ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਮੁਹਾਲੀ ਵਿੱਚ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੂੰ NEET ਪ੍ਰੀਖਿਆ ਵਿੱਚ ਸਫਲਤਾ ਹਾਸਲ ਕਰਨ ‘ਤੇ ਸਨਮਾਨਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਦੇ ਮਾਪੇ ਅਤੇ ਅਧਿਆਪਕ ਵੀ ਹਾਜ਼ਰ ਰਹੇ। ਮੁੱਖ ਮੰਤਰੀ ਨੇ ਸਾਰੇ ਸਫਲ ਵਿਦਿਆਰਥੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਵਧਾਈ ਦਿੱਤੀ।
ਸਰਕਾਰੀ ਸਕੂਲਾਂ ਲਈ ਮਾਣ ਵਾਲਾ ਦਿਨ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰੀ ਸਕੂਲਾਂ ਦੇ ਇੰਨੀ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ NEET ਵਰਗੀ ਮੁਕਾਬਲੇ ਵਾਲੀ ਰਾਸ਼ਟਰੀ ਪ੍ਰੀਖਿਆ ਵਿੱਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਉਪਲਬਧੀ ਵਿਦਿਆਰਥੀਆਂ ਦੀ ਮਿਹਨਤ, ਮਾਪਿਆਂ ਦੇ ਸਹਿਯੋਗ ਅਤੇ ਅਧਿਆਪਕਾਂ ਦੀ ਲਗਨ ਦਾ ਨਤੀਜਾ ਹੈ।
ਅਧਿਆਪਕਾਂ ਦੀ ਸਿਖਲਾਈ ਦਾ ਮਿਲਿਆ ਨਤੀਜਾ
ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਦੇਸ਼ ਅਤੇ ਵਿਦੇਸ਼ ਦੀਆਂ ਮਾਣਯੋਗ ਸੰਸਥਾਵਾਂ ਵਿੱਚ ਆਧੁਨਿਕ ਸਿੱਖਿਆ ਪੱਧਤੀਆਂ ਦੀ ਸਿਖਲਾਈ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਆਈਆਈਐਮ ਅਹਿਮਦਾਬਾਦ, ਸਿੰਗਾਪੁਰ ਅਤੇ ਫਿਨਲੈਂਡ ਵਰਗੀਆਂ ਸੰਸਥਾਵਾਂ ਵਿੱਚ ਪ੍ਰਾਪਤ ਤਜਰਬੇ ਨੂੰ ਅਧਿਆਪਕਾਂ ਨੇ ਕਲਾਸਰੂਮ ਵਿੱਚ ਲਾਗੂ ਕੀਤਾ, ਜਿਸ ਦਾ ਸਕਾਰਾਤਮਕ ਨਤੀਜਾ ਹੁਣ ਵਿਦਿਆਰਥੀਆਂ ਦੀ ਸਫਲਤਾ ਦੇ ਰੂਪ ਵਿੱਚ ਸਾਹਮਣੇ ਆਇਆ ਹੈ।
ਪੇਪਰ ਲੀਕ ਦਾ ਕੀਤਾ ਜ਼ਿਕਰ
ਮੁੱਖ ਮੰਤਰੀ ਨੇ ਕਿਹਾ ਕਿ ਜੇਕਰ NEET ਪ੍ਰੀਖਿਆ ਦੌਰਾਨ ਪੇਪਰ ਲੀਕ ਦੀ ਸਥਿਤੀ ਨਾ ਬਣਦੀ ਤਾਂ ਸਫਲ ਵਿਦਿਆਰਥੀਆਂ ਦੀ ਗਿਣਤੀ ਇੱਕ ਹਜ਼ਾਰ ਤੋਂ ਵੀ ਵੱਧ ਹੋ ਸਕਦੀ ਸੀ। ਉਨ੍ਹਾਂ ਕਿਹਾ ਕਿ ਕਈ ਵਿਦਿਆਰਥੀਆਂ ਨੇ ਮੁੜ ਪ੍ਰੀਖਿਆ ਦੇਣ ਦੀ ਬਜਾਏ ਪਿੱਛੇ ਹਟਣ ਦਾ ਫ਼ੈਸਲਾ ਕੀਤਾ, ਜਿਸ ਨਾਲ ਉਨ੍ਹਾਂ ਦੇ ਸੁਪਨਿਆਂ ‘ਤੇ ਅਸਰ ਪਿਆ।
‘ਪੰਜਾਬ ਵਿੱਚ ਪੇਪਰ ਲੀਕ ਨਹੀਂ ਹੋਣ ਦਿੱਤਾ’
ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਇੱਕ ਵੀ ਭਰਤੀ ਜਾਂ ਪ੍ਰਤੀਯੋਗੀ ਪ੍ਰੀਖਿਆ ਦਾ ਪੇਪਰ ਲੀਕ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਫਾਰਮੇਸੀ ਪ੍ਰੀਖਿਆ ਦੌਰਾਨ ਨਕਲ ਕਰਵਾਉਣ ਵਾਲੇ ਗਿਰੋਹ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ 21 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ।
68 ਹਜ਼ਾਰ ਤੋਂ ਵੱਧ ਨੌਕਰੀਆਂ ਯੋਗਤਾ ਦੇ ਆਧਾਰ ਤੇ ਦਿੱਤੀਆਂ
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਹੁਣ ਸਰਕਾਰੀ ਨੌਕਰੀਆਂ ਸਿਰਫ਼ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 68,585 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲ ਚੁੱਕੀਆਂ ਹਨ ਅਤੇ ਇਸ ਪ੍ਰਕਿਰਿਆ ਵਿੱਚ ਨਾ ਕਿਸੇ ਸਿਫ਼ਾਰਸ਼ ਦੀ ਲੋੜ ਪਈ ਅਤੇ ਨਾ ਹੀ ਕਿਸੇ ਰਿਸ਼ਵਤ ਦੀ।
ਵਿਦਿਆਰਥੀਆਂ ਨੂੰ ਦਿੱਤਾ ਆਤਮ-ਵਿਸ਼ਵਾਸ ਦਾ ਸੰਦੇਸ਼
ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਸਫਲਤਾ ਦੇ ਨਾਲ ਨਿਮਰਤਾ ਬਣਾਈ ਰੱਖਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਆਤਮ-ਵਿਸ਼ਵਾਸ ਇਨਸਾਨ ਨੂੰ ਅੱਗੇ ਲੈ ਜਾਂਦਾ ਹੈ, ਜਦਕਿ ਹੰਕਾਰ ਤਰੱਕੀ ਦੇ ਰਾਹ ਵਿੱਚ ਰੁਕਾਵਟ ਬਣਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਹੁਣ ਆਪਣੇ ਹੁਨਰ ‘ਤੇ ਭਰੋਸਾ ਵਧਿਆ ਹੈ ਅਤੇ ਇਹੀ ਪੰਜਾਬ ਦੀ ਸਿੱਖਿਆ ਪ੍ਰਣਾਲੀ ਲਈ ਸਭ ਤੋਂ ਵੱਡੀ ਉਪਲਬਧੀ ਹੈ।

