Home Blog Page 568

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ₹14.16 ਕਰੋੜ ਜਾਰੀ: ਡਾ. ਬਲਜੀਤ ਕੌਰ

ਧੀਆਂ ਦੇ ਵਿਆਹ ਲਈ ₹51,000 ਦੀ ਸਹਾਇਤਾ: 15 ਜ਼ਿਲ੍ਹਿਆਂ ਦੇ 2,777 ਲਾਭਪਾਤਰੀਆਂ ਨੂੰ ਲਾਭ

ਚੰਡੀਗੜ੍ਹ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025-26 ਦੌਰਾਨ ਅਸ਼ੀਰਵਾਦ ਸਕੀਮ ਤਹਿਤ 2,777 ਯੋਗ ਲਾਭਪਾਤਰੀਆਂ ਨੂੰ ਕੁੱਲ ₹14.16 ਕਰੋੜ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੀ ਸਹਾਇਤਾ ਲਈ ਵਚਨਬੱਧ ਹੈ, ਤਾਂ ਜੋ ਉਹ ਆਪਣੀਆਂ ਧੀਆਂ ਦੇ ਵਿਆਹ ਸਨਮਾਨ ਨਾਲ ਕਰ ਸਕਣ।

ਉਨ੍ਹਾਂ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਅਸ਼ੀਰਵਾਦ ਪੋਰਟਲ ਰਾਹੀਂ ਸ੍ਰੀ ਅੰਮ੍ਰਿਤਸਰ ਸਾਹਿਬ, ਬਰਨਾਲਾ, ਫਰੀਦਕੋਟ, ਸ੍ਰੀ ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਐਸ.ਏ.ਐਸ. ਨਗਰ, ਸੰਗਰੂਰ, ਮਲੇਰਕੋਟਲਾ ਅਤੇ ਤਰਨ ਤਾਰਨ ਸਮੇਤ 15 ਜ਼ਿਲ੍ਹਿਆਂ ਤੋਂ ਪ੍ਰਾਪਤ ਹੋਈਆਂ ਅਰਜ਼ੀਆਂ ਵਿੱਚੋਂ 2,777 ਯੋਗ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਜ਼ਿਲ੍ਹਾ-ਵਾਰ ਵੇਰਵਾ ਦਿੰਦਿਆਂ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ 351, ਬਰਨਾਲਾ ਵਿੱਚ 37, ਫਰੀਦਕੋਟ ਵਿੱਚ 59, ਸ੍ਰੀ ਫਤਿਹਗੜ੍ਹ ਸਾਹਿਬ ਵਿੱਚ 46, ਗੁਰਦਾਸਪੁਰ ਵਿੱਚ 523, ਹੁਸ਼ਿਆਰਪੁਰ ਵਿੱਚ 354 ਅਤੇ ਜਲੰਧਰ ਵਿੱਚ 24 ਲਾਭਪਾਤਰੀਆਂ ਨੂੰ ਸਕੀਮ ਤਹਿਤ ਸਹਾਇਤਾ ਮਿਲੀ ਹੈ।

ਇਸੇ ਤਰ੍ਹਾਂ ਲੁਧਿਆਣਾ ਵਿੱਚ 62, ਮੋਗਾ ਵਿੱਚ 42, ਸ੍ਰੀ ਮੁਕਤਸਰ ਸਾਹਿਬ ਵਿੱਚ 107, ਪਟਿਆਲਾ ਵਿੱਚ 519, ਐਸ.ਏ.ਐਸ. ਨਗਰ ਵਿੱਚ 79, ਸੰਗਰੂਰ ਵਿੱਚ 164, ਮਲੇਰਕੋਟਲਾ ਵਿੱਚ 155 ਅਤੇ ਤਰਨ ਤਾਰਨ ਵਿੱਚ 255 ਲਾਭਪਾਤਰੀਆਂ ਨੂੰ ਵੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਯੋਗ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ₹51,000 ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ, ਜਿਸ ਨਾਲ ਪਰਿਵਾਰ ਇਸ ਮਹੱਤਵਪੂਰਨ ਮੌਕੇ ਨੂੰ ਸਨਮਾਨ ਅਤੇ ਖੁਸ਼ੀ ਨਾਲ ਮਨਾਉਣ ਦੇ ਯੋਗ ਬਣਦੇ ਹਨ।

ਉਨ੍ਹਾਂ ਕਿਹਾ ਕਿ ਇਹ ਸਕੀਮ ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਪਰਿਵਾਰਾਂ ਲਈ ਵੱਡਾ ਸਹਾਰਾ ਸਾਬਤ ਹੋ ਰਹੀ ਹੈ, ਜਿਸ ਨਾਲ ਉਹ ਆਪਣੀਆਂ ਧੀਆਂ ਦੇ ਵਿਆਹ ਇੱਜ਼ਤ ਅਤੇ ਆਤਮ-ਸਨਮਾਨ ਨਾਲ ਕਰ ਸਕਦੇ ਹਨ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਕੀਮ ਦੇ ਲਾਭ ਯੋਗ ਲਾਭਪਾਤਰੀਆਂ ਤੱਕ ਸਮੇਂ-ਸਿਰ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਰਜ਼ੀਆਂ ਦੀ ਪ੍ਰਕਿਰਿਆ ਅਸ਼ੀਰਵਾਦ ਪੋਰਟਲ ‘ਤੇ ਸੇਵਾ ਕੇਂਦਰਾਂ ਰਾਹੀਂ ਪਾਰਦਰਸ਼ੀ ਅਤੇ ਸੁਗਮ ਢੰਗ ਨਾਲ ਜਾਰੀ ਰੱਖੀ ਜਾਵੇ, ਤਾਂ ਜੋ ਯੋਗ ਪਰਿਵਾਰਾਂ ਨੂੰ ਬਿਨਾਂ ਕਿਸੇ ਦਿੱਕਤ ਦੇ ਸਕੀਮ ਦਾ ਲਾਭ ਮਿਲ ਸਕੇ।

ਉਨ੍ਹਾਂ ਦੱਸਿਆ ਕਿ ਸਕੀਮ ਦਾ ਲਾਭ ਲੈਣ ਲਈ ਅਰਜ਼ੀਕਰਤਾ ਦਾ ਪੰਜਾਬ ਦਾ ਸਥਾਈ ਨਿਵਾਸੀ ਹੋਣਾ ਲਾਜ਼ਮੀ ਹੈ ਅਤੇ ਉਹ ਬੀ.ਪੀ.ਐਲ. ਪਰਿਵਾਰ ਨਾਲ ਸੰਬੰਧਿਤ ਹੋਵੇ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਜਾਂ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਵਿੱਚ ਆਉਂਦਾ ਹੋਵੇ। ਪਰਿਵਾਰ ਦੀ ਸਾਲਾਨਾ ਆਮਦਨ ਸਾਰੇ ਸਰੋਤਾਂ ਤੋਂ ₹32,790 ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਸਕੀਮ ਤਹਿਤ ਇੱਕ ਯੋਗ ਪਰਿਵਾਰ ਦੀਆਂ ਦੋ ਧੀਆਂ ਤੱਕ ਲਾਭ ਪ੍ਰਾਪਤ ਕਰ ਸਕਦੀਆਂ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਵਿੱਤੀ ਸਹਾਇਤਾ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਡਾਇਰੈਕਟ ਬੇਨੀਫਿਟ ਟ੍ਰਾਂਸਫਰ (DBT) ਰਾਹੀਂ ਭੇਜੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ ਅਤੇ ਸਮੇਂ-ਸਿਰ ਭੁਗਤਾਨ ਯਕੀਨੀ ਬਣਦਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਤਰੱਕੀ ਲਈ ਵਚਨਬੱਧ ਹੈ ਅਤੇ ਪੱਛੜੇ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵੱਖ-ਵੱਖ ਭਲਾਈ ਯੋਜਨਾਵਾਂ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ।

