Home Blog Page 714

ਮਾਨ ਸਰਕਾਰ ਦੇ ਡਿਜੀਟਲ ਵਿਜ਼ਨ ਨਾਲ ਈਜ਼ੀ ਰਜਿਸਟਰੀ ਨੇ ਬਣਾਇਆ ਰਿਕਾਰਡ , 6 ਮਹੀਨਿਆਂ ਵਿੱਚ 3.70 ਲੱਖ ਤੋਂ ਵੱਧ ਰਜਿਸਟਰੀਆਂ ਦਰਜ

ਚੰਡੀਗੜ੍ਹ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ‘ਈਜ਼ੀ ਰਜਿਸਟਰੀ’ ਪਹਿਲਕਦਮੀ ਪੰਜਾਬ ਦੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਵਿੱਚ ਇੱਕ ਨਵਾਂ ਮੀਲ ਪੱਥਰ ਸਾਬਤ ਹੋਈ ਹੈ ਜਿਸ ਨਾਲ ਸੂਬੇ ਭਰ ਵਿੱਚ ਮਜ਼ਬੂਤ ਅਤੇ ਲਗਾਤਾਰ ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ।

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਜੁਲਾਈ 2025 ਵਿੱਚ ਇਸ ਦੀ ਸ਼ੁਰੂਆਤ ਤੋਂ ਲੈ ਕੇ ਦਸੰਬਰ 2025 ਤੱਕ ਕੁੱਲ 370967 ਰਜਿਸਟਰੀਆਂ ਕੀਤੀਆਂ ਗਈਆਂ, ਜੋ ਪਾਰਦਰਸ਼ੀ, ਭ੍ਰਿਸ਼ਟਾਚਾਰ-ਮੁਕਤ ਸ਼ਾਸਨ ਅਤੇ ਨਾਗਰਿਕ-ਪੱਖੀ ਸੇਵਾਵਾਂ ਵੱਲ ਇੱਕ ਵੱਡਾ ਕਦਮ ਹੈ। ਉਨ੍ਹਾਂ ਕਿਹਾ ਕਿ ਈਜ਼ੀ ਰਜਿਸਟਰੀ ਨੂੰ ਮਿਲਿਆ ਲੋਕਾਂ ਦਾ ਹੁੰਗਾਰਾ ਸਪੱਸ਼ਟ ਕਰਦਾ ਹੈ ਕਿ ਲੋਕ ਅਜਿਹੀ ਪ੍ਰਣਾਲੀ ’ਤੇ ਭਰੋਸਾ ਕਰਦੇ ਹਨ, ਜੋ ਪਾਰਦਰਸ਼ੀ, ਸਮਾਂਬੱਧ ਅਤੇ ਪਰੇਸ਼ਾਨੀ-ਮੁਕਤ ਹੋਵੇ। ਉਨ੍ਹਾਂ ਦੱਸਿਆ ਕਿ ਸਿਰਫ਼ ਛੇ ਮਹੀਨਿਆਂ ਦੌਰਾਨ ਜਾਇਦਾਦ ਨਾਲ ਸਬੰਧਤ 3.70 ਲੱਖ ਤੋਂ ਵੱਧ ਰਜਿਸਟਰੀਆਂ ਦਰਜ ਕੀਤੀਆਂ ਗਈਆਂ ਹਨ, ਜੋ ਇਨ੍ਹਾਂ ਸੁਧਾਰਾਂ ਦੀ ਸਫ਼ਲਤਾ ਦੀ ਗਵਾਹੀ ਭਰਦੀ ਹੈ।

ਇਸ ਸਬੰਧੀ ਮਹੀਨਾਵਾਰ ਅੰਕੜੇ ਸਾਂਝੇ ਕਰਦਿਆਂ ਮਾਲ ਮੰਤਰੀ ਨੇ ਦੱਸਿਆ ਕਿ ਜੁਲਾਈ 2025 ਵਿੱਚ 64965 ਦਸਤਾਵੇਜ਼ ਰਜਿਸਟਰ ਕੀਤੇ ਗਏ,ਅਗਸਤ ਵਿੱਚ 62001, ਸਤੰਬਰ ਵਿੱਚ 55814 ਅਤੇ ਅਕਤੂਬਰ ਵਿੱਚ 53610 ਦਸਤਾਵੇਜ਼ ਰਜਿਸਟਰ ਕੀਤੇ ਗਏ। ਉਨ੍ਹਾਂ ਕਿਹਾ ਕਿ ਨਵੰਬਰ ਵਿੱਚ ਰਜਿਸਟਰੀਆਂ ਨਾਲ ਸਬੰਧਤ 58200 ਦਸਤਾਵੇਜ਼ ਦਰਜ ਕੀਤੇ ਗਏ ਜਦੋਂ ਕਿ ਦਸੰਬਰ ਵਿੱਚ ਸਭ ਤੋਂ ਵੱਧ 76377 ਰਜਿਸਟਰੀਆਂ ਕੀਤੀਆਂ ਗਈਆਂ। ਉਨ੍ਹਾਂ ਕਿਹਾ, ‘‘ਰਜਿਸਟ੍ਰੇਸ਼ਨਾਂ ਵਿੱਚ ਇਹ ਨਿਰੰਤਰ ਵਾਧਾ ਆਸਾਨ ਅਤੇ ਤਕਨਾਲੋਜੀ-ਆਧਾਰਤ ਜਾਇਦਾਦ ਰਜਿਸਟ੍ਰੇਸ਼ਨ ਢਾਂਚੇ ਵਿੱਚ ਵਧ ਰਹੇ ਲੋਕਾਂ ਦੇ ਭਰੋਸੇ ਨੂੰ ਪ੍ਰਤੱਖ ਕਰਦਾ ਹੈ।’’

ਇਨ੍ਹਾਂ ਢਾਂਚਾਗਤ ਸੁਧਾਰਾਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਈਜ਼ੀ ਰਜਿਸਟਰੀ ਰਾਹੀਂ ਦਸਤਾਵੇਜ਼ਾਂ ਦੀ ਆਨਲਾਈਨ ਪ੍ਰੀ-ਸਕਰੂਟਨੀ ਸ਼ੁਰੂ ਕੀਤੀ ਗਈ ਹੈ, ਦਫ਼ਤਰੀ ਕਾਰਵਾਈ ਵਿੱਚ ਹੁੰਦੀ ਦੇਰੀ ਨੂੰ ਕਾਫ਼ੀ ਹੱਦ ਤੱਕ ਘਟਾਇਆ ਗਿਆ ਹੈ ਅਤੇ ਸਬ-ਰਜਿਸਟਰਾਰ ਦਫਤਰਾਂ ਵਿੱਚ ਪਹੁੰਚ ਆਸਾਨ ਹੋਈ ਹੈ। ਮੰਤਰੀ ਨੇ ਦੱਸਿਆ, ‘‘ਸੇਲ ਡੀਡ ਦੀਆਂ ਦਸਤਖ਼ਤ ਰਹਿਤ ਕਾਪੀਆਂ ਦੀ ਹੁਣ 48 ਘੰਟਿਆਂ ਦੇ ਅੰਦਰ ਆਨਲਾਈਨ ਜਾਂਚ ਕੀਤੀ ਜਾਂਦੀ ਹੈ, ਜਿਸ ਨਾਲ ਖੱਜਲ-ਖੁਆਰੀ ਕਾਫ਼ੀ ਘਟੀ ਹੈ ਅਤੇ ਭ੍ਰਿਸ਼ਟਾਚਾਰ ਦੇ ਰਸਤੇ ਪ੍ਰਭਾਵਸ਼ਾਲੀ ਢੰਗ ਨਾਲ ਬੰਦ ਹੋਏ ਹਨ।’’ ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਉਠਾਏ ਗਏ ਸਾਰੇ ਇਤਰਾਜ਼ਾਂ ਦੀ ਨਿਗਰਾਨੀ ਸਿੱਧੇ ਤੌਰ ’ਤੇ ਡਿਪਟੀ ਕਮਿਸ਼ਨਰਾਂ ਅਤੇ ਐਸ.ਡੀ.ਐਮਜ਼. ਵੱਲੋਂ ਕੀਤੀ ਜਾਂਦੀ ਹੈ ਤਾਂ ਜੋ ਜਵਾਬਦੇਹੀ ਯਕੀਨੀ ਬਣੇ ਅਤੇ ਬੇਲੋੜੀਆਂ ਰੁਕਾਵਟਾਂ ਵਿਰੁੱਧ ਕਾਰਵਾਈ ਕੀਤੀ ਜਾ ਸਕੇ।

