ ਵਿਧਾਇਕ ਰਤਨਾ ਦੇਬਨਾਥ ਦੇ ਘਰ ਦੇ ਨੇੜੇ ਸਥਿਤ ਹੈ। ਇਸ ਦੇ ਨਾਲ ਹੀ ਆਰ.ਜੀ. ਕਾਰ ਹਸਪਤਾਲ ਨਾਲ ਜੁੜੇ ਇੱਕ ਚਰਚਿਤ ਮਾਮਲੇ ਦੀ ਪੀੜਤਾ ਦੀ ਮਾਤਾ ਦਾ ਘਰ ਵੀ ਇਸ ਇਲਾਕੇ ਦੇ ਨੇੜੇ ਦੱਸਿਆ ਜਾ ਰਿਹਾ ਹੈ, ਜਿਸ ਕਾਰਨ ਮਾਮਲਾ ਹੋਰ ਸੰਵੇਦਨਸ਼ੀਲ ਬਣ ਗਿਆ ਹੈ।

ਦਿਲਜੀਤ ਦੋਸਾਂਝ ਦੇ ਕੰਸਰਟ ’ਚ ਵਿਘਨ ਪਾਉਣ ਵਾਲਿਆਂ ’ਤੇ ਭੜਕੇ ਆਰ.ਪੀ. ਸਿੰਘ; ਕਿਹਾ- ਪੰਜਾਬੀਅਤ ਤੇ ਦੇਸ਼ ਦੀ ਏਕਤਾ ਤੇ ਹਮਲਾ

ਨਵੀਂ ਦਿੱਲੀ :- ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਵਿਦੇਸ਼ੀ ਕੰਸਰਟ ਦੌਰਾਨ ਹੋਏ ਹੰਗਾਮੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਕਲਾਕਾਰ ਦੇ ਪ੍ਰੋਗਰਾਮ ਵਿੱਚ ਰੁਕਾਵਟ ਪੈਦਾ ਕਰਨਾ ਸਿਰਫ਼ ਇੱਕ ਵਿਅਕਤੀ ਵਿਰੁੱਧ ਕਾਰਵਾਈ ਨਹੀਂ, ਸਗੋਂ ਪੰਜਾਬੀ ਸੱਭਿਆਚਾਰ ਅਤੇ ਦੇਸ਼ ਦੀ ਏਕਤਾ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਹੈ।

ਦਿਲਜੀਤ ਨੂੰ ਦੱਸਿਆ ਪੰਜਾਬੀ ਸੱਭਿਆਚਾਰ ਦਾ ਦੂਤ
ਆਰ.ਪੀ. ਸਿੰਘ ਨੇ ਕਿਹਾ ਕਿ ਦਿਲਜੀਤ ਦੋਸਾਂਝ ਵਰਗੇ ਕਲਾਕਾਰਾਂ ਨੇ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਮਾਣ ਦਿਵਾਇਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕਲਾਕਾਰ ਦੁਨੀਆ ਭਰ ਵਿੱਚ ਭਾਰਤ ਦੀ ਚੰਗੀ ਛਵੀ ਪੇਸ਼ ਕਰ ਰਹੇ ਹਨ ਅਤੇ ਉਨ੍ਹਾਂ ਖ਼ਿਲਾਫ਼ ਨਫ਼ਰਤ ਫੈਲਾਉਣਾ ਨਿੰਦਣਯੋਗ ਹੈ।

ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਵਧੀਆਂ ਚਰਚਾਵਾਂ
ਭਾਜਪਾ ਆਗੂ ਨੇ ਕਿਹਾ ਕਿ ਦਿਲਜੀਤ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਇਸ ਤਰ੍ਹਾਂ ਦੀਆਂ ਘਟਨਾਵਾਂ ਸਾਹਮਣੇ ਆਉਣ ਨਾਲ ਕਈ ਸਵਾਲ ਖੜ੍ਹੇ ਹੁੰਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਭਾਰਤ ਦੀ ਇੱਕਤਾ ਅਤੇ ਪੰਜਾਬ ਦੀ ਤਰੱਕੀ ਦੀ ਗੱਲ ਕਰਨ ਵਾਲੇ ਲੋਕਾਂ ਤੋਂ ਵੱਖਵਾਦੀ ਤੱਤ ਘਬਰਾਏ ਹੋਏ ਹਨ।

