Home Blog Page 703

ਠੰਡ ਤੋਂ ਅਜੇ ਨਹੀਂ ਮਿਲੇਗੀ ਰਾਹਤ, ਆਰੇਂਜ ਅਲਰਟ ਜਾਰੀ!

ਚੰਡੀਗੜ੍ਹ :- ਪੰਜਾਬ ਅਤੇ ਚੰਡੀਗੜ੍ਹ ਦੇ ਵਸਨੀਕਾਂ ਨੂੰ ਹਾਲੇ ਕੁਝ ਦਿਨ ਹੋਰ ਤਿੱਖੀ ਠੰਡ ਸਹਿਣੀ ਪਵੇਗੀ। ਮੌਸਮ ਵਿਭਾਗ ਨੇ ਵੀਰਵਾਰ ਲਈ ਸੂਬੇ ਭਰ ਵਿੱਚ ਸੀਤ ਲਹਿਰ ਅਤੇ ਸੰਘਣੀ ਧੁੰਦ ਨੂੰ ਲੈ ਕੇ ਸੰਤਰੀ ਚੇਤਾਵਨੀ ਜਾਰੀ ਕੀਤੀ ਹੈ। ਪਿਛਲੇ ਇੱਕ ਦਿਨ ਦੌਰਾਨ ਤਾਪਮਾਨ ਵਿੱਚ ਹਲਕਾ ਜਿਹਾ ਵਾਧਾ ਦਰਜ ਕੀਤਾ ਗਿਆ ਹੈ, ਪਰ ਇਸ ਦੇ ਬਾਵਜੂਦ ਠੰਡ ਦਾ ਅਸਰ ਕਾਇਮ ਹੈ। ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਕਰੀਬ 6 ਡਿਗਰੀ ਘੱਟ, ਜਦਕਿ ਘੱਟੋ-ਘੱਟ ਤਾਪਮਾਨ ਵੀ ਲਗਭਗ 3 ਡਿਗਰੀ ਘੱਟ ਦਰਜ ਕੀਤਾ ਗਿਆ।

ਬਠਿੰਡਾ ਵਿੱਚ ਸਿਫ਼ਰ ਦ੍ਰਿਸ਼ਟੀ, ਜਨਜੀਵਨ ਪ੍ਰਭਾਵਿਤ

ਬਠਿੰਡਾ ਵਿੱਚ ਰਾਤ ਦਾ ਤਾਪਮਾਨ ਕਰੀਬ 1.6 ਡਿਗਰੀ ਸੈਲਸੀਅਸ ਦੇ ਨੇੜੇ ਰਿਹਾ। ਸਵੇਰ ਸਮੇਂ ਪਈ ਸੰਘਣੀ ਧੁੰਦ ਕਾਰਨ ਕਈ ਇਲਾਕਿਆਂ ਵਿੱਚ ਦ੍ਰਿਸ਼ਟੀ ਲਗਭਗ ਸਿਫ਼ਰ ਤੱਕ ਪਹੁੰਚ ਗਈ। ਇਸ ਕਾਰਨ ਸੜਕ ਅਤੇ ਹਵਾਈ ਆਵਾਜਾਈ ਨੂੰ ਭਾਰੀ ਦਿੱਕਤਾਂ ਆਈਆਂ। ਕੁਝ ਥਾਵਾਂ ’ਤੇ ਉਡਾਣਾਂ ਦੇ ਸਮੇਂ ਪ੍ਰਭਾਵਿਤ ਹੋਏ, ਜਦਕਿ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਕੂਲਾਂ ਦੀਆਂ ਛੁੱਟੀਆਂ ਵੀ ਵਧਾ ਦਿੱਤੀਆਂ ਗਈਆਂ।

ਅਗਲੇ ਦੋ ਦਿਨ ਖ਼ਤਰਾ ਬਰਕਰਾਰ

ਭਾਰਤੀ ਮੌਸਮ ਵਿਭਾਗ ਅਨੁਸਾਰ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਦੌਰ ਅਗਲੇ ਦੋ ਦਿਨਾਂ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਨਾਲ ਸਿਹਤ ਸੰਬੰਧੀ ਸਮੱਸਿਆਵਾਂ ਵਧ ਸਕਦੀਆਂ ਹਨ ਅਤੇ ਖੇਤੀਬਾੜੀ ਨਾਲ ਨਾਲ ਆਵਾਜਾਈ ’ਤੇ ਵੀ ਅਸਰ ਪੈ ਸਕਦਾ ਹੈ।

ਪੰਜਾਬ ਦੇ ਕਿਹੜੇ ਸ਼ਹਿਰ ਰਹਿਣਗੇ ਧੁੰਦ ਦੀ ਲਪੇਟ ’ਚ

ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੁਹਾਲੀ) ਅਤੇ ਮਲੇਰਕੋਟਲਾ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ।
ਉੱਥੇ ਹੀ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਮਾਨਸਾ ਦੇ ਕੁਝ ਇਲਾਕਿਆਂ ਵਿੱਚ ਵੀ ਧੁੰਦ ਛਾਈ ਰਹਿਣ ਦੀ ਸੰਭਾਵਨਾ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਲੁਧਿਆਣਾ ਵਿੱਚ ਸੀਤ ਲਹਿਰ ਚੱਲਣ ਦੇ ਆਸਾਰ ਹਨ।

16 ਤੋਂ ਮੌਸਮ ਲਏਗਾ ਮੋੜ

ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਮੁਤਾਬਕ 17 ਤਰੀਕ ਤੱਕ ਮੌਸਮ ਖੁਸ਼ਕ ਰਹੇਗਾ ਅਤੇ ਮੀਂਹ ਦੀ ਸੰਭਾਵਨਾ ਨਹੀਂ ਹੈ। ਹਾਲਾਂਕਿ 18 ਤੋਂ 20 ਤਰੀਕ ਦੇ ਵਿਚਕਾਰ ਸੂਬੇ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਅਗਲੇ ਪੰਜ ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਹੌਲੀ-ਹੌਲੀ 3 ਤੋਂ 5 ਡਿਗਰੀ ਤੱਕ ਵਾਧਾ ਹੋਣ ਦੀ ਉਮੀਦ ਹੈ।

ਪਹਾੜਾਂ ਦੀ ਬਰਫ਼ਬਾਰੀ ਦਾ ਅਸਰ

ਮੌਸਮ ਵਿਗਿਆਨੀਆਂ ਅਨੁਸਾਰ ਇਸ ਸਮੇਂ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵੱਲੋਂ ਆ ਰਹੀਆਂ ਠੰਡੀ ਹਵਾਵਾਂ ਨੇ ਪੰਜਾਬ ਵਿੱਚ ਠੰਡ ਵਧਾ ਦਿੱਤੀ ਹੈ। ਅੱਜ ਹਲਕਾ ਜਿਹਾ ਤਾਪਮਾਨ ਵਧ ਸਕਦਾ ਹੈ, ਪਰ 16 ਤਰੀਕ ਤੋਂ ਹਵਾਵਾਂ ਦੀ ਦਿਸ਼ਾ ਬਦਲਣ ਨਾਲ ਮੌਸਮ ਵਿੱਚ ਤਬਦੀਲੀ ਆਉਣ ਦੇ ਆਸਾਰ ਹਨ।

ਅਕਾਲ ਤਖ਼ਤ ’ਤੇ ਮੁੱਖ ਮੰਤਰੀ ਮਾਨ ਦੀ ਪੇਸ਼ੀ ਅੱਜ, 11 ਵਜੇ ਦੇ ਕਰੀਬ ਹੋਣਗੇ ਪੇਸ਼!

ਅੰਮ੍ਰਿਤਸਰ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਸੱਦੇ ’ਤੇ ਪੰਥ ਨਾਲ ਜੁੜੇ ਕੁਝ ਮਸਲਿਆਂ ਬਾਰੇ ਆਪਣਾ ਪੱਖ ਰੱਖਣ ਲਈ ਅਕਾਲ ਤਖ਼ਤ ਸਾਹਿਬ ਸਕੱਤਰੇਤ ਪਹੁੰਚਣਗੇ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਸਵੇਰੇ ਕਰੀਬ 11 ਤੋਂ 11.30 ਵਜੇ ਦੇ ਦਰਮਿਆਨ ਸਕੱਤਰੇਤ ਵਿਖੇ ਹਾਜ਼ਰੀ ਲਗਾ ਸਕਦੇ ਹਨ।

ਮੁਲਾਕਾਤ ਦੇ ਸਮੇਂ ਬਾਰੇ ਤਸਵੀਰ ਅਜੇ ਧੁੰਦਲੀ

ਹਾਲਾਂਕਿ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁੱਖ ਮੰਤਰੀ ਦੀ ਸਿੱਧੀ ਮੁਲਾਕਾਤ ਕਿਸ ਸਮੇਂ ਹੋਵੇਗੀ। ਸਕੱਤਰੇਤ ਨਾਲ ਜੁੜੇ ਸੂਤਰਾਂ ਅਨੁਸਾਰ ਮੁਲਾਕਾਤ ਦਾ ਸਮਾਂ ਜਥੇਦਾਰ ਸਾਹਿਬ ਦੀ ਅੰਮ੍ਰਿਤਸਰ ਵਾਪਸੀ ਤੋਂ ਬਾਅਦ ਹੀ ਤੈਅ ਹੋ ਸਕੇਗਾ।

