ਚੰਡੀਗੜ੍ਹ :- ਪੰਜਾਬ ਵਿੱਚ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਆਪਣੀ ਚੋਣ ਸਰਗਰਮੀ ਤੇਜ਼ ਕਰਦਿਆਂ 22 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਤਾਜ਼ਾ ਐਲਾਨ ਮੁਤਾਬਕ ਪਟਿਆਲਾ ਦੇ 21 ਵਾਰਡਾਂ ਅਤੇ ਬਾਘਾਪੁਰਾਣਾ ਦੇ ਇਕ ਵਾਰਡ ਤੋਂ ਪਾਰਟੀ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਗਏ ਹਨ।
ਇਸ ਤੋਂ ਪਹਿਲਾਂ ਪਾਰਟੀ ਵੱਲੋਂ ਬਾਘਾਪੁਰਾਣਾ, ਧਰਮਕੋਟ ਅਤੇ ਪਟਿਆਲਾ ਦੀਆਂ ਨਗਰ ਕੌਂਸਲ ਚੋਣਾਂ ਲਈ 30 ਉਮੀਦਵਾਰਾਂ ਦੇ ਨਾਂ ਐਲਾਨੇ ਗਏ ਸਨ। ਹੁਣ ਨਵੀਂ ਸੂਚੀ ਜਾਰੀ ਹੋਣ ਨਾਲ ਇਨ੍ਹਾਂ ਚੋਣਾਂ ਲਈ ਪਾਰਟੀ ਵੱਲੋਂ ਐਲਾਨੇ ਉਮੀਦਵਾਰਾਂ ਦੀ ਗਿਣਤੀ ਵਿੱਚ ਹੋਰ ਵਾਧਾ ਹੋ ਗਿਆ ਹੈ।
19 ਨਵੰਬਰ ਤੱਕ ਭਰੇ ਜਾ ਸਕਣਗੇ ਨਾਮਜ਼ਦਗੀ ਪੱਤਰ
ਚੋਣ ਪ੍ਰਕਿਰਿਆ ਤਹਿਤ 13 ਨਵੰਬਰ ਤੋਂ ਨਾਮਜ਼ਦਗੀਆਂ ਭਰਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਉਮੀਦਵਾਰ 19 ਨਵੰਬਰ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਣਗੇ। ਇਸ ਤੋਂ ਬਾਅਦ 20 ਨਵੰਬਰ ਨੂੰ ਸਵੇਰੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ।
ਉਮੀਦਵਾਰਾਂ ਕੋਲ 21 ਨਵੰਬਰ ਨੂੰ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਸਮਾਂ ਹੋਵੇਗਾ।


28 ਨਵੰਬਰ ਨੂੰ ਪੈਣਗੀਆਂ ਵੋਟਾਂ
ਨਗਰ ਕੌਂਸਲ ਚੋਣਾਂ ਲਈ ਵੋਟਾਂ 28 ਨਵੰਬਰ ਨੂੰ ਪੈਣਗੀਆਂ। ਵੋਟਿੰਗ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਵੋਟਾਂ ਦੀ ਗਿਣਤੀ ਸਬੰਧੀ ਹਦਾਇਤਾਂ ਬਾਅਦ ਵਿੱਚ ਜਾਰੀ ਕੀਤੀਆਂ ਜਾਣਗੀਆਂ।