ਅੰਮ੍ਰਿਤਸਰ :- ਪੰਜਾਬ ਵਿੱਚ ਹੜ੍ਹਾਂ ਕਾਰਨ ਬਣੀ ਗੰਭੀਰ ਸਥਿਤੀ ਨੂੰ ਵੇਖਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ 13 ਸਤੰਬਰ ਨੂੰ ਵਿਸ਼ੇਸ਼ ਇਕੱਤਰਤਾ ਸੱਦਣ ਦਾ ਐਲਾਨ ਕੀਤਾ ਗਿਆ ਹੈ। ਇਸ ਵਿੱਚ ਉਹਨਾਂ ਸਿੱਖ ਜਥੇਬੰਦੀਆਂ, ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਪ੍ਰਤੀਨਿਧੀਆਂ, ਪੰਜਾਬੀ ਕਲਾਕਾਰਾਂ, ਗਾਇਕਾਂ ਅਤੇ ਅਦਾਕਾਰਾਂ ਨੂੰ ਸ਼ਾਮਲ ਹੋਣ ਲਈ ਬੁਲਾਇਆ ਗਿਆ ਹੈ, ਜੋ ਹੜ੍ਹ ਦੌਰਾਨ ਰਾਹਤ ਕਾਰਜਾਂ ਵਿੱਚ ਜੁਟੇ ਹੋਏ ਹਨ।
ਸੰਸਥਾਵਾਂ ਨੂੰ ਮਿਲਜੁਲ ਕੇ ਕਾਰਜ ਕਰਨ ਦਾ ਸੱਦਾ
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੌਜੂਦਾ ਸਥਿਤੀ ਵਿੱਚ ਸਭ ਸੇਵਾ ਕਰਨ ਵਾਲੀਆਂ ਸੰਸਥਾਵਾਂ ਨੂੰ ਇਕੱਠੇ ਹੋ ਕੇ ਯੋਜਨਾਬੱਧ ਢੰਗ ਨਾਲ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਰਾਹਤ ਸਮੱਗਰੀ ਦੀ ਵੰਡ ਸੰਗਠਿਤ ਤਰੀਕੇ ਨਾਲ ਕੀਤੀ ਜਾਵੇ ਅਤੇ ਇਹ ਸੇਵਾਵਾਂ ਸਿਰਫ਼ ਕੁਝ ਦਿਨਾਂ ਲਈ ਨਹੀਂ, ਸਗੋਂ ਲੰਬੇ ਸਮੇਂ ਤੱਕ ਜਾਰੀ ਰਹਿਣ।
23 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ, 2 ਹਜ਼ਾਰ ਤੋਂ ਵੱਧ ਪਿੰਡ ਡੁੱਬੇ
ਪੰਜਾਬ ਵਿੱਚ ਹੜ੍ਹਾਂ ਨੇ ਵੱਡੇ ਪੱਧਰ ‘ਤੇ ਤਬਾਹੀ ਮਚਾਈ ਹੈ। ਹੁਣ ਤੱਕ 23 ਜ਼ਿਲ੍ਹੇ ਇਸ ਦੀ ਚਪੇਟ ਵਿੱਚ ਆ ਚੁੱਕੇ ਹਨ ਅਤੇ 2 ਹਜ਼ਾਰ ਤੋਂ ਵੱਧ ਪਿੰਡ ਪਾਣੀ ਹੇਠ ਆ ਗਏ ਹਨ। ਭਾਵੇਂ ਡੈਮਾਂ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਚਲਾ ਗਿਆ ਹੈ, ਪਰ ਹਾਲਾਤ ਅਜੇ ਵੀ ਪੂਰੀ ਤਰ੍ਹਾਂ ਕਾਬੂ ਵਿੱਚ ਨਹੀਂ ਹਨ।
ਰਾਹਤ ਅਤੇ ਬਚਾਅ ਕਾਰਜ ਜਾਰੀ, ਖੇਤੀਬਾੜੀ ਦੇ ਨੁਕਸਾਨ ਦੀ ਗਿਰਦਾਵਰੀ ਸ਼ੁਰੂ
ਸਰਕਾਰ, ਪ੍ਰਸ਼ਾਸਨ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਪ੍ਰਭਾਵਿਤ ਲੋਕਾਂ ਲਈ ਰਾਹਤ ਤੇ ਬਚਾਅ ਕਾਰਜ ਲਗਾਤਾਰ ਜਾਰੀ ਹਨ। ਫਸਲਾਂ ਨੂੰ ਹੋਏ ਨੁਕਸਾਨ ਦਾ ਸਹੀ ਅੰਦਾਜ਼ਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਵੀ ਸ਼ੁਰੂ ਕੀਤੀ ਗਈ ਹੈ।
ਪੀਐਮ ਮੋਦੀ ਵੱਲੋਂ 1600 ਕਰੋੜ ਰੁਪਏ ਦੀ ਰਾਹਤ ਰਕਮ ਦਾ ਐਲਾਨ
ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੱਲ੍ਹ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਕੀਤਾ। ਸਰਵੇਖਣ ਤੋਂ ਬਾਅਦ ਉਨ੍ਹਾਂ ਨੇ ਸੂਬੇ ਲਈ 1600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ, ਤਾਂ ਜੋ ਪ੍ਰਭਾਵਿਤ ਲੋਕਾਂ ਦੀ ਮੁਸ਼ਕਲ ਘੜੀ ਵਿੱਚ ਸਹਾਇਤਾ ਕੀਤੀ ਜਾ ਸਕੇ।