ਚੰਡੀਗੜ੍ਹ :- ਅਮਰੀਕੀ ਜਾਂਚ ਏਜੰਸੀ ਐੱਫਬੀਆਈ ਵੱਲੋਂ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਗੁਰਿੰਦਰਜੀਤ ਸਿੰਘ ‘ਤੇ ਇੱਕ ਅਮਰੀਕੀ ਪਰਿਵਾਰ ਤੋਂ 4 ਲੱਖ ਅਮਰੀਕੀ ਡਾਲਰ (ਕਰੀਬ 4 ਕਰੋੜ ਰੁਪਏ) ਦੀ ਕਥਿਤ ਜਬਰੀ ਵਸੂਲੀ ਦੀ ਕੋਸ਼ਿਸ਼ ਦੇ ਦੋਸ਼ ਲਗਾਏ ਜਾਣ ਤੋਂ ਬਾਅਦ ਪੰਜਾਬ ਪੁਲਿਸ ਨੇ ਟਾਂਡਾ ਦੇ ਐਸਐਚਓ ਗੁਰਿੰਦਰਜੀਤ ਸਿੰਘ ਨਾਗਰਾ ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ। ਮਾਮਲੇ ਦੀ ਜਾਂਚ ਜਲੰਧਰ ਦਿਹਾਤੀ ਦੇ ਐਸਪੀ (ਡੀ) ਨੂੰ ਸੌਂਪੀ ਗਈ ਹੈ।
ਵਾਇਰਲ ਜਾਣਕਾਰੀ ਤੋਂ ਬਾਅਦ ਚੁੱਕਿਆ ਗਿਆ ਕਦਮ
ਹੁਸ਼ਿਆਰਪੁਰ ਦੇ ਐਸਐਸਪੀ ਨੇ ਦੱਸਿਆ ਕਿ ਇਹ ਮਾਮਲਾ ਸੋਸ਼ਲ ਮੀਡੀਆ ਅਤੇ ਵਾਇਰਲ ਹੋ ਰਹੀ ਜਾਣਕਾਰੀ ਰਾਹੀਂ ਸਾਹਮਣੇ ਆਇਆ ਹੈ। ਡੀਆਈਜੀ ਦੇ ਨਿਰਦੇਸ਼ਾਂ ‘ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਰਤ ਜਾਂ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਸਬੰਧੀ ਹਾਲੇ ਤੱਕ ਕੋਈ ਅਧਿਕਾਰਤ ਜਾਣਕਾਰੀ ਪ੍ਰਾਪਤ ਨਹੀਂ ਹੋਈ, ਇਸ ਲਈ ਸਾਵਧਾਨੀ ਵਜੋਂ ਐਸਐਚਓ ਨੂੰ ਲਾਈਨ ਹਾਜ਼ਰ ਕੀਤਾ ਗਿਆ ਹੈ। ਜਾਂਚ ਰਿਪੋਰਟ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਐੱਫਬੀਆਈ ਨੇ ਲਗਾਏ ਗੰਭੀਰ ਦੋਸ਼
ਐੱਫਬੀਆਈ ਦੇ ਦੋਸ਼ਾਂ ਮੁਤਾਬਕ ਗੁਰਿੰਦਰਜੀਤ ਸਿੰਘ ਨੇ ਲਾਸ ਏਂਜਲਸ ਵਿੱਚ ਰਹਿੰਦੇ ਇੱਕ ਭਾਰਤੀ ਮੂਲ ਦੇ ਪਰਿਵਾਰ ਤੋਂ 4 ਲੱਖ ਡਾਲਰ ਦੀ ਮੰਗ ਕੀਤੀ ਸੀ। ਕਥਿਤ ਤੌਰ ‘ਤੇ ਧਮਕੀ ਦਿੱਤੀ ਗਈ ਕਿ ਜੇਕਰ ਰਕਮ ਨਾ ਦਿੱਤੀ ਗਈ ਤਾਂ ਪੰਜਾਬ ਵਿੱਚ ਰਹਿੰਦੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਕਤਲ ਦੇ ਇੱਕ ਮਾਮਲੇ ਵਿੱਚ ਫਸਾ ਦਿੱਤਾ ਜਾਵੇਗਾ।
ਜਾਂਚ ਦੌਰਾਨ ਸਾਹਮਣੇ ਆਇਆ ਨਾਮ
ਰਿਪੋਰਟਾਂ ਅਨੁਸਾਰ ਕੁਝ ਸਮਾਂ ਪਹਿਲਾਂ ਅਮਰੀਕੀ ਅਧਿਕਾਰੀਆਂ ਨੇ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਸੀ, ਜੋ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਪਹੁੰਚਿਆ ਸੀ। ਪੁੱਛਗਿੱਛ ਦੌਰਾਨ ਉਸ ਨੇ ਗੁਰਿੰਦਰਜੀਤ ਸਿੰਘ ਦਾ ਨਾਮ ਲਿਆ, ਜਿਸ ਤੋਂ ਬਾਅਦ ਜਾਂਚ ਦਾ ਘੇਰਾ ਹੋਰ ਵਧਾ ਦਿੱਤਾ ਗਿਆ।
ਕੇਸ ਦੀ ਜਾਣਕਾਰੀ ਮਿਲਣ ਤੋਂ ਬਾਅਦ ਕਥਿਤ ਵਸੂਲੀ ਦੀ ਕੋਸ਼ਿਸ਼
ਜਾਂਚ ਏਜੰਸੀਆਂ ਅਨੁਸਾਰ ਲਾਸ ਏਂਜਲਸ ਵਿੱਚ ਦਰਜ ਇੱਕ ਅਪਰਾਧਿਕ ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਕਥਿਤ ਤੌਰ ‘ਤੇ ਮੁਲਜ਼ਮ ਅਧਿਕਾਰੀ ਨੇ ਪ੍ਰਭਾਵਿਤ ਪਰਿਵਾਰ ਨਾਲ ਸੰਪਰਕ ਕਰਕੇ ਕੇਸ ਨਿਪਟਾਉਣ ਦੇ ਨਾਂ ‘ਤੇ ਪੈਸਿਆਂ ਦੀ ਮੰਗ ਕੀਤੀ।
ਵਾਂਟੇਡ ਸੂਚੀ ‘ਚ ਨਾਮ, ਦੋਸ਼ਾਂ ਤੋਂ ਕੀਤਾ ਇਨਕਾਰ
ਅਮਰੀਕੀ ਅਧਿਕਾਰੀਆਂ ਨੇ ਗੁਰਿੰਦਰਜੀਤ ਸਿੰਘ ਨੂੰ ਆਪਣੀ ‘ਵਾਂਟੇਡ’ ਸੂਚੀ ਵਿੱਚ ਵੀ ਸ਼ਾਮਲ ਕੀਤਾ ਹੈ। ਇਸੇ ਦੌਰਾਨ ਗੁਰਿੰਦਰਜੀਤ ਸਿੰਘ ਨੇ ਆਪਣੇ ਉੱਤੇ ਲੱਗੇ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਹੈ ਕਿ ਉਸ ਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਸ ਦਾ ਕਹਿਣਾ ਹੈ ਕਿ ਉਸ ਨੂੰ ਇਸ ਬਾਰੇ ਜਾਣਕਾਰੀ ਵੀ ਸੋਸ਼ਲ ਮੀਡੀਆ ਰਾਹੀਂ ਹੀ ਮਿਲੀ ਹੈ।
ਜਾਂਚ ਰਿਪੋਰਟ ਤੋਂ ਬਾਅਦ ਹੋਵੇਗੀ ਅਗਲੀ ਕਾਰਵਾਈ
ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ। ਜਾਂਚ ਪੂਰੀ ਹੋਣ ਅਤੇ ਤੱਥ ਸਾਹਮਣੇ ਆਉਣ ਤੋਂ ਬਾਅਦ ਹੀ ਅਗਲੀ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਬਾਰੇ ਫੈਸਲਾ ਲਿਆ ਜਾਵੇਗਾ।