ਸੱਦੇ ਦੇ ਸਮੇਂ ’ਚ ਆਇਆ ਬਦਲਾਅ

ਗੌਰਤਲਬ ਹੈ ਕਿ ਅਕਾਲ ਤਖ਼ਤ ਸਾਹਿਬ ਸਕੱਤਰੇਤ ਵੱਲੋਂ ਪਹਿਲਾਂ ਮੁੱਖ ਮੰਤਰੀ ਨੂੰ ਸਵੇਰੇ 10 ਵਜੇ ਪੇਸ਼ ਹੋਣ ਲਈ ਸੂਚਿਤ ਕੀਤਾ ਗਿਆ ਸੀ। ਬਾਅਦ ਵਿੱਚ ਨਵਾਂ ਪੱਤਰ ਜਾਰੀ ਕਰਕੇ ਸਪੱਸ਼ਟੀਕਰਨ ਦੇਣ ਦਾ ਸਮਾਂ ਸ਼ਾਮ 4.30 ਵਜੇ ਦਰਜ ਕਰ ਦਿੱਤਾ ਗਿਆ। ਇਸ ਤਬਦੀਲੀ ਤੋਂ ਬਾਅਦ ਦਿਨ ਭਰ ਮੁਲਾਕਾਤ ਦੇ ਸਮੇਂ ਨੂੰ ਲੈ ਕੇ ਅਣਸ਼ਚਿੱਤਤਾ ਬਣੀ ਰਹੀ।

ਅਨੰਦਪੁਰ ਸਾਹਿਬ ਤੋਂ ਵਾਪਸੀ ਬਾਅਦ ਸੰਭਾਵਿਤ ਭੇਟ

ਇਹ ਵੀ ਸਮਝਿਆ ਜਾ ਰਿਹਾ ਹੈ ਕਿ ਗਿਆਨੀ ਕੁਲਦੀਪ ਸਿੰਘ ਗੜਗੱਜ, ਜੋ ਬੀਤੇ ਦਿਨਾਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਧਾਰਮਿਕ ਕਾਰਜਕ੍ਰਮਾਂ ਲਈ ਗਏ ਹੋਏ ਸਨ, ਉਨ੍ਹਾਂ ਦੀ ਅੰਮ੍ਰਿਤਸਰ ਵਾਪਸੀ ਤੋਂ ਬਾਅਦ ਹੀ ਦੁਪਹਿਰ ਸਮੇਂ ਮੁੱਖ ਮੰਤਰੀ ਨਾਲ ਭੇਟ ਸੰਭਵ ਹੋਵੇਗੀ। ਇਸ ਪੂਰੇ ਮਾਮਲੇ ’ਤੇ ਪੰਥਕ ਤੇ ਰਾਜਨੀਤਕ ਹਲਕਿਆਂ ਦੀ ਨਿਗਾਹ ਟਿਕੀ ਹੋਈ ਹੈ।

ਗੈਂਗਸਟਰਵਾਦ ਖ਼ਿਲਾਫ਼ ਸਖ਼ਤ ਐਕਸ਼ਨ, ਪੰਜਾਬ ਪੁਲਿਸ ਤੇ ਮਾਨ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਾਫ ਕਰ ਦਿੱਤਾ ਹੈ ਕਿ ਰਾਜ ਵਿੱਚ ਗੈਂਗਸਟਰਵਾਦ, ਅਪਰਾਧ ਅਤੇ ਦਹਿਸ਼ਤ ਫੈਲਾਉਣ ਵਾਲਿਆਂ ਲਈ ਕੋਈ ਥਾਂ ਨਹੀਂ ਹੈ। ਮਾਨ ਸਰਕਾਰ ਦੀ ਨੀਤੀ ਬਿਲਕੁਲ ਸਪੱਸ਼ਟ ਹੈ—ਜ਼ੀਰੋ ਟਾਲਰੈਂਸ। ਕਾਨੂੰਨ ਤੋੜਨ ਵਾਲਿਆਂ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ ਅਤੇ ਆਮ ਜਨਤਾ ਦੀ ਸੁਰੱਖਿਆ ਸਰਵਉੱਚ ਰਹੇਗੀ। ਪੰਜਾਬ ਪੁਲਿਸ ਨੂੰ ਪੂਰੀ ਛੋਟ ਦਿੱਤੀ ਗਈ ਹੈ ਕਿ ਉਹ ਅਪਰਾਧੀਆਂ ‘ਤੇ ਸਖ਼ਤ ਅਤੇ ਤੁਰੰਤ ਕਾਰਵਾਈ ਕਰੇ।

ਹਾਲ ਹੀ ਦੇ ਦਿਨਾਂ ਵਿੱਚ ਪੰਜਾਬ ਪੁਲਿਸ ਨੇ ਕਈ ਵੱਡੇ ਮਾਮਲਿਆਂ ਵਿੱਚ ਤੇਜ਼ੀ ਨਾਲ ਕਾਰਵਾਈ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਸਰਕਾਰ ਅਤੇ ਪੁਲਿਸ ਪੂਰੀ ਮਜ਼ਬੂਤੀ ਨਾਲ ਜਨਤਾ ਦੇ ਨਾਲ ਖੜ੍ਹੀ ਹੈ। ਸਰਪੰਚ ਜਰਮੈਲ ਸਿੰਘ ਕਤਲ ਕਾਂਡ ਵਿੱਚ ਪੰਜਾਬ ਪੁਲਿਸ ਨੇ ਮਹਿਜ਼ ਕੁਝ ਹੀ ਸਮੇਂ ਵਿੱਚ ਮੁਲਜ਼ਮਾਂ ਨੂੰ ਟਰੈਕ ਕਰਕੇ ਛੱਤੀਸਗੜ੍ਹ ਦੇ ਰਾਏਪੁਰ ਤੋਂ ਗ੍ਰਿਫ਼ਤਾਰ ਕਰ ਲਿਆ। ਇਹ ਇੱਕ ਸੁਚੇਤ ਅਤੇ ਤੇਜ਼ ਆਪ੍ਰੇਸ਼ਨ ਸੀ, ਜਿਸ ਤੋਂ ਸਾਫ ਹੁੰਦਾ ਹੈ ਕਿ ਅਪਰਾਧੀ ਹੁਣ ਕਿਤੇ ਵੀ ਲੁਕ ਕੇ ਨਹੀਂ ਰਹਿ ਸਕਦੇ।

ਮੋਹਾਲੀ ਵਿੱਚ ਹੋਏ ਚਰਚਿਤ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਕਤਲ ਕਾਂਡ ਵਿੱਚ ਵੀ ਪੰਜਾਬ ਪੁਲਿਸ ਨੇ ਬੇਹੱਦ ਦਲੇਰਾਨਾ ਅਤੇ ਨਿਰਣਾਇਕ ਕਦਮ ਚੁੱਕੇ। ਮੁਕਾਬਲੇ ਦੌਰਾਨ ਇੱਕ ਮੁਲਜ਼ਮ ਨੂੰ ਨਾਕਾਮ ਕੀਤਾ ਗਿਆ, ਹਾਲਾਂਕਿ ਇਸ ਕਾਰਵਾਈ ਵਿੱਚ ਦੋ ਪੁਲਿਸ ਮੁਲਾਜ਼ਮ ਜ਼ਖ਼ਮੀ ਵੀ ਹੋਏ। ਇਸ ਦੇ ਬਾਵਜੂਦ ਪੁਲਿਸ ਨੇ ਹਾਰ ਨਹੀਂ ਮੰਨੀ ਅਤੇ ਲਗਾਤਾਰ ਪਿੱਛਾ ਕਰਦੇ ਹੋਏ ਪੱਛਮੀ ਬੰਗਾਲ ਤੋਂ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਹ ਦਿਖਾਉਂਦਾ ਹੈ ਕਿ ਪੰਜਾਬ ਪੁਲਿਸ ਕਿਸੇ ਵੀ ਕੀਮਤ ‘ਤੇ ਅਪਰਾਧੀਆਂ ਨੂੰ ਬਖਸ਼ਣ ਦੇ ਮੂਡ ਵਿੱਚ ਨਹੀਂ ਹੈ।

ਅੱਜ ਹੀ ਇੱਕ ਹੋਰ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰਦੇ ਹੋਏ ਬਰਨਾਲਾ ਪੁਲਿਸ ਨੇ ਪੰਜਾਬੀ ਗਾਇਕ ਗੁਲਾਬ ਸਿੱਧੂ ‘ਤੇ ਹੋਣ ਵਾਲੇ ਹਮਲੇ ਨੂੰ ਸਮੇਂ ਸਿਰ ਰੋਕ ਲਿਆ। ਪੁਲਿਸ ਨੇ ਕੋਟਦੁਨਾ ਦੇ ਸਰਪੰਚ ਸਮੇਤ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ, ਜੋ ਇਸ ਹਮਲੇ ਦੀ ਯੋਜਨਾ ਬਣਾ ਰਹੇ ਸਨ। ਇਹ ਇੱਕ ਵੱਡੀ ਰਾਹਤ ਸੀ ਅਤੇ ਇਹ ਸਾਬਤ ਕਰਦਾ ਹੈ ਕਿ ਪੰਜਾਬ ਪੁਲਿਸ ਸਿਰਫ਼ ਅਪਰਾਧ ਤੋਂ ਬਾਅਦ ਹੀ ਨਹੀਂ, ਸਗੋਂ ਪਹਿਲਾਂ ਹੀ ਉਸ ਨੂੰ ਰੋਕਣ ਵਿੱਚ ਵੀ ਸਮਰੱਥ ਹੈ।