ਮੋਹਿੰਦਰ ਭਗਤ ਨੇ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਕੀਤੀ ਖ਼ਾਸ ਸਮੀਖਿਆ ਮੀਟਿੰਗ

 ਕਿਸਾਨਾਂ ਨੂੰ ਸਬਸਿਡੀ ਦੇਣ ਦੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ

ਚੰਡੀਗੜ੍ਹ: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬਾਗ਼ਬਾਨੀ ਖੇਤਰ ਦਾ ਵਿਕਾਸ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਕੰਮ ਕਰਦਿਆਂ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਬੀਤੀ ਸ਼ਾਮ ਬਾਗ਼ਬਾਨੀ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਅਤੇ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਭਾਗੀ ਅਧਿਕਾਰੀਆਂ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਇਕ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਬਾਗ਼ਬਾਨੀ ਪ੍ਰਬੰਧਕੀ ਸਕੱਤਰ ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਬਾਗਬਾਨੀ ਮਨੀਸ਼ ਕੁਮਾਰ ਵਿਸੇਸ਼ ਤੌਰ ਹਾਜ਼ਰ ਸਨ।

ਮੀਟਿੰਗ ਦੌਰਾਨ ਮੰਤਰੀ ਨੇ ਬਾਗ਼ਬਾਨੀ ਖੇਤਰ ਦੇ ਵਿਕਾਸ ਅਤੇ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਚੱਲ ਰਹੀਆਂ ਯੋਜਨਾਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਮੀਟਿੰਗ ਵਿੱਚ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਪੱਧਰ ਦੀਆਂ ਬਾਗ਼ਬਾਨੀ ਨਰਸਰੀਆਂ ਵਿੱਚ ਵੱਧ ਤੋਂ ਵੱਧ ਗੁਣਵੱਤਾ ਵਾਲੇ ਬੂਟਿਆਂ ਦਾ ਉਤਪਾਦਨ ਯਕੀਨੀ ਬਣਾਇਆ ਜਾਵੇ, ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਉੱਚ ਕਿਸਮ ਦੇ ਬੂਟੇ ਉਪਲਬਧ ਕਰਵਾਏ ਜਾ ਸਕਣ। ਉਨ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਉਹ ਖੇਤਰੀ ਪੱਧਰ ਦੇ ਨਿਯਮਿਤ ਦੌਰੇ ਕਰਕੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਯਕੀਨੀ ਬਣਾਉਣ।

ਇਸ ਦੌਰਾਨ ਜ਼ਿਲ੍ਹਾ ਬਾਗ਼ਬਾਨੀ ਅਧਿਕਾਰੀਆਂ ਨੇ ਆਪਣੇ-ਆਪਣੇ ਖੇਤਰਾਂ ਨਾਲ ਸੰਬੰਧਿਤ ਮੁਸ਼ਕਲਾਂ ਅਤੇ ਲੋੜਾਂ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ। ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬਾਗ਼ਬਾਨੀ ਨਰਸਰੀਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸਥਾਰਪੂਰਵਕ ਰਿਪੋਰਟ ਤੁਰੰਤ ਭੇਜੀ ਜਾਵੇ ਤਾਂ ਜੋ ਲੋੜੀਂਦੇ ਕਦਮ ਜਲਦੀ ਚੁੱਕੇ ਜਾ ਸਕਣ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਦੇ ਵਿਕਾਸ ਲਈ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਮੰਤਰੀ ਨੇ ਟੈਂਡਰ ਪ੍ਰਕਿਰਿਆ ਨਾਲ ਸੰਬੰਧਿਤ ਕੰਮਾਂ ਨੂੰ ਵੀ ਤਰਜੀਹ ਦੇਣ ਲਈ ਕਿਹਾ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪੂਰੇ ਕੀਤੇ ਜਾਣ।  ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਦੇ ਕੇਸਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਬਸਿਡੀ ਨਾਲ ਸੰਬੰਧਿਤ ਸਾਰੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇ, ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਲਾਭ ਮਿਲ ਸਕੇ।

ਮੋਹਿੰਦਰ ਭਗਤ ਨੇ ਆਪਣੇ ਹਾਲ ਹੀ ਦੇ ਮਹਾਰਾਸ਼ਟਰ ਦੌਰੇ ਦਾ ਜ਼ਿਕਰ ਕਰਦਿਆਂ ਉਥੋਂ ਦੇ ਬਾਗ਼ਬਾਨੀ ਮਾਡਲ ਦੀ ਵੀ ਚਰਚਾ ਕੀਤੀ ਅਤੇ ਕਿਹਾ ਕਿ ਪੰਜਾਬ ਵਿੱਚ ਵੀ ਬਾਗ਼ਬਾਨੀ ਖੇਤਰ ਨੂੰ ਆਧੁਨਿਕ ਤਕਨਾਲੋਜੀ ਅਤੇ ਬਿਹਤਰ ਪ੍ਰਬੰਧਾਂ ਨਾਲ ਹੋਰ ਮਜ਼ਬੂਤ ਕੀਤਾ ਜਾਵੇਗਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਪੰਜਾਬ ਨੂੰ ਇੱਕ ਮਜ਼ਬੂਤ ਬਾਗ਼ਬਾਨੀ ਸੂਬੇ ਵਜੋਂ ਵਿਕਸਿਤ ਕਰਨਾ ਹੈ ਅਤੇ ਇਸ ਲਈ ਅਧਿਕਾਰੀਆਂ ਨੂੰ ਸਪੱਸ਼ਟ ਟੀਚੇ ਮਿੱਥ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਖੇਤਰ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਅਧਿਕਾਰੀ ਪੂਰੀ ਲਗਨ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ।

ਇਸ ਮੀਟਿੰਗ ਦੌਰਾਨ ਮੈਨੇਜਿੰਗ ਡਾਇਰੈਕਟਰ, ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਰਣਬੀਰ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਜੀਤ ਸਿੰਘ, ਮੁੱਖ ਭੂਮੀਪਾਲ ਮੋਹਿੰਦਰਜੀਤ ਸੈਣੀ, ਡਾਇਰੈਕਟਰ ਪਨਸੀਡ ਜਸਵੰਤ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਇੰਜੀ.) ਜਗਦੀਸ਼ ਸਿੰਘ, ਸੰਯੁਕਤ ਡਾਇਰੈਕਟਰ ਹਰਮੇਲ ਸਿੰਘ, ਗੁਰਸਰਨ ਸਿੰਘ ਅਤੇ ਡਿਪਟੀ ਡਇਰੈਕਟਰ ਹਰਪ੍ਰੀਤ ਸੇਠੀ ਅਤੇ ਹੋਰ ਜਿਲ੍ਹਾ ਅਧਿਕਾਰੀ ਵਿਸੇਸ਼ ਤੌਰ ਤੇ ਹਾਜ਼ਰ ਸਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਿਨੇਟ ਦੇ ਇਤਿਹਾਸਕ ਫੈਸਲੇ