ਮਾਲ ਮੰਤਰੀ ਨੇ ਕਿਹਾ ਕਿ ‘ਪਹਿਲਾਂ ਆਓ, ਪਹਿਲਾਂ ਪਾਓ’ ਦੇ ਸਿਧਾਂਤ ਨੂੰ ਲਾਗੂ ਕਰਨ ਨਾਲ ਲੰਮੀਆਂ-ਲੰਮੀਆਂ ਕਤਾਰਾਂ ਅਤੇ ਪੱਖਪਾਤ ਵਤੀਰੇ ਤੋਂ ਨਿਜਾਤ ਮਿਲੀ ਹੈ, ਜਿਸ ਨਾਲ ਜਾਇਦਾਦ ਰਜਿਸਟ੍ਰੇਸ਼ਨ ਦੌਰਾਨ ਵੀ.ਆਈ.ਪੀ. ਸੱਭਿਆਚਾਰ ਦਾ ਖ਼ਾਤਮਾ ਹੋਇਆ ਹੈ। ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ,‘‘ ਲੋਕਾਂ ਨੂੰ ਹੁਣ ਆਪਣੇ ਜ਼ਿਲ੍ਹੇ ਦੇ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਵਿੱਚ ਦਸਤਾਵੇਜ਼ ਰਜਿਸਟਰ ਕਰਵਾਉਣ ਦੀ ਆਜ਼ਾਦੀ ਹੈ। ਇਸ ਨਾਲ ਅਜਾਰੇਦਾਰੀ ਦਾ ਲੱਕ ਟੁੱਟਿਆ ਹੈ ਅਤੇ ਸਭ ਲਈ ਨਿਰਪੱਖ ਅਤੇ ਬਰਾਬਰ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਈ ਗਈ ਹੈ।’’

ਇਸ ਪਹਿਲਕਦਮੀ ਦੇ ਇੱਕ ਹੋਰ ਲੋਕ-ਪੱਖੀ ਪਹਿਲੂ ਨੂੰ ਉਜਾਗਰ ਕਰਦਿਆਂ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਬਿਨੈਕਾਰਾਂ ਨੂੰ ਉਨ੍ਹਾਂ ਦੇ ਦਸਤਾਵੇਜ਼ਾਂ ਸਬੰਧੀ ਕਾਰਵਾਈ ਦੇ ਹਰ ਪੜਾਅ ਜਿਵੇਂ ਜਾਂਚ, ਭੁਗਤਾਨ ਅਤੇ ਅਪੁਆਇੰਟਮੈਂਟ ਦੇ ਲੈਣ-ਦੇਣ ਬਾਰੇ ਆਟੋਮੇਟਡ ਵੱਟਸਐਪ ਅਪਡੇਟ ਭੇਜੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਕਿਸੇ ਵੀ ਰੂਪ ਵਿੱਚ ਰਿਸ਼ਵਤ ਮੰਗਣ ਦੀ ਰਿਪੋਰਟ ਕਰਨ ਲਈ ਇੱਕ ਸਿੱਧੀ ਸ਼ਿਕਾਇਤ ਪ੍ਰਣਾਲੀ ਵੀ ਬਣਾਈ ਗਈ ਹੈ ਤਾਂ ਜੋ ਜ਼ਿਲ੍ਹਾ ਪੱਧਰ ’ਤੇ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ।

ਹੋਰ ਸਹੂਲਤਾਂ ਦਾ ਵੇਰਵਾ ਦਿੰਦਿਆਂ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਲੋਕ ‘ਡਰਾਫਟ ਮਾਈ ਡੀਡ’ ਮਾਡਿਊਲ ਰਾਹੀਂ ਸੇਲ ਡੀਡ ਖ਼ੁਦ ਤਿਆਰ ਕਰ ਸਕਦੇ ਹਨ ਜਾਂ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਵਿੱਚ ਸਥਾਪਿਤ ਸੇਵਾ ਕੇਂਦਰ ਕਾਊਂਟਰਾਂ ਤੋਂ ਇਹ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ ਜਾਂ ਫਿਰ ਘਰ ਬੈਠੇ ਹੀ ਹੈਲਪਲਾਈਨ 1076 ਰਾਹੀਂ ਰਜਿਸਟ੍ਰੇਸ਼ਨ ਸਬੰਧੀ ਦਸਤਾਵੇਜ਼ ਤਿਆਰ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ 25 ਬੈਂਕਾਂ ਰਾਹੀਂ ਇੱਕੋ ਵਾਰ ਸਟੈਂਪ ਡਿਊਟੀ ਅਤੇ ਰਜਿਸਟ੍ਰੇਸ਼ਨ ਫੀਸ ਦਾ ਆਨਲਾਈਨ ਭੁਗਤਾਨ ਕਰਨ ਨਾਲ ਇਹ ਪ੍ਰਕਿਰਿਆ ਹੋਰ ਵੀ ਸੁਖਾਲੀ ਹੋ ਗਈ ਹੈ ਜਿਸ ਨਾਲ ਲੋਕਾਂ ਲਈ ਸਹੂਲਤ ਵਧੀ ਹੈ।

ਮਾਲ ਮੰਤਰੀ ਨੇ ਦੱਸਿਆ ਕਿ ਪਹਿਲਾਂ ਤੋਂ ਅਪੁਆਇੰਟਮੈਂਟ ਲੈ ਚੁੱਕੇ ਅਤੇ ਪੂਰੇ ਦਸਤਾਵੇਜ਼ਾਂ ਵਾਲੇ ਨਾਗਰਿਕਾਂ ਨੂੰ ਤਰਜੀਹ ਦੇਣ ਲਈ ਇੱਕ ‘ਏਕੀਕ੍ਰਿਤ ਟੋਕਨ ਪ੍ਰਬੰਧਨ ਪ੍ਰਣਾਲੀ’ ਵੀ ਲਾਗੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਲੋਕਾਂ ਨੂੰ ਜ਼ਿਆਦਾ ਉਡੀਕ ਨਹੀਂ ਕਰਨੀ ਪੈਂਦੀ ਅਤੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਇਕਸਾਰ ਸੇਵਾ ਪ੍ਰਦਾਨ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅਪਗ੍ਰੇਡ ਕੀਤੇ ਸਰਵਰ, ਸਿਖਲਾਈ ਪ੍ਰਾਪਤ ਸਟਾਫ ਅਤੇ ਮਿਆਰੀ ਪ੍ਰਕਿਰਿਆਵਾਂ ਨੇ ਲੋਕਾਂ ਦਾ ਭਰੋਸਾ ਹੋਰ ਵਧਾਇਆ ਹੈ ਜਿਸ ਨਾਲ ਸੂਬੇ ਵਿੱਚ ਮਾਲੀਆ ਉਗਰਾਹੀ ਵਿੱਚ ਵੀ ਸੁਧਾਰ ਹੋਇਆ ਹੈ।

9.12 ਕਰੋੜ ਨਾਲ ਬਣਿਆ ‘ਸਤਿਕਾਰ ਘਰ’ ਬਜ਼ੁਰਗਾਂ ਨੂੰ ਸਮਰਪਿਤ, ਕੈਬਨਿਟ ਮੰਤਰੀ ਬਲਜੀਤ ਕੌਰ ਨੇ ਕੀਤਾ ਉਦਘਾਟਨ

ਚੰਡੀਗੜ੍ਹ/ਮਾਨਸਾ:  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਬਜ਼ੁਰਗ ਸਾਡਾ ਸਰਮਾਇਆ ਹਨ ਅਤੇ ਬਿਰਧਾਂ ਦੀ ਸੇਵਾ – ਸੰਭਾਲ ਲਈ ਪੰਜਾਬ ਸਰਕਾਰ ਨੇ 9.12 ਕਰੋੜ ਦੀ ਲਾਗਤ ਨਾਲ “ਸਤਿਕਾਰ ਘਰ” ਬਣਾਇਆ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵਲੋਂ ਇੱਥੇ ਸਰਕਾਰੀ ਬਿਰਧ ਘਰ “ਸਤਿਕਾਰ ਘਰ” ਦੇ ਉਦਘਾਟਨ ਮੌਕੇ ਕੀਤਾ ਗਿਆ।

ਓਨ੍ਹਾਂ ਕਿਹਾ ਕਿ 72 ਬੈਡਜ਼ ਵਾਲੇ ਇਸ “ਸਤਿਕਾਰ ਘਰ” ਵਿੱਚ ਬਜ਼ੁਰਗਾਂ ਲਈ ਡੇਅ ਕੇਅਰ, ਭੋਜਨ, ਮੈਡੀਕਲ ਸਹੂਲਤਾਂ, ਲਾਇਬ੍ਰੇਰੀ, ਯੋਗਾ ਰੂਮ ਤੇ ਗੇਮ ਰੂਮ ਆਦਿ ਸਹੂਲਤਾਂ ਮੁਫ਼ਤ ਹਨ।  ਓਨ੍ਹਾਂ ਕਿਹਾ ਕਿ ਬਜ਼ੁਰਗਾਂ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਵਿਸ਼ੇਸ਼ ਪ੍ਰੋਗਰਾਮ ਸ਼ੁਰੂ ਕੀਤੇ ਜਾ ਰਹੇ ਹਨ ਅਤੇ ਸਿਹਤ ਕੈਂਪ ਵੀ ਆਉਣ ਵਾਲੇ ਦਿਨਾਂ ਵਿਚ ਸ਼ੁਰੂ ਕੀਤੇ ਜਾ ਰਹੇ ਹਨ।

