ਲੁਧਿਆਣਾ :- ਵਿਦੇਸ਼ ਵਿੱਚ ਰੁਜ਼ਗਾਰ ਅਤੇ ਬਿਹਤਰ ਭਵਿੱਖ ਦੀ ਤਲਾਸ਼ ਵਿੱਚ ਗਏ ਪੰਜਾਬੀ ਨੌਜਵਾਨਾਂ ਨਾਲ ਵਾਪਰ ਰਹੀਆਂ ਮੰਦਭਾਗੀਆਂ ਘਟਨਾਵਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇਸੇ ਕੜੀ ਤਹਿਤ ਅਮਰੀਕਾ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਲੁਧਿਆਣਾ ਜ਼ਿਲ੍ਹੇ ਦੇ ਮਾਛੀਵਾੜਾ ਸਾਹਿਬ ਨੇੜਲੇ ਪਿੰਡ ਹੇਡੋਂ ਬੇਟ ਦੇ ਰਹਿਣ ਵਾਲੇ 27 ਸਾਲਾ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ।
ਘਰ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ
ਮ੍ਰਿਤਕ ਦੀ ਪਛਾਣ ਸੇਖਪ੍ਰੀਤ ਸਿੰਘ ਉਰਫ਼ ਸੇਖੀ ਵਜੋਂ ਹੋਈ ਹੈ। ਪਰਿਵਾਰਕ ਜਾਣਕਾਰੀ ਅਨੁਸਾਰ ਉਹ ਕਰੀਬ ਤਿੰਨ ਸਾਲ ਪਹਿਲਾਂ ਰੁਜ਼ਗਾਰ ਲਈ ਅਮਰੀਕਾ ਗਿਆ ਸੀ ਅਤੇ ਉੱਥੇ ਟਰਾਲਾ ਚਲਾ ਕੇ ਆਪਣਾ ਗੁਜ਼ਾਰਾ ਕਰ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨ ਉਹ ਆਪਣਾ ਟਰਾਲਾ ਪਾਰਕ ਕਰਨ ਤੋਂ ਬਾਅਦ ਕਾਰ ਰਾਹੀਂ ਘਰ ਵੱਲ ਜਾ ਰਿਹਾ ਸੀ। ਇਸ ਦੌਰਾਨ ਉੱਤਰੀ ਫਿਲਾਡੈਲਫੀਆ ਵਿੱਚ 21ਵੀਂ ਸਟਰੀਟ ਅਤੇ ਸੈਸਲ ਚੌਰਾਹੇ ਨੇੜੇ ਉਸ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਹਾਲ ਹੀ ਵਿੱਚ ਖਰੀਦੀ ਸੀ ਨਵੀਂ ਗੱਡੀ
ਪਰਿਵਾਰਕ ਮੈਂਬਰਾਂ ਮੁਤਾਬਕ ਸੇਖਪ੍ਰੀਤ ਸਿੰਘ ਨੇ ਕੁਝ ਸਮਾਂ ਪਹਿਲਾਂ ਹੀ ਨਵੀਂ ਰੂਬੀਕੋਨ ਕਾਰ ਖਰੀਦੀ ਸੀ। ਹਾਦਸਾ ਉਸੇ ਦੌਰਾਨ ਵਾਪਰਿਆ ਜਦੋਂ ਉਹ ਇਸ ਕਾਰ ਰਾਹੀਂ ਆਪਣੇ ਟਿਕਾਣੇ ਵੱਲ ਪਰਤ ਰਿਹਾ ਸੀ।
ਇਕਲੌਤੇ ਪੁੱਤਰ ਦੀ ਮੌਤ ਨਾਲ ਪਿੰਡ ‘ਚ ਸੋਗ
ਸੇਖਪ੍ਰੀਤ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦੀ ਅਚਾਨਕ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਪਿੰਡ ਹੇਡੋਂ ਬੇਟ ਅਤੇ ਆਸ-ਪਾਸ ਦੇ ਇਲਾਕੇ ਵਿੱਚ ਵੀ ਗਮ ਦਾ ਮਾਹੌਲ ਹੈ ਅਤੇ ਲੋਕ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਪਹੁੰਚ ਰਹੇ ਹਨ।