ਚੰਡੀਗੜ੍ਹ: ਸੂਬੇ ਵਿੱਚ ਉਚੇਰੀ ਸਿੱਖਿਆ, ਉਦਯੋਗਿਕ ਵਿਕਾਸ ਅਤੇ ਪ੍ਰਸ਼ਾਸਨਿਕ ਸੁਧਾਰਾਂ ਨੂੰ ਉਤਸ਼ਾਹਤ ਕਰਨ ਦੇ ਮਨੋਰਥ ਨਾਲ ਅਹਿਮ ਫੈਸਲੇ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਦੇ ਨਾਮ ’ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸਰਕਾਰੀ ਕਾਲਜਾਂ ਵਿੱਚ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ।

ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਦਫ਼ਤਰ ਮੁਤਾਬਕ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਯੂਨੀਵਰਸਿਟੀ ਦੀ ਸਥਾਪਨਾ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਲਈ ਖਰੜਾ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਯੂਨੀਵਰਸਿਟੀ ਦੀ ਸਥਾਪਨਾ ਸਮੇਂ ਸਿਰ ਕਰਨ ਲਈ ਸਾਰੇ ਲੋੜੀਂਦੇ ਫੈਸਲੇ ਲੈਣ ਲਈ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ ਹੈ।

ਨਵੀਂ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਨੂੰ ਹਰੀ ਝੰਡੀ

ਮੰਤਰੀ ਮੰਡਲ ਨੇ ਪੰਜਾਬ ਉਦਯੋਗ ਕ੍ਰਾਂਤੀ ਤਹਿਤ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਉਤੇ ਮੋਹਰ ਲਾ ਦਿੱਤੀ ਹੈ ਅਤੇ ਇਸ ਨੀਤੀ ਵਿੱਚ ਸੈਕਟਰ ਅਧਾਰਿਤ ਨੀਤੀਆਂ, ਵਿਸਥਾਰਤ ਸਕੀਮਾਂ ਅਤੇ ਦਿਸ਼ਾ-ਨਿਰਦੇਸ਼ ਨੂੰ ਦਰਸਾਉਂਦੇ ਹਨ।ਇਸ ਨੀਤੀ ਦਾ ਉਦੇਸ਼ ਸੂਬੇ ਵਿੱਚ ਵਿੱਤੀ ਰਿਆਇਤਾਂ, ਖੇਤਰੀ ਵਿਕਾਸ, ਰੋਜ਼ਗਾਰ ਪੈਦਾ ਕਰਨ, ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਉੱਭਰ ਰਹੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਵਿਆਪਕ ਅਤੇ ਢਾਂਚਾਗਤ ਵਿਵਸਥਾ ਸਥਾਪਤ ਕਰਨਾ ਹੈ। ਇਸ ਨਾਲ ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਮਿਲਣ ਦੀ ਉਮੀਦ ਹੈ ਅਤੇ ਪੰਜਾਬ ਨੂੰ ਉੱਚ ਆਰਥਿਕ ਵਿਕਾਸ ਦੇ ਰਾਹ ‘ਤੇ ਪਾਉਣ ਦੀ ਆਸ ਹੈ।

ਸਰਕਾਰੀ ਨੌਕਰੀਆਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਦਾਖਲਿਆਂ ’ਚ ਖਿਡਾਰੀਆਂ ਲਈ ਰਾਖਵਾਂਕਰਨ ਨੂੰ ਹੋਰ ਸੁਚਾਰੂ ਬਣਾਉਣ ਦੀ ਨੀਤੀ ਨੂੰ ਪ੍ਰਵਾਨਗੀ

ਮੰਤਰੀ ਮੰਡਲ ਨੇ ਸਰਕਾਰੀ ਨੌਕਰੀਆਂ ਅਤੇ ਵਿਦਿਅਕ ਸੰਸਥਾਵਾਂ ’ਚ ਦਾਖਲਿਆਂ ਵਿੱਚ ਖਿਡਾਰੀਆਂ ਲਈ ਰਾਖਵਾਂਕਰਨ ਨੂੰ ਸੁਚਾਰੂ ਬਣਾਉਣ ਲਈ ਨੀਤੀ ਨੂੰ ਪ੍ਰਵਾਨਗੀ ਦਿੱਤੀ। ਇਹ ਖੇਡਾਂ ਵਿੱਚ ਪ੍ਰਾਪਤੀ ਦੇ ਸਰਟੀਫਿਕੇਟਾਂ ਨੂੰ ਅੰਕ ਨਿਰਧਾਰਤ ਕਰਨ ਲਈ ਉਦੇਸ਼ਪੂਰਨ ਅਤੇ ਆਸਾਨੀ ਨਾਲ ਸਮਝਣ ਯੋਗ ਮਾਪਦੰਡ ਨਿਰਧਾਰਤ ਕਰਦਾ ਹੈ। ਨੀਤੀ ਦੇ ਅਨੁਸਾਰ ਖੇਡਾਂ ਵਿੱਚ ਪ੍ਰਾਪਤੀਆਂ ਨੂੰ 75 ਫੀਸਦੀ ਮਹੱਤਤਾ ਦਿੱਤੀ ਜਾਵੇਗੀ ਜਦੋਂ ਕਿ 25 ਫੀਸਦੀ ਮਹੱਤਤਾ ਦਾਖਲਾ ਪ੍ਰੀਖਿਆ ਵਿੱਚ ਕਾਰਗੁਜ਼ਾਰੀ ‘ਤੇ ਅਧਾਰਿਤ ਹੋਵੇਗੀ।

‘ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਤਕਨੀਕੀ (ਗਰੁੱਪ-ਸੀ) ਸੇਵਾ ਨਿਯਮ-2016’ ਵਿੱਚ ਸੋਧ ਨੂੰ ਪ੍ਰਵਾਨਗੀ ਦਿੱਤੀ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਨੇ ਫਾਰਮਾਸਿਸਟਾਂ ਦੀ ਭਰਤੀ ਲਈ ਡਿਪਲੋਮਾ ਇਨ ਫਾਰਮੇਸੀ ਨੂੰ ਵਾਧੂ ਵਿਦਿਅਕ ਯੋਗਤਾ ਵਜੋਂ ਸ਼ਾਮਲ ਕਰਨ ਲਈ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਤਕਨੀਕੀ (ਗਰੁੱਪ-ਸੀ) ਸੇਵਾ ਨਿਯਮ, 2016 ਵਿੱਚ ਸੋਧ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਹ ਡਿਪਲੋਮਾ ਧਾਰਕਾਂ ਨੂੰ ਫਾਰਮਾਸਿਸਟ ਦੀ ਆਸਾਮੀ ਲਈ ਅਰਜ਼ੀ ਦੇਣ ਦੇ ਯੋਗ ਬਣਾਏਗਾ ਅਤੇ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਦੀ ਸਪਲਾਈ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰੇਗਾ।

