ਅੰਮ੍ਰਿਤਸਰ :- ਅੰਮ੍ਰਿਤਸਰ ਵਿੱਚ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਨਾਲ ਜੁੜੇ ਸੰਵੇਦਨਸ਼ੀਲ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਆਪਣੀ ਤਫ਼ਤੀਸ਼ ਨੂੰ ਹੋਰ ਅੱਗੇ ਵਧਾਉਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 40 ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਪੁਲਿਸ ਕਮਿਸ਼ਨਰ ਦਫ਼ਤਰ ਵਿੱਚ ਪੇਸ਼ ਹੋਣ ਲਈ ਨੋਟਿਸ ਭੇਜੇ ਹਨ। ਇਸ ਕਦਮ ਤੋਂ ਬਾਅਦ ਸਿੱਖ ਧਾਰਮਿਕ ਅਧਿਕਾਰੀਆਂ ਵੱਲੋਂ ਜਾਂਚ ਦੇ ਤਰੀਕੇ ‘ਤੇ ਗੰਭੀਰ ਇਤਰਾਜ਼ ਜਤਾਇਆ ਗਿਆ ਹੈ।
ਹੈੱਡ ਗ੍ਰੰਥੀ ਵੱਲੋਂ ਕਰਮਚਾਰੀਆਂ ਦੀ ਪਰੇਸ਼ਾਨੀ ‘ਤੇ ਐਤਰਾਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਕਿਹਾ ਕਿ ਐੱਸਆਈਟੀ ਵੱਲੋਂ ਮੁੜ ਵੱਡੀ ਗਿਣਤੀ ਵਿੱਚ ਕਰਮਚਾਰੀਆਂ ਨੂੰ ਤਲਬ ਕਰਨਾ ਚਿੰਤਾ ਜਨਕ ਹੈ। ਉਨ੍ਹਾਂ ਦੱਸਿਆ ਕਿ ਇਹ ਜਾਣਕਾਰੀ ਉਨ੍ਹਾਂ ਤੱਕ ਸੋਸ਼ਲ ਮੀਡੀਆ ਦੇ ਜ਼ਰੀਏ ਪਹੁੰਚੀ ਹੈ। ਜਥੇਦਾਰ ਨੇ ਜ਼ੋਰ ਦੇ ਕੇ ਕਿਹਾ ਕਿ ਡਾ. ਈਸ਼ਰ ਸਿੰਘ ਦੀ ਜਾਂਚ ਰਿਪੋਰਟ ਦੇ ਦੌਰਾਨ ਸੰਬੰਧਤ ਵਿਅਕਤੀਆਂ ਦੇ ਬਿਆਨ ਪਹਿਲਾਂ ਹੀ ਦਰਜ ਹੋ ਚੁੱਕੇ ਹਨ, ਫਿਰ ਵੀ ਜਾਂਚ ਦੇ ਨਾਂ ‘ਤੇ ਮੁੜ-ਮੁੜ ਤਲਬ ਕਰਨਾ ਕਰਮਚਾਰੀਆਂ ਲਈ ਮਾਨਸਿਕ ਦਬਾਅ ਬਣ ਰਿਹਾ ਹੈ।
‘ਜਾਂਚ ਦੇ ਨਾਂ ‘ਤੇ ਜ਼ੁਲਮ ਕਬੂਲ ਨਹੀਂ’
ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਜਾਂਚ ਦੌਰਾਨ ਕਿਸੇ ਵੀ ਕਰਮਚਾਰੀ ਨਾਲ ਸਰੀਰਕ ਜਾਂ ਮਾਨਸਿਕ ਤੌਰ ‘ਤੇ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਸਲਾਹ ਦਿੱਤੀ ਕਿ ਸੰਵੇਦਨਸ਼ੀਲ ਮਾਮਲੇ ਦੀ ਜਾਂਚ ਸੰਯਮ ਅਤੇ ਮਰਿਆਦਾ ਵਿੱਚ ਰਹਿ ਕੇ ਕੀਤੀ ਜਾਵੇ।
ਸ਼੍ਰੋਮਣੀ ਕਮੇਟੀ ਵੱਲੋਂ ਸਹਿਯੋਗ ਦਾ ਦਾਅਵਾ
ਜਥੇਦਾਰ ਨੇ ਇਹ ਵੀ ਸਪਸ਼ਟ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਐੱਸਆਈਟੀ ਨੂੰ ਪੂਰਾ ਸਹਿਯੋਗ ਦੇ ਰਹੀ ਹੈ। ਉਨ੍ਹਾਂ ਮੁਤਾਬਕ ਖੁਦ ਜਾਂਚ ਟੀਮ ਦੇ ਮੁੱਖ ਅਧਿਕਾਰੀ ਵੀ ਇਹ ਗੱਲ ਮਨ ਚੁੱਕੇ ਹਨ ਕਿ ਕਮੇਟੀ ਵੱਲੋਂ ਜਾਂਚ ਵਿੱਚ ਕੋਈ ਰੁਕਾਵਟ ਨਹੀਂ ਪਾਈ ਗਈ। ਇਸ ਲਈ ਪ੍ਰਸ਼ਾਸਨ ਅਤੇ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਬਿਨਾਂ ਲੋੜ ਕਰਮਚਾਰੀਆਂ ਨੂੰ ਪਰੇਸ਼ਾਨ ਕਰਨ ਦੀ ਥਾਂ ਜਾਂਚ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੰਤੁਲਿਤ ਢੰਗ ਨਾਲ ਅੱਗੇ ਵਧਾਇਆ ਜਾਵੇ।