ਇਸ ਮੌਕੇ ਉਨ੍ਹਾਂ “ਸਤਿਕਾਰ ਘਰ” ਵਿੱਚ ਰਹਿ ਰਹੇ ਬਿਰਧਾਂ ਨਾਲ ਮੁਲਾਕਾਤ ਕੀਤੀ ਅਤੇ ਓਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਉਨ੍ਹਾਂ ਰਾਜ ਪੱਧਰੀ ਧੀਆਂ ਦੇ ਸਮਾਗਮ ਮੌਕੇ 21 ਨਵਜੰਮੀਆਂ ਧੀਆਂ ਦਾ ਸਨਮਾਨ ਕੀਤਾ। ਇਸ ਮੌਕੇ ਸੰਬੋਧਨ ਕਰਦੇ ਹੋਏ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਸਿਰਤੋੜ ਉਪਰਾਲੇ ਕਰ ਰਹੀ ਹੈ। ਸਰਕਾਰ ਵਲੋਂ ਜਿੱਥੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ, ਓਥੇ ਕਰੋੜਾਂ ਦੇ ਵਿਕਾਸ ਕਾਰਜ ਵੀ ਜਾਰੀ ਹਨ।

ਇਸ ਮੌਕੇ ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋੜਵੰਦ ਬਜ਼ੁਰਗਾਂ ਦੀ ਬੁਢਾਪੇ ਵਿਚ ਸੇਵਾ ਸੰਭਾਲ ਦਾ ਵੱਡਾ ਉਪਰਾਲਾ ਕੀਤਾ ਹੈ। ਓਨ੍ਹਾਂ ਕਿਹਾ ਕਿ ਮਾਨਸਾ ਵਿਚ ਜਿਥੇ 40 ਕਰੋੜ ਤੋਂ ਵੱਧ ਲਾਗਤ ਨਾਲ ਸੀਵਰੇਜ ਪ੍ਰੋਜੈਕਟ ਜਾਰੀ ਹੈ, ਓਥੇ ਸੜਕਾਂ ਦੇ ਨਿਰਮਾਣ ਕਾਰਜ ਵੀ ਚੱਲ ਰਹੇ ਹਨ ਜੋ ਕਿ ਆਉਣ ਵਾਲੇ 3- 4 ਮਹੀਨਿਆਂ ਵਿਚ ਮੁਕੰਮਲ ਹੋ ਜਾਣਗੇ।
ਇਸ ਮੌਕੇ ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਸ੍ਰੀਮਤੀ ਵਿੰਮੀ ਭੁੱਲਰ ਨੇ ਕਿਹਾ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਜ਼ੁਰਗਾਂ, ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਵੱਖ ਵੱਖ ਪ੍ਰੋਜੈਕਟਾਂ ‘ਤੇ ਕੰਮ ਕਰ ਰਿਹਾ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਨਵਜੋਤ ਕੌਰ ਆਈ ਏ ਐੱਸ ਨੇ ਜਿਥੇ ਕੈਬਨਿਟ ਮੰਤਰੀ ਬਲਜੀਤ ਕੌਰ ਅਤੇ ਸਾਰੇ ਹਾਜ਼ਰੀਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਬਜ਼ੁਰਗਾਂ ਦੀ ਸੇਵਾ ਸੰਭਾਲ ਬੇਹਤਰੀਨ ਤਰੀਕੇ ਨਾਲ ਕੀਤੀ ਜਾਵੇਗੀ ਅਤੇ ਓਨ੍ਹਾਂ ਨੂੰ ਘਰ ਵਰਗਾ ਮਾਹੌਲ ਦਿੱਤਾ ਜਾਵੇਗਾ। ਇਸ ਮੌਕੇ ਮੁੱਖ ਮਹਿਮਾਨ ਡਾਕਟਰ ਬਲਜੀਤ ਕੌਰ ਵਲੋਂ ਅਲਿਮਕੋ ਅਤੇ ਨੇਕੀ ਫਾਊਂਡੇਸ਼ਨ ਦੇ ਸਹਿਯੋਗ ਨਾਲ ਦਿਵਿਆਂਗਜਨ ਨੂੰ ਵ੍ਹੀਲ ਚੇਅਰਾਂ ਅਤੇ ਐਨਕਾਂ ਦੀ ਵੰਡ ਕੀਤੀ। ਇਸ ਤੋਂ ਇਲਾਵਾ ਵਿਦਿਅਕ, ਖੇਡਾਂ ਤੇ ਹੋਰ ਖੇਤਰਾਂ ਵਿਚ ਮੋਹਰੀ ਧੀਆਂ ਦਾ ਸਨਮਾਨ ਕੀਤਾ ਅਤੇ ਬਜ਼ੁਰਗਾਂ ਨੂੰ ਪੈਨਸ਼ਨ ਪੱਤਰਾਂ ਦੀ ਵੰਡ ਕੀਤੀ ਗਈ। ਇਸ ਤੋਂ ਪਹਿਲਾਂ ਓਨ੍ਹਾਂ ਵਿਭਾਗਾਂ ਦੀਆਂ ਸਕੀਮਾਂ ਅਤੇ ਮੈਡੀਕਲ ਕੈਂਪ ਦਾ ਦੌਰਾ ਕੀਤਾ। ਇਸ ਮੌਕੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਵੰਨਗੀਆਂ ਵੀ ਪੇਸ਼ ਕੀਤੀਆਂ ਗਈਆਂ।
ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਡਾ. ਸੁਮਨ ਬੱਤਰਾ ਵਲੋਂ ਨਿਭਾਈ ਗਈ।

ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮਾਨਸਾ ਗੁਰਪ੍ਰੀਤ ਸਿੰਘ ਭੁੱਚਰ, ਚੇਅਰਮੈਨ ਮਾਰਕੀਟ ਕਮੇਟੀ ਬੁਢਲਾਡਾ ਸਤੀਸ਼ ਸਿੰਗਲਾ, ਚੇਅਰਮੈਨ ਮਾਰਕੀਟ ਕਮੇਟੀ ਭੀਖੀ ਵਰਿੰਦਰ ਸੋਨੀ, ਪ੍ਰਧਾਨ ਨਗਰ ਕੌਂਸਲ ਮਾਨਸਾ ਸੁਨੀਲ ਕੁਮਾਰ ਨੀਨੂ, ਪ੍ਰਧਾਨ ਇਸਤਰੀ ਵਿੰਗ ਸ਼ਰਨਜੀਤ ਕੌਰ, ਜ਼ੋਨ ਇੰਚਾਰਜ ਜਸਵਿੰਦਰ ਕੌਰ, ਸੰਯੁਕਤ ਸਕੱਤਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਸ੍ਰੀ ਆਨੰਦ ਸਾਗਰ ਸ਼ਰਮਾ, ਵਧੀਕ ਡਾਇਰੈਕਟਰ ਸ੍ਰੀ ਚਰਨਜੀਤ ਸਿੰਘ ਮਾਨ, ਐੱਸ.ਐੱਸ.ਪੀ ਸ੍ਰੀ ਭਾਗੀਰਥ ਸਿੰਘ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਆਕਾਸ਼ ਬਾਂਸਲ, ਅੰਡਰ ਟ੍ਰੇਨਿੰਗ ਆਈ.ਏ.ਐੱਸ ਗੁਰਲੀਨ ਕੌਰ, ਐਸ.ਡੀ.ਐੱਮ ਮਾਨਸਾ ਕਾਲਾ ਰਾਮ ਕਾਂਸਲ, ਐਸ.ਡੀ.ਐੱਮ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਐੱਸ ਡੀ ਐਮ ਬੁਢਲਾਡਾ ਗਗਨਦੀਪ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਵੀਨ ਗੜਵਾਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਇਲਾਕਾ ਵਾਸੀ ਹਾਜ਼ਰ ਸਨ।

ਟਰੱਕ ਦੀ ਟੱਕਰ ਨਾਲ ASI ਦੀ ਮੌਕੇ ’ਤੇ ਮੌਤ!

ਰੋਪੜ :- ਰੋਪੜ ਜ਼ਿਲ੍ਹੇ ਦੇ ਘਨੌਲੀ ਇਲਾਕੇ ਵਿੱਚ ਸ਼ਨੀਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਪੰਜਾਬ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ ਦੀ ਜਾਨ ਚਲੀ ਗਈ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਪੁਲਿਸ ਅਧਿਕਾਰੀ ਸੜਕ ਪਾਰ ਕਰ ਰਿਹਾ ਸੀ ਕਿ ਅਚਾਨਕ ਤੇਜ਼ ਰਫ਼ਤਾਰ ਨਾਲ ਆ ਰਹੇ ਟਰੱਕ ਨੇ ਉਸਨੂੰ ਚਪੇਟ ਵਿੱਚ ਲੈ ਲਿਆ।

ਮੌਕੇ ’ਤੇ ਹੀ ਤੋੜਿਆ ਦਮ
ਹਾਦਸਾ ਸਵੇਰੇ ਕਰੀਬ 11 ਵਜੇ ਦੇ ਆਸ-ਪਾਸ ਵਾਪਰਿਆ। ਟੱਕਰ ਇਨੀ ਭਿਆਨਕ ਸੀ ਕਿ ASI ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਪੁਲਿਸ ਕਰਮਚਾਰੀ ਘਨੌਲੀ ਪੁਲਿਸ ਚੌਕੀ ਵਿੱਚ ਤਾਇਨਾਤ ਸੀ ਅਤੇ ਡਿਊਟੀ ਸਬੰਧੀ ਕੰਮ ਕਾਰਨ ਇਲਾਕੇ ਵਿੱਚ ਮੌਜੂਦ ਸੀ।

ਮ੍ਰਿਤਕ ਦੀ ਪਛਾਣ ਅਤੇ ਪਰਿਵਾਰਕ ਪਿਛੋਕੜ
ਮਰਨ ਵਾਲੇ ASI ਦੀ ਪਛਾਣ ਅਸ਼ਵਨੀ ਕੁਮਾਰ ਵਜੋਂ ਹੋਈ ਹੈ, ਜੋ ਨੰਗਲ ਖੇਤਰ ਦੇ ਪਿੰਡ ਬਰਾਰੀ ਦਾ ਵਸਨੀਕ ਸੀ। ਉਸ ਦੇ ਪਿੱਛੇ ਪਤਨੀ ਅਤੇ ਦੋ ਪੁੱਤਰ ਸਹਾਰਾ ਰਹਿਤ ਛੱਡ ਗਏ ਹਨ। ਹਾਦਸੇ ਦੀ ਖ਼ਬਰ ਮਿਲਦੇ ਹੀ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ।

ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ
ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਨਾ ਤਾਂ ਗੱਡੀ ਰੋਕੀ ਅਤੇ ਨਾ ਹੀ ਜ਼ਖ਼ਮੀ ਪੁਲਿਸ ਅਧਿਕਾਰੀ ਨੂੰ ਹਸਪਤਾਲ ਲਿਜਾਣ ਦੀ ਕੋਈ ਕੋਸ਼ਿਸ਼ ਕੀਤੀ। ਉਹ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਦੀ ਵੀਡੀਓ ਅਤੇ ਸੀਸੀਟੀਵੀ ਫੁਟੇਜ ਸਾਹਮਣੇ ਆਉਣ ਨਾਲ ਪੁਲਿਸ ਨੂੰ ਟਰੱਕ ਦੀ ਪਛਾਣ ਕਰਨ ਵਿੱਚ ਸਹਾਇਤਾ ਮਿਲੀ ਹੈ।

ਪੁਲਿਸ ਜਾਂਚ ਤੇ ਕਾਨੂੰਨੀ ਕਾਰਵਾਈ
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ। ਡਿਪਟੀ ਸੁਪਰਡੈਂਟ ਆਫ਼ ਪੁਲਿਸ ਰਾਜਪਾਲ ਨੇ ਦੱਸਿਆ ਕਿ ਫ਼ਰਾਰ ਡਰਾਈਵਰ ਦੀ ਗ੍ਰਿਫ਼ਤਾਰੀ ਲਈ ਵਿਸ਼ੇਸ਼ ਟੀਮਾਂ ਤਿਆਰ ਕਰ ਦਿੱਤੀਆਂ ਗਈਆਂ ਹਨ ਅਤੇ ਜਲਦੀ ਹੀ ਉਸਨੂੰ ਕਾਬੂ ਕਰ ਲਿਆ ਜਾਵੇਗਾ।

ਮਾਮਲਾ ਦਰਜ
ਘਨੌਲੀ ਪੁਲਿਸ ਸਟੇਸ਼ਨ ਵਿੱਚ ਭਾਰਤੀ ਦੰਡ ਸੰਹਿਤਾ ਦੀ ਧਾਰਾ 106 ਸਮੇਤ ਹੋਰ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਹਾਦਸੇ ਦੀ ਹਰ ਪੱਖੋਂ ਜਾਂਚ ਜਾਰੀ ਹੈ।

ਸ਼੍ਰੋਮਣੀ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਗਲਤ ਤਸਵੀਰ ‘ਤੇ ਸਖ਼ਤ ਕਾਰਵਾਈ ਲਈ ਸਾਈਬਰ ਸ਼ਿਕਾਇਤ ਦਰਜ ਕਰਵਾਈ

ਅੰਮ੍ਰਿਤਸਰ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਰਟੀਫੀਸ਼ਲ ਇੰਟੈਲੀਜੈਂਸ (AI) ਦੀ ਮਦਦ ਨਾਲ ਤਿਆਰ ਕੀਤੀ ਗਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਗਲਤ ਤਸਵੀਰ ਨੂੰ ਸੋਸ਼ਲ ਮੀਡੀਆ ’ਤੇ ਪੋਸਟ ਕਰਨ ਦੇ ਮਾਮਲੇ ’ਚ ਤੁਰੰਤ ਸਖ਼ਤ ਕਾਰਵਾਈ ਲਈ ਸਾਈਬਰ ਕਰਾਈਮ ਸੈੱਲ ਕੋਲ ਸ਼ਿਕਾਇਤ ਦਰਜ ਕਰਵਾਈ। ਸ਼ਿਕਾਇਤ ਸਕੱਤਰ ਪ੍ਰਤਾਪ ਸਿੰਘ ਦੇ ਹਥਿਆਰਾਂ ਤਹਿਤ ਕੀਤੀ ਗਈ, ਜਿਸ ਵਿੱਚ ਦੋਸ਼ੀ ਦੀ ਪਛਾਣ ਕਰਕੇ ਉਸਦੇ ਖਿਲਾਫ਼ ਲਾਜ਼ਮੀ ਕਾਰਵਾਈ ਦੀ ਮੰਗ ਕੀਤੀ ਗਈ।

ਪਾਵਨ ਅਸਥਾਨ ਦੀ ਸੁਰੱਖਿਆ ਅਤੇ ਸਿੱਖ ਭਾਵਨਾਵਾਂ ਦੀ ਰੱਖਿਆ

ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖ ਧਰਮ ਦਾ ਕੇਂਦਰੀ ਅਸਥਾਨ ਹੈ, ਜਿੱਥੇ ਮਨੁੱਖਤਾ ਨੂੰ ਸ਼ਾਂਤੀ ਅਤੇ ਸਰਬਸਾਂਝੀਵਾਲਤਾ ਦਾ ਸੁਨੇਹਾ ਮਿਲਦਾ ਹੈ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਗਲਤ ਤਰੀਕੇ ਨਾਲ ਪੇਸ਼ ਕੀਤੀਆਂ ਤਸਵੀਰਾਂ ਸਿੱਖ ਭਾਵਨਾਵਾਂ ਨੂੰ ਗਹਿਰਾ ਝਟਕਾ ਪਹੁੰਚਾਉਂਦੀਆਂ ਹਨ, ਜੋ ਕਦੇ ਵੀ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ।

ਪਿਛਲੇ ਮਾਮਲਿਆਂ ‘ਤੇ ਨਿਯਮਤ ਕਾਰਵਾਈ ਦੀ ਗੈਰਹਾਜ਼ਰੀ

ਸਕੱਤਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਪਹਿਲਾਂ ਵੀ ਅਜਿਹੀਆਂ ਘਟਨਾਵਾਂ ਹੋਈਆਂ ਹਨ, ਪਰ ਉਨ੍ਹਾਂ ਦੇ ਬਾਵਜੂਦ ਪ੍ਰਭਾਵਸ਼ਾਲੀ ਕਾਰਵਾਈ ਨਾ ਹੋਣ ਨਾਲ ਸੰਸਦ ਅਤੇ ਸੰਗਤਾਂ ਵਿੱਚ ਬਹੁਤ ਸਵਾਲ ਪੈਦਾ ਹੋਏ। ਉਨ੍ਹਾਂ ਨੇ ਆਲੋਚਨਾ ਕੀਤੀ ਕਿ ਕਈ ਵਾਰੀ ਸਰਕਾਰਾਂ ਤੁਰੰਤ ਐਕਸ਼ਨ ਲੈਂਦੀਆਂ ਹਨ, ਪਰ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲਿਆਂ ਖਿਲਾਫ਼ ਢੁੱਕਵੀਂ ਕਾਰਵਾਈ ਨਾ ਹੋਣਾ ਗੰਭੀਰ ਮਾਮਲਾ ਹੈ।

ਸੰਗਤਾਂ ਲਈ ਅਪੀਲ

ਸ਼੍ਰੋਮਣੀ ਕਮੇਟੀ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਅਜਿਹੀਆਂ ਪੋਸਟਾਂ ਨੂੰ ਸ਼ੇਅਰ ਨਾ ਕੀਤਾ ਜਾਵੇ ਅਤੇ ਉਨ੍ਹਾਂ ‘ਤੇ ਕਮੈਂਟ ਨਾ ਕੀਤੇ ਜਾਣ। ਸਗੋਂ, ਸੋਸ਼ਲ ਮੀਡੀਆ ਖਾਤਿਆਂ ਦੀ ਰਿਪੋਰਟ ਕਰਕੇ ਬੰਦ ਕਰਵਾਉਣ ਵਿੱਚ ਸਹਿਯੋਗ ਕੀਤਾ ਜਾਵੇ। ਇਸ ਨਾਲ ਭਵਿੱਖ ਵਿੱਚ ਕੋਈ ਵੀ ਵਿਅਕਤੀ ਪਾਵਨ ਅਸਥਾਨਾਂ ਦੀ ਇੱਜ਼ਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਨਹੀਂ ਕਰੇਗਾ।

IPS ਮਨਿੰਦਰ ਸਿੰਘ ਮੁੜ ਸੇਵਾ ’ਚ, ਪੰਜਾਬ ਸਰਕਾਰ ਨੇ ਮੁਅੱਤਲੀ ਦੇ ਹੁਕਮ ਵਾਪਿਸ ਲਏ

ਚੰਡੀਗੜ੍ਹ :- ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ ’ਤੇ ਵੱਡਾ ਫੈਸਲਾ ਲੈਂਦਿਆਂ 2019 ਬੈਚ ਦੇ ਆਈਪੀਐੱਸ ਅਧਿਕਾਰੀ ਮਨਿੰਦਰ ਸਿੰਘ ਦੀ ਮੁਅੱਤਲੀ ਨੂੰ ਖਤਮ ਕਰ ਦਿੱਤਾ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਹੁਣ ਉਹ ਮੁੜ ਸਰਕਾਰੀ ਸੇਵਾ ਦਾ ਹਿੱਸਾ ਬਣ ਗਏ ਹਨ।