ਤਰਨਤਾਰਨ ਵਿੱਚ ਕਰਿਆਨਾ ਦੁਕਾਨ ਦੇ ਮਾਲਕ ਦੀ ਹੱਤਿਆ ਦੇ ਮਾਮਲੇ ਵਿੱਚ ਵੀ ਪੁਲਿਸ ਨੇ ਤੁਰੰਤ ਐਕਸ਼ਨ ਲਿਆ। ਮੁਲਜ਼ਮ ਨੂੰ ਪੁਲਿਸ ਮੁਕਾਬਲੇ ਵਿੱਚ ਮਾਰ ਦਿੱਤਾ ਗਿਆ, ਜਿਸ ਨਾਲ ਇੱਕ ਸਖ਼ਤ ਸੰਦੇਸ਼ ਗਿਆ ਕਿ ਨਿਰਦੋਸ਼ ਨਾਗਰਿਕਾਂ ‘ਤੇ ਹਮਲਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਹ ਕਾਰਵਾਈ ਇਹ ਦਰਸਾਉਂਦੀ ਹੈ ਕਿ ਮਾਨ ਸਰਕਾਰ ਅਪਰਾਧੀਆਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤ ਰਹੀ।

ਇਨ੍ਹਾਂ ਸਾਰੇ ਮਾਮਲਿਆਂ ਵਿੱਚ ਇੱਕ ਗੱਲ ਸਾਫ਼ ਨਜ਼ਰ ਆਉਂਦੀ ਹੈ—ਤੇਜ਼ ਪ੍ਰਤੀਕਿਰਿਆ, ਮਜ਼ਬੂਤ ਇੱਛਾ ਸ਼ਕਤੀ ਅਤੇ ਪੂਰੀ ਤਿਆਰੀ। ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੀ ਇਹ ਰਣਨੀਤੀ ਰਾਜ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰ ਰਹੀ ਹੈ ਅਤੇ ਆਮ ਲੋਕਾਂ ਦਾ ਭਰੋਸਾ ਵਧਾ ਰਹੀ ਹੈ। ਹੁਣ ਅਪਰਾਧੀਆਂ ਨੂੰ ਇਹ ਅਹਿਸਾਸ ਹੋ ਚੁੱਕਾ ਹੈ ਕਿ ਉਹ ਚਾਹੇ ਕਿਤੇ ਵੀ ਹੋਣ, ਕਾਨੂੰਨ ਦੀ ਪਕੜ ਤੋਂ ਬਚ ਨਹੀਂ ਸਕਦੇ।

ਮਾਨ ਸਰਕਾਰ ਦੇ ਇਨ੍ਹਾਂ ਕਦਮਾਂ ਤੋਂ ਇਹ ਸਪੱਸ਼ਟ ਹੈ ਕਿ ਪੰਜਾਬ ਨੂੰ ਗੈਂਗਸਟਰਵਾਦ ਅਤੇ ਅਪਰਾਧ ਤੋਂ ਮੁਕਤ ਕਰਨ ਦਾ ਸੰਕਲਪ ਸਿਰਫ਼ ਇੱਕ ਨਾਅਰਾ ਨਹੀਂ, ਸਗੋਂ ਜ਼ਮੀਨ ‘ਤੇ ਉਤਰ ਚੁੱਕਾ ਹੈ। ਪੰਜਾਬ ਪੁਲਿਸ ਦਿਨ-ਰਾਤ ਮਿਹਨਤ ਕਰ ਰਹੀ ਹੈ ਅਤੇ ਸਰਕਾਰ ਉਨ੍ਹਾਂ ਨੂੰ ਪੂਰਾ ਸਮਰਥਨ ਦੇ ਰਹੀ ਹੈ। ਇਹੀ ਕਾਰਨ ਹੈ ਕਿ ਅੱਜ ਪੰਜਾਬ ਇੱਕ ਸੁਰੱਖਿਅਤ, ਸ਼ਾਂਤ ਅਤੇ ਬਿਹਤਰ ਭਵਿੱਖ ਵੱਲ ਵਧ ਰਿਹਾ ਹੈ।

ਸਹਿਕਾਰੀ ਹਾਊਸਿੰਗ ਸੁਸਾਇਟੀਆਂ ਲਈ ਮਾਨ ਸਰਕਾਰ ਦਾ ਇਤਿਹਾਸਕ ਫ਼ੈਸਲਾ, ਜਾਇਦਾਦੀ ਅਧਿਕਾਰਾਂ ਨੂੰ ਮਿਲੀ ਪੱਕੀ ਸੁਰੱਖਿਆ

ਚੰਡੀਗੜ੍ਹ: ਜਾਇਦਾਦ ਦੇ ਅਧਿਕਾਰਾਂ ਦੀ ਰਾਖੀ ਅਤੇ ਲੰਬੇ ਸਮੇਂ ਤੋਂ ਚੱਲ ਰਹੀ ਕਾਨੂੰਨੀ ਬੇਯਕੀਨੀ ਨੂੰ ਦੂਰ ਕਰਨ ਦੇ ਉਦੇਸ਼ ਨਾਲ ਇਕ ਇਤਿਹਾਸਕ ਫੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਰਹਿਣ ਵਾਲੇ ਨਿਵਾਸੀਆਂ ਨੂੰ ਲਾਭ ਪਹੁੰਚਾਉਣ ਲਈ ਵੱਡੇ ਨਾਗਰਿਕ ਕੇਂਦਰਿਤ ਸੁਧਾਰ ਪੇਸ਼ ਕੀਤੇ ਹਨ। ਮੁੱਖ ਮੰਤਰੀ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਦੇ ਨਿਰਦੇਸ਼ਾਂ `ਤੇ ਕਾਰਵਾਈ ਕਰਦੇ ਹੋਏ ਸਰਕਾਰ ਨੇ ਸਹਿਕਾਰੀ ਹਾਊਸਿੰਗ ਜਾਇਦਾਦਾਂ ਦੀ ਰਜਿਸਟਰੇਸ਼ਨ ਨੂੰ ਕਿਫ਼ਾਇਤੀ, ਸੁਰੱਖਿਅਤ ਅਤੇ ਕਾਨੂੰਨੀ ਤੌਰ `ਤੇ ਮਜ਼ਬੂਤ ਬਣਾਉਣ ਲਈ ਵਿਆਪਕ ਢਾਂਚੇ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਦੇ ਨਾਲ-ਨਾਲ ਸੂਬੇ ਲਈ ਸਟੈਂਪ ਡਿਊਟੀ ਦੀ ਜਾਇਜ਼ ਵਸੂਲੀ ਨੂੰ ਯਕੀਨੀ ਬਣਾਇਆ ਹੈ।

ਇਸ ਫੈਸਲੇ ਦੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਤਬਾਦਲੇ ਨੂੰ ਕਾਨੂੰਨੀ ਰੂਪ ਦੇਣ ਲਈ ਦੂਰਗਾਮੀ ਕਦਮ ਚੁੱਕੇ ਹਨ। ਇਨ੍ਹਾਂ ਵਿੱਚੋਂ ਬਹੁਤੀਆਂ ਸੁਸਾਇਟੀਆਂ ਦਹਾਕਿਆਂ ਤੋਂ ਗੈਰ ਰਜਿਸਟਰਡ ਰਹੀਆਂ ਹਨ। ਬੁਲਾਰੇ ਨੇ ਦੱਸਿਆ, “ਮੁੱਖ ਮੰਤਰੀ ਨੇ ਕਈ ਸੁਧਾਰਾਂ ਨੂੰ ਪ੍ਰਵਾਨਗੀ ਦਿੱਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਤਬਾਦਲੇ ਰਸਮੀ ਤੌਰ `ਤੇ ਰਜਿਸਟਰਡ, ਕਾਨੂੰਨੀ ਤੌਰ `ਤੇ ਸੁਰੱਖਿਅਤ ਅਤੇ ਨਾਗਰਿਕਾਂ ਲਈ ਵਿੱਤੀ ਤੌਰ `ਤੇ ਲਾਹੇਵੰਦ ਹੋਣ। ਇਸ ਦੇ ਨਾਲ ਹੀ ਸੂਬੇ ਦੇ ਮਾਲੀਆ ਹਿੱਤਾਂ ਦੀ ਵੀ ਰਾਖੀ ਕੀਤੀ ਜਾ ਸਕੇ।”

