ਜਲੰਧਰ :- ਜਲੰਧਰ ਦੇ ਰਾਜਾ ਗਾਰਡਨ ਇਲਾਕੇ ਵਿੱਚ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੀ ਤਿੱਖੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਦੌਰਾਨ ਗੁਰਬਾਣੀ ਅਤੇ ਧਾਰਮਿਕ ਸਰੂਪਾਂ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜੋ ਬਹੁਤ ਹੀ ਚਿੰਤਾਜਨਕ ਗੱਲ ਹੈ।
‘ਸਖ਼ਤ ਕਾਰਵਾਈ ਨਾ ਹੋਣ ਕਾਰਨ ਵਧ ਰਹੇ ਦੋਸ਼ੀਆਂ ਦੇ ਹੌਸਲੇ’
ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਅਜਿਹੇ ਮਾਮਲਿਆਂ ਵਿੱਚ ਲੋੜੀਂਦੀ ਸਖ਼ਤੀ ਨਾ ਦਿਖਾਉਣ ਕਾਰਨ ਦੋਸ਼ੀਆਂ ਦੇ ਹੌਸਲੇ ਬੁਲੰਦ ਹੋ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਇੱਕ ਪਾਸੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ ਵਿੱਚ ਸੋਧ ਕਰਕੇ ਸਖ਼ਤ ਸਜ਼ਾਵਾਂ ਦੀ ਗੱਲ ਕਰ ਰਹੀ ਹੈ, ਪਰ ਦੂਜੇ ਪਾਸੇ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਕੰਮ ਕਰ ਰਹੇ ਲੋਕਾਂ ਨੂੰ ਬੇਨਕਾਬ ਕਰਨ ਵਿੱਚ ਨਾਕਾਮ ਸਾਬਤ ਹੋ ਰਹੀ ਹੈ।
‘ਗੁਰਬਾਣੀ ਸਰਬਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ’
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਬਾਣੀ ਮਨੁੱਖਤਾ ਨੂੰ ਸੱਚੇ ਜੀਵਨ ਦੀ ਸੇਧ ਦਿੰਦੀ ਹੈ ਅਤੇ ਭਾਈਚਾਰੇ ਤੇ ਸਰਬਸਾਂਝੀਵਾਲਤਾ ਦਾ ਉਪਦੇਸ਼ ਕਰਦੀ ਹੈ। ਅਜਿਹੀਆਂ ਘਟਨਾਵਾਂ ਨਾ ਸਿਰਫ਼ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ, ਸਗੋਂ ਪੰਜਾਬ ਦੀ ਸਮਾਜਿਕ ਸਾਂਝ ਅਤੇ ਸ਼ਾਂਤੀ ਲਈ ਵੀ ਖ਼ਤਰਾ ਬਣ ਰਹੀਆਂ ਹਨ।
ਸਾਜ਼ਿਸ਼ਕਰਤਿਆਂ ਨੂੰ ਬੇਨਕਾਬ ਕਰਨ ਦੀ ਮੰਗ
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ ਕਿ ਸਿਰਫ਼ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨਾ ਹੀ ਕਾਫ਼ੀ ਨਹੀਂ, ਸਗੋਂ ਇਨ੍ਹਾਂ ਘਟਨਾਵਾਂ ਦੇ ਪਿੱਛੇ ਕੰਮ ਕਰ ਰਹੀਆਂ ਤਾਕਤਾਂ ਨੂੰ ਵੀ ਸਾਹਮਣੇ ਲਿਆਇਆ ਜਾਵੇ। ਉਨ੍ਹਾਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ।
ਸੰਗਤਾਂ ਨੂੰ ਵੀ ਕੀਤੀ ਅਪੀਲ
ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਘਰਾਂ ਵਿੱਚ ਰੱਖੇ ਗੁਟਕਾ ਸਾਹਿਬ ਅਤੇ ਪਾਵਨ ਪੋਥੀਆਂ ਦੀ ਮਰਯਾਦਾ ਅਨੁਸਾਰ ਸੰਭਾਲ ਅਤੇ ਸਤਿਕਾਰ ਵੱਲ ਖ਼ਾਸ ਧਿਆਨ ਦਿੱਤਾ ਜਾਵੇ, ਤਾਂ ਜੋ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।