ਪੰਨੂ ਦੀਆਂ ਧਮਕੀਆਂ ਦਾ ਵੀ ਕੀਤਾ ਜ਼ਿਕਰ
ਆਰ.ਪੀ. ਸਿੰਘ ਨੇ ਕਿਹਾ ਕਿ ਦਿਲਜੀਤ ਦੋਸਾਂਝ ਨੂੰ ਖਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂ ਵੱਲੋਂ ਲਗਾਤਾਰ ਧਮਕੀਆਂ ਦਿੱਤੀਆਂ ਜਾਂਦੀਆਂ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਵਿਦੇਸ਼ਾਂ ਵਿੱਚ ਬੈਠੇ ਕੁਝ ਲੋਕ ਪੰਜਾਬ ਦੇ ਨਾਂ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਪੰਜਾਬ ਦੀ ਅਸਲ ਪਛਾਣ ਹਮੇਸ਼ਾ ਦੇਸ਼ਭਗਤੀ, ਸੇਵਾ ਅਤੇ ਭਾਈਚਾਰਕ ਸਾਂਝ ਰਹੀ ਹੈ।

ਪੰਜਾਬੀਆਂ ਨੂੰ ਇਕਜੁੱਟ ਹੋਣ ਦੀ ਕੀਤੀ ਅਪੀਲ
ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਜਿਹੀਆਂ ਨਫ਼ਰਤ ਭਰੀਆਂ ਸੋਚਾਂ ਦਾ ਡਟ ਕੇ ਵਿਰੋਧ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਲਾਕਾਰ ਪੰਜਾਬ ਅਤੇ ਭਾਰਤ ਦਾ ਨਾਮ ਵਿਸ਼ਵ ਪੱਧਰ ’ਤੇ ਰੌਸ਼ਨ ਕਰ ਰਹੇ ਹਨ, ਉਨ੍ਹਾਂ ਦਾ ਸਾਥ ਦੇਣਾ ਹਰ ਪੰਜਾਬੀ ਦੀ ਜ਼ਿੰਮੇਵਾਰੀ ਹੈ।

ਨਿਤੀਸ਼ ਕੁਮਾਰ ਦੇ ਪੁੱਤਰ ਨਿਸ਼ਾਂਤ ਦੀ ਸਿਆਸਤ ’ਚ ਐਂਟਰੀ ਦੇ ਚਰਚੇ ਤੇਜ਼; ਅੱਜ ਪਟਨਾ ’ਚ ਹੋ ਸਕਦੇ ਨੇ ਮੰਤਰੀ ਵਜੋਂ ਸ਼ਾਮਲ

ਬਿਹਾਰ :- ਬਿਹਾਰ ਦੀ ਰਾਜਨੀਤੀ ਵਿੱਚ ਵੀਰਵਾਰ ਦਾ ਦਿਨ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਰਾਜਧਾਨੀ ਪਟਨਾ ਦੇ ਇਤਿਹਾਸਕ ਗਾਂਧੀ ਮੈਦਾਨ ਵਿੱਚ ਸਮਰਾਟ ਚੌਧਰੀ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ਦੇ ਮੰਤਰੀ ਮੰਡਲ ਦਾ ਵੱਡਾ ਵਿਸਥਾਰ ਹੋਣ ਜਾ ਰਿਹਾ ਹੈ। ਇਸ ਸਮਾਗਮ ਨੂੰ ਲੈ ਕੇ ਰਾਜਨੀਤਿਕ ਹਲਕਿਆਂ ਵਿੱਚ ਕਾਫ਼ੀ ਚਰਚਾ ਅਤੇ ਉਤਸ਼ਾਹ ਦਾ ਮਾਹੌਲ ਹੈ।

ਕਰੀਬ 29 ਮੰਤਰੀ ਲੈ ਸਕਦੇ ਹਨ ਅਹੁਦੇ ਦੀ ਸਹੁੰ
ਸਿਆਸੀ ਸੂਤਰਾਂ ਮੁਤਾਬਕ ਇਸ ਵਿਸਥਾਰ ਦੌਰਾਨ ਲਗਭਗ 29 ਨਵੇਂ ਮੰਤਰੀਆਂ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ। ਸਮਾਗਮ ਨੂੰ ਸਿਰਫ਼ ਸਰਕਾਰੀ ਕਾਰਵਾਈ ਨਹੀਂ, ਸਗੋਂ ਐੱਨਡੀਏ ਵੱਲੋਂ ਆਪਣੀ ਸਿਆਸੀ ਤਾਕਤ ਵਿਖਾਉਣ ਦੇ ਤੌਰ ’ਤੇ ਵੀ ਦੇਖਿਆ ਜਾ ਰਿਹਾ ਹੈ।