ਮੁੱਖ ਤਜਵੀਜ਼ਾਂ ਦੇ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਦੁਆਰਾ ਉਨ੍ਹਾਂ ਦੇ ਅਸਲ ਮੈਂਬਰਾਂ ਦੇ ਹੱਕ ਵਿੱਚ ਕੀਤੇ ਗਏ ਅਸਲ ਅਲਾਟਮੈਂਟ ਦੇ ਦਸਤਾਵੇਜ਼ਾਂ ਨੂੰ ਸਟੈਂਪ ਡਿਊਟੀ ਤੋਂ ਪੂਰੀ ਤਰ੍ਹਾਂ ਛੋਟ ਦਿੱਤੀ ਗਈ ਹੈ। ਮੁੱਖ ਮੰਤਰੀ ਦਫ਼ਤਰ ਨੇ ਦੱਸਿਆ, “ਅਜਿਹੀਆਂ ਰਜਿਸਟ੍ਰੇਸ਼ਨਾਂ ਨੂੰ ਦਰਸਾਏ ਮੁੱਲ `ਤੇ ਸਿਰਫ਼ ਇਕ ਮਾਮੂਲੀ ਰਜਿਸਟਰੇਸ਼ਨ ਫੀਸ ਨਾਲ ਇਜਾਜ਼ਤ ਦਿੱਤੀ ਜਾਵੇਗੀ।” ਉਨ੍ਹਾਂ ਅੱਗੇ ਕਿਹਾ ਕਿ ਮਾਲ ਵਿਭਾਗ ਦੁਆਰਾ ਪਰਿਭਾਸ਼ਿਤ ਅਤੇ ਸੂਚਿਤ ਕੀਤੇ ਮੁਤਾਬਕ ਇਹ ਛੋਟ ਕਾਨੂੰਨੀ ਵਾਰਸਾਂ, ਜੀਵਨ ਸਾਥੀ ਅਤੇ ਯੋਗ ਪਰਿਵਾਰਕ ਮੈਂਬਰਾਂ ਨੂੰ ਵੀ ਦਿੱਤੀ ਗਈ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਅਸਲ ਉੱਤਰਾਧਿਕਾਰੀ ਦੇ ਕੇਸ ਪੂਰੀ ਤਰ੍ਹਾਂ ਸੁਰੱਖਿਅਤ ਹੋਣ।

ਹਜ਼ਾਰਾਂ ਪਰਿਵਾਰਾਂ ਨੂੰ ਆਪਣੇ ਘਰਾਂ ਲਈ ਸਪੱਸ਼ਟ ਕਾਨੂੰਨੀ ਮਾਲਕੀ ਪ੍ਰਾਪਤ ਕਰਨ ਦੇ ਯੋਗ ਬਣਾਉਣ ਲਈ ਸਰਕਾਰ ਨੇ 12 ਜਨਵਰੀ, 2026 ਨੂੰ ਨੋਟੀਫਾਈ ਕੀਤੇ ਗਏ ਗੈਰ-ਮੂਲ ਅਲਾਟੀਆਂ ਅਤੇ ਟਰਾਂਸਫਰ ਵਾਲਿਆਂ ਲਈ ਬਹੁਤ ਹੀ ਰਿਆਇਤੀ, ਸਮਾਂ-ਬੱਧ ਸਟੈਂਪ ਡਿਊਟੀ ਦਰਾਂ ਪੇਸ਼ ਕੀਤੀਆਂ ਹਨ। ਬੁਲਾਰੇ ਨੇ ਦੱਸਿਆ, “ਇਸ ਫੈਸਲੇ ਤਹਿਤ 31 ਜਨਵਰੀ, 2026 ਤੱਕ ਪੂਰੀਆਂ ਹੋਈਆਂ ਰਜਿਸਟਰੇਸ਼ਨਾਂ ਲਈ ਸਟੈਂਪ ਡਿਊਟੀ 1 ਪ੍ਰਤੀਸ਼ਤ, 28 ਫਰਵਰੀ, 2026 ਤੱਕ ਰਜਿਸਟਰੇਸ਼ਨਾਂ ਲਈ 2 ਪ੍ਰਤੀਸ਼ਤ ਅਤੇ 31 ਮਾਰਚ, 2026 ਤੱਕ ਰਜਿਸਟਰੇਸ਼ਨਾਂ ਲਈ 3 ਪ੍ਰਤੀਸ਼ਤ ਨਿਰਧਾਰਤ ਕੀਤੀ ਗਈ ਹੈ। ਇਸ ਮਿਆਦ ਤੋਂ ਬਾਅਦ ਆਮ ਸਟੈਂਪ ਡਿਊਟੀ ਦਰਾਂ ਲਾਗੂ ਹੋਣਗੀਆਂ।”

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਦੁਆਰਾ ਵਸੂਲੀ ਜਾ ਸਕਣ ਵਾਲੀ ਟਰਾਂਸਫਰ ਫੀਸ `ਤੇ ਇੱਕ ਸਪੱਸ਼ਟ ਕਾਨੂੰਨੀ ਹੱਦ ਵੀ ਰੱਖੀ ਹੈ। ਬੁਲਾਰੇ ਨੇ ਕਿਹਾ ਕਿ “ਇਹ ਕਦਮ ਇਹ ਯਕੀਨੀ ਬਣਾਉਂਦਾ ਹੈ ਕਿ ਟਰਾਂਸਫਰ ਜਾਂ ਰਜਿਸਟਰੇਸ਼ਨ ਦੇ ਸਮੇਂ ਮੈਂਬਰਾਂ ਨੂੰ ਵਾਧੂ ਮੰਗ ਜਾਂ ਮਨਮਾਨੀ ਦਾ ਸਾਹਮਣਾ ਨਾ ਕਰਨਾ ਪਵੇ।” ਇਨ੍ਹਾਂ ਸੁਧਾਰਾਂ ਨੂੰ ਜ਼ਰੂਰੀ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਸੁਧਾਰ ਇਸ ਲਈ ਜ਼ਰੂਰੀ ਸਨ ਕਿਉਂਕਿ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਵੱਡੀ ਗਿਣਤੀ ਵਿੱਚ ਜਾਇਦਾਦਾਂ ਸਾਲਾਂ ਤੋਂ ਬਿਨਾਂ ਰਜਿਸਟਰੇਸ਼ਨ ਤੋਂ ਪਈਆਂ ਹਨ, ਜਿਸ ਨਾਲ ਪਰਿਵਾਰ ਸਪੱਸ਼ਟ ਕਾਨੂੰਨੀ ਮਾਲਕੀ ਤੋਂ ਵਾਂਝੇ ਹਨ ਅਤੇ ਉਨ੍ਹਾਂ ਨੂੰ ਵਿਵਾਦਾਂ ਤੇ ਮੁਕੱਦਮੇਬਾਜ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਪਹਿਲਕਦਮੀ ਦੇ ਪ੍ਰਭਾਵ ਬਾਰੇ ਗੱਲ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਇਹ ਸੁਧਾਰ ਨਾਗਰਿਕਾਂ ਲਈ ਕਾਨੂੰਨੀ ਤੌਰ `ਤੇ ਸੁਰੱਖਿਅਤ ਮਾਲਕੀ, ਸੂਬੇ ਲਈ ਸਟੈਂਪ ਡਿਊਟੀ ਦੀ ਕਾਨੂੰਨੀ ਵਸੂਲੀ, ਜ਼ਬਰਦਸਤੀ ਦੀ ਬਜਾਏ ਪ੍ਰੇਰ ਕੇ ਰਜਿਸਟਰੇਸ਼ਨ ਨੂੰ ਉਤਸ਼ਾਹਿਤ ਕਰਨ ਅਤੇ ਸੁਸਾਇਟੀਆਂ ਦੁਆਰਾ ਗੈਰ-ਵਾਜਬ ਤਬਾਦਲਾ ਖ਼ਰਚਿਆਂ ਤੋਂ ਮੈਂਬਰਾਂ ਦੀ ਰਾਖੀ ਯਕੀਨੀ ਬਣਾਉਂਦੇ ਹਨ। ਸਹਿਕਾਰਤਾ ਵਿਭਾਗ ਨੇ ਪਹਿਲਾਂ ਹੀ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਅਤੇ ਸਬ-ਰਜਿਸਟਰਾਰਾਂ ਨੂੰ ਇਨ੍ਹਾਂ ਮਾਪਦੰਡਾਂ ਨੂੰ ਸੁਚਾਰੂ ਅਤੇ ਇਕਸਾਰ ਲਾਗੂਕਰਨ ਲਈ ਵਿਸਥਾਰਤ ਨਿਰਦੇਸ਼ ਜਾਰੀ ਕੀਤੇ ਹਨ।

ਇਨ੍ਹਾਂ ਸੁਸਾਇਟੀਆਂ ਦੇ ਵਾਸੀਆਂ ਨੂੰ ਅਪੀਲ ਕਰਦਿਆਂ ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਨੇ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਦੇ ਸਾਰੇ ਯੋਗ ਨਿਵਾਸੀਆਂ ਨੂੰ ਇਸ ਸੀਮਤ ਸਮੇਂ ਦੇ ਮੌਕੇ ਦਾ ਲਾਭ ਉਠਾਉਣ, ਆਪਣੀ ਕਨਵੈਂਸ ਡੀਡ ਰਜਿਸਟਰ ਕਰਵਾਉਣ ਅਤੇ ਆਪਣੇ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਦੀ ਅਪੀਲ ਕੀਤੀ ਹੈ। ਬੁਲਾਰੇ ਨੇ ਅੱਗੇ ਕਿਹਾ, “ਇਹ ਪਹਿਲਕਦਮੀ ਪੰਜਾਬ ਭਰ ਵਿੱਚ ਜਾਇਦਾਦ ਦੇ ਲੈਣ-ਦੇਣ ਨੂੰ ਕਾਨੂੰਨੀ ਤੇ ਪਾਰਦਰਸ਼ੀ ਬਣਾਉਂਦਿਆਂ ਆਮ ਨਾਗਰਿਕ ਦੀ ਸੁਰੱਖਿਆ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।”