ਪੰਜਾਬ ਦੇ ਹੋਮ ਗਾਰਡਜ਼ ਦੇ ਸ਼ਹੀਦ ਅਸ਼ੋਕ ਕੁਮਾਰ ਲਈ ਐਕਸ-ਗ੍ਰੇਸ਼ੀਆ ਗ੍ਰਾਂਟ ਨੂੰ ਹਰੀ ਝੰਡੀ

ਮਾਨਵਤਾਵਾਦੀ ਪਹੁੰਚ ਅਪਣਾਉਂਦਿਆਂ ਮੰਤਰੀ ਮੰਡਲ ਨੇ ਸ਼ਹੀਦ ਪੰਜਾਬ ਹੋਮਗਾਰਡਜ਼ ਵਲੰਟੀਅਰ ਅਸ਼ੋਕ ਕੁਮਾਰ, ਨੰਬਰ 25140/ਜੀ.ਐਸ.ਪੀ. ਦੇ ਪਰਿਵਾਰ ਨੂੰ ਵਿਸ਼ੇਸ਼ ਕੇਸ ਵਜੋਂ ਇਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਨੂੰ ਪ੍ਰਵਾਨਗੀ ਦਿੱਤੀ। ਅਸ਼ੋਕ ਕੁਮਾਰ ਨੇ ਹਾਲ ਹੀ ਵਿੱਚ ਗੁਰਦਾਸਪੁਰ ਵਿਖੇ ਡਿਊਟੀ ਕਰਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਉਨ੍ਹਾਂ ਦੇ ਮਹਾਨ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਮੰਤਰੀ ਮੰਡਲ ਨੇ ਇਹ ਫੈਸਲਾ ਲਿਆ।

‘ਦਾ ਪੰਜਾਬ ਰੈਗੂਲੇਸ਼ਨ ਆਫ ਕਰੱਸ਼ਰ ਯੂਨਿਟ, ਸਟਾਕਿਸਟ ਅਤੇ ਰਿਟੇਲਰਜ਼ (ਸੋਧ) ਬਿੱਲ,-2026’ ਪੇਸ਼ ਕਰਨ ਲਈ ਸਹਿਮਤੀ

ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਵਿੱਚ ‘ਦਾ ਪੰਜਾਬ ਰੈਗੂਲੇਸ਼ਨ ਆਫ ਕਰੱਸ਼ਰ ਯੂਨਿਟ, ਸਟਾਕਿਸਟ ਅਤੇ ਰਿਟੇਲਰਜ਼ (ਸੋਧ) ਬਿੱਲ,-2026’ ਪੇਸ਼ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਇਸ ਕਦਮ ਦਾ ਉਦੇਸ਼ ‘ਦਾ ਪੰਜਾਬ ਰੈਗੂਲੇਸ਼ਨ ਆਫ ਕਰੱਸ਼ਰ ਯੂਨਿਟ, ਸਟਾਕਿਸਟ ਅਤੇ ਰਿਟੇਲਰਜ਼ (ਸੋਧ) ਆਰਡੀਨੈਂਸ, 2026” ਨੂੰ ਐਕਟ ਵਿੱਚ ਬਦਲਣਾ ਹੈ।

ਸਰਕਾਰੀ ਕਾਲਜਾਂ ਵਿੱਚ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ 1,158 ਅਸਾਮੀਆਂ ਭਰਨ ਦੀ ਸਹਿਮਤੀ ਦਿੱਤੀ

ਇਕ ਹੋਰ ਵੱਡੇ ਫੈਸਲੇ ਵਿੱਚ ਮੰਤਰੀ ਮੰਡਲ ਨੇ ਸੂਬੇ ਭਰ ਦੇ ਸਰਕਾਰੀ ਕਾਲਜਾਂ ਵਿੱਚ 1,158 ਅਸਾਮੀਆਂ ਲਈ ਨਵੀਂ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਵਿੱਚ 1,091 ਸਹਾਇਕ ਪ੍ਰੋਫੈਸਰ ਅਤੇ 67 ਲਾਇਬ੍ਰੇਰੀਅਨ ਸ਼ਾਮਲ ਹਨ। ਇਹ ਭਰਤੀ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਰਾਹੀਂ ਯੂ.ਜੀ.ਸੀ. ਨਿਯਮ-2018 ਦੇ ਅਨੁਸਾਰ ਸਖ਼ਤੀ ਨਾਲ ਕੀਤੀ ਜਾਵੇਗੀ। ਸਰਕਾਰ ਪੀ.ਪੀ.ਐਸ.ਸੀ. ਕੋਲ ਲੰਬਿਤ ਸਹਾਇਕ ਪ੍ਰੋਫੈਸਰ ਦੀਆਂ 612 ਅਸਾਮੀਆਂ ਦੀ ਪਹਿਲਾਂ ਦੀ ਮੰਗ ਨੂੰ ਵਾਪਸ ਲਵੇਗੀ ਅਤੇ ਸਾਰੀਆਂ ਅਸਾਮੀਆਂ ਲਈ ਨਵੀਂ ਸੰਯੁਕਤ ਮੰਗ ਜਮ੍ਹਾਂ ਕਰਵਾਏਗੀ।

ਸਾਰੇ ਉਮੀਦਵਾਰਾਂ ਨੂੰ ਨਿਰਪੱਖ ਮੌਕਾ ਪ੍ਰਦਾਨ ਕਰਨ ਲਈ, ਜਿਨ੍ਹਾਂ ਵਿੱਚ ਉਹ ਉਮੀਦਵਾਰ ਵੀ ਸ਼ਾਮਲ ਹਨ ਜਿਨ੍ਹਾਂ ਨੇ 19 ਅਕਤੂਬਰ, 2021 ਦੇ ਇਸ਼ਤਿਹਾਰ ਤਹਿਤ ਅਰਜ਼ੀ ਦਿੱਤੀ ਸੀ, ਨੂੰ ਉਪਰਲੀ ਉਮਰ ਸੀਮਾ ਵਿੱਚ ਇਕ ਵਾਰ ਦੀ ਛੋਟ ਦਿੱਤੀ ਜਾਵੇਗੀ। ਰਾਖਵੇਂ ਵਰਗ ਦੇ ਉਮੀਦਵਾਰਾਂ ਨੂੰ ਮੌਜੂਦਾ ਸਰਕਾਰੀ ਨੀਤੀ ਅਨੁਸਾਰ ਵਾਧੂ ਉਮਰ ਦੀ ਛੋਟ ਮਿਲੇਗੀ।

ਐਮ.ਆਈ.ਸੀ.ਈ. ਪ੍ਰੋਜੈਕਟ ਅਤੇ ਬਹੁ-ਉਦੇਸ਼ੀ ਢਾਂਚੇ ਨੂੰ ਮਨਜ਼ੂਰੀ
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਵਿਸ਼ਵ ਪੱਧਰੀ ਐਮ.ਆਈ.ਸੀ.ਈ. (ਮੀਟਿੰਗਾਂ, ਰਿਆਇਤਾਂ, ਕਾਨਫਰੰਸਾਂ ਅਤੇ ਪ੍ਰਦਰਸ਼ਨੀਆਂ) ਪ੍ਰੋਜੈਕਟ ਅਤੇ ਵਪਾਰਕ, ਵਿਗਿਆਨਕ, ਵਿਦਿਅਕ ਅਤੇ ਸਰਕਾਰੀ ਸਮਾਗਮਾਂ ਦੇ ਆਯੋਜਨ ਲਈ ਬਹੁ-ਮੰਤਵੀ ਢਾਂਚੇ ਨੂੰ ਮਨਜ਼ੂਰੀ ਦਿੱਤੀ। ਸੂਬੇ ਵਿੱਚ ਐਮ.ਆਈ.ਸੀ.ਈ. ਪ੍ਰੋਜੈਕਟਾਂ ਲਈ ਖਰਚਿਆਂ ਬਾਰੇ ਸਪੱਸ਼ਟਤਾ ਦੀ ਘਾਟ ਕਾਰਨ ਨਿਵੇਸ਼ਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਨੂੰ ਹੱਲ ਕਰਨ ਲਈ, ਸਰਕਾਰ ਨੇ 4 ਜੂਨ, 2025 ਦੀ ਨੋਟੀਫਿਕੇਸ਼ਨ ਵਿੱਚ ਸੋਧ ਕਰਕੇ ਐਮ.ਆਈ.ਸੀ.ਈ. ਪ੍ਰੋਜੈਕਟਾਂ ਨੂੰ ਇਕ ਵੱਖਰੀ ਸ਼੍ਰੇਣੀ ਵਜੋਂ ਸ਼ਾਮਲ ਕੀਤਾ ਹੈ ਅਤੇ ਵਪਾਰਕ ਖਰਚਿਆਂ ਦੇ 50 ਫੀਸਦੀ ‘ਤੇ ਲਾਗੂ ਖਰਚੇ ਨਿਰਧਾਰਤ ਕੀਤੇ ਹਨ।