ਰਾਜਪਾਲ ਦੀ ਮਨਜ਼ੂਰੀ ਨਾਲ ਹੁਕਮ ਵਾਪਸ

ਸਰਕਾਰੀ ਰਿਕਾਰਡ ਮੁਤਾਬਕ 15 ਨਵੰਬਰ 2025 ਨੂੰ ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਮੁਅੱਤਲੀ ਆਦੇਸ਼ ਹੁਣ ਰਾਜਪਾਲ ਦੀ ਸਹਿਮਤੀ ਨਾਲ ਵਾਪਸ ਲੈ ਲਿਆ ਗਿਆ ਹੈ। ਇਹ ਕਾਰਵਾਈ ਆਲ ਇੰਡੀਆ ਸਰਵਿਸਿਜ਼ (ਡਿਸਿਪਲਿਨ ਐਂਡ ਅਪੀਲ) ਨਿਯਮਾਂ ਅਧੀਨ ਕੀਤੀ ਗਈ ਹੈ, ਜਿਸ ਨਾਲ ਮਨਿੰਦਰ ਸਿੰਘ ਦੀ ਕਾਨੂੰਨੀ ਤੌਰ ’ਤੇ ਬਹਾਲੀ ਹੋ ਗਈ ਹੈ।

ਅਗਲੀ ਤਾਇਨਾਤੀ ’ਤੇ ਅਜੇ ਸਸਪੈਂਸ

ਹਾਲਾਂਕਿ ਸਰਕਾਰ ਨੇ ਇਹ ਸਪਸ਼ਟ ਕੀਤਾ ਹੈ ਕਿ ਮਨਿੰਦਰ ਸਿੰਘ ਨੂੰ ਕਿਹੜੀ ਜਗ੍ਹਾ ਜਾਂ ਕਿਹੜੀ ਜ਼ਿੰਮੇਵਾਰੀ ਦਿੱਤੀ ਜਾਵੇਗੀ, ਇਸ ਸਬੰਧੀ ਹੁਕਮ ਵੱਖਰੇ ਤੌਰ ’ਤੇ ਜਾਰੀ ਕੀਤੇ ਜਾਣਗੇ। ਇਸ ਕਾਰਨ ਪ੍ਰਸ਼ਾਸਨਿਕ ਹਲਕਿਆਂ ਵਿੱਚ ਕਾਫੀ ਚਰਚਾ ਜਾਰੀ ਹੈ।

ਅੰਮ੍ਰਿਤਸਰ ਰੂਰਲ SSP ਦੌਰਾਨ ਹੋਈ ਸੀ ਮੁਅੱਤਲੀ

ਜ਼ਿਕਰਯੋਗ ਹੈ ਕਿ ਮਨਿੰਦਰ ਸਿੰਘ ਨੂੰ ਉਸ ਸਮੇਂ ਮੁਅੱਤਲ ਕੀਤਾ ਗਿਆ ਸੀ, ਜਦੋਂ ਉਹ ਅੰਮ੍ਰਿਤਸਰ ਰੂਰਲ ਵਿੱਚ ਐੱਸਐੱਸਪੀ ਵਜੋਂ ਤਾਇਨਾਤ ਸਨ। ਉਸ ਵੇਲੇ ਜ਼ਿਲ੍ਹੇ ਵਿੱਚ ਗੈਂਗਸਟਰ ਸਰਗਰਮੀਆਂ ਅਤੇ ਕਾਨੂੰਨ-ਵਿਵਸਥਾ ਨੂੰ ਲੈ ਕੇ ਸਰਕਾਰ ਵੱਲੋਂ ਸਖ਼ਤ ਰੁਖ਼ ਅਪਣਾਇਆ ਗਿਆ ਸੀ।

ਪੁਲਿਸ ਤੇ ਪ੍ਰਸ਼ਾਸਨਿਕ ਹਲਕਿਆਂ ’ਚ ਚਰਚਾ ਤੇਜ਼

ਮੁਅੱਤਲੀ ਖਤਮ ਹੋਣ ਤੋਂ ਬਾਅਦ ਇਹ ਫੈਸਲਾ ਪੁਲਿਸ ਵਿਭਾਗ ਅਤੇ ਸਿਵਲ ਪ੍ਰਸ਼ਾਸਨ ਵਿੱਚ ਗੰਭੀਰ ਵਿਚਾਰ-ਵਟਾਂਦਰੇ ਦਾ ਵਿਸ਼ਾ ਬਣਿਆ ਹੋਇਆ ਹੈ। ਹੁਣ ਸਭ ਦੀ ਨਜ਼ਰ ਸਰਕਾਰ ਦੇ ਅਗਲੇ ਹੁਕਮਾਂ ’ਤੇ ਟਿਕੀ ਹੋਈ ਹੈ।

ਬ੍ਰੇਕਿੰਗ – ਪੰਜਾਬ ਕੈਬਨਿਟ ‘ਚ ਅਚਾਨਕ ਫੇਰਬਦਲ, ਦੋ ਮੰਤਰੀਆਂ ਦੇ ਵਿਭਾਗ ਬਦਲੇ; ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ :- 8 ਜਨਵਰੀ ਨੂੰ ਪੰਜਾਬ ਕੈਬਨਿਟ ਵਿੱਚ ਕੀਤੇ ਗਏ ਅਚਾਨਕ ਫੇਰਬਦਲ ਨੂੰ ਹੁਣ ਸਰਕਾਰੀ ਰੂਪ ਮਿਲ ਗਿਆ ਹੈ। ਰਾਜ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ, ਜਿਸ ਨਾਲ ਦੋ ਮੰਤਰੀਆਂ ਦੇ ਵਿਭਾਗਾਂ ਵਿੱਚ ਤਬਦੀਲੀ ਨੂੰ ਅਧਿਕਾਰਕ ਤੌਰ ‘ਤੇ ਲਾਗੂ ਕਰ ਦਿੱਤਾ ਗਿਆ ਹੈ।

ਡਾ. ਰਵਜੋਤ ਸਿੰਘ ਨੂੰ ਮਿਲਿਆ ਐਨਆਰਆਈ ਵਿਭਾਗ
ਨਵੇਂ ਫੈਸਲੇ ਮੁਤਾਬਕ ਡਾ. ਰਵਜੋਤ ਸਿੰਘ ਨੂੰ ਹੁਣ ਐਨਆਰਆਈ ਮਾਮਲਿਆਂ ਨਾਲ ਜੁੜਿਆ ਵਿਭਾਗ ਸੌਂਪਿਆ ਗਿਆ ਹੈ। ਇਹ ਵਿਭਾਗ ਇਸ ਤੋਂ ਪਹਿਲਾਂ ਸੰਜੀਵ ਅਰੋੜਾ ਕੋਲ ਸੀ, ਜਿਸਦੀ ਜ਼ਿੰਮੇਵਾਰੀ ਹੁਣ ਡਾ. ਰਵਜੋਤ ਸਿੰਘ ਨਿਭਾਉਣਗੇ।

ਸੰਜੀਵ ਅਰੋੜਾ ਸੰਭਾਲਣਗੇ ਲੋਕਲ ਬਾਡੀ ਵਿਭਾਗ
ਉੱਥੇ ਹੀ ਸੰਜੀਵ ਅਰੋੜਾ ਨੂੰ ਸਥਾਨਕ ਸਰਕਾਰਾਂ ਅਰਥਾਤ ਲੋਕਲ ਬਾਡੀਜ਼ ਦਾ ਵਿਭਾਗ ਦਿੱਤਾ ਗਿਆ ਹੈ। ਇਹ ਜ਼ਿੰਮੇਵਾਰੀ ਪਹਿਲਾਂ ਡਾ. ਰਵਜੋਤ ਸਿੰਘ ਕੋਲ ਸੀ, ਜੋ ਹੁਣ ਅਰੋੜਾ ਦੇ ਹਵਾਲੇ ਕਰ ਦਿੱਤੀ ਗਈ ਹੈ।

ਰਾਜਨੀਤਕ ਹਲਕਿਆਂ ‘ਚ ਚਰਚਾ
ਕੈਬਨਿਟ ਵਿੱਚ ਇਸ ਅਚਾਨਕ ਤਬਦੀਲੀ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਕਈ ਤਰ੍ਹਾਂ ਦੀ ਚਰਚਾ ਚੱਲ ਰਹੀ ਹੈ। ਹਾਲਾਂਕਿ ਸਰਕਾਰ ਵੱਲੋਂ ਇਸ ਫੇਰਬਦਲ ਨੂੰ ਪ੍ਰਸ਼ਾਸਨਿਕ ਸੁਧਾਰਾਂ ਦੇ ਤਹਿਤ ਕੀਤਾ ਗਿਆ ਕਦਮ ਦੱਸਿਆ ਜਾ ਰਿਹਾ ਹੈ।