ਸਰਪੰਚ ਕਤਲ ਕੇਸ ’ਚ ਵੱਡੀ ਸਫਲਤਾ, ਅੰਮ੍ਰਿਤਸਰ ਪੁਲਿਸ ਨਾਲ ਮੁੱਠਭੇੜ ਦੌਰਾਨ ਮੁੱਖ ਸ਼ੂਟਰ ਢੇਰ

ਅੰਮ੍ਰਿਤਸਰ :- ਅੰਮ੍ਰਿਤਸਰ ਵਿੱਚ ਵਿਆਹ ਸਮਾਗਮ ਸਮੇਂ ਆਮ ਆਦਮੀ ਪਾਰਟੀ ਨਾਲ ਸਬੰਧਤ ਸਰਪੰਚ ਜਰਮਲ ਸਿੰਘ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਅੰਮ੍ਰਿਤਸਰ ਪੁਲਿਸ ਨੇ ਮੁੱਖ ਦੋਸ਼ੀ ਸ਼ੂਟਰ ਨੂੰ ਮੁੱਠਭੇੜ ਦੌਰਾਨ ਮਾਰ ਮੁਕਾਇਆ ਹੈ।

ਹਥਿਆਰ ਬਰਾਮਦਗੀ ਦੌਰਾਨ ਹੋਈ ਫਾਇਰਿੰਗ
ਪੁਲਿਸ ਅਧਿਕਾਰੀਆਂ ਮੁਤਾਬਕ, ਕਤਲ ਕੇਸ ਵਿੱਚ ਲੋੜੀਂਦੇ ਸ਼ੂਟਰ ਸੁਖਰਾਜ ਸਿੰਘ ਉਰਫ਼ ਗੂੰਗਾ ਨੂੰ ਹਥਿਆਰ ਬਰਾਮਦ ਕਰਨ ਲਈ ਜੇਠੂਵਾਲ ਨਹਿਰ ਦੇ ਨੇੜੇ ਲਿਆਂਦਾ ਗਿਆ ਸੀ। ਇਸ ਦੌਰਾਨ ਮੌਕਾ ਦੇਖਦੇ ਹੋਏ ਸ਼ੂਟਰ ਨੇ ਅਚਾਨਕ ਪੁਲਿਸ ਟੀਮ ’ਤੇ ਗੋਲੀਆਂ ਚਲਾ ਦਿੱਤੀਆਂ।

ਇੱਕ ਪੁਲਿਸ ਕਰਮਚਾਰੀ ਜ਼ਖਮੀ
ਸ਼ੂਟਰ ਵੱਲੋਂ ਕੀਤੀ ਗਈ ਫਾਇਰਿੰਗ ਵਿੱਚ ਇੱਕ ਪੁਲਿਸ ਕਰਮਚਾਰੀ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਅਨੁਸਾਰ ਜ਼ਖਮੀ ਪੁਲਿਸ ਮੁਲਾਜ਼ਮ ਦੀ ਹਾਲਤ ਖਤਰੇ ਤੋਂ ਬਾਹਰ ਹੈ।

ਜਵਾਬੀ ਕਾਰਵਾਈ ਵਿੱਚ ਸ਼ੂਟਰ ਮਾਰਿਆ ਗਿਆ
ਪੁਲਿਸ ਵੱਲੋਂ ਕੀਤੀ ਗਈ ਤੁਰੰਤ ਜਵਾਬੀ ਕਾਰਵਾਈ ਦੌਰਾਨ ਸੁਖਰਾਜ ਸਿੰਘ ਗੂੰਗਾ ਨੂੰ ਗੋਲੀ ਲੱਗੀ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮੁੱਠਭੇੜ ਤੋਂ ਬਾਅਦ ਪੁਲਿਸ ਨੇ ਇਲਾਕੇ ਨੂੰ ਘੇਰ ਕੇ ਸੁਰੱਖਿਆ ਵਧਾ ਦਿੱਤੀ।

ਕੁਝ ਦਿਨ ਪਹਿਲਾਂ ਵਿਆਹ ਸਮਾਗਮ ’ਚ ਹੋਈ ਸੀ ਹੱਤਿਆ
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਵਿੱਚ ਵਿਆਹ ਸਮਾਗਮ ਦੌਰਾਨ ਸਰਪੰਚ ਜਰਮਲ ਸਿੰਘ ਦੀ ਸਰਿਆਂਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜਿਸ ਨਾਲ ਸਿਆਸੀ ਅਤੇ ਸਮਾਜਿਕ ਹਲਕਿਆਂ ਵਿੱਚ ਭਾਰੀ ਰੋਸ ਪੈਦਾ ਹੋ ਗਿਆ ਸੀ।

ਮਾਮਲੇ ਦੇ ਹੋਰ ਕੜੀਆਂ ਦੀ ਜਾਂਚ ਜਾਰੀ
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕਤਲ ਮਾਮਲੇ ਨਾਲ ਜੁੜੇ ਹੋਰ ਪੱਖਾਂ ਅਤੇ ਸੰਭਾਵਿਤ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਜਾਰੀ ਹੈ ਅਤੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।

ਸਕੂਲਾਂ ਨੂੰ ਮਿਲ ਰਹੀਆਂ ਧਮਕੀਆਂ ’ਤੇ ਮੰਤਰੀ ਬਰਿੰਦਰ ਗੋਇਲ ਦਾ ਬਿਆਨ ਆਇਆ ਸਾਹਮਣੇ, ਪੰਜਾਬ ਦੀ ਅਮਨ-ਸ਼ਾਂਤੀ ਨਾਲ ਖੇਡਣ ਵਾਲਿਆਂ ਨੂੰ ਨਹੀਂ ਬਖਸ਼ਿਆ ਜਾਵੇਗਾ

ਚੰਡੀਗੜ੍ਹ :- ਸਕੂਲਾਂ ਨੂੰ ਬੰਬ ਨਾਲ ਉਡਾਉਣ ਸਬੰਧੀ ਆ ਰਹੀਆਂ ਧਮਕੀਆਂ ਦੇ ਮਾਮਲੇ ’ਤੇ ਪੰਜਾਬ ਦੇ ਮੰਤਰੀ ਬਰਿੰਦਰ ਗੋਇਲ ਨੇ ਖੁੱਲ੍ਹ ਕੇ ਆਪਣਾ ਰੁਖ਼ ਸਪਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਤੱਤ ਜਾਣਬੁੱਝ ਕੇ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਸਰਕਾਰ ਉਹਨਾਂ ਦੀਆਂ ਚਾਲਾਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ।

ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ ਤੇ ਤਿਆਰ
ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਇਸ ਤਰ੍ਹਾਂ ਦੀਆਂ ਧਮਕੀਆਂ ਨੂੰ ਬਿਲਕੁਲ ਹਲਕਾ ਨਹੀਂ ਲੈ ਰਹੀ। ਉਨ੍ਹਾਂ ਸਪਸ਼ਟ ਸ਼ਬਦਾਂ ’ਚ ਕਿਹਾ ਕਿ ਜੇਕਰ ਅਮਨ-ਸ਼ਾਂਤੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਸਾਜ਼ਿਸ਼ ਰਚੀ ਗਈ, ਤਾਂ ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਲੋੜ ਪੈਣ ’ਤੇ ਹਰ ਕਾਨੂੰਨੀ ਕਦਮ ਚੁੱਕਿਆ ਜਾਵੇਗਾ।

ਨਸ਼ਾ ਤਸਕਰਾਂ ਅਤੇ ਮਾੜੇ ਅੰਸਰਾਂ ਲਈ ਕੋਈ ਰਹਿਮ ਨਹੀਂ
ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਦੀ ਨੀਤੀ ਬਿਲਕੁਲ ਸਾਫ਼ ਹੈ ਕਿ ਕਿਸੇ ਵੀ ਮਾੜੇ ਅੰਸਰ ਜਾਂ ਨਸ਼ਾ ਤਸਕਰ ਨੂੰ ਪੰਜਾਬ ਵਿੱਚ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਬਰਿੰਦਰ ਗੋਇਲ ਨੇ ਦਾਅਵਾ ਕੀਤਾ ਕਿ ਦੇਸ਼ ਦੇ ਹੋਰ ਰਾਜਾਂ ਨਾਲ ਤੁਲਨਾ ਕਰੀਏ ਤਾਂ ਅੱਜ ਵੀ ਪੰਜਾਬ ਵਿੱਚ ਅਮਨ-ਸ਼ਾਂਤੀ ਦੀ ਸਥਿਤੀ ਕਾਫ਼ੀ ਮਜ਼ਬੂਤ ਹੈ।

ਅਕਾਲ ਤਖਤ ਸਾਹਿਬ ’ਤੇ ਮੁੱਖ ਮੰਤਰੀ ਦੀ ਹਾਜ਼ਰੀ ਨੂੰ ਲੈ ਕੇ ਵੀ ਬਿਆਨ
ਇਸ ਮੌਕੇ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼੍ਰੀ ਅਕਾਲ ਤਖਤ ਸਾਹਿਬ ਜਾਣ ਸਬੰਧੀ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਸਿੱਖ ਕੌਮ ਅਤੇ ਪੰਜਾਬ ਲਈ ਸਰਵਉੱਚ ਅਸਥਾਨ ਹੈ, ਜਿਸ ਪ੍ਰਤੀ ਸਰਕਾਰ ਪੂਰਾ ਆਦਰ ਰੱਖਦੀ ਹੈ।

ਸਾਰੇ ਪ੍ਰੋਗਰਾਮ ਰੱਦ ਕਰਕੇ ਤਖਤ ਸਾਹਿਬ ਪਹੁੰਚਣਗੇ ਭਗਵੰਤ ਮਾਨ
ਬਰਿੰਦਰ ਗੋਇਲ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਸਾਰੇ ਨਿਧਾਰਤ ਕਾਰਜਕ੍ਰਮ ਰੱਦ ਕਰਕੇ ਸ਼੍ਰੀ ਅਕਾਲ ਤਖਤ ਸਾਹਿਬ ਹਾਜ਼ਰੀ ਭਰਣਗੇ। ਉੱਥੇ ਜੇਹੜੇ ਵੀ ਸਵਾਲ ਉਨ੍ਹਾਂ ਸਾਹਮਣੇ ਰੱਖੇ ਜਾਣਗੇ, ਉਹਨਾਂ ਦੇ ਜਵਾਬ ਵੀ ਦਿੱਤੇ ਜਾਣਗੇ ਅਤੇ ਆਪਣਾ ਪੱਖ ਵੀ ਨਿਮਰਤਾ ਨਾਲ ਰੱਖਿਆ ਜਾਵੇਗਾ।

ਅਮਨ-ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਸਪਸ਼ਟ ਸੰਦੇਸ਼
ਮੰਤਰੀ ਦੇ ਇਸ ਬਿਆਨ ਨਾਲ ਸਰਕਾਰ ਨੇ ਸਪਸ਼ਟ ਸੰਦੇਸ਼ ਦੇ ਦਿੱਤਾ ਹੈ ਕਿ ਪੰਜਾਬ ਵਿੱਚ ਡਰ, ਧਮਕੀ ਜਾਂ ਅਫ਼ਰਾਤਫ਼ਰੀ ਫੈਲਾਉਣ ਵਾਲਿਆਂ ਲਈ ਕੋਈ ਥਾਂ ਨਹੀਂ ਹੈ ਅਤੇ ਅਮਨ-ਸ਼ਾਂਤੀ ਦੀ ਰੱਖਿਆ ਲਈ ਸਰਕਾਰ ਹਰ ਹੱਦ ਤੱਕ ਜਾਵੇਗੀ।

ਲਾਰੈਂਸ ਬਿਸ਼ਨੋਈ ਗੈਂਗ ਦੇ ਨਾਮ ’ਤੇ ਨਸ਼ਾ ਤਸਕਰਾਂ ਨੂੰ ਵੱਡੀ ਧਮਕੀ, ਸੋਸ਼ਲ ਮੀਡੀਆ ਪੋਸਟ ਨਾਲ ਮਚੀ ਖਲਬਲੀ!

ਨਵੀਂ ਦਿੱਲੀ :- ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੀ ਹੋਈ ਇਕ ਹੋਰ ਧਮਕੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰ ਨਿਸ਼ਾਨੇ ’ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਲੋਕ ਹਨ। ਫੇਸਬੁੱਕ ’ਤੇ “Rashid Ansari Cablewala” ਨਾਮ ਦੇ ਅਕਾਊਂਟ ਤੋਂ ਕੀਤੀ ਗਈ ਇਕ ਪੋਸਟ ਨੇ ਕਾਨੂੰਨ-ਵਿਵਸਥਾ ਨਾਲ ਜੁੜੀਆਂ ਚਿੰਤਾਵਾਂ ਨੂੰ ਹੋਰ ਗਹਿਰਾ ਕਰ ਦਿੱਤਾ ਹੈ।

ਗੈਂਗ ਨਾਲ ਸਬੰਧ ਹੋਣ ਦਾ ਦਾਅਵਾ
ਉਕਤ ਪੋਸਟ ਵਿੱਚ ਲਿਖਣ ਵਾਲੇ ਵਿਅਕਤੀ ਨੇ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਅਤੇ ਹਾਸ਼ਿਮ ਬਾਬਾ ਦਾ ਨਜ਼ਦੀਕੀ ਸਾਥੀ ਦੱਸਿਆ ਹੈ। ਪੋਸਟ ਵਿੱਚ ਦਿੱਲੀ-ਐਨਸੀਆਰ ਖੇਤਰ ਵਿੱਚ ਨਸ਼ਾ ਵੇਚਣ ਵਾਲਿਆਂ ’ਤੇ ਸਿੱਧਾ ਦੋਸ਼ ਲਗਾਉਂਦਿਆਂ ਕਿਹਾ ਗਿਆ ਹੈ ਕਿ ਇਹ ਲੋਕ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਤਬਾਹ ਕਰ ਰਹੇ ਹਨ।

ਨਸ਼ਾ ਤਸਕਰੀ ਰੋਕਣ ਲਈ ਅਲਟੀਮੇਟਮ
ਧਮਕੀ ਭਰੀ ਲਿਖਤ ਵਿੱਚ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਉਹ ਤੁਰੰਤ ਆਪਣਾ ਗੈਰਕਾਨੂੰਨੀ ਧੰਦਾ ਬੰਦ ਕਰਨ। ਪੋਸਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਇਹ ਕਾਰੋਬਾਰ ਜਾਰੀ ਰਿਹਾ ਤਾਂ ਉਨ੍ਹਾਂ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ ਅਤੇ “ਦੁਨੀਆਂ ਤੋਂ ਬਾਹਰ” ਕਰਨ ਦੀ ਭਾਸ਼ਾ ਵਰਤੀ ਗਈ ਹੈ।

ਨਾਮਾਂ ਦੀ ਸੂਚੀ ਤਿਆਰ ਹੋਣ ਦਾ ਦਾਅਵਾ
ਧਮਕੀ ਦੇਣ ਵਾਲੇ ਨੇ ਇਹ ਦਾਅਵਾ ਵੀ ਕੀਤਾ ਹੈ ਕਿ ਨਸ਼ਾ ਤਸਕਰੀ ਨਾਲ ਜੁੜੇ ਹਰ ਵਿਅਕਤੀ ਦੇ ਨਾਮਾਂ ਦੀ ਇਕ ਵਿਸਥਾਰਕ ਸੂਚੀ ਤਿਆਰ ਕੀਤੀ ਗਈ ਹੈ, ਜਿਸ ਵਿੱਚ ਸਭ ਨੂੰ ਚਿੰਨ੍ਹਿਤ ਕੀਤਾ ਗਿਆ ਹੈ। ਇਸ ਦਾਅਵੇ ਤੋਂ ਬਾਅਦ ਮਾਮਲਾ ਹੋਰ ਵੀ ਗੰਭੀਰ ਬਣ ਗਿਆ ਹੈ।

ਸੁਰੱਖਿਆ ਏਜੰਸੀਆਂ ਸਚੇਤ, ਜਾਂਚ ਸ਼ੁਰੂ
ਸੋਸ਼ਲ ਮੀਡੀਆ ’ਤੇ ਧਮਕੀ ਸਾਹਮਣੇ ਆਉਣ ਮਗਰੋਂ ਸੁਰੱਖਿਆ ਅਤੇ ਜਾਂਚ ਏਜੰਸੀਆਂ ਅਲਰਟ ਮੋਡ ’ਚ ਆ ਗਈਆਂ ਹਨ। ਪੋਸਟ ਕਰਨ ਵਾਲੇ ਅਕਾਊਂਟ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਇਹ ਜਾਣਨ ਦੀ ਕੋਸ਼ਿਸ਼ ਹੋ ਰਹੀ ਹੈ ਕਿ ਇਸ ਧਮਕੀ ਦੇ ਪਿੱਛੇ ਅਸਲ ਵਿੱਚ ਕੌਣ ਹੈ।

ਨਸ਼ਾ ਤੇ ਗੈਂਗਸਟਰਵਾਦ ’ਤੇ ਮੁੜ ਉੱਠੇ ਸਵਾਲ
ਇਸ ਘਟਨਾ ਨੇ ਇਕ ਵਾਰ ਫਿਰ ਨਸ਼ਾ ਤਸਕਰੀ ਅਤੇ ਗੈਂਗਸਟਰ ਗਿਰੋਹਾਂ ਦੀ ਸਰਗਰਮੀ ’ਤੇ ਗੰਭੀਰ ਸਵਾਲ ਖੜੇ ਕਰ ਦਿੱਤੇ ਹਨ। ਨਾਲ ਹੀ ਸੋਸ਼ਲ ਮੀਡੀਆ ਦੇ ਗਲਤ ਇਸਤੇਮਾਲ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ’ਤੇ ਵੀ ਚਰਚਾ ਤੇਜ਼ ਹੋ ਗਈ ਹੈ।

ਜਲੰਧਰ – ਨਸ਼ਾ ਵਿਰੋਧੀ ਮੁਹਿੰਮ ਹੇਠ ਵੱਡੀ ਸਫ਼ਲਤਾ, 500 ਗ੍ਰਾਮ ਹੈਰੋਇਨ ਸਮੇਤ ਦੋ ਤਸਕਰ ਕਾਬੂ

ਜਲੰਧਰ :- ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਨੂੰ ਉਸ ਵੇਲੇ ਅਹਿਮ ਸਫ਼ਲਤਾ ਮਿਲੀ, ਜਦੋਂ ਸਪੈਸ਼ਲ ਸੈੱਲ ਦੀ ਟੀਮ ਨੇ ਪਿਮਜ਼ ਹਸਪਤਾਲ ਨੇੜੇ ਨਾਕਾਬੰਦੀ ਕਰਕੇ ਦੋ ਨੌਜਵਾਨਾਂ ਨੂੰ ਰੋਕਿਆ। ਸ਼ੱਕ ਦੇ ਆਧਾਰ ’ਤੇ ਰੋਕੇ ਗਏ ਐਕਟਿਵਾ ਸਵਾਰਾਂ ਦੀ ਤਲਾਸ਼ੀ ਲੈਣ ’ਤੇ ਵੱਡੀ ਮਾਤਰਾ ਵਿੱਚ ਨਸ਼ੀਲਾ ਪਦਾਰਥ ਬਰਾਮਦ ਹੋਇਆ।

ਐਕਟਿਵਾ ਦੀ ਤਲਾਸ਼ੀ ਤੋਂ 500 ਗ੍ਰਾਮ ਹੈਰੋਇਨ ਬਰਾਮਦ

ਪੁਲਿਸ ਮੁਤਾਬਕ, ਤਲਾਸ਼ੀ ਦੌਰਾਨ ਐਕਟਿਵਾ ਨੰਬਰ ਪੀਬੀ 08 ਈਕਿਊ 7224 ਵਿੱਚੋਂ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਤੋਂ ਬਾਅਦ ਦੋਵੇਂ ਨੌਜਵਾਨਾਂ ਨੂੰ ਮੌਕੇ ’ਤੇ ਹੀ ਹਿਰਾਸਤ ਵਿੱਚ ਲੈ ਲਿਆ ਗਿਆ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜੋਨ ਮੁਸਤਾਕ ਪੁੱਤਰ ਮਕਬੂਲ ਵਾਸੀ ਗੜ੍ਹਾ ਅਤੇ ਰਾਜੇਸ਼ ਦੁੱਗਲ ਉਰਫ਼ ਬੋਬੀ ਪੁੱਤਰ ਸਵਰਗਵਾਸੀ ਚੰਦਰ ਪ੍ਰਕਾਸ਼ ਵਾਸੀ ਵਰੀਆਮ ਨਗਰ, ਕੂਲ ਰੋਡ ਵਜੋਂ ਹੋਈ ਹੈ।

ਪੁਰਾਣਾ ਰਿਕਾਰਡ ਵੀ ਆਇਆ ਸਾਹਮਣੇ

ਪੁਲਿਸ ਜਾਂਚ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਜੋਨ ਮੁਸਤਾਕ ਖ਼ਿਲਾਫ਼ ਪਹਿਲਾਂ ਵੀ ਥਾਣਾ ਕੈਂਟ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਹੈ, ਜਿਸ ਨਾਲ ਉਸਦੀ ਨਸ਼ਾ ਤਸਕਰੀ ਵਿੱਚ ਸ਼ਮੂਲੀਅਤ ਹੋਰ ਪੱਕੀ ਹੋਈ ਹੈ।

ਥਾਣਾ 7 ਵਿੱਚ ਕੇਸ ਦਰਜ, ਰਿਮਾਂਡ ਦੀ ਤਿਆਰੀ

ਪੁਲਿਸ ਵੱਲੋਂ ਦੋਵੇਂ ਮੁਲਜ਼ਮਾਂ ਖ਼ਿਲਾਫ਼ ਥਾਣਾ 7 ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।

ਪੁੱਛਗਿੱਛ ’ਚ ਵੱਡੇ ਖੁਲਾਸਿਆਂ ਦੀ ਉਮੀਦ

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨਾਲ ਪੁੱਛਗਿੱਛ ਦੌਰਾਨ ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਹੋਰ ਅਹਿਮ ਖੁਲਾਸੇ ਹੋ ਸਕਦੇ ਹਨ ਅਤੇ ਹੋਰ ਸ਼ਾਮਿਲ ਲੋਕਾਂ ਤੱਕ ਪਹੁੰਚ ਕੀਤੀ ਜਾਵੇਗੀ।

ਮੁਕੇਰੀਆਂ ‘ਚ ਸੁਨਿਆਰੇ ਦੀ ਦੁਕਾਨ ‘ਤੇ ਧਾਵਾ, 15–20 ਲੁਟੇਰਿਆਂ ਵੱਲੋਂ ਸੋਨਾ-ਚਾਂਦੀ ਤੇ ਨਕਦੀ ਲੈ ਉਡੇ

0

ਮੁਕੇਰੀਆਂ :- ਪੰਜਾਬ ਦੇ ਮੁਕੇਰੀਆਂ ਸ਼ਹਿਰ ਤੋਂ ਇੱਕ ਸਨਸਨੀਖੇਜ਼ ਡਕੈਤੀ ਦੀ ਘਟਨਾ ਸਾਹਮਣੇ ਆਈ ਹੈ, ਜਿੱਥੇ ਹਾਜੀਪੁਰ ਰੋਡ ‘ਤੇ ਸਥਿਤ ਇੱਕ ਸੁਨਿਆਰੇ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਗਿਆ। ਜਾਣਕਾਰੀ ਅਨੁਸਾਰ ‘ਜੁਏ ਜਿਊਲਰ’ ਨਾਮਕ ਦੁਕਾਨ ‘ਤੇ ਇਕੱਠੇ ਹੋ ਕੇ ਆਏ 15 ਤੋਂ 20 ਲੁਟੇਰਿਆਂ ਨੇ ਅਚਾਨਕ ਧਾਵਾ ਬੋਲ ਦਿੱਤਾ।

ਕਰੀਬ 45 ਕਿਲੋ ਸੋਨਾ-ਚਾਂਦੀ ਤੇ ਨਕਦੀ ਲੈ ਕੇ ਹੋਏ ਫਰਾਰ

ਲੁੱਟੇਰੇ ਦੁਕਾਨ ਵਿਚੋਂ ਵੱਡੀ ਮਾਤਰਾ ਵਿੱਚ ਸੋਨਾ, ਚਾਂਦੀ ਅਤੇ ਨਕਦੀ ਸਮੇਤ ਫਰਾਰ ਹੋ ਗਏ। ਦੁਕਾਨ ਮਾਲਕ ਦੇ ਮੁਤਾਬਕ ਡਕੈਤੀ ਦੌਰਾਨ ਲਗਭਗ 45 ਕਿਲੋ ਸੋਨਾ-ਚਾਂਦੀ ਅਤੇ ਨਕਦੀ ਚੋਰੀ ਹੋਈ ਹੈ, ਜਿਸ ਨਾਲ ਉਸ ਨੂੰ ਕਰੀਬ ਸਵਾ ਕਰੋੜ ਰੁਪਏ ਦਾ ਭਾਰੀ ਨੁਕਸਾਨ ਹੋਇਆ ਹੈ।

ਸੂਚਨਾ ਮਿਲਦਿਆਂ ਹੀ ਪੁਲਿਸ ਹਰਕਤ ‘ਚ, ਜਾਂਚ ਸ਼ੁਰੂ

ਘਟਨਾ ਦੀ ਖ਼ਬਰ ਮਿਲਣ ‘ਤੇ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਵੱਲੋਂ ਆਲੇ-ਦੁਆਲੇ ਦੇ ਇਲਾਕਿਆਂ ‘ਚ ਨਾਕਾਬੰਦੀ ਕਰਕੇ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਨਾਲ ਹੀ ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤ ਇਕੱਠੇ ਕੀਤੇ ਜਾ ਰਹੇ ਹਨ।

ਵਿਧਾਇਕ ਜੰਗੀ ਲਾਲ ਮਹਾਜਨ ਨੇ ਕਾਨੂੰਨ ਵਿਵਸਥਾ ‘ਤੇ ਚੁੱਕੇ ਸਵਾਲ

ਡਕੈਤੀ ਦੀ ਖ਼ਬਰ ਮਿਲਦਿਆਂ ਹੀ ਸਥਾਨਕ ਵਿਧਾਇਕ ਜੰਗੀ ਲਾਲ ਮਹਾਜਨ ਵੀ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਲੁੱਟ-ਖੋਹ ਦੀਆਂ ਵਧਦੀਆਂ ਘਟਨਾਵਾਂ ‘ਤੇ ਚਿੰਤਾ ਜਤਾਉਂਦਿਆਂ ਕਿਹਾ ਕਿ ਇਲਾਕੇ ਵਿੱਚ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਡਗਮਗਾ ਰਹੀ ਹੈ ਅਤੇ ਲੋਕਾਂ ਦੀ ਸੁਰੱਖਿਆ ‘ਤੇ ਸਵਾਲ ਖੜੇ ਹੋ ਰਹੇ ਹਨ।

ਪੁਲਿਸ ਵੱਲੋਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਦਾ ਭਰੋਸਾ

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਲਈ ਵੱਡੀ ਪਹਿਲ: ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ 16 ਜਨਵਰੀ ਤੋਂ ਸ਼ੁਰੂ!

ਚੰਡੀਗੜ੍ਹ :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਦੀ ਭਲਾਈ ਅਤੇ ਸੁਰੱਖਿਆ ਨੂੰ ਲੈ ਕੇ ਇੱਕ ਵੱਡਾ ਕਦਮ ਚੁੱਕਣ ਜਾ ਰਹੀ ਹੈ। 16 ਜਨਵਰੀ 2026 ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਤੋਂ ‘ਸਾਡੇ ਬਜ਼ੁਰਗ, ਸਾਡਾ ਮਾਣ’ ਨਾਮਕ ਰਾਜ ਪੱਧਰੀ ਮੁਹਿੰਮ ਦੀ ਸਰਕਾਰੀ ਸ਼ੁਰੂਆਤ ਕੀਤੀ ਜਾਵੇਗੀ।

ਬਜ਼ੁਰਗਾਂ ਨੂੰ ਸਨਮਾਨ ਅਤੇ ਸੁਰੱਖਿਅਤ ਜੀਵਨ ਦੇਣ ਦਾ ਉਦੇਸ਼

ਸਰਕਾਰ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਇਸ ਮੁਹਿੰਮ ਦਾ ਮਕਸਦ ਸੂਬੇ ਦੇ ਬਿਰਧ ਨਾਗਰਿਕਾਂ ਨੂੰ ਸਿਹਤ ਸੇਵਾਵਾਂ, ਕਾਨੂੰਨੀ ਜਾਣਕਾਰੀ ਅਤੇ ਸਰਕਾਰੀ ਸਕੀਮਾਂ ਨਾਲ ਜੋੜ ਕੇ ਉਨ੍ਹਾਂ ਨੂੰ ਸਨਮਾਨਜਨਕ ਤੇ ਨਿਡਰ ਜੀਵਨ ਮੁਹੱਈਆ ਕਰਵਾਉਣਾ ਹੈ। ਇਸ ਲਈ ਹਰ ਜ਼ਿਲ੍ਹੇ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਬਜ਼ੁਰਗ ਇਸਦਾ ਲਾਭ ਲੈ ਸਕਣ।

ਸਿਹਤ, ਪੈਨਸ਼ਨ ਅਤੇ ਸਰਕਾਰੀ ਸਹੂਲਤਾਂ ਇਕੋ ਥਾਂ ‘ਤੇ

ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਕੈਂਪਾਂ ਦੌਰਾਨ ਬਜ਼ੁਰਗਾਂ ਲਈ ਮੁਫ਼ਤ ਸਿਹਤ ਜਾਂਚਾਂ ਕੀਤੀਆਂ ਜਾਣਗੀਆਂ। ਇਨ੍ਹਾਂ ਵਿੱਚ ਆਮ ਸਿਹਤ ਟੈਸਟ, ਅੱਖਾਂ ਦੀ ਜਾਂਚ, ਕੰਨ-ਨੱਕ-ਗਲਾ ਸੇਵਾਵਾਂ, ਹੱਡੀਆਂ ਦੀ ਦੇਖਭਾਲ ਦੇ ਨਾਲ ਨਾਲ ਆਯੁਰਵੈਦਿਕ ਅਤੇ ਹੋਮਿਓਪੈਥਿਕ ਇਲਾਜ ਵੀ ਸ਼ਾਮਲ ਹੋਵੇਗਾ।

ਇਸਦੇ ਨਾਲ ਹੀ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਪੈਨਸ਼ਨ ਲਈ ਮੌਕੇ ‘ਤੇ ਹੀ ਦਰਖ਼ਾਸਤਾਂ ਭਰੀਆਂ ਜਾਣਗੀਆਂ ਅਤੇ ਸੀਨੀਅਰ ਸਿਟੀਜ਼ਨ ਕਾਰਡ ਵੀ ਜਾਰੀ ਕੀਤੇ ਜਾਣਗੇ।

ਕਾਨੂੰਨੀ ਹੱਕਾਂ ਬਾਰੇ ਵੀ ਕੀਤੀ ਜਾਵੇਗੀ ਜਾਗਰੂਕਤਾ

ਮੰਤਰੀ ਨੇ ਦੱਸਿਆ ਕਿ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਬਜ਼ੁਰਗ ਨਾਗਰਿਕਾਂ ਨੂੰ ਮਾਪਿਆਂ ਅਤੇ ਸੀਨੀਅਰ ਸਿਟੀਜ਼ਨਜ਼ ਦੀ ਦੇਖਭਾਲ ਨਾਲ ਸੰਬੰਧਤ ਕਾਨੂੰਨਾਂ ਬਾਰੇ ਜਾਣੂ ਕਰਵਾਏਗੀ, ਤਾਂ ਜੋ ਉਹ ਆਪਣੇ ਹੱਕਾਂ ਲਈ ਖੁਦ ਖੜ੍ਹੇ ਹੋ ਸਕਣ।

ਐਨਕਾਂ, ਸੁਣਨ ਮਸ਼ੀਨਾਂ ਤੇ ਵ੍ਹੀਲਚੇਅਰ ਮੌਕੇ ‘ਤੇ ਵੰਡ

ਬਜ਼ੁਰਗਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਕੈਂਪਾਂ ਵਿੱਚ ਐਨਕਾਂ, ਸੁਣਨ ਵਾਲੀਆਂ ਮਸ਼ੀਨਾਂ, ਤੁਰਨ ਲਈ ਸਹਾਇਕ ਸਾਧਨ, ਸਰਵਾਈਕਲ ਕਾਲਰ, ਬੈਲਟ ਅਤੇ ਵ੍ਹੀਲਚੇਅਰ ਵਰਗਾ ਸਾਮਾਨ ਵੀ ਮੌਕੇ ‘ਤੇ ਹੀ ਦਿੱਤਾ ਜਾਵੇਗਾ।

ਸਿਰਫ਼ ਸਕੀਮ ਨਹੀਂ, ਸਨਮਾਨ ਦੀ ਮੁਹਿੰਮ

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਮੁਹਿੰਮ ਸਿਰਫ਼ ਸਹੂਲਤਾਂ ਦੇਣ ਤੱਕ ਸੀਮਤ ਨਹੀਂ, ਬਲਕਿ ਬਜ਼ੁਰਗਾਂ ਨੂੰ ਇਹ ਅਹਿਸਾਸ ਕਰਵਾਉਣ ਲਈ ਹੈ ਕਿ ਉਹ ਸਮਾਜ ਦਾ ਸਭ ਤੋਂ ਕੀਮਤੀ ਅਨੁਭਵ ਅਤੇ ਮਾਰਗਦਰਸ਼ਕ ਹਨ।

26 ਜਨਵਰੀ ਤੋਂ ਬਾਅਦ ਹੋਰ ਜ਼ਿਲ੍ਹਿਆਂ ‘ਚ ਅਗਲਾ ਪੜਾਅ

ਸਰਦੀਆਂ ਨੂੰ ਧਿਆਨ ਵਿੱਚ ਰੱਖਦਿਆਂ ਪਹਿਲੇ ਪੜਾਅ ਦੀ ਸ਼ੁਰੂਆਤ 16 ਜਨਵਰੀ ਤੋਂ ਕੀਤੀ ਜਾ ਰਹੀ ਹੈ, ਜਦਕਿ ਹੋਰ ਜ਼ਿਲ੍ਹਿਆਂ ਵਿੱਚ ਕੈਂਪਾਂ ਦਾ ਦੂਜਾ ਪੜਾਅ 26 ਜਨਵਰੀ ਤੋਂ ਬਾਅਦ ਯੋਜਨਾਬੱਧ ਤਰੀਕੇ ਨਾਲ ਸ਼ੁਰੂ ਹੋਵੇਗਾ।

14567 ਹੈਲਪਲਾਈਨ ਵੀ ਹੈ ਕਾਰਜਸ਼ੀਲ

ਮੰਤਰੀ ਨੇ ਦੱਸਿਆ ਕਿ ਬਜ਼ੁਰਗ ਨਾਗਰਿਕਾਂ ਦੀ ਸਹਾਇਤਾ ਲਈ 14567 ਟੋਲ-ਫ੍ਰੀ ਹੈਲਪਲਾਈਨ ਨੰਬਰ ਪਹਿਲਾਂ ਤੋਂ ਹੀ ਚਾਲੂ ਹੈ।

ਬਜ਼ੁਰਗਾਂ ਅਤੇ ਪਰਿਵਾਰਾਂ ਨੂੰ ਅਪੀਲ

ਅੰਤ ਵਿੱਚ ਮੰਤਰੀ ਨੇ ਬਜ਼ੁਰਗ ਨਾਗਰਿਕਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਕੈਂਪਾਂ ਵਿੱਚ ਸ਼ਾਮਲ ਹੋ ਕੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਸਿਹਤ, ਕਾਨੂੰਨੀ ਅਤੇ ਸਮਾਜਿਕ ਸੇਵਾਵਾਂ ਦਾ ਲਾਭ ਲੈਣ।