ਸ੍ਰੀ ਮੁਕਤਸਰ ਸਾਹਿਬ :- ਲੰਬੀ ਹਲਕੇ ਦੇ ਪਿੰਡ ਮਿੱਡੂਖੇੜਾ ਵਿੱਚ 23 ਸਾਲਾ ਨੌਜਵਾਨ ਸੰਦੀਪ ਸਿੰਘ ਉਰਫ਼ ਬਬਲੂ ਦੀ ਕਥਿਤ ਤੌਰ ‘ਤੇ ਕੁਝ ਵਿਅਕਤੀਆਂ ਵੱਲੋਂ ਕੀਤੀ ਗਈ ਕੁੱਟਮਾਰ ਤੋਂ ਬਾਅਦ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ, ਜਦਕਿ ਪਿੰਡ ਵਿੱਚ ਵੀ ਤਣਾਅ ਵਾਲਾ ਮਾਹੌਲ ਬਣਿਆ ਹੋਇਆ ਹੈ। ਪਰਿਵਾਰ ਨੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਤੱਕ ਮ੍ਰਿਤਕ ਦਾ ਸਸਕਾਰ ਨਾ ਕਰਨ ਦਾ ਐਲਾਨ ਕੀਤਾ ਹੈ।
ਨਹਿਰ ਨੇੜੇ ਹਮਲੇ ਦਾ ਦੋਸ਼
ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਪੁਰਾਣੀ ਰੰਜਿਸ਼ ਦੇ ਚੱਲਦਿਆਂ ਸੰਦੀਪ ਸਿੰਘ ਨੂੰ ਨਹਿਰ ਨੇੜੇ ਇਕੱਲਾ ਦੇਖ ਕੇ ਕੁਝ ਲੋਕਾਂ ਨੇ ਘੇਰ ਲਿਆ ਅਤੇ ਲੋਹੇ ਦੀਆਂ ਰਾੜਾਂ ਤੇ ਲਾਠੀਆਂ ਨਾਲ ਬੇਰਹਿਮੀ ਨਾਲ ਹਮਲਾ ਕੀਤਾ। ਗੰਭੀਰ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਪਰਿਵਾਰ ਨੇ ਪੁਲਿਸ ਦੀ ਕਾਰਵਾਈ ‘ਤੇ ਚੁੱਕੇ ਸਵਾਲ
ਮ੍ਰਿਤਕ ਦੇ ਰਿਸ਼ਤੇਦਾਰ ਜਗਦੀਪ ਸਿੰਘ ਨੇ ਦੋਸ਼ ਲਗਾਇਆ ਕਿ ਜਦੋਂ ਉਹ ਘਟਨਾ ਵਾਲੀ ਥਾਂ ‘ਤੇ ਪਹੁੰਚੇ ਤਾਂ ਕੁਝ ਲੋਕ ਸੰਦੀਪ ਦੀ ਕੁੱਟਮਾਰ ਕਰ ਰਹੇ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਹਸਪਤਾਲ ਲਿਜਾਇਆ ਗਿਆ, ਪਰ ਉਹ ਬਚ ਨਹੀਂ ਸਕਿਆ। ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਵੱਲੋਂ ਦੋਸ਼ੀਆਂ ਖ਼ਿਲਾਫ਼ ਲੋੜੀਂਦੀ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਇਨਸਾਫ਼ ਮਿਲਣ ਤੱਕ ਉਹ ਅੰਤਿਮ ਸੰਸਕਾਰ ਨਹੀਂ ਕਰਨਗੇ।
ਧਮਕੀਆਂ ਦੇ ਦੋਸ਼, ਸਿਆਸੀ ਸੁਰੱਖਿਆ ਦਾ ਵੀ ਲਾਇਆ ਇਲਜ਼ਾਮ
ਮ੍ਰਿਤਕ ਦੀ ਮਾਤਾ ਬਲਵਿੰਦਰ ਕੌਰ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਦਾਅਵਾ ਕੀਤਾ ਕਿ ਹਮਲੇ ਤੋਂ ਪਹਿਲਾਂ ਵੀ ਕਥਿਤ ਮੁਲਜ਼ਮ ਉਨ੍ਹਾਂ ਦੇ ਪਰਿਵਾਰ ਨੂੰ ਲਗਾਤਾਰ ਧਮਕੀਆਂ ਦਿੰਦੇ ਰਹੇ ਸਨ। ਪਰਿਵਾਰ ਨੇ ਇਹ ਵੀ ਦੋਸ਼ ਲਗਾਇਆ ਕਿ ਕੁਝ ਸਥਾਨਕ ਸਿਆਸੀ ਪ੍ਰਭਾਵਸ਼ਾਲੀ ਲੋਕਾਂ ਦੀ ਹਮਾਇਤ ਕਾਰਨ ਪੁਲਿਸ ਕਾਰਵਾਈ ਕਰਨ ਵਿੱਚ ਢਿੱਲ ਵਰਤ ਰਹੀ ਹੈ।
ਭਰਾ ਨੇ ਨਾਮਜ਼ਦ ਵਿਅਕਤੀਆਂ ‘ਤੇ ਲਗਾਏ ਦੋਸ਼
ਮ੍ਰਿਤਕ ਦੇ ਭਰਾ ਲਵਪ੍ਰੀਤ ਸਿੰਘ ਨੇ ਦਾਅਵਾ ਕੀਤਾ ਕਿ ਸੰਦੀਪ ਦੀਆਂ ਗਤੀਵਿਧੀਆਂ ‘ਤੇ ਕਾਫ਼ੀ ਸਮੇਂ ਤੋਂ ਨਜ਼ਰ ਰੱਖੀ ਜਾ ਰਹੀ ਸੀ। ਉਨ੍ਹਾਂ ਨੇ ਕੁਝ ਵਿਅਕਤੀਆਂ ਦੇ ਨਾਮ ਲੈਂਦਿਆਂ ਦੋਸ਼ ਲਗਾਇਆ ਕਿ ਉਨ੍ਹਾਂ ਨੇ ਮਿਲ ਕੇ ਹਮਲਾ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਪਰਿਵਾਰ ‘ਤੇ ਦਬਾਅ ਬਣਾਇਆ ਜਾ ਰਿਹਾ ਹੈ, ਜਦਕਿ ਉਨ੍ਹਾਂ ਦੀ ਮੰਗ ਸਿਰਫ਼ ਦੋਸ਼ੀਆਂ ਦੀ ਗ੍ਰਿਫ਼ਤਾਰੀ ਅਤੇ ਨਿਰਪੱਖ ਜਾਂਚ ਹੈ।
ਪੁਲਿਸ ਨੇ ਐੱਫਆਈਆਰ ਦਰਜ ਹੋਣ ਦੀ ਕੀਤੀ ਪੁਸ਼ਟੀ
ਦੂਜੇ ਪਾਸੇ ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਅਨੁਸਾਰ ਐੱਫਆਈਆਰ ਨੰਬਰ 238/26 ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਨਾਮਜ਼ਦ ਤੇ ਹੋਰ ਸੰਭਾਵਿਤ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਸਬੂਤਾਂ ਦੇ ਆਧਾਰ ‘ਤੇ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।