ਨਿਤੀਸ਼ ਕੁਮਾਰ ਦੇ ਪੁੱਤਰ ਨਿਸ਼ਾਂਤ ਵੀ ਰਹਿਣਗੇ ਚਰਚਾ ’ਚ
ਇਸ ਸਮਾਗਮ ਦੀ ਸਭ ਤੋਂ ਵੱਡੀ ਚਰਚਾ ਨਿਤੀਸ਼ ਕੁਮਾਰ ਦੇ ਪੁੱਤਰ ਨਿਸ਼ਾਂਤ ਕੁਮਾਰ ਨੂੰ ਲੈ ਕੇ ਹੋ ਰਹੀ ਹੈ। ਜਾਣਕਾਰੀ ਅਨੁਸਾਰ ਉਹ ਵੀ ਮੰਤਰੀ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ, ਜਿਸ ਕਾਰਨ ਸਿਆਸੀ ਗਲਿਆਰਿਆਂ ਵਿੱਚ ਕਈ ਤਰ੍ਹਾਂ ਦੀਆਂ ਅਟਕਲਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ।

ਪ੍ਰਧਾਨ ਮੰਤਰੀ ਮੋਦੀ ਵੀ ਹੋ ਸਕਦੇ ਹਨ ਸ਼ਾਮਲ
ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਇਸ ਮੌਕੇ ’ਤੇ ਪਟਨਾ ਪਹੁੰਚ ਸਕਦੇ ਹਨ। ਉਨ੍ਹਾਂ ਦੇ ਸਵੇਰੇ ਕਰੀਬ ਸਾੜੇ ਗਿਆਰਾਂ ਵਜੇ ਪਹੁੰਚਣ ਦੀ ਸੰਭਾਵਨਾ ਹੈ, ਜਦਕਿ ਸਹੁੰ ਚੁੱਕ ਸਮਾਗਮ ਦੁਪਹਿਰ ਕਰੀਬ 12 ਵਜੇ ਸ਼ੁਰੂ ਹੋ ਸਕਦਾ ਹੈ।

ਅਮਿਤ ਸ਼ਾਹ ਪਹਿਲਾਂ ਹੀ ਕਰ ਸਕਦੇ ਹਨ ਮੰਤਰੀਆਂ ਦੇ ਨਾਵਾਂ ’ਤੇ ਮੋਹਰ
ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਇੱਕ ਦਿਨ ਪਹਿਲਾਂ ਪਟਨਾ ਪਹੁੰਚ ਕੇ ਮੰਤਰੀਆਂ ਦੀ ਅੰਤਿਮ ਸੂਚੀ ’ਤੇ ਚਰਚਾ ਕਰ ਸਕਦੇ ਹਨ। ਪਾਰਟੀ ਪੱਧਰ ’ਤੇ ਕਈ ਦੌਰ ਦੀਆਂ ਮੀਟਿੰਗਾਂ ਤੋਂ ਬਾਅਦ ਹੀ ਅਹੁਦਿਆਂ ਦੀ ਵੰਡ ਨੂੰ ਅੰਤਿਮ ਰੂਪ ਦਿੱਤਾ ਜਾਣਾ ਹੈ।

ਪਿਛਲਾ ਸਹੁੰ ਚੁੱਕ ਸਮਾਗਮ ਰਿਹਾ ਸੀ ਸਾਦਾ
ਜ਼ਿਕਰਯੋਗ ਹੈ ਕਿ 15 ਅਪ੍ਰੈਲ ਨੂੰ ਜਦੋਂ ਸਮਰਾਟ ਚੌਧਰੀ ਨੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ, ਉਸ ਵੇਲੇ ਸਮਾਗਮ ਬਹੁਤ ਸੀਮਤ ਪੱਧਰ ’ਤੇ ਕੀਤਾ ਗਿਆ ਸੀ। ਉਸ ਸਮੇਂ ਪਾਰਟੀ ਦੇ ਕਈ ਵੱਡੇ ਆਗੂ ਚੋਣ ਪ੍ਰਚਾਰ ਵਿੱਚ ਵਿਅਸਤ ਹੋਣ ਕਾਰਨ ਕਾਰਜਕ੍ਰਮ ਨੂੰ ਵਧੇਰੇ ਪ੍ਰਚਾਰ ਨਹੀਂ ਦਿੱਤਾ ਗਿਆ ਸੀ।

ਅੱਜ ਦੇ ਸਮਾਗਮ ’ਤੇ ਸਾਰਿਆਂ ਦੀਆਂ ਨਜ਼ਰਾਂ
ਹੁਣ ਹੋਣ ਜਾ ਰਹੇ ਮੰਤਰੀ ਮੰਡਲ ਵਿਸਥਾਰ ਨੂੰ ਲੈ ਕੇ ਪੂਰੇ ਬਿਹਾਰ ਦੀ ਨਜ਼ਰ ਪਟਨਾ ’ਤੇ ਟਿਕੀ ਹੋਈ ਹੈ। ਸਿਆਸੀ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਇਸ ਵਿਸਥਾਰ ਰਾਹੀਂ ਐੱਨਡੀਏ ਆਉਣ ਵਾਲੀਆਂ ਚੋਣਾਂ ਲਈ ਆਪਣੀ ਸਿਆਸੀ ਰਣਨੀਤੀ ਨੂੰ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰੇਗੀ।