ਜਲੰਧਰ :- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਨੂੰ ਹੋਰ ਵਿਸ਼ਾਲ ਕੀਤਾ ਜਾ ਰਿਹਾ ਹੈ। ਇਸੇ ਤਹਿਤ ਜਲੰਧਰ ਜ਼ਿਲ੍ਹੇ ਵਿੱਚ ਅਗਲੇ ਮਹੀਨੇ 6 ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਡ੍ਰੋਨ ਸ਼ੋਅ ਕਰਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਨ੍ਹਾਂ ਸਮਾਗਮਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਵਿਚਾਰਧਾਰਾ ਅਤੇ ਮਨੁੱਖਤਾ ਨੂੰ ਦਿੱਤੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ।
ਅਧਿਕਾਰੀਆਂ ਤੇ ਸੰਤ ਸਮਾਜ ਨਾਲ ਕੀਤੀ ਤਿਆਰੀਆਂ ਦੀ ਸਮੀਖਿਆ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਬੈਠਕ ਦੌਰਾਨ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਪੰਜਾਬ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਅਧਿਕਾਰੀਆਂ ਅਤੇ ਸੰਤ ਸਮਾਜ ਦੇ ਨੁਮਾਇੰਦਿਆਂ ਨਾਲ ਪ੍ਰੋਗਰਾਮਾਂ ਦੀ ਤਿਆਰੀ ਬਾਰੇ ਵਿਚਾਰ-ਵਟਾਂਦਰਾ ਕੀਤਾ।
ਆਗੂਆਂ ਨੇ ਦੱਸਿਆ ਕਿ ਡ੍ਰੋਨ ਸ਼ੋਅ ਦੌਰਾਨ ਅਸਮਾਨ ਵਿੱਚ ਤਿਆਰ ਕੀਤੇ ਜਾਣ ਵਾਲੇ ਵੱਖ-ਵੱਖ ਦ੍ਰਿਸ਼ਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਦਰਸਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਇਨ੍ਹਾਂ ਸਮਾਗਮਾਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਹੈ।
ਜਲੰਧਰ ਸਮੇਤ 6 ਖੇਤਰਾਂ ਨੂੰ ਕੀਤਾ ਗਿਆ ਸ਼ਾਮਲ
ਜ਼ਿਲ੍ਹੇ ਵਿੱਚ ਕਰਵਾਏ ਜਾਣ ਵਾਲੇ ਡ੍ਰੋਨ ਸ਼ੋਅ ਲਈ ਜਲੰਧਰ ਸ਼ਹਿਰ ਤੋਂ ਇਲਾਵਾ ਨਕੋਦਰ, ਸ਼ਾਹਕੋਟ, ਫਿਲੌਰ, ਆਦਮਪੁਰ ਅਤੇ ਕਰਤਾਰਪੁਰ ਖੇਤਰਾਂ ਦੀ ਚੋਣ ਕੀਤੀ ਗਈ ਹੈ। ਇਸ ਤਰ੍ਹਾਂ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਇਹ ਪ੍ਰੋਗਰਾਮ ਕਰਵਾਏ ਜਾਣਗੇ, ਤਾਂ ਜੋ ਵੱਡੀ ਗਿਣਤੀ ਵਿੱਚ ਸੰਗਤ ਇਨ੍ਹਾਂ ਵਿੱਚ ਸ਼ਾਮਲ ਹੋ ਸਕੇ।
ਮੋਹਿੰਦਰ ਭਗਤ ਅਤੇ ਦੀਪਕ ਬਾਲੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰ ਵੱਲੋਂ ਸਾਲ ਭਰ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਵਿੱਚ ਦਸਤਾਵੇਜ਼ੀ ਫਿਲਮਾਂ ਦਿਖਾਉਣ, ਬੂਟੇ ਲਗਾਉਣ, ਕੀਰਤਨ ਦਰਬਾਰ, ਸੈਮੀਨਾਰ ਅਤੇ ਮੈਰਾਥਨ ਵਰਗੇ ਪ੍ਰੋਗਰਾਮ ਸ਼ਾਮਲ ਹਨ।
2026 ਦੇ ਅੰਤ ਤੱਕ ਚੱਲੇਗੀ ਸਮਾਗਮਾਂ ਦੀ ਲੜੀ
ਅਧਿਕਾਰੀਆਂ ਮੁਤਾਬਕ ਆਉਣ ਵਾਲੇ ਸਮੇਂ ਵਿੱਚ ਡ੍ਰੋਨ ਸ਼ੋਅ ਤੋਂ ਇਲਾਵਾ ਸਾਈਕਲੋਥੋਨ, ਸ਼ੋਭਾ ਯਾਤਰਾਵਾਂ ਅਤੇ ਹੋਰ ਧਾਰਮਿਕ ਤੇ ਸੱਭਿਆਚਾਰਕ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ। ਇਹ ਪ੍ਰੋਗਰਾਮ ਸਾਲ 2026 ਦੇ ਅੰਤ ਤੱਕ ਜਾਰੀ ਰਹਿਣਗੇ।
ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਮਕਸਦ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਵਿਚਾਰਧਾਰਾ ਵਿੱਚ ਦਰਸਾਏ ਸਮਾਜਿਕ ਬਰਾਬਰੀ, ਆਪਸੀ ਭਾਈਚਾਰੇ ਅਤੇ ਸਦਭਾਵਨਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ। ਸਰਕਾਰ ਵੱਲੋਂ ਇਨ੍ਹਾਂ ਸਮਾਗਮਾਂ ਨੂੰ ਵੱਡੇ ਪੱਧਰ ’ਤੇ ਕਰਵਾਉਣ ਲਈ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ।
ਸੰਤ ਸਮਾਜ ਵੱਲੋਂ ਸਰਕਾਰੀ ਉਪਰਾਲੇ ਦੀ ਸ਼ਲਾਘਾ
ਬੈਠਕ ਵਿੱਚ ਸੰਤ ਸਮਾਜ ਦੇ ਪ੍ਰਮੁੱਖ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ। ਸੰਤ ਨਿਰਮਲ ਦਾਸ ਜੀ ਜੌੜੇ ਵਾਲੇ, ਭੈਣ ਸੰਤੋਸ਼ ਜੀ ਅਤੇ ਖੁਰਾਲਗੜ੍ਹ ਸਾਹਿਬ ਤੋਂ ਸੰਤ ਸਤਵਿੰਦਰ ਹੀਰਾ ਜੀ ਸਮੇਤ ਹੋਰ ਸੰਤਾਂ ਨੇ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
ਉਨ੍ਹਾਂ ਨੇ ਇਨ੍ਹਾਂ ਸਮਾਗਮਾਂ ਨੂੰ ਸਫਲ ਬਣਾਉਣ ਲਈ ਸਰਕਾਰ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