ਗਲਾਡਾ ਦੀਆਂ ਜਾਇਦਾਦਾਂ ਦੀਆਂ ਕੀਮਤਾਂ ਨੂੰ ਤਰਕਸੰਗਤ ਬਣਾਉਣ ਦੀ ਪ੍ਰਵਾਨਗੀ

ਮੰਤਰੀ ਮੰਡਲ ਨੇ ਆਜ਼ਾਦ ਮੁੱਲਕਾਰਾਂ ਦੁਆਰਾ ਪੇਸ਼ ਕੀਤੀਆਂ ਗਈਆਂ ਮੁਲਾਂਕਣ ਰਿਪੋਰਟਾਂ ਅਤੇ ਗਲਾਡਾ ਦੇ ਨਿਰੀਖਣਾਂ ਦੇ ਆਧਾਰ ‘ਤੇ ਗ੍ਰੇਟਰ ਲੁਧਿਆਣਾ ਏਰੀਆ ਵਿਕਾਸ ਅਥਾਰਟੀ (ਗਲਾਡਾ) ਦੀਆਂ ਜਾਇਦਾਦ ਦੀਆਂ ਕੀਮਤਾਂ ਨੂੰ ਤਰਕਸੰਗਤ ਬਣਾਉਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਸੋਧੀਆਂ ਦਰਾਂ ਈ-ਨਿਲਾਮੀ ਲਈ ਅਧਾਰ ਰਿਜ਼ਰਵ ਕੀਮਤਾਂ ਵਜੋਂ ਕੰਮ ਕਰਨਗੀਆਂ, ਜਿਸ ਦੀ ਅਲਾਟਮੈਂਟ ਪ੍ਰਚਲਿਤ ਈ-ਨਿਲਾਮੀ ਨੀਤੀ ਦੇ ਅਨੁਸਾਰ ਸਭ ਤੋਂ ਵੱਧ ਬੋਲੀ ਲਗਾਉਣ ਵਾਲੇ ਨੂੰ ਕੀਤੀ ਜਾਵੇਗੀ। ਇਹ ਦਰਾਂ ਇੱਕ ਕੈਲੰਡਰ ਸਾਲ ਲਈ ਵੈਧ ਰਹਿਣਗੀਆਂ ਅਤੇ ਉਸ ਤੋਂ ਬਾਅਦ ਮੌਜੂਦਾ ਵਿਭਾਗੀ ਨੀਤੀ ਅਨੁਸਾਰ ਸੋਧੀਆਂ ਜਾਣਗੀਆਂ।

ਪੰਜਾਬ ਸਿਵਲ ਸੇਵਾਵਾਂ ਨਿਯਮਾਂ ਵਿੱਚ ਸੋਧ ਕਰਨ ਦੀ ਪ੍ਰਵਾਨਗੀ

ਪੰਜਾਬ ਕੈਬਨਿਟ ਨੇ ਸਰਕਾਰੀ ਕਰਮਚਾਰੀਆਂ ਦੇ ਆਸ਼ਰਿਤ ਦਿਵਿਆਂਗ ਭੈਣ-ਭਰਾਵਾਂ ਨੂੰ ਸ਼ਾਮਲ ਕਰਕੇ ਪਰਿਵਾਰਕ ਪੈਨਸ਼ਨ ਨੂੰ ਪਰਿਭਾਸ਼ਿਤ ਕਰਨ ਲਈ ‘ਪੰਜਾਬ ਸਿਵਲ ਸੇਵਾਵਾਂ ਨਿਯਮ, ਭਾਗ-2 ਦੇ ਨਿਯਮ 6.17 (3)’ ਵਿੱਚ ਸੋਧ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਸ ਅਨੁਸਾਰ, ਅਜਿਹੇ ਆਸ਼ਰਿਤ ਪਰਿਵਾਰਕ ਮੈਂਬਰ ਹੁਣ ਪਰਿਵਾਰਕ ਪੈਨਸ਼ਨ ਦੇ ਲਾਭ ਦੇ ਹੱਕਦਾਰ ਹੋਣਗੇ।

130 ਸਾਲ ਤੋਂ ਵੱਧ ਪੁਰਾਣੇ ਐਕਟ ਨੂੰ ਬਦਲ ਕੇ ‘ਪੰਜਾਬ ਜੇਲ੍ਹ ਅਤੇ ਸੁਧਾਰ ਸੇਵਾਵਾਂ ਬਿੱਲ-2026’ ਨੂੰ ਲਾਗੂ ਕਰਨ ਦੀ ਪ੍ਰਵਾਨਗੀ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੰਤਰੀ ਮੰਡਲ ਨੇ ‘ਪੰਜਾਬ ਜੇਲ੍ਹ ਅਤੇ ਸੁਧਾਰ ਸੇਵਾਵਾਂ ਬਿੱਲ-2026’ ਨੂੰ ਲਾਗੂ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ, ਜੋ ਕਿ ਸੂਬੇ ਵਿੱਚ ਮੌਜੂਦਾ ਸਮੇਂ ਲਾਗੂ ਜੇਲ੍ਹ ਐਕਟ-1894 ਦੀ ਥਾਂ ਲਵੇਗਾ। ਇਸ ਕਦਮ ਦਾ ਉਦੇਸ਼ ਜੇਲ੍ਹ ਪ੍ਰਸ਼ਾਸਨ ਨੂੰ ਆਧੁਨਿਕ ਬਣਾਉਣਾ ਅਤੇ ਉੱਨਤ ਤਕਨਾਲੋਜੀ, ਯੰਤਰਾਂ ਅਤੇ ਉਪਕਰਣਾਂ ਦੀ ਸਥਾਪਨਾ ਰਾਹੀਂ ਜੇਲ੍ਹ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨਾ ਹੈ, ਜਿਸ ਨਾਲ ਹੋਰ ਮਜ਼ਬੂਤ ਅਤੇ ਮਜ਼ਬੂਤ ਸੁਰੱਖਿਆ ਵਿਧੀ ਯਕੀਨੀ ਬਣਾਈ ਜਾ ਸਕੇਗੀ।

ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਸੁਨਵਰਦੀਪ ਸਿੰਘ ਦੀ ਸਫਲਤਾ ਨੌਜਵਾਨਾਂ ਲਈ ਚਾਨਣ ਮੁਨਾਰਾ – ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਯੂ.ਪੀ.ਐਸ.ਸੀ. ਪ੍ਰੀਖਿਆ ਵਿੱਚ ਸ਼ਾਨਦਾਰ ਸਫਲਤਾ ਹਾਸਿਲ ਕਰਨ ਵਾਲੇ ਦੇਸ਼ ਦੇ ਸਾਰੇ ਪ੍ਰਤਿਭਾਵਾਨ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ। ਉਹਨਾਂ ਕਿਹਾ ਕਿ ਪੰਜਾਬ ਦੀਆਂ ਧੀਆਂ ਅਤੇ ਪੁੱਤਰਾਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਜੇਕਰ ਇਰਾਦੇ ਮਜ਼ਬੂਤ ਹੋਣ ਤਾਂ ਕੋਈ ਵੀ ਮੰਜ਼ਿਲ ਦੂਰ ਨਹੀਂ ।

ਉਹਨਾਂ ਬੜੇ ਫਖਰ ਨਾਲ ਕਿਹਾ ਕਿ ਪਟਿਆਲਾ ਦੀ ਸਿਮਰਨਦੀਪ ਕੌਰ ਅਤੇ ਰਸਨੀਤ ਕੌਰ, ਬਲਾਚੌਰ ਦੀ ਕ੍ਰਿਤਿਕਾ ਚੌਧਰੀ, ਮਾਨਸਾ ਤੋੰ ਮਨਪ੍ਰੀਤ ਕੌਰ ਅਤੇ ਆਕ੍ਰਿਤੀ ਸਿੰਗਲਾ ਵਰਗੇ ਹੀਰਿਆਂ ਨੇ ਪੂਰੇ ਦੇਸ਼ ਵਿੱਚ ਪੰਜਾਬ ਦਾ ਨਾਮ ਚਮਕਾਇਆ ਹੈ। ਉਹਨਾਂ ਕਿਹਾ ਕਿ ਸਾਡੇ ਲਈ ਇਹ ਬਹੁਤ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਫਰੀਦਕੋਟ ਨਿਵਾਸੀ ਡਾ. ਕੁਲਦੀਪ ਸਿੰਘ (ਡਾਇਰੈਕਟਰ,ਪੀ.ਏ.ਯੂ. , ਫਰੀਦਕੋਟ) ਦੇ ਪੁੱਤਰ ਸੁਨਵਰਦੀਪ ਸਿੰਘ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਵੱਲੋਂ ਕਰਵਾਈ ਗਈ ਸਿਵਲ ਸੇਵਾਵਾਂ ਪ੍ਰੀਖਿਆ ਵਿੱਚ 76ਵਾਂ ਰੈਂਕ ਪ੍ਰਾਪਤ ਕੀਤਾ ਹੈ।

ਆਪਣੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੁਨਵਰਦੀਪ ਸਿੰਘ ਦੀ ਇਹ ਸ਼ਾਨਦਾਰ ਸਫਲਤਾ ਨਾ ਸਿਰਫ਼ ਉਸਦੇ ਦੇ ਪਰਿਵਾਰ ਲਈ ਸਗੋਂ ਪੂਰੇ ਫਰੀਦਕੋਟ ਜ਼ਿਲ੍ਹੇ ਅਤੇ ਸਮੁਚੇ ਪੰਜਾਬ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਨੌਜਵਾਨਾਂ ਲਈ ਵੱਡੀ ਪ੍ਰੇਰਨਾ ਹੈ, ਜੋ ਸਾਬਤ ਕਰਦੀ ਹੈ ਕਿ ਸਖ਼ਤ ਮਿਹਨਤ, ਲਗਨ ਅਤੇ ਮਜ਼ਬੂਤ ਇਰਾਦਿਆਂ ਨਾਲ ਕੋਈ ਵੀ ਟੀਚਾ ਹਾਸਿਲ ਕੀਤਾ ਜਾ ਸਕਦਾ ਹੈ।

ਸੰਧਵਾਂ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ, ਨੌਜਵਾਨਾਂ ਨੂੰ ਸੁਨਵਰਦੀਪ ਸਿੰਘ ਦੀ ਸਫਲਤਾ ਤੋਂ ਸਿੱਖਣ ਦੀ ਲੋੜ ਹੈ। ਵਿਦਿਆਰਥੀਆਂ ਨੂੰ ਸਮਾਜ ਦੀ ਤਰੱਕੀ ਲਈ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਆਪਣੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਗਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੁਨਵਰਦੀਪ ਸਿੰਘ ਵਰਗੇ ਪ੍ਰਤਿਭਾਸ਼ਾਲੀ ਨੌਜਵਾਨ ਸਮਾਜ ਲਈ ਚਾਨਣ ਮੁਨਾਰਾ ਸਿੱਧ ਹੁੰਦੇ ਹਨ, ਜੋ ਨਾ ਸਿਰਫ ਖੁਦ ਅੱਗੇ ਵਧਦੇ ਹਨ ਬਲਕਿ ਹੋਰਨਾਂ ਨੂੰ ਵੀ ਉੱਚੀਆਂ ਉਡਾਣਾਂ ਭਰਨ ਲਈ ਪ੍ਰੇਰਦੇ ਹਨ ।

ਸਪੀਕਰ ਸੰਧਵਾਂ ਨੇ ਡਾ. ਕੁਲਦੀਪ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਸੁਨਵਰਦੀਪ ਸਿੰਘ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਨਵੇਂ ਅਧਿਕਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨਗੇ ।

ਯੂਪੀਐਸਸੀ ਵਿੱਚ ਕਾਮਯਾਬ ਸਿੱਖ ਵਿਦਿਆਰਥੀਆਂ ਨੂੰ ਐਸ.ਜੀ.ਪੀ.ਸੀ. ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਕੀਤਾ ਜਾਵੇਗਾ ਸਨਮਾਨਿਤ : ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਯੂਪੀਐਸਸੀ ਦੀ ਪਰੀਖਿਆ ਵਿੱਚ ਕਾਮਯਾਬ ਹੋ ਕੇ ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ ਸਿੱਖ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਐਲਾਨ ਕੀਤਾ ਕਿ ਐਸ.ਜੀ.ਪੀ.ਸੀ. ਵੱਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਹੌਸਲਾ ਅਫ਼ਜ਼ਾਈ ਦੇ ਤੌਰ ’ਤੇ ਇੱਕ-ਇੱਕ ਲੱਖ ਰੁਪਏ ਦੀ ਰਕਮ ਨਾਲ ਸਨਮਾਨਿਤ ਕੀਤਾ ਜਾਵੇਗਾ।

ਸਿੱਖ ਕੌਮ ਲਈ ਮਾਣ ਵਾਲੀ ਗੱਲ
ਪ੍ਰੈੱਸ ਬਿਆਨ ਜਾਰੀ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਯੂਪੀਐਸਸੀ ਵਰਗੀ ਕਠਿਨ ਅਤੇ ਮੁਕਾਬਲੇਭਰੀ ਪਰੀਖਿਆ ਵਿੱਚ ਕਾਮਯਾਬੀ ਹਾਸਲ ਕਰਨਾ ਯੁਵਕਾਂ ਦੀ ਲਗਨ, ਮਿਹਨਤ ਅਤੇ ਦ੍ਰਿੜ ਨਿਸ਼ਚੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸਿਮਰਨਦੀਪ ਕੌਰ ਅਤੇ ਸੁਨਵਰਦੀਪ ਸਿੰਘ ਸਮੇਤ ਹੋਰ ਸਿੱਖ ਵਿਦਿਆਰਥੀਆਂ ਨੇ ਇਸ ਪਰੀਖਿਆ ਵਿੱਚ ਸਫਲ ਹੋ ਕੇ ਨਾ ਸਿਰਫ਼ ਆਪਣੇ ਪਰਿਵਾਰਾਂ ਦਾ ਨਾਮ ਰੌਸ਼ਨ ਕੀਤਾ ਹੈ, ਸਗੋਂ ਪੂਰੀ ਸਿੱਖ ਕੌਮ ਲਈ ਵੀ ਮਾਣ ਦੀ ਗੱਲ ਬਣੀ ਹੈ।

ਦੇਸ਼ ਭਰ ਵਿੱਚ 15ਵਾਂ ਸਥਾਨ ਹਾਸਲ ਕਰਨ ਵਾਲੀ ਸਿਮਰਨਦੀਪ ਕੌਰ ’ਤੇ ਖੁਸ਼ੀ ਦਾ ਪ੍ਰਗਟਾਵਾ
ਧਾਮੀ ਨੇ ਖ਼ਾਸ ਤੌਰ ’ਤੇ ਸਿਮਰਨਦੀਪ ਕੌਰ ਦੀ ਪ੍ਰਾਪਤੀ ’ਤੇ ਖੁਸ਼ੀ ਪ੍ਰਗਟਾਈ, ਜਿਸ ਨੇ ਦੇਸ਼ ਪੱਧਰ ’ਤੇ 15ਵਾਂ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਿਮਰਨਦੀਪ ਕੌਰ ਖ਼ਾਲਸਾ ਕਾਲਜ ਪਟਿਆਲਾ ਦੀ ਵਿਦਿਆਰਥਣ ਹੈ, ਜੋ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਿਹਾ ਸਿੱਖਿਆ ਸੰਸਥਾਨ ਹੈ।

ਮੁਕਾਬਲੇ ਦੀਆਂ ਪਰੀਖਿਆਵਾਂ ਵੱਲ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਯਤਨ ਜਾਰੀ
ਐਸ.ਜੀ.ਪੀ.ਸੀ. ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਮੇਸ਼ਾਂ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪਰੀਖਿਆਵਾਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਕਮੇਟੀ ਦੇ ਆਉਣ ਵਾਲੇ ਬਜਟ ਵਿੱਚ ਪ੍ਰਸ਼ਾਸਕੀ ਸੇਵਾਵਾਂ ਦੀ ਤਿਆਰੀ ਕਰਨ ਵਾਲੇ ਵਿਦਿਆਰਥੀਆਂ ਲਈ ਖ਼ਾਸ ਰਕਮ ਵੀ ਰੱਖੀ ਜਾਵੇਗੀ, ਤਾਂ ਜੋ ਲੋੜਵੰਦ ਗੁਰਸਿੱਖ ਬੱਚਿਆਂ ਨੂੰ ਇਸ ਖੇਤਰ ਵਿੱਚ ਅੱਗੇ ਵਧਣ ਲਈ ਸਹਾਇਤਾ ਮਿਲ ਸਕੇ।

ਵਿਦਿਆਰਥੀਆਂ ਅਤੇ ਪਰਿਵਾਰਾਂ ਨੂੰ ਦਿੱਤੀਆਂ ਵਧਾਈਆਂ
ਅੰਤ ਵਿੱਚ ਐਡਵੋਕੇਟ ਧਾਮੀ ਨੇ ਸਾਰੇ ਕਾਮਯਾਬ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦਿਲੋਂ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਜਤਾਈ ਕਿ ਇਹ ਨੌਜਵਾਨ ਦੇਸ਼ ਦੀ ਸੇਵਾ ਕਰਦੇ ਹੋਏ ਸਮਾਜ ਲਈ ਪ੍ਰੇਰਣਾ ਬਨਣਗੇ।

ਪੰਜਾਬ ਦਾ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਯੂਕ੍ਰੇਨ ਸਰਹੱਦ ਤੋਂ ਗਿਰਫ਼ਤਾਰ!

ਅੰਮ੍ਰਿਤਸਰ ਦੇ ਫੈਜਪੁਰਾ ਵਿੱਚ ਆਪ ਕੌਂਸਲਰ ਦੇ ਘਰ ’ਤੇ ਗੋਲੀਬਾਰੀ, ਪਤੀ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼

ਅੰਮ੍ਰਿਤਸਰ :-  ਅੰਮ੍ਰਿਤਸਰ ਦੇ ਫੈਜਪੁਰਾ ਇਲਾਕੇ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਅਣਪਛਾਤੇ ਹਮਲਾਵਰਾਂ ਵੱਲੋਂ ਆਮ ਆਦਮੀ ਪਾਰਟੀ ਦੀ ਕੌਂਸਲਰ ਕਾਜਲ ਦੇ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ। ਅਚਾਨਕ ਹੋਈ ਗੋਲੀਬਾਰੀ ਨਾਲ ਆਸਪਾਸ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ।

ਕੌਂਸਲਰ ਦੇ ਪਤੀ ਨੂੰ ਬਣਾਇਆ ਗਿਆ ਨਿਸ਼ਾਨਾ
ਪ੍ਰਾਪਤ ਜਾਣਕਾਰੀ ਅਨੁਸਾਰ ਹਮਲਾਵਰਾਂ ਦਾ ਮੁੱਖ ਨਿਸ਼ਾਨਾ ਕੌਂਸਲਰ ਕਾਜਲ ਦੇ ਪਤੀ ਇੰਦਰਜੀਤ ਬਾਬੀ ਸਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦੀ ਨੀਅਤ ਨਾਲ ਫਾਇਰਿੰਗ ਕੀਤੀ ਗਈ, ਹਾਲਾਂਕਿ ਕਿਸਮਤ ਨਾਲ ਇਸ ਘਟਨਾ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਵਾਰਡ ਨੰਬਰ 7 ਦੀ ਨੁਮਾਇੰਦਗੀ ਕਰ ਰਹੀ ਹੈ ਕਾਜਲ
ਕਾਜਲ ਅੰਮ੍ਰਿਤਸਰ ਦੇ ਵਾਰਡ ਨੰਬਰ 7 ਤੋਂ ਆਮ ਆਦਮੀ ਪਾਰਟੀ ਦੀ ਚੁਣੀ ਹੋਈ ਕੌਂਸਲਰ ਹਨ। ਘਟਨਾ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਪੁਲਿਸ ਵੱਲੋਂ ਜਾਂਚ ਸ਼ੁਰੂ
ਪੁਲਿਸ ਅਧਿਕਾਰੀਆਂ ਮੁਤਾਬਕ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।

ਕੈਨੇਡਾ ਵਿੱਚ ਯੂ-ਟਿਊਬਰ ਨੈਨਸੀ ਗਰੇਵਾਲ ਦਾ ਕਤਲ: ਭੈਣ ਦੇ ਖੁਲਾਸਿਆਂ ਨਾਲ ਮਾਮਲਾ ਹੋਇਆ ਹੋਰ ਗੰਭੀਰ!

ਕੈਨੇਡਾ :- ਕੈਨੇਡਾ ਵਿੱਚ ਚਾਕੂ ਮਾਰ ਕੇ ਕਤਲ ਕੀਤੀ ਗਈ ਸੋਸ਼ਲ ਮੀਡੀਆ ਇੰਫਲੂਐਂਸਰ ਨੈਂਸੀ ਗਰੇਵਾਲ ਦੇ ਮਾਮਲੇ ਵਿੱਚ ਉਸ ਦੀ ਭੈਣ ਅਲੀਸ਼ਾ ਨੇ ਕਈ ਹੈਰਾਨੀਜਨਕ ਖੁਲਾਸੇ ਕੀਤੇ ਹਨ। ਅਲੀਸ਼ਾ ਦੇ ਅਨੁਸਾਰ ਨੈਂਸੀ ਨੂੰ ਆਪਣੀ ਜਾਨ ਨੂੰ ਖ਼ਤਰਾ ਹੋਣ ਦੀ ਜਾਣਕਾਰੀ ਪਹਿਲਾਂ ਹੀ ਸੀ ਅਤੇ ਇਸ ਬਾਰੇ ਉਸ ਨੇ ਕੈਨੇਡੀਅਨ ਪੁਲਸ ਨੂੰ ਵੀ ਕੁਝ ਸ਼ੱਕੀ ਲੋਕਾਂ ਦੇ ਨਾਮ ਦਿੱਤੇ ਸਨ। ਉਸ ਨੇ ਪੁਲਸ ਨੂੰ ਕਿਹਾ ਸੀ ਕਿ ਜੇਕਰ ਉਸ ਨਾਲ ਕੋਈ ਹਾਦਸਾ ਵਾਪਰਦਾ ਹੈ ਤਾਂ ਉਨ੍ਹਾਂ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾਵੇ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੀ ਨਵੀਂ ਉਦਯੋਗਿਕ ਨੀਤੀ ਜਾਰੀ, ਨਿਵੇਸ਼ ਤੇ ਰੋਜ਼ਗਾਰ ਲਈ ਵੱਡਾ ਕਦਮ

ਚੰਡੀਗੜ੍ਹ :- ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਨਵਾਂ ਦਿਸ਼ਾ ਦੇਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣਾ ਵਿੱਚ ਨਵੀਂ ਪੰਜਾਬ ਉਦਯੋਗਿਕ ਨੀਤੀ ਦਾ ਐਲਾਨ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਨੇ ਸ਼ਹਿਰ ਵਿੱਚ ਉਦਯੋਗਪਤੀਆਂ ਨਾਲ ਵਿਸਥਾਰਪੂਰਵਕ ਮੀਟਿੰਗ ਕਰਕੇ ਉਨ੍ਹਾਂ ਦੀਆਂ ਸੁਝਾਵਾਂ ਸੁਣੀਆਂ ਅਤੇ ਨੀਤੀ ਸਬੰਧੀ ਜਾਣਕਾਰੀ ਸਾਂਝੀ ਕੀਤੀ।

ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਮਜੀਠੀਆ ਮੁਹਾਲੀ ਅਦਾਲਤ ਵਿੱਚ ਪੇਸ਼, ਸੁਣਵਾਈ 18 ਅਪ੍ਰੈਲ ਤੱਕ ਟਲੀ

ਮੁਹਾਲੀ :- ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਮੁਹਾਲੀ ਦੀ ਅਦਾਲਤ ਵਿੱਚ ਹਾਜ਼ਰ ਹੋਏ। ਇਸ ਦੌਰਾਨ ਉਨ੍ਹਾਂ ਦੇ ਨਾਲ ਪਾਰਟੀ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਅਤੇ ਉਨ੍ਹਾਂ ਦੇ ਕਾਨੂੰਨੀ ਸਲਾਹਕਾਰ ਡੀ.ਐਸ. ਸੋਬਤੀ ਵੀ ਮੌਜੂਦ ਸਨ। ਅਦਾਲਤ ਵਿੱਚ ਮਾਮਲੇ ਦੀ ਸੰਖੇਪ ਸੁਣਵਾਈ ਤੋਂ ਬਾਅਦ ਅਗਲੀ ਤਾਰੀਖ 18 ਅਪ੍ਰੈਲ ਨਿਰਧਾਰਤ ਕਰ ਦਿੱਤੀ ਗਈ।

ਕਾਨੂੰਨ-ਵਿਵਸਥਾ ’ਤੇ ਚੁੱਕੇ ਸਵਾਲ

ਅਦਾਲਤ ਤੋਂ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਪੰਜਾਬ ਦੀ ਮੌਜੂਦਾ ਕਾਨੂੰਨ-ਵਿਵਸਥਾ ’ਤੇ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਲਗਾਤਾਰ ਗੋਲੀਆਂ ਚੱਲਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਅੰਮ੍ਰਿਤਸਰ ਵਿੱਚ ਇੱਕ ਕੌਂਸਲਰ ’ਤੇ ਹੋਏ ਹਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਦੋਂ ਕਿਸੇ ਵਿਅਕਤੀ ਨੂੰ ਪਹਿਲਾਂ ਹੀ ਸੁਰੱਖਿਆ ਦਿੱਤੀ ਜਾਂਦੀ ਹੈ ਤਾਂ ਇਸਦਾ ਮਤਲਬ ਹੈ ਕਿ ਉਸਨੂੰ ਖਤਰੇ ਦੀ ਸੰਭਾਵਨਾ ਸੀ।

ਸਿੱਧੂ ਮੂਸੇਵਾਲਾ ਮਾਮਲੇ ਦਾ ਕੀਤਾ ਜ਼ਿਕਰ

ਮਜੀਠੀਆ ਨੇ ਗਾਇਕ ਸਿੱਧੂ ਮੂਸੇਵਾਲਾ ਦੀ ਘਟਨਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਸ ਸਮੇਂ ਵੀ ਸਰਕਾਰ ਵੱਲੋਂ ਸੁਰੱਖਿਆ ਹਟਾਉਣ ਦੇ ਫੈਸਲੇ ਨੂੰ ਲੈ ਕੇ ਕਾਫ਼ੀ ਸਵਾਲ ਉੱਠੇ ਸਨ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਰਕਾਰ ਦੀ ਜ਼ਿੰਮੇਵਾਰੀ ਨੂੰ ਲੈ ਕੇ ਗੰਭੀਰ ਚਿੰਤਾ ਪੈਦਾ ਕਰਦੀਆਂ ਹਨ।

ਬਜਟ ਅਤੇ ਮਾਈਨਿੰਗ ਆਮਦਨ ’ਤੇ ਵੀ ਨਿਸ਼ਾਨਾ

ਪੰਜਾਬ ਦੇ ਬਜਟ ਸੈਸ਼ਨ ਬਾਰੇ ਗੱਲ ਕਰਦਿਆਂ ਮਜੀਠੀਆ ਨੇ ਕਿਹਾ ਕਿ ਸੂਬਾ ਇਸ ਸਮੇਂ ਕਰੀਬ 4 ਲੱਖ ਕਰੋੜ ਰੁਪਏ ਦੇ ਕਰਜ਼ੇ ਹੇਠ ਹੈ। ਉਨ੍ਹਾਂ ਇਹ ਵੀ ਕਿਹਾ ਕਿ ਚੋਣਾਂ ਦੌਰਾਨ ਮਾਈਨਿੰਗ ਤੋਂ ਸਾਲਾਨਾ 20 ਹਜ਼ਾਰ ਕਰੋੜ ਰੁਪਏ ਦੀ ਆਮਦਨ ਦਾ ਦਾਅਵਾ ਕੀਤਾ ਗਿਆ ਸੀ। ਮਜੀਠੀਆ ਨੇ ਸਰਕਾਰ ਤੋਂ ਪੁੱਛਿਆ ਕਿ ਪਿਛਲੇ ਚਾਰ ਸਾਲਾਂ ਦੌਰਾਨ ਇਸ ਸਬੰਧੀ ਹੋਣ ਵਾਲੀ ਆਮਦਨ ਦਾ ਹਿਸਾਬ ਜਨਤਾ ਸਾਹਮਣੇ ਰੱਖਿਆ ਜਾਵੇ।