ਸਰਬਜੀਤ ਕੌਰ ਦੀ ਭਾਰਤ ਵਾਪਸੀ ‘ਤੇ ਅਟਕਲਾਂ, ਪਾਕਿਸਤਾਨ ਨੇ ਵਿਸ਼ੇਸ਼ ਪਰਮਿਟ ਰੋਕਿਆ, ਲਾਹੌਰ ਦੇ ਦਾਰੁਲ ਅਮਾਨ ‘ਚ ਭੇਜੀ

ਅੰਮ੍ਰਿਤਸਰ :- ਪਾਕਿਸਤਾਨ ‘ਚ ਫਸੀ ਰਹੀ ਪੰਜਾਬ ਦੀ ਨਿਵਾਸੀ ਸਰਬਜੀਤ ਕੌਰ ਦੀ ਭਾਰਤ ਵਾਪਸੀ ਦੇ ਮਾਮਲੇ ਨੇ ਹੁਣ ਨਵਾਂ ਰੁਖ ਅਖ਼ਤਿਆਰ ਕਰ ਲਿਆ ਹੈ। ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਵੱਲੋਂ ਵਿਸ਼ੇਸ਼ ਯਾਤਰਾ ਪਰਮਿਟ ਅਸਥਾਈ ਤੌਰ ‘ਤੇ ਰੋਕ ਲਏ ਜਾਣ ਕਾਰਨ ਉਸਨੂੰ ਸਖ਼ਤ ਪੁਲਸ ਨਿਗਰਾਨੀ ਹੇਠ ਲਾਹੌਰ ਸਥਿਤ ਸਰਕਾਰੀ ਸ਼ੈਲਟਰ ਹੋਮ ‘ਦਾਰੁਲ ਅਮਾਨ’ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ।

ਪਰਮਿਟ ਆਉਣ ਤੱਕ ਦਾਰੁਲ ਅਮਾਨ ‘ਚ ਰਹੇਗੀ ਸਰਬਜੀਤ
ਪਾਕਿਸਤਾਨੀ ਅਧਿਕਾਰੀਆਂ ਅਨੁਸਾਰ, ਜਦੋਂ ਤੱਕ ਭਾਰਤ ਵਾਪਸੀ ਲਈ ਸਾਰੇ ਕਾਨੂੰਨੀ ਦਸਤਾਵੇਜ਼ ਅਤੇ ਯਾਤਰਾ ਪਰਮਿਟ ਜਾਰੀ ਨਹੀਂ ਹੁੰਦੇ, ਤਦ ਤੱਕ ਸਰਬਜੀਤ ਕੌਰ ਨੂੰ ਦਾਰੁਲ ਅਮਾਨ ਵਿੱਚ ਹੀ ਰੱਖਿਆ ਜਾਵੇਗਾ। ਅਧਿਕਾਰੀਆਂ ਵੱਲੋਂ ਇਹ ਸੰਕੇਤ ਦਿੱਤੇ ਗਏ ਹਨ ਕਿ ਪਰਮਿਟ ਜਾਰੀ ਹੋਣ ਵਿੱਚ ਹਾਲੇ ਕੁਝ ਸਮਾਂ ਲੱਗ ਸਕਦਾ ਹੈ ਅਤੇ ਸੰਭਾਵਨਾ ਹੈ ਕਿ ਅਗਲੇ ਹਫ਼ਤੇ ਤੱਕ ਇਸ ‘ਤੇ ਫ਼ੈਸਲਾ ਹੋਵੇ।

ਮੈਡੀਕਲ ਜਾਂਚ ‘ਚ ਸਿਹਤ ਠੀਕ ਪਾਈ ਗਈ
ਇਸ ਦੌਰਾਨ 9 ਜਨਵਰੀ 2026 ਨੂੰ ਸਰਬਜੀਤ ਕੌਰ ਦੀ ਮੈਡੀਕਲ ਜਾਂਚ ਕਰਵਾਈ ਗਈ, ਜਿਸ ਵਿੱਚ ਉਸਦੀ ਸਿਹਤ ਸਧਾਰਣ ਦੱਸੀ ਗਈ ਹੈ। ਲਾਹੌਰ ਹਾਈਕੋਰਟ ਵਿੱਚ ਮਾਮਲੇ ਦੀ ਪੈਰਵੀ ਕਰ ਰਹੇ ਵਕੀਲ ਅਲੀ ਚੰਗੇਜ਼ੀ ਸੰਧੂ ਵੱਲੋਂ ਕਾਨੂੰਨੀ ਪ੍ਰਕਿਰਿਆ ਨੂੰ ਤੇਜ਼ ਕਰਨ ਦੀ ਕੋਸ਼ਿਸ਼ ਜਾਰੀ ਹੈ।

ਕਿਵੇਂ ਬਣਿਆ ਇਹ ਮਾਮਲਾ ਵਿਵਾਦੀ?
ਸਰਬਜੀਤ ਕੌਰ 4 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 1932 ਸ਼ਰਧਾਲੂਆਂ ਦੇ ਜਥੇ ਨਾਲ ਅੰਮ੍ਰਿਤਸਰ ਤੋਂ ਪਾਕਿਸਤਾਨ ਗਈ ਸੀ। 13 ਨਵੰਬਰ ਨੂੰ ਜਦੋਂ ਜਥਾ ਵਾਪਸ ਆਇਆ, ਉਸ ਵੇਲੇ ਸਰਬਜੀਤ ਕੌਰ ਲਾਪਤਾ ਪਾਈ ਗਈ। ਬਾਅਦ ਵਿੱਚ ਸੋਸ਼ਲ ਮੀਡੀਆ ‘ਤੇ ਉਸ ਨਾਲ ਜੁੜੀਆਂ ਤਸਵੀਰਾਂ, ਨਿਕਾਹਨਾਮਾ ਅਤੇ ਵੀਡੀਓ ਵਾਇਰਲ ਹੋਏ, ਜਿਨ੍ਹਾਂ ਵਿੱਚ ਉਸਨੇ ਇਸਲਾਮ ਧਰਮ ਕਬੂਲ ਕਰਨ ਅਤੇ ਸ਼ੇਖੂਪੁਰਾ ਨਿਵਾਸੀ ਨਾਸਿਰ ਉਰਫ਼ ਨੂਰ ਹੁਸੈਨ ਨਾਲ ਨਿਕਾਹ ਕਰਨ ਦਾ ਦਾਅਵਾ ਕੀਤਾ ਸੀ।

ਪਾਸਪੋਰਟ ਗੁਰਦੁਆਰਾ ਸਾਹਿਬ ‘ਚ ਕੀਤਾ ਸੀ ਜਮ੍ਹਾ
ਜਾਣਕਾਰੀ ਮੁਤਾਬਕ ਸਰਬਜੀਤ ਕੌਰ ਨੇ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿੱਚ ਆਪਣਾ ਪਾਸਪੋਰਟ ਜਮ੍ਹਾ ਕਰਵਾਇਆ ਸੀ, ਜਿਥੋਂ ਉਸਦਾ ਵੀਜ਼ਾ ਲੱਗਿਆ। ਹੁਣ ਇਹ ਮਾਮਲਾ ਭਾਰਤ ਅਤੇ ਪਾਕਿਸਤਾਨ ਦਰਮਿਆਨ ਇੱਕ ਸੰਵੇਦਨਸ਼ੀਲ ਮਾਨਵਤਾਵਾਦੀ ਅਤੇ ਕਾਨੂੰਨੀ ਮੁੱਦੇ ਦਾ ਰੂਪ ਧਾਰ ਚੁੱਕਾ ਹੈ।

ਸਭ ਦੀਆਂ ਨਜ਼ਰਾਂ ਪਾਕਿਸਤਾਨ ਸਰਕਾਰ ‘ਤੇ
ਫਿਲਹਾਲ ਸਰਬਜੀਤ ਕੌਰ ਦੀ ਭਾਰਤ ਵਾਪਸੀ ਪਾਕਿਸਤਾਨ ਸਰਕਾਰ ਵੱਲੋਂ ਵਿਸ਼ੇਸ਼ ਪਰਮਿਟ ਜਾਰੀ ਕਰਨ ਨਾਲ ਹੀ ਸੰਭਵ ਹੈ। ਇਸ ਮਾਮਲੇ ‘ਚ ਦੋਵਾਂ ਦੇਸ਼ਾਂ ਦੀਆਂ ਅਧਿਕਾਰਤ ਕਾਰਵਾਈਆਂ ‘ਤੇ ਸਾਰਿਆਂ ਦੀ ਨਜ਼ਰ ਟਿਕੀ ਹੋਈ ਹੈ।

ਗੁਰੂ ਸਾਹਿਬਾਨਾਂ ਨੂੰ ਸਿਆਸਤ ਨਾਲ ਜੋੜਨਾ ਅਪਮਾਨਜਨਕ, ਗਲਤ ਵੀਡੀਓ ਵਾਇਰਲ ਕਰਨ ਵਾਲਿਆਂ ‘ਤੇ ਹੋਵੇ ਕਾਨੂੰਨੀ ਕਾਰਵਾਈ: ਧਾਲੀਵਾਲ

ਅੰਮ੍ਰਿਤਸਰ :- ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਗੁਰੂਆਂ, ਪੀਰਾਂ ਅਤੇ ਸੰਤਾਂ ਦੀ ਪਵਿੱਤਰ ਧਰਤੀ ਹੈ, ਜਿੱਥੇ ਧਾਰਮਿਕ ਭਾਵਨਾਵਾਂ ਨਾਲ ਖਿਲਵਾਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਆਰੋਪ ਲਗਾਇਆ ਕਿ ਭਾਜਪਾ ਵੱਲੋਂ ਪਹਿਲਾਂ ਹੀ ਪੰਜਾਬ ਨਾਲ ਧੱਕੇਸ਼ਾਹੀ ਕੀਤੀ ਗਈ ਹੈ ਅਤੇ ਹੁਣ ਗੁਰੂ ਸਾਹਿਬਾਨਾਂ ਨੂੰ ਵੀ ਸਿਆਸੀ ਵਿਵਾਦਾਂ ਵਿੱਚ ਘਸੀਟਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਆਪ ਸਰਕਾਰ ਗੁਰੂਆਂ ਅੱਗੇ ਸਦਾ ਨਿਵਾਂਦੀ ਆਈ ਸਿਰ
ਧਾਲੀਵਾਲ ਨੇ ਸਪਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਸਰਕਾਰ ਹਮੇਸ਼ਾਂ ਦਸਾਂ ਗੁਰੂਆਂ ਅੱਗੇ ਸਿਰ ਨਿਵਾਂਦੀ ਆਈ ਹੈ ਅਤੇ ਭਵਿੱਖ ਵਿੱਚ ਵੀ ਗੁਰੂ ਪਰੰਪਰਾ ਤੇ ਸਨਮਾਨ ਨੂੰ ਪਹਿਲ ਦਿੱਤੀ ਜਾਵੇਗੀ।

ਗਲਤ ਵੀਡੀਓ ਸ਼ੇਅਰ ਕਰਨਾ ਗੰਭੀਰ ਗਲਤੀ
ਉਨ੍ਹਾਂ ਅਕਾਲੀ ਦਲ, ਕਾਂਗਰਸ ਅਤੇ ਹੋਰ ਸਿਆਸੀ ਨੇਤਾਵਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਬਿਨਾਂ ਤਸਦੀਕ ਕੀਤੀ ਗਲਤ ਅਤੇ ਤੋੜਮਰੋੜ ਕੀਤੀ ਵੀਡੀਓ ਨੂੰ ਸ਼ੇਅਰ ਕਰਨਾ ਬਹੁਤ ਹੀ ਗੰਭੀਰ ਮਾਮਲਾ ਹੈ, ਜੋ ਸਮਾਜ ਵਿੱਚ ਤਣਾਅ ਪੈਦਾ ਕਰ ਸਕਦਾ ਹੈ।

ਕਾਨੂੰਨ ਸਭ ਲਈ ਬਰਾਬਰ ਹੋਵੇ
ਧਾਲੀਵਾਲ ਨੇ ਮੰਗ ਕੀਤੀ ਕਿ ਜਿਨ੍ਹਾਂ ਵੀ ਵਿਅਕਤੀਆਂ ਜਾਂ ਗਰੁੱਪਾਂ ਵੱਲੋਂ ਇਸ ਤਰ੍ਹਾਂ ਦੀ ਵੀਡੀਓ ਨੂੰ ਵਾਇਰਲ ਕੀਤਾ ਗਿਆ ਹੈ, ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ, ਕਿਉਂਕਿ ਕਾਨੂੰਨ ਸਭ ਲਈ ਇਕੋ ਜਿਹਾ ਹੈ ਅਤੇ ਕਿਸੇ ਨੂੰ ਵੀ ਇਸ ਤੋਂ ਉਪਰ ਨਹੀਂ ਰੱਖਿਆ ਜਾ ਸਕਦਾ।

ਡਲ ਝੀਲ ‘ਤੇ ਜੰਮੀ ਬਰਫ਼ ਦੀ ਪਰਤ, ਕਸ਼ਮੀਰ ਵਾਦੀ ‘ਚ ਸਰਦੀ ਨੇ ਫੜਿਆ ਪੂਰਾ ਜੋਰ

ਸ੍ਰੀ ਨਗਰ :- ਸਰਦੀ ਨੇ ਉੱਤਰ ਭਾਰਤ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਆਪਣੀ ਪੂਰੀ ਤਾਕਤ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ। ਕਸ਼ਮੀਰ ਵਾਦੀ ਵਿੱਚ ਸ਼ਨੀਚਰਵਾਰ ਨੂੰ ਤਾਪਮਾਨ ਹੋਰ ਡਿੱਗਣ ਨਾਲ ਸ਼੍ਰੀਨਗਰ ਦੀ ਮਸ਼ਹੂਰ ਡਲ ਝੀਲ ‘ਤੇ ਬਰਫ਼ ਦੀ ਪਤਲੀ ਪਰਤ ਜਮ ਗਈ, ਜਿਸ ਨਾਲ ਇਲਾਕੇ ਵਿੱਚ ਕੜਾਕੇ ਦੀ ਠੰਢ ਦਾ ਅਹਿਸਾਸ ਹੋਰ ਗਹਿਰਾ ਹੋ ਗਿਆ।

ਉੱਤਰ ਤੇ ਮੱਧ ਭਾਰਤ ‘ਚ ਕੋਹਰੇ ਦੀ ਚਾਦਰ

ਦੂਜੇ ਪਾਸੇ, ਦੇਸ਼ ਦੇ ਕਈ ਸ਼ਹਿਰ—ਆਗਰਾ, ਮੁਰਾਦਾਬਾਦ, ਪਟਨਾ, ਮੁੰਬਈ ਅਤੇ ਰਾਸ਼ਟਰੀ ਰਾਜਧਾਨੀ ਦਿੱਲੀ—ਸਵੇਰੇ ਸਮੇਂ ਘਣੇ ਕੋਹਰੇ ਦੀ ਲਪੇਟ ‘ਚ ਰਹੇ। ਕੋਹਰੇ ਕਾਰਨ ਵਿਜ਼ੀਬਿਲਟੀ ਘੱਟ ਰਹੀ, ਜਿਸ ਨਾਲ ਕਈ ਥਾਵਾਂ ‘ਤੇ ਟਰੈਫਿਕ ਦੀ ਰਫ਼ਤਾਰ ਪ੍ਰਭਾਵਿਤ ਹੋਈ।

ਜੈਸਲਮੇਰ ‘ਚ ਅੱਗ ਸੇਕ ਕੇ ਸਰਦੀ ਨਾਲ ਮੁਕਾਬਲਾ

ਰਾਜਸਥਾਨ ਦੇ ਜੈਸਲਮੇਰ ‘ਚ ਪੱਛਮੀ ਵਿਘਨ ਦੇ ਅਸਰ ਕਾਰਨ ਧੁੰਦ ਅਤੇ ਹਲਕੀ ਮਿਸਟ ਛਾਈ ਰਹੀ। ਸਥਾਨਕ ਲੋਕ ਅਲਾਵਾਂ ਦੇ ਆਲੇ-ਦੁਆਲੇ ਬੈਠ ਕੇ ਆਪਣੇ ਆਪ ਨੂੰ ਗਰਮ ਰੱਖਦੇ ਨਜ਼ਰ ਆਏ। ਇਲਾਕੇ ਦੇ ਸਾਰੇ ਸੈਲਾਨੀ ਸਥਾਨ ਕੋਹਰੇ ਦੀ ਚਾਦਰ ਨਾਲ ਢੱਕੇ ਰਹੇ, ਫਿਰ ਵੀ ਦੇਸ਼-ਵਿਦੇਸ਼ ਤੋਂ ਆਏ ਸੈਲਾਨੀ ਠੰਢੇ ਮੌਸਮ ਦਾ ਆਨੰਦ ਲੈਂਦੇ ਰਹੇ। ਇਥੇ ਘੱਟੋ-ਘੱਟ ਤਾਪਮਾਨ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਹਾਈਵੇਅਜ਼ ‘ਤੇ ਆਵਾਜਾਈ ਹੌਲੀ

ਘਣੇ ਕੋਹਰੇ ਕਾਰਨ ਕਈ ਰਾਸ਼ਟਰੀ ਮਾਰਗਾਂ ‘ਤੇ ਵਾਹਨਾਂ ਦੀ ਚਾਲ ਸੁਸਤ ਪੈ ਗਈ। ਡਰਾਈਵਰਾਂ ਨੂੰ ਖਾਸ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।

ਮੌਸਮ ਵਿਭਾਗ ਦੀ ਚੇਤਾਵਨੀ

ਭਾਰਤੀ ਮੌਸਮ ਵਿਭਾਗ ਮੁਤਾਬਕ ਅਗਲੇ ਦੋ ਦਿਨਾਂ ਦੌਰਾਨ ਪੂਰਬੀ ਰਾਜਸਥਾਨ, ਬਿਹਾਰ, ਪੰਜਾਬ, ਹਰਿਆਣਾ, ਚੰਡੀਗੜ੍ਹ, ਪੱਛਮੀ ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ ‘ਕੋਲਡ ਡੇ’ ਦੀ ਸਥਿਤੀ ਬਣੀ ਰਹਿ ਸਕਦੀ ਹੈ। 10 ਤੋਂ 14 ਜਨਵਰੀ ਤੱਕ ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਉੱਤਰਾਖੰਡ, ਮੱਧ ਪ੍ਰਦੇਸ਼, ਛੱਤੀਸਗੜ੍ਹ, ਝਾਰਖੰਡ, ਬਿਹਾਰ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਸੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਦਿੱਲੀ ‘ਚ ਠੰਢ ਨਾਲ ਨਾਲ ਪ੍ਰਦੂਸ਼ਣ ਦੀ ਮਾਰ

ਰਾਜਧਾਨੀ ਦਿੱਲੀ ਵਿੱਚ ਸ਼ਨੀਚਰਵਾਰ ਸਵੇਰੇ ਹਲਕੀ ਧੁੰਦ ਛਾਈ ਰਹੀ ਅਤੇ ਤਾਪਮਾਨ 5.4 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਠੰਢ ਦੇ ਨਾਲ ਨਾਲ ਹਵਾ ਦੀ ਗੁਣਵੱਤਾ ਨੇ ਵੀ ਚਿੰਤਾ ਵਧਾ ਦਿੱਤੀ। ਕੇਂਦਰੀ ਪ੍ਰਦੂਸ਼ਣ ਨਿਯੰਤਰਣ ਬੋਰਡ ਅਨੁਸਾਰ ਸਵੇਰੇ 7 ਵਜੇ ਤੱਕ ਸ਼ਹਿਰ ਦਾ ਕੁੱਲ ਏਅਰ ਕੁਆਲਟੀ ਇੰਡੈਕਸ 361 ਦਰਜ ਕੀਤਾ ਗਿਆ, ਜੋ ‘ਬਹੁਤ ਖ਼ਰਾਬ’ ਸ਼੍ਰੇਣੀ ‘ਚ ਆਉਂਦਾ ਹੈ।

ਕਈ ਇਲਾਕਿਆਂ ‘ਚ AQI 400 ਤੋਂ ਪਾਰ

ਦਿੱਲੀ ਦੇ ਕਈ ਹਿੱਸਿਆਂ ਵਿੱਚ ਪ੍ਰਦੂਸ਼ਣ ਖ਼ਤਰਨਾਕ ਪੱਧਰ ‘ਤੇ ਪਹੁੰਚ ਗਿਆ। ਨੇਹਰੂ ਨਗਰ, ਦਵਾਰਕਾ, ਆਰ.ਕੇ. ਪੁਰਮ, ਪਟਪੜਗੰਜ ਅਤੇ ਚਾਂਦਨੀ ਚੌਕ ਵਰਗੇ ਇਲਾਕਿਆਂ ਵਿੱਚ AQI 300 ਤੋਂ ਉੱਪਰ ਦਰਜ ਕੀਤਾ ਗਿਆ। ਹਾਲਾਂਕਿ ਆਈ.ਜੀ.ਆਈ. ਏਅਰਪੋਰਟ ਦੇ ਕੁਝ ਹਿੱਸਿਆਂ ਵਿੱਚ ਹਵਾ ਦੀ ਗੁਣਵੱਤਾ ਥੋੜ੍ਹੀ ਬਿਹਤਰ ਰਹੀ, ਪਰ ਉਹ ਵੀ ‘ਖ਼ਰਾਬ’ ਸ਼੍ਰੇਣੀ ‘ਚ ਹੀ ਸੀ।

ਮੌਸਮ ਵਿਭਾਗ ਅਤੇ ਸਿਹਤ ਮਾਹਿਰਾਂ ਨੇ ਲੋਕਾਂ ਨੂੰ ਬਿਨਾਂ ਲੋੜ ਘਰੋਂ ਬਾਹਰ ਨਿਕਲਣ ਤੋਂ ਪਰਹੇਜ਼ ਕਰਨ ਅਤੇ ਠੰਢ ਨਾਲ ਨਾਲ ਪ੍ਰਦੂਸ਼ਣ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ।

PPSC ਵੱਲੋਂ PCS ਪ੍ਰੀਲਿਮੀਨਰੀ ਪ੍ਰੀਖਿਆ ਦਾ ਨਤੀਜਾ ਜਾਰੀ, ਕਰੋ ਚੈੱਕ….

ਚੰਡੀਗੜ੍ਹ :- ਪੰਜਾਬ ਪਬਲਿਕ ਸਰਵਿਸ ਕਮਿਸ਼ਨ ਨੇ ਪੰਜਾਬ ਰਾਜ ਸਿਵਲ ਸੇਵਾਵਾਂ ਸੰਯੁਕਤ ਪ੍ਰਤੀਯੋਗੀ ਪ੍ਰੀਖਿਆ–2025 ਤਹਿਤ ਕਰਵਾਈ ਗਈ ਪ੍ਰੀਲਿਮੀਨਰੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਹੈ। ਇਹ ਭਰਤੀ ਪ੍ਰਕਿਰਿਆ ਰਾਜ ਦੇ ਵੱਖ-ਵੱਖ ਵਿਭਾਗਾਂ ਵਿੱਚ ਭਰੀਆਂ ਜਾਣ ਵਾਲੀਆਂ ਕੁੱਲ 331 ਅਸਾਮੀਆਂ ਨਾਲ ਸੰਬੰਧਿਤ ਹੈ।

ਆਧਿਕਾਰਿਕ ਵੈੱਬਸਾਈਟ ‘ਤੇ ਉਪਲਬਧ ਨਤੀਜਾ

ਕਮਿਸ਼ਨ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਉਮੀਦਵਾਰ ਆਪਣਾ ਨਤੀਜਾ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀ ਸਰਕਾਰੀ ਵੈੱਬਸਾਈਟ ‘ਤੇ ਜਾ ਕੇ ਦੇਖ ਸਕਦੇ ਹਨ। ਨਤੀਜੇ ਨਾਲ ਸੰਬੰਧਿਤ ਸੂਚੀ ਆਨਲਾਈਨ ਉਪਲਬਧ ਕਰਵਾ ਦਿੱਤੀ ਗਈ ਹੈ।

85 ਹਜ਼ਾਰ ਤੋਂ ਵੱਧ ਰਜਿਸਟ੍ਰੇਸ਼ਨ, ਕਰੀਬ 33 ਹਜ਼ਾਰ ਨੇ ਦਿੱਤੀ ਪ੍ਰੀਖਿਆ

ਜਾਣਕਾਰੀ ਮੁਤਾਬਕ PCSCCE-2025 ਪ੍ਰੀਲਿਮੀਨਰੀ ਪ੍ਰੀਖਿਆ ਲਈ ਕੁੱਲ 85,192 ਉਮੀਦਵਾਰਾਂ ਨੇ ਰਜਿਸਟ੍ਰੇਸ਼ਨ ਕਰਵਾਈ ਸੀ, ਜਿਨ੍ਹਾਂ ਵਿੱਚੋਂ ਲਗਭਗ 33,000 ਉਮੀਦਵਾਰਾਂ ਨੇ ਪ੍ਰੀਖਿਆ ਕੇਂਦਰਾਂ ‘ਤੇ ਹਾਜ਼ਰੀ ਲਗਾਈ।

ਮੇਨਜ਼ ਪ੍ਰੀਖਿਆ ਲਈ ਮਿਲੇਗਾ ਤਿਆਰੀ ਦਾ ਵਾਫ਼ਰ ਸਮਾਂ

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਮੇਜਰ ਜਨਰਲ ਵਿਨਾਇਕ ਸੈਣੀ (SM, VSM) ਵੱਲੋਂ ਪਹਿਲਾਂ ਹੀ ਸਪਸ਼ਟ ਕੀਤਾ ਜਾ ਚੁੱਕਾ ਹੈ ਕਿ PCS ਮੇਨਜ਼ ਪ੍ਰੀਖਿਆ ਅਸਥਾਈ ਤੌਰ ‘ਤੇ ਅਗਲੇ ਸਾਲ ਮਾਰਚ ਦੇ ਅਖੀਰ ਜਾਂ ਅਪ੍ਰੈਲ ਮਹੀਨੇ ਵਿੱਚ ਕਰਵਾਈ ਜਾਵੇਗੀ। ਇਸ ਫ਼ੈਸਲੇ ਦਾ ਮਕਸਦ ਉਮੀਦਵਾਰਾਂ ਨੂੰ ਲਗਭਗ ਤਿੰਨ ਮਹੀਨੇ ਦਾ ਪੂਰਾ ਤਿਆਰੀ ਸਮਾਂ ਮੁਹੱਈਆ ਕਰਵਾਉਣਾ ਹੈ।

ਅਗਲੇ ਦੌਰ ਲਈ ਵਧੀ ਉਮੀਦਵਾਰਾਂ ਦੀ ਉਮੀਦ

ਪ੍ਰੀਲਿਮੀਨਰੀ ਨਤੀਜੇ ਦੇ ਐਲਾਨ ਨਾਲ ਹੀ ਹੁਣ ਚੁਣੇ ਗਏ ਉਮੀਦਵਾਰ ਮੇਨਜ਼ ਪ੍ਰੀਖਿਆ ਦੀ ਤਿਆਰੀ ਵਿੱਚ ਜੁੱਟ ਗਏ ਹਨ। PCS ਭਰਤੀ ਨੂੰ ਪੰਜਾਬ ਦੀ ਸਭ ਤੋਂ ਪ੍ਰਤਿਸ਼ਠਿਤ ਪ੍ਰਸ਼ਾਸਕੀ ਭਰਤੀਆਂ ਵਿੱਚ ਸ਼ੁਮਾਰ ਕੀਤਾ ਜਾਂਦਾ ਹੈ।