ਸ਼੍ਰੀ ਆਨੰਦਪੁਰ ਸਾਹਿਬ :- ਪੰਜਾਬ ਦੀ ਇਤਿਹਾਸਕ, ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਵਿਸ਼ਵ ਪੱਧਰ ‘ਤੇ ਹੋਰ ਮਜ਼ਬੂਤੀ ਨਾਲ ਉਭਾਰਨ ਲਈ ਪੰਜਾਬ ਸਰਕਾਰ ਨੇ ਦੋ ਮਹੱਤਵਪੂਰਨ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਸ਼ੰਭੂ ਸਰਹੱਦ ‘ਤੇ ਵਿਸ਼ੇਸ਼ ਸਵਾਗਤੀ ਗੇਟ ਅਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੈਰੀਟੇਜ ਸਟਰੀਟ ਦੇ ਸੋਧੇ ਹੋਏ ਪ੍ਰਾਜੈਕਟ ਨੂੰ ਹਰੀ ਝੰਡੀ ਦਿੱਤੀ ਗਈ।
ਸ਼ੰਭੂ ਸਰਹੱਦ ‘ਤੇ ਨਜ਼ਰ ਆਵੇਗੀ ‘ਪੰਜ-ਆਬ’ ਦੀ ਝਲਕ
ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸ਼ੰਭੂ ਸਰਹੱਦ ‘ਤੇ ਇੱਕ ਵਿਸ਼ਾਲ ਅਤੇ ਆਕਰਸ਼ਕ ਸਵਾਗਤੀ ਗੇਟ ਬਣਾਉਣ ਦੀ ਮਨਜ਼ੂਰੀ ਦਿੱਤੀ। ਇਹ ਗੇਟ ਪੰਜਾਬ ਦੀ ਇਤਿਹਾਸਕ ‘ਪੰਜ-ਆਬ’ ਪਛਾਣ ਅਤੇ ਰਵਾਇਤੀ ਵਾਸਤੂ ਕਲਾ ਨੂੰ ਦਰਸਾਉਂਦਾ ਹੋਵੇਗਾ। ਇਸ ਦਾ ਮਕਸਦ ਸੂਬੇ ਵਿੱਚ ਦਾਖਲ ਹੋਣ ਵਾਲੇ ਸੈਲਾਨੀਆਂ ਅਤੇ ਯਾਤਰੀਆਂ ਨੂੰ ਪੰਜਾਬ ਦੀ ਵਿਲੱਖਣ ਸੱਭਿਆਚਾਰਕ ਪਛਾਣ ਨਾਲ ਰੂ-ਬ-ਰੂ ਕਰਵਾਉਣਾ ਹੈ।
ਸ੍ਰੀ ਅਨੰਦਪੁਰ ਸਾਹਿਬ ਵਿੱਚ ਹੈਰੀਟੇਜ ਸਟਰੀਟ ਨੂੰ ਮਿਲੀ ਮਨਜ਼ੂਰੀ
ਮੁੱਖ ਮੰਤਰੀ ਨੇ ਸਿੱਖ ਇਤਿਹਾਸ ਦੇ ਅਹਿਮ ਕੇਂਦਰ ਸ੍ਰੀ ਅਨੰਦਪੁਰ ਸਾਹਿਬ ਵਿੱਚ ਬਣਨ ਵਾਲੀ ਹੈਰੀਟੇਜ ਸਟਰੀਟ ਦੀ ਸੋਧੀ ਯੋਜਨਾ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਹ ਪ੍ਰਾਜੈਕਟ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਨੇੜੇ ਗੋਲ ਚੌਕ ਤੋਂ ਸ਼ੁਰੂ ਹੋ ਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਾਰਕ, ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਤੱਕ ਵਿਕਸਤ ਕੀਤਾ ਜਾਵੇਗਾ।
ਸ਼ਰਧਾਲੂਆਂ ਨੂੰ ਮਿਲੇਗਾ ਵਿਰਾਸਤੀ ਅਤੇ ਅਧਿਆਤਮਿਕ ਅਨੁਭਵ
ਸਰਕਾਰ ਦਾ ਮੰਨਣਾ ਹੈ ਕਿ ਇਹ ਹੈਰੀਟੇਜ ਸਟਰੀਟ ਨਾ ਸਿਰਫ਼ ਇਤਿਹਾਸਕ ਗੁਰਦੁਆਰਿਆਂ ਅਤੇ ਵਿਰਾਸਤੀ ਸਥਾਨਾਂ ਨੂੰ ਆਪਸ ਵਿੱਚ ਜੋੜੇਗੀ, ਸਗੋਂ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਅਤੇ ਸੈਲਾਨੀਆਂ ਨੂੰ ਇੱਕ ਵਿਲੱਖਣ ਅਧਿਆਤਮਿਕ ਅਤੇ ਸੱਭਿਆਚਾਰਕ ਅਨੁਭਵ ਵੀ ਪ੍ਰਦਾਨ ਕਰੇਗੀ। ਇਸ ਨਾਲ ਸ੍ਰੀ ਅਨੰਦਪੁਰ ਸਾਹਿਬ ਦੀ ਧਾਰਮਿਕ ਮਹੱਤਤਾ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਹੈ।
ਪ੍ਰਾਜੈਕਟ ਲਈ ਬਣੇਗੀ ਉੱਚ-ਪੱਧਰੀ ਨਿਗਰਾਨੀ ਕਮੇਟੀ
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰਾਜੈਕਟ ਨਾਲ ਸਬੰਧਤ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਸਮੇਂ ਸਿਰ ਹਾਸਲ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਯੋਜਨਾ ਦੇ ਡਿਜ਼ਾਇਨ ਨੂੰ ਕੇਂਦਰ ਸਰਕਾਰ ਦੇ ਸੈਰ-ਸਪਾਟਾ ਮੰਤਰਾਲੇ ਅਤੇ ਹੋਰ ਸਬੰਧਤ ਅਥਾਰਟੀਆਂ ਤੋਂ ਵੀ ਮਨਜ਼ੂਰੀ ਲਈ ਭੇਜਿਆ ਜਾਵੇਗਾ। ਇਸ ਦੇ ਨਾਲ ਹੀ ਪ੍ਰਾਜੈਕਟ ਦੇ ਸੁਚਾਰੂ ਲਾਗੂਕਰਨ ਅਤੇ ਨਿਗਰਾਨੀ ਲਈ ਇੱਕ ਉੱਚ-ਤਾਕਤੀ ਕਮੇਟੀ ਦਾ ਗਠਨ ਵੀ ਕੀਤਾ ਜਾਵੇਗਾ।
ਮੀਟਿੰਗ ਵਿੱਚ ਮੰਤਰੀਆਂ ਅਤੇ ਸੀਨੀਅਰ ਅਧਿਕਾਰੀਆਂ ਨੇ ਕੀਤੀ ਸ਼ਮੂਲੀਅਤ
ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਨਾਲ ਸਬੰਧਤ ਇਸ ਅਹਿਮ ਮੀਟਿੰਗ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਤਰੁਨਪ੍ਰੀਤ ਸਿੰਘ ਸੌਂਦ ਸਮੇਤ ਕਈ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ, ਜਿਨ੍ਹਾਂ ਨੇ ਪ੍ਰਾਜੈਕਟਾਂ ਦੀ ਰੂਪ-ਰੇਖਾ ਅਤੇ ਅਮਲੀਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ।

