ਗਿਆਨੀ ਹਰਪ੍ਰੀਤ ਸਿੰਘ ਤੇ ਕਰੀਮਪੁਰੀ ਵਿਚਕਾਰ ਮੁਲਾਕਾਤ
ਗੱਠਜੋੜ ਦੀਆਂ ਸੰਭਾਵਨਾਵਾਂ ਦਰਮਿਆਨ ਫਰੀਦਕੋਟ ਵਿਖੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਬਸਪਾ ਦੇ ਸੀਨੀਅਰ ਆਗੂ ਅਵਤਾਰ ਸਿੰਘ ਕਰੀਮਪੁਰੀ ਵਿਚਕਾਰ ਅਹਿਮ ਮੀਟਿੰਗ ਹੋਈ। ਇਸ ਦੌਰਾਨ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਾਂਝੀ ਰਣਨੀਤੀ ਅਤੇ ਮਿਲ ਕੇ ਚੋਣ ਲੜਨ ਦੀਆਂ ਸੰਭਾਵਨਾਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।
ਰਸਮੀ ਐਲਾਨ ਦੀ ਉਡੀਕ
ਸਿਆਸੀ ਹਲਕਿਆਂ ਵਿੱਚ ਚੱਲ ਰਹੀ ਚਰਚਾ ਮੁਤਾਬਕ ਦੋਵਾਂ ਧਿਰਾਂ ਵਿਚਕਾਰ ਸੀਟਾਂ ਦੀ ਵੰਡ ਅਤੇ ਚੋਣਾਂ ਇਕੱਠਿਆਂ ਲੜਨ ਸਬੰਧੀ ਸਹਿਮਤੀ ਬਣ ਚੁੱਕੀ ਹੈ। ਹਾਲਾਂਕਿ, ਗੱਠਜੋੜ ਦੀਆਂ ਸ਼ਰਤਾਂ ਅਤੇ ਸੀਟਾਂ ਦੀ ਵੰਡ ਬਾਰੇ ਅਧਿਕਾਰਤ ਵੇਰਵੇ ਸਾਹਮਣੇ ਨਹੀਂ ਆਏ ਹਨ। ਦੋਵਾਂ ਪਾਰਟੀਆਂ ਵੱਲੋਂ ਇਸ ਸਬੰਧੀ ਜਲਦ ਰਸਮੀ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ।
ਭਾਜਪਾ-ਅਕਾਲੀ ਗੱਠਜੋੜ ਦੀ ਚਰਚਾ ਵਿਚਕਾਰ ਨਵਾਂ ਸਮੀਕਰਨ
ਦੂਜੇ ਪਾਸੇ ਪੰਜਾਬ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਮੁੜ ਸਿਆਸੀ ਸਾਂਝ ਬਣਨ ਦੀਆਂ ਚਰਚਾਵਾਂ ਵੀ ਚੱਲ ਰਹੀਆਂ ਹਨ। ਅਜਿਹੇ ਮਾਹੌਲ ਵਿੱਚ ਅਕਾਲੀ ਦਲ (ਪੁਨਰ ਸੁਰਜੀਤ) ਅਤੇ ਬਸਪਾ ਦੀ ਨੇੜਤਾ ਨੂੰ ਆਗਾਮੀ ਚੋਣਾਂ ਦੇ ਨਜ਼ਰੀਏ ਤੋਂ ਅਹਿਮ ਮੰਨਿਆ ਜਾ ਰਿਹਾ ਹੈ। ਇਸ ਸੰਭਾਵੀ ਗੱਠਜੋੜ ਨਾਲ ਪੰਜਾਬ ਦੀ ਚੋਣ ਸਿਆਸਤ ਵਿੱਚ ਨਵੇਂ ਸਮੀਕਰਨ ਬਣ ਸਕਦੇ ਹਨ